Punjab
Faridkot Stubble Burning: ਫਰੀਦਕੋਟ ’ਚ ਪਰਾਲੀ ਸਾੜਨ ਦੇ ਮਾਮਲਿਆਂ 'ਚ 12 ਕਿਸਾਨਾਂ ਖ਼ਿਲਾਫ਼ ਕੇਸ ਦਰਜ
ਡੀਸੀ ਰਾਹੁਲ ਚਾਬਾ ਨੇ ਪਿੰਡ ਸੰਧਵਾਂ ਅਤੇ ਦੇਵੀਵਾਲਾ ਵਿੱਚ ਕਿਸਾਨਾਂ ਨਾਲ ਕੀਤੀ ਮੁਲਾਕਾਤ, ਪਰਾਲੀ ਦਾ ਸੁਚੱਜਾ ਪ੍ਰਬੰਧਨ ਕਰਨ ਦੀ ਕੀਤੀ ਅਪੀਲ
Faridkot Stubble Burning: ਫਰੀਦਕੋਟ, (ਸੱਚ ਕਹੂੰ ਨਿਊਜ਼/ਹਿੰ.ਸ.)| ਜ਼ਿਲ੍ਹਾ ਫਰੀਦਕੋਟ ਵਿੱਚ ਝੋਨੇ ਦੀ ਪਰਾਲੀ ਸਾੜਨ ਦੇ ਮਾਮਲਿਆਂ ਨੂੰ ਲੈ ਕੇ ਪ੍ਰਸ਼ਾਸਨ ਨੇ ਸਖ਼ਤੀ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵੱਲੋਂ ਪਰਾਲੀ ਸਾੜਨ ਦੇ ਦੋਸ਼ ਹੇਠ 12 ਕਿਸਾਨਾਂ ਖ਼ਿਲਾਫ਼ ਵੱਖ-ਵੱਖ ਮਾਮਲੇ ਦਰਜ ਕੀਤੇ ਗਏ ਹਨ। ਇਨ੍ਹਾਂ ਵਿੱਚ ਥਾਣਾ ਸਿਟੀ-2 ਫਰੀਦਕੋਟ ਦੀ ਪੁਲਿਸ ਨੇ ਕਿਸਾਨ ਸਤਪਾਲ ਸਿੰਘ ਖ਼ਿਲਾਫ਼ ਕੇਸ ਦਰਜ ਕੀਤਾ ਹੈ।
ਇਸੇ ਤਰ੍ਹਾਂ ਥਾਣਾ ਸਦਰ ਫਰੀਦਕੋਟ ਦੀ ਪੁਲਿਸ ਨੇ ਪਿੰਡ ਹਰਿਏਵਾਲਾ ਦੇ 11 ਕਿਸਾਨਾਂ ਸੁਖਮੰਦਰ ਸਿੰਘ, ਰੇਸ਼ਮ ਸਿੰਘ, ਅਜੀਤ ਸਿੰਘ, ਮੱਲ ਸਿੰਘ, ਸੁਖਪਾਲ ਸਿੰਘ, ਗੁਰਪ੍ਰੀਤ ਸਿੰਘ, ਦੀਪਇੰਦਰ ਸਿੰਘ, ਹਰਮਨਦੀਪ ਸਿੰਘ, ਸਰੂਪ ਸਿੰਘ, ਜਗਦੀਸ਼ ਕੌਰ ਅਤੇ ਪਰਮਜੀਤ ਕੌਰ ਖ਼ਿਲਾਫ਼ ਦੋ ਵੱਖ-ਵੱਖ ਮਾਮਲੇ ਦਰਜ ਕੀਤੇ ਹਨ।
ਦੂਜੇ ਪਾਸੇ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਅਤੇ ਇਸ ਦੇ ਸੁਚੱਜੇ ਪ੍ਰਬੰਧਨ ਪ੍ਰਤੀ ਜਾਗਰੂਕ ਕਰਨ ਲਈ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਪਿੰਡ ਸੰਧਵਾਂ ਅਤੇ ਦੇਵੀਵਾਲਾ ਵਿਖੇ ਕਿਸਾਨਾਂ ਦੇ ਖੇਤਾਂ ਵਿੱਚ ਪਹੁੰਚ ਕੇ ਉਨ੍ਹਾਂ ਨਾਲ ਗੱਲਬਾਤ ਕੀਤੀ। ਡੀਸੀ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਇਸ ਦੇ ਯੋਗ ਪ੍ਰਬੰਧਨ ਦੇ ਤਰੀਕੇ ਅਪਣਾਉਣ। ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਨਾਲ ਜਿੱਥੇ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ, ਉੱਥੇ ਹੀ ਜ਼ਮੀਨ ਦੀ ਉਪਜਾਊ ਸ਼ਕਤੀ ਲਈ ਜ਼ਰੂਰੀ ਪੌਸ਼ਟਿਕ ਤੱਤ ਵੀ ਨਸ਼ਟ ਹੋ ਜਾਂਦੇ ਹਨ।
ਇਹ ਵੀ ਪੜ੍ਹੋ: India Guyana Relations: ਭਾਰਤ ਗੁਆਨਾ ਨੂੰ 50 ਕਰੋੜ ਡਾਲਰ ਦੀ ਲੋਨ ਸਹੂਲਤ ਪ੍ਰਦਾਨ ਕਰੇਗਾ
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਜ਼ਮੀਨ ਦੀ ਸਿਹਤ ਪ੍ਰਭਾਵਿਤ ਹੁੰਦੀ ਹੈ ਅਤੇ ਅਗਲੀ ਫ਼ਸਲ ਲਈ ਕਿਸਾਨਾਂ ਨੂੰ ਵਧੇਰੇ ਖਾਦ ਦੀ ਵਰਤੋਂ ਕਰਨੀ ਪੈਂਦੀ ਹੈ, ਜਿਸ ਨਾਲ ਖੇਤੀ ਦੀ ਲਾਗਤ ਵਿੱਚ ਵਾਧਾ ਹੁੰਦਾ ਹੈ। ਇਸ ਦੌਰਾਨ ਉਨ੍ਹਾਂ ਨੇ ਕਿਸਾਨਾਂ ਦੀਆਂ ਪਰਾਲੀ ਪ੍ਰਬੰਧਨ ਨਾਲ ਸਬੰਧਤ ਮੁਸ਼ਕਲਾਂ ਅਤੇ ਸੁਝਾਅ ਵੀ ਸੁਣੇ। ਮੌਕੇ 'ਤੇ ਐੱਸਡੀਐੱਮ ਕੋਟਕਪੂਰਾ ਰਾਜਿੰਦਰ ਸਿੰਘ, ਪਰਾਲੀ ਪ੍ਰਬੰਧਨ ਨੋਡਲ ਅਧਿਕਾਰੀ ਡਾ. ਗੁਰਪ੍ਰੀਤ ਸਿੰਘ, ਖੇਤੀਬਾੜੀ ਅਧਿਕਾਰੀ, ਬਲਾਕ ਖੇਤੀਬਾੜੀ ਅਧਿਕਾਰੀ ਅਤੇ ਹੋਰ ਪ੍ਰਸ਼ਾਸਨਿਕ ਅਧਿਕਾਰੀਆਂ ਸਮੇਤ ਕਿਸਾਨ ਮੌਜ਼ੂਦ ਸਨ।
Comments