Punjab News: ਸਿਆਸੀ ਫੇਰਬਦਲ, ਇਸ ਪਿੰਡ ਦੀ ਸਮੂਹ ਪੰਚਾਇਤ ਕਾਂਗਰਸ ਛੱਡ ਕੇ ਆਪ 'ਚ ਹੋਈ ਸ਼ਾਮਲ
ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿੰਦਿਆਂ ਆਮ ਆਦਮੀ ਪਾਰਟੀ ਦਾ ਪੱਲਾ ਫੜ੍ਹ ਲਿਆ
ਹੁਸ਼ਿਆਰਪੁਰ (ਹਿੰ.ਸ.)। ਵਿਧਾਨ ਸਭਾ ਹਲਕਾ ਸ਼ਾਮਚੁਰਾਸੀ ਦੇ ਪਿੰਡ ਫੰਬੀਆਂ ਦੀ ਸਮੁੱਚੀ ਪੰਚਾਇਤ ਨੇ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿੰਦਿਆਂ ਆਮ ਆਦਮੀ ਪਾਰਟੀ ਦਾ ਪੱਲਾ ਫੜ੍ਹ ਲਿਆ। ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਦੀ ਅਗਵਾਈ ਹੇਠ ਹੋਏ ਸਮਾਗਮ ਦੌਰਾਨ ਪਾਰਟੀ ਵਿੱਚ ਸ਼ਾਮਲ ਹੋਏ ਸਾਰੇ ਪੰਚਾਇਤ ਮੈਂਬਰਾਂ ਜਿਨ੍ਹਾਂ ਵਿੱਚ ਸਰਪੰਚ ਪੂਜਾ ਰਾਣੀ, ਰਾਕੇਸ਼ ਕੁਮਾਰ ਸਾਬਕਾ ਸਰਪੰਚ, ਪੰਚ ਦਿਲਬਾਗ ਸਿੰਘ, ਪਰਮਜੀਤ ਕੌਰ, ਰਾਮਪਾਲ, ਬਲਵੀਰ ਸਿੰਘ, ਰਾਜੀਵ ਕੁਮਾਰ, ਜਸਵਿੰਦਰ ਕੁਮਾਰ, ਪਰਮਜੀਤ ਕੌਰ, ਜਗਦੀਸ਼ ਕੁਮਾਰ, ਨਿਰਮਲ ਚੰਦ, ਰਾਜੀਵ ਵਾਸੂਦੇਵਾ, ਦਵਿੰਦਰ ਸਿੰਘ ਸੋਢੀ, ਮਹਿੰਦਰ ਕੌਰ ਦਾ ਸਵਾਗਤ ਕੀਤਾ ਗਿਆ।
ਇਸ ਮੌਕੇ ਅਕਾਲੀ ਦਲ ਦੇ ਸੀਨੀਅਰ ਆਗੂ ਕੁਲਵਿੰਦਰ ਸਿੰਘ ਕਿੰਦਾ ਸਾਬਕਾ ਸਰਪੰਚ ਸੰਧਰਾ ਸੋਢੀਆ ਨੇ ਵੀ ਅਕਾਲੀ ਦਲ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਦਾ ਐਲਾਨ ਕੀਤਾ ਅਤੇ ਕਿਹਾ ਕਿ ਜਿੰਨਾ ਕੰਮ ਮੰਤਰੀ ਡਾ. ਰਵਜੋਤ ਸਿੰਘ ਨੇ ਪਿਛਲੇ ਕੁਝ ਸਾਲਾਂ ਵਿੱਚ ਕਰਕੇ ਦਿਖਾਇਆ ਹੈ ਓਨਾ ਦੂਸਰੀਆਂ ਪਾਰਟੀਆਂ ਦੇ ਆਗੂਆਂ ਨੇ ਕਦੇ ਸੋਚਿਆ ਵੀ ਨਹੀਂ।
ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਲੋਕ-ਭਲਾਈ ਲਈ ਲਏ ਜਾ ਰਹੇ ਇਤਿਹਾਸਕ ਫ਼ੈਸਲਿਆਂ, ਪਾਰਦਰਸ਼ੀ ਪ੍ਰਸ਼ਾਸਨ ਅਤੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਹਰ ਵਰਗ ਦੇ ਲੋਕ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਪਿੰਡ ਫੰਬੀਆਂ ਦੀ ਸਮੁੱਚੀ ਪੰਚਾਇਤ ਅਤੇ ਸਾਬਕਾ ਸਰਪੰਚ ਕੁਲਵਿੰਦਰ ਸਿੰਘ ਕਿੰਦਾ ਦਾ ਪਾਰਟੀ ਵਿੱਚ ਸ਼ਾਮਲ ਹੋਣਾ ਇਸ ਗੱਲ ਦਾ ਸਬੂਤ ਹੈ ਕਿ ਲੋਕ ਰਵਾਇਤੀ ਰਾਜਨੀਤੀ ਤੋਂ ਤੰਗ ਆ ਕੇ ਇਮਾਨਦਾਰ ਅਤੇ ਵਿਕਾਸ ਪੱਖੀ ਸਰਕਾਰ ਦੇ ਨਾਲ ਖੜ੍ਹੇ ਹਨ।
ਡਾ. ਰਵਜੋਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਿੱਖਿਆ, ਸਿਹਤ, ਬਿਜਲੀ, ਰੋਜ਼ਗਾਰ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਇਤਿਹਾਸਕ ਉਪਰਾਲੇ ਕੀਤੇ ਹਨ, ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਦਾ ਲਾਭ ਆਮ ਲੋਕਾਂ ਤੱਕ ਪਹੁੰਚ ਰਿਹਾ ਹੈ, ਜਿਸ ਕਾਰਨ ਪਿੰਡਾਂ ਅਤੇ ਸ਼ਹਿਰਾਂ ਵਿੱਚ ਲੋਕਾਂ ਦਾ ਵਿਸ਼ਵਾਸ ਲਗਾਤਾਰ ਆਮ ਆਦਮੀ ਪਾਰਟੀ ਪ੍ਰਤੀ ਮਜ਼ਬੂਤ ਹੋ ਰਿਹਾ ਹੈ। ਉਨ੍ਹਾਂ ਪਾਰਟੀ ਵਿੱਚ ਸ਼ਾਮਲ ਹੋਏ ਸਾਰੇ ਮੈਂਬਰਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਨੂੰ ਪੂਰਾ ਮਾਣ-ਸਨਮਾਨ ਦਿੱਤਾ ਜਾਵੇਗਾ ਅਤੇ ਪਿੰਡਾਂ ਦੇ ਵਿਕਾਸ ਲਈ ਮਿਲ ਕੇ ਕੰਮ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮਕਸਦ ਪੰਜਾਬ ਦੇ ਹਰ ਪਿੰਡ ਨੂੰ ਵਿਕਾਸ ਦੀਆਂ ਨਵੀਆਂ ਬੁਲੰਦੀਆਂ ਤੱਕ ਲੈ ਕੇ ਜਾਣਾ ਹੈ ਅਤੇ ਲੋਕਾਂ ਦੀਆਂ ਉਮੀਦਾਂ ’ਤੇ ਪੂਰੀ ਤਰ੍ਹਾਂ ਖਰਾ ਉਤਰਨਾ ਹੈ।