Talwandi Sabo News: ਬਠਿੰਡਾ ਦੇ ਤਲਵੰਡੀ ਸਾਬੋ 'ਚ ਵੱਡਾ ਪ੍ਰਸ਼ਾਸਨਿਕ ਸੁਧਾਰ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇੱਕੋ ਛੱਤ ਹੇਠ ਰਜਿਸਟਰੀ ਤੋਂ ਰਿਕਾਰਡ ਰੂਮ ਤੱਕ ਦੀਆਂ ਸਹੂਲਤਾਂ ਨਾਲ ਲੈਸ ਆਧੁਨਿਕ ਸਬ-ਡਿਵੀਜ਼ਨਲ ਕੰਪਲੈਕਸ ਲੋਕਾਂ ਨੂੰ ਕੀਤਾ ਸਮਰਪਿਤ
ਤਿੰਨ ਮੰਜ਼ਿਲਾ ਇਮਾਰਤ ਵਿੱਚ ਆਸਾਨ ਰਜਿਸਟਰੀ, ਐਸਡੀਐਮ-ਤਹਿਸੀਲਦਾਰ ਅਦਾਲਤਾਂ, ਫਰਦ ਕੇਂਦਰ, ਖਜ਼ਾਨਾ ਦਫ਼ਤਰ ਅਤੇ ਰਿਕਾਰਡ ਰੂਮ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਤਲਵੰਡੀ ਸਾਬੋ। ਪਵਿੱਤਰ ਨਗਰੀ ਤਲਵੰਡੀ ਸਾਬੋ ਵਿਖੇ ਵੱਡਾ ਪ੍ਰਸ਼ਾਸਨਿਕ ਸੁਧਾਰ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅਤਿ-ਆਧੁਨਿਕ ਸਬ-ਡਿਵੀਜ਼ਨਲ ਕੰਪਲੈਕਸ ਦਾ ਉਦਘਾਟਨ ਕੀਤਾ। ਇਹ ਕੰਪਲੈਕਸ 40 ਸਾਲ ਪੁਰਾਣੇ ਅਸੁਰੱਖਿਅਤ ਇਮਾਰਤ ਦੀ ਥਾਂ ਲਗਪਗ 6 ਕਰੋੜ ਰੁਪਏ ਦੀ ਲਾਗਤ ਨਾਲ ਬਣਾਇਆ ਗਿਆ ਹੈ, ਜੋ ਆਧੁਨਿਕ ਅਤੇ ਨਾਗਰਿਕ-ਕੇਂਦ੍ਰਿਤ ਸਹੂਲਤ ਨਾਲ ਲੈਸ ਹੈ। ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਤਿੰਨ ਮੰਜ਼ਿਲਾ ਕੰਪਲੈਕਸ ਲੋਕਾਂ ਨੂੰ ਸਮਰਪਿਤ ਕੀਤਾ ਅਤੇ ਕਿਹਾ ਕਿ ਇਸ ਨਵੀਂ ਇਮਾਰਤ ਨਾਲ ਰਜਿਸਟਰੀ ਤੋਂ ਲੈ ਕੇ ਰਿਕਾਰਡ ਰੂਮ ਤੱਕ ਸਾਰੀਆਂ ਜ਼ਰੂਰੀ ਸਰਕਾਰੀ ਸੇਵਾਵਾਂ ਹਾਈ-ਸਪੀਡ ਡਿਜੀਟਲ ਕਨੈਕਟੀਵਿਟੀ ਨਾਲ ਇੱਕੋ ਛੱਤ ਹੇਠ ਪ੍ਰਦਾਨ ਕੀਤੀਆਂ ਜਾਣਗੀਆਂ।

ਇਸ ਕੰਪਲੈਕਸ ਵਿੱਚ 28 ਕਮਰੇ ਬਣਾਏ ਗਏ ਹਨ ਜਿਹਨਾਂ ਵਿੱਚ ਆਸਾਨ ਰਜਿਸਟਰੀ, ਐਸਡੀਐਮ ਅਤੇ ਤਹਿਸੀਲਦਾਰ ਅਦਾਲਤਾਂ, ਫਰਦ ਕੇਂਦਰ, ਖਜ਼ਾਨਾ ਦਫ਼ਤਰ, ਰਿਕਾਰਡ ਰੂਮ ਅਤੇ ਹੋਰ ਮੁੱਖ ਸਹੂਲਤਾਂ ਸ਼ਾਮਲ ਹਨ। ਇਸ ਦੇ ਨਾਲ ਹੀ ਇੱਕ ਲਿਫਟ ਅਤੇ ਆਧੁਨਿਕ ਬੁਨਿਆਦੀ ਢਾਂਚਾ ਯਕੀਨੀ ਬਣਾਇਆ ਗਿਆ ਹੈ ਤਾਂ ਜੋ ਕੁਸ਼ਲਤਾ ਦੇ ਨਾਲ-ਨਾਲ ਬਿਹਤਰ ਜਨਤਕ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਸਕਣ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੀ ਇਮਾਰਤ ਪੂਰੀ ਤਰ੍ਹਾਂ ਖੰਡਰ ਬਣ ਚੁੱਕੀ ਸੀ, ਜੋ ਜਾਨ-ਮਾਲ ਲਈ ਵੱਡਾ ਖ਼ਤਰਾ ਬਣਇਆ ਹੋਇਆ ਸੀ। ਉਨ੍ਹਾਂ ਕਿਹਾ ਕਿ ਨਵਾਂ ਕੰਪਲੈਕਸ ਤਲਵੰਡੀ ਸਾਬੋ ਅਤੇ ਨੇੜਲੇ ਪਿੰਡਾਂ ਦੇ ਵਸਨੀਕਾਂ ਲਈ ਸੇਵਾਵਾਂ ਵਿੱਚ ਪਾਰਦਰਸ਼ਤਾ ਅਤੇ ਤੇਜ਼ੀ ਲਿਆਵੇਗਾ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅੱਜ ਤਲਵੰਡੀ ਸਾਬੋ ਦੀ ਪਵਿੱਤਰ ਧਰਤੀ 'ਤੇ ਨਵੇਂ ਸਬ-ਡਿਵੀਜ਼ਨਲ ਕੰਪਲੈਕਸ ਦਾ ਉਦਘਾਟਨ ਕਰਕੇ ਲੋਕਾਂ ਨੂੰ ਸਮਰਪਿਤ ਕੀਤਾ ਗਿਆ। 40 ਸਾਲ ਪੁਰਾਣੀ ਖੰਡਰ ਇਮਾਰਤ ਦੀ ਥਾਂ 'ਤੇ ਲਗਪਗ 6 ਕਰੋੜ ਰੁਪਏ ਦੀ ਲਾਗਤ ਨਾਲ ਇਹ ਆਧੁਨਿਕ ਕੰਪਲੈਕਸ ਬਣਾਇਆ ਗਿਆ ਹੈ।”
Read Also : ਬੇਕਾਬੂ ਕੰਬਾਈਨ ਨੇ ਤਿੰਨ ਨੂੰ ਲਿਆ ਲਪੇਟ 'ਚ, ਇੱਕ ਨੇ ਤੋੜਿਆ ਦਮ
ਉਨ੍ਹਾਂ ਕਿਹਾ, “ਇਸ ਤਿੰਨ ਮੰਜ਼ਿਲਾ ਇਮਾਰਤ ਵਿੱਚ 28 ਕਮਰੇ ਹਨ, ਜਿੱਥੇ ਸਾਰੀਆਂ ਜ਼ਰੂਰੀ ਸਹੂਲਤਾਂ ਜਿਵੇਂ ਕਿ ਐਸਡੀਐਮ ਅਦਾਲਤ, ਤਹਿਸੀਲਦਾਰ ਅਦਾਲਤ, ਫਰਦ ਕੇਂਦਰ, ਰਿਕਾਰਡ ਰੂਮ, ਖਜ਼ਾਨਾ ਦਫ਼ਤਰ ਅਤੇ ਕੰਟੀਨ ਇੱਕੋ ਛੱਤ ਹੇਠ ਉਪਲਬਧ ਹਨ। ਹਰ ਦਫ਼ਤਰ ਨੂੰ ਹਾਈ-ਸਪੀਡ ਇੰਟਰਨੈਟ ਨਾਲ ਲੈਸ ਕੀਤਾ ਗਿਆ ਹੈ ਅਤੇ ਲੋਕਾਂ ਦੀ ਸਹੂਲਤ ਲਈ ਇੱਕ ਲਿਫਟ ਦਾ ਵੀ ਪ੍ਰਬੰਧ ਕੀਤਾ ਗਿਆ ਹੈ।”
ਉਨ੍ਹਾਂ ਕਿਹਾ, “ਇਹ ਕੰਪਲੈਕਸ ਤਲਵੰਡੀ ਸਾਬੋ ਅਤੇ ਆਲੇ-ਦੁਆਲੇ ਦੇ ਪਿੰਡਾਂ ਦੇ ਲੋਕਾਂ ਲਈ ਵਰਦਾਨ ਸਾਬਤ ਹੋਵੇਗਾ, ਜਿਸ ਨਾਲ ਸਰਕਾਰੀ ਸੇਵਾਵਾਂ ਤੇਜ਼ੀ ਤੇ ਪਾਰਦਰਸ਼ਤਾ ਆਵੇਗੀ ਅਤੇ ਪਹੁੰਚ ਵਿੱਚ ਵਾਧਾ ਹੋਵੇਗਾ। ਲਗਾਤਾਰ ਵਿਕਾਸ ਨਾਲ ਅਸੀਂ ਲੋਕਾਂ ਦੀ ਸੇਵਾ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹਾਂ।”
ਨਵਾਂ ਬਣਿਆ ਸਬ-ਡਿਵੀਜ਼ਨਲ ਕੰਪਲੈਕਸ ਲੋਕਾਂ ਨੂੰ ਸਮਰਪਿਤ ਕਰਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਪ੍ਰੋਜੈਕਟ ਆਧੁਨਿਕ, ਨਾਗਰਿਕ-ਕੇਂਦ੍ਰਿਤ ਬੁਨਿਆਦੀ ਢਾਂਚਾ ਪ੍ਰਦਾਨ ਕਰਕੇ ਜ਼ਮੀਨੀ ਪੱਧਰ 'ਤੇ ਪ੍ਰਸ਼ਾਸਨ ਨੂੰ ਹੋਰ ਮਜ਼ਬੂਤ ਕਰਨ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਪਿਛਲੀ ਸਬ-ਡਿਵੀਜ਼ਨਲ ਕੰਪਲੈਕਸ ਦੀ ਇਮਾਰਤ ਲਗਪਗ 40 ਸਾਲ ਪੁਰਾਣੀ ਸੀ ਅਤੇ ਬਹੁਤ ਹੀ ਖਸਤਾ ਹਾਲਤ ਵਿੱਚ ਸੀ। ਨਵੇਂ ਕੰਪਲੈਕਸ ਦੇ ਨਿਰਮਾਣ 'ਤੇ 6 ਕਰੋੜ ਰੁਪਏ ਖਰਚ ਕੀਤੇ ਗਏ ਹਨ ਅਤੇ ਇਸ ਦਾ ਕੁੱਲ ਖੇਤਰਫਲ 3,000 ਵਰਗ ਫੁੱਟ ਹੈ।"
ਉਨ੍ਹਾਂ ਕਿਹਾ, "ਤਿੰਨ ਮੰਜ਼ਿਲਾ ਇਮਾਰਤ ਵਿੱਚ 28 ਕਮਰੇ ਹਨ ਅਤੇ ਇਸ ਵਿੱਚ ਆਸਾਨ ਰਜਿਸਟ੍ਰੇਸ਼ਨ ਲਈ ਦਫ਼ਤਰ, ਐਸਡੀਐਮ ਅਦਾਲਤ, ਤਹਿਸੀਲਦਾਰ ਅਦਾਲਤ, ਫਰਦ ਕੇਂਦਰ, ਰਿਕਾਰਡ ਰੂਮ, ਖਜ਼ਾਨਾ ਦਫ਼ਤਰ ਅਤੇ ਇੱਕ ਕੰਟੀਨ ਵਰਗੀਆਂ ਸਹੂਲਤਾਂ ਸ਼ਾਮਲ ਹਨ।" ਆਧੁਨਿਕ ਬੁਨਿਆਦੀ ਢਾਂਚੇ 'ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਸਾਰੇ ਦਫ਼ਤਰਾਂ ਨੂੰ ਹਾਈ-ਸਪੀਡ ਇੰਟਰਨੈੱਟ ਨਾਲ ਲੈਸ ਕੀਤਾ ਗਿਆ ਹੈ ਅਤੇ ਕੰਪਲੈਕਸ ਵਿੱਚ ਲਿਫਟ ਦੀ ਸਹੂਲਤ ਵੀ ਹੈ।" ਉਨ੍ਹਾਂ ਅੱਗੇ ਕਿਹਾ ਕਿ ਲੋਕਾਂ ਦੀ ਸਹੂਲਤ ਲਈ ਅਜਿਹੇ ਆਧੁਨਿਕ ਤਹਿਸੀਲ ਕੰਪਲੈਕਸ ਪੂਰੇ ਪੰਜਾਬ ਵਿੱਚ ਬਣਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਕਦੇ ਵੀ ਅਜਿਹੇ ਲੋਕ-ਕੇਂਦ੍ਰਿਤ ਉਪਰਾਲਿਆਂ ਵੱਲ ਧਿਆਨ ਨਹੀਂ ਦਿੱਤਾ ਸੀ।
ਪਿਛਲੀਆਂ ਸਰਕਾਰਾਂ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਪਹਿਲਾਂ, ਸੂਬੇ ਦੀ ਵਾਗਡੋਰ ਗਲਤ ਹੱਥਾਂ ਵਿੱਚ ਸੀ, ਜਿਸ ਕਾਰਨ ਪੰਜਾਬ ਨੂੰ ਬਹੁਤ ਨੁਕਸਾਨ ਝੱਲਣਾ ਪਿਆ।" ਉਨ੍ਹਾਂ ਅੱਗੇ ਕਿਹਾ, "ਅਹੁਦਾ ਸੰਭਾਲਣ ਤੋਂ ਬਾਅਦ ਸਾਡੀ ਸਰਕਾਰ ਨੇ ਜਨਤਕ ਮਹੱਤਵ ਵਾਲੇ ਕੰਮਾਂ ਨੂੰ ਤਰਜੀਹ ਦਿੱਤੀ।" ਸੰਤੁਸ਼ਟੀ ਪ੍ਰਗਟ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਇਮਾਰਤਾਂ ਲੋਕਾਂ ਦੀਆਂ ਭਵਿੱਖੀ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖ ਕੇ ਬਣਾਈਆਂ ਜਾ ਰਹੀਆਂ ਹਨ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਸ ਪ੍ਰਗਟਾਈ ਕਿ ਨਵਾਂ ਸਬ-ਡਿਵੀਜ਼ਨਲ ਕੰਪਲੈਕਸ ਤਲਵੰਡੀ ਸਾਬੋ ਅਤੇ ਨੇੜਲੇ ਪਿੰਡਾਂ ਦੇ ਵਸਨੀਕਾਂ ਨੂੰ ਇੱਕੋ ਛੱਤ ਹੇਠ ਤੇਜ਼, ਪਾਰਦਰਸ਼ੀ ਅਤੇ ਨਿਰਵਿਘਨ ਸੇਵਾਵਾਂ ਪ੍ਰਦਾਨ ਕਰਕੇ ਵੱਡਾ ਲਾਭ ਪਹੁੰਚਾਏਗਾ। ਉਨ੍ਹਾਂ ਆਸ ਪ੍ਰਗਟਾਈ ਕਿ ਸ਼ਾਂਤੀ ਅਤੇ ਭਾਈਚਾਰਕ ਸਾਂਝ ਦੀਆਂ ਤੰਦਾਂ ਹਰ ਬੀਤਦੇ ਦਿਨ ਦੇ ਨਾਲ ਹੋਰ ਮਜ਼ਬੂਤ ਹੋਣਗੀਆਂ, ਜਿਸ ਨਾਲ ਪੰਜਾਬ ਹਰ ਖੇਤਰ ਵਿੱਚ ਦੇਸ਼ ਦੀ ਅਗਵਾਈ ਕਰ ਸਕੇਗਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ "ਪਵਿੱਤਰ ਨਗਰੀ ਤਲਵੰਡੀ ਸਾਬੋ ਨੂੰ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਚਰਨ ਛੋਹ ਪ੍ਰਾਪਤ ਹੈ ਅਤੇ ਮੈਨੂੰ ਇੱਥੇ ਨਤਮਸਤਕ ਹੋਣ ਦਾ ਸੁਭਾਗ ਪ੍ਰਾਪਤ ਹੋਇਆ ਹੈ।"
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ, “ਵਿਸਾਖੀ ਦੇ ਇਸ ਪਵਿੱਤਰ ਮੌਕੇ ਸਾਨੂੰ ਸਮਾਜਿਕ ਸਮਾਨਤਾ, ਆਪਸੀ ਭਾਈਚਾਰੇ ਅਤੇ ਸ਼ੋਸ਼ਣ ਤੋਂ ਆਜ਼ਾਦੀ 'ਤੇ ਅਧਾਰਤ ਸਮਾਜ ਦੀ ਉਸਾਰੀ ਲਈ ਆਪਣੇ-ਆਪ ਨੂੰ ਵਚਨਬੱਧ ਕਰਨਾ ਚਾਹੀਦਾ ਹੈ।”
