Punjab
Jalandhar Bulldozer Action News: ਜਲੰਧਰ ਵੈਸਟ ਦੇ ਤੇਜ ਮੋਹਨ ਨਗਰ 'ਚ ਨਸ਼ਾ ਤਸਕਰੀ ਦੇ ਮੁਲਜ਼ਮ ਦੇ ਘਰ 'ਤੇ ਚੱਲਿਆ ਬੁਲਡੋਜ਼ਰ
ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਨੇ ਮੌਕੇ 'ਤੇ ਪਹੁੰਚ ਕੇ ਲਿਆ ਜਾਇਜ਼ਾ
Jalandhar Bulldozer Action News: ਜਲੰਧਰ, (ਸੱਚ ਕਹੂੰ ਨਿਊਜ਼/ਹਿੰ.ਸ.)। ਜਲੰਧਰ ਦੇ ਬਸਤੀ ਸ਼ੇਖ ਸਥਿਤ ਤੇਜ ਮੋਹਨ ਨਗਰ ਵਿੱਚ ਨਸ਼ਾ ਤਸਕਰੀ ਦੇ ਮਾਮਲੇ ’ਚ ਜੇਲ੍ਹ ਵਿੱਚ ਬੰਦ ਮੁਲਜ਼ਮ ਗਗਨਦੀਪ ਸਿੰਘ ਦੇ ਘਰ 'ਤੇ ਪੁਲਿਸ ਅਤੇ ਨਗਰ ਨਿਗਮ ਵੱਲੋਂ ਸਾਂਝੀ ਕਾਰਵਾਈ ਕੀਤੀ ਜਾ ਰਹੀ ਹੈ। ਇਸ ਦੌਰਾਨ ਪ੍ਰਸ਼ਾਸਨ ਵੱਲੋਂ ਘਰ 'ਤੇ ਬੁਲਡੋਜ਼ਰ ਚਲਾਇਆ ਗਿਆ। ਦੱਸਿਆ ਜਾ ਰਿਹਾ ਹੈ ਕਿ ਮਕਾਨ ਕਰੀਬ 70 ਸਾਲ ਪੁਰਾਣਾ ਅਤੇ ਜਰਜਰ ਹਾਲਤ ਵਿੱਚ ਹੈ, ਜਿਸ ਕਾਰਨ ਇਹ ਖੁਦ ਵੀ ਢਹਿਣ ਲੱਗ ਪਿਆ ਹੈ। ਕਾਰਵਾਈ ਦੌਰਾਨ ਮੌਕੇ 'ਤੇ ਭਾਰੀ ਪੁਲਿਸ ਫੋਰਸ ਤਾਇਨਾਤ ਰਹੀ। ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਵੀ ਮੌਕੇ 'ਤੇ ਪਹੁੰਚੇ ਅਤੇ ਪੂਰੀ ਕਾਰਵਾਈ ਦਾ ਜਾਇਜ਼ਾ ਲਿਆ।
ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਗਗਨਦੀਪ ਸਿੰਘ ਖ਼ਿਲਾਫ਼ ਸੱਤ ਅਪਰਾਧਿਕ ਮਾਮਲੇ ਦਰਜ ਹਨ ਅਤੇ ਉਹ ਨਸ਼ਾ ਤਸਕਰੀ ਦੇ ਦੋਸ਼ਾਂ ਤਹਿਤ ਇਸ ਸਮੇਂ ਜੇਲ੍ਹ ਵਿੱਚ ਬੰਦ ਹੈ। ਪੁਲਿਸ ਵੱਲੋਂ ਉਸ ਦੀਆਂ ਕਈ ਜਾਇਦਾਦਾਂ ਦੀ ਪਛਾਣ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰੀ ਰਾਹੀਂ ਕਮਾਈ ਗਈ ਰਕਮ ਨਾਲ ਬਣਾਈਆਂ ਗਈਆਂ ਜਾਇਦਾਦਾਂ ਖ਼ਿਲਾਫ਼ ਕਾਰਵਾਈ ਕਰਨ ਦੇ ਹੁਕਮਾਂ ਦੇ ਆਧਾਰ 'ਤੇ ਇਹ ਕਦਮ ਚੁੱਕਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ: OBC Cell District President: ਗੁਲਸ਼ਨ ਰਾਏ ਬੋਬੀ ਨੂੰ ਮੁੜ ਓ.ਬੀ.ਸੀ. ਸੈੱਲ ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ ਹੋਣ ’ਤੇ ਕੀਤਾ ਸਨਮਾਨਿਤ
ਜਾਣਕਾਰੀ ਮੁਤਾਬਕ ਇਹ ਮਕਾਨ ਗਗਨਦੀਪ ਸਿੰਘ ਦੇ ਦਾਦੇ ਵੱਲੋਂ ਬਣਵਾਇਆ ਗਿਆ ਸੀ। ਗਗਨਦੀਪ ਆਪਣੇ ਪਰਿਵਾਰ ਸਮੇਤ ਇਸੇ ਘਰ ਵਿੱਚ ਰਹਿੰਦਾ ਸੀ। ਪਰਿਵਾਰ ਵਿੱਚ ਉਸ ਦੀ ਪਤਨੀ, ਦੋ ਪੁੱਤਰ ਅਤੇ ਇੱਕ ਛੋਟੀ ਧੀ ਸ਼ਾਮਲ ਹਨ। ਪੁਲਿਸ ਮੁਤਾਬਕ ਗਗਨਦੀਪ ਸਿੰਘ ਇਲਾਕੇ ਵਿੱਚ ਨਸ਼ੇ ਦੇ ਗੈਰ-ਕਾਨੂੰਨੀ ਕਾਰੋਬਾਰ ਵਿੱਚ ਸ਼ਾਮਲ ਰਿਹਾ ਹੈ। ਇਸੇ ਸਾਲ ਅਗਸਤ ਮਹੀਨੇ ਵਿੱਚ ਪੁਲਿਸ ਨੇ ਉਸ ਨੂੰ ਦੂਜੀ ਵਾਰ ਐਨਡੀਪੀਐਸ ਐਕਟ ਤਹਿਤ ਦਰਜ ਮਾਮਲੇ ਵਿੱਚ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜਿਆ ਸੀ। ਫਿਲਹਾਲ ਤੇਜ ਮੋਹਨ ਨਗਰ ਵਿੱਚ ਪੁਲਿਸ ਅਤੇ ਪ੍ਰਸ਼ਾਸਨ ਦੀ ਮੌ਼ਜ਼ੂਦਗੀ ਵਿੱਚ ਕਾਰਵਾਈ ਜਾਰੀ ਹੈ। ਪ੍ਰਸ਼ਾਸਨ ਵੱਲੋਂ ਇਸ ਕਾਰਵਾਈ ਨੂੰ ਨਸ਼ਾ ਤਸਕਰੀ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦਾ ਹਿੱਸਾ ਦੱਸਿਆ ਜਾ ਰਿਹਾ ਹੈ।
Comments