Employees Strike Punjab: ਸਰਕਾਰ ਦੀ ਟਾਲ-ਮਟੋਲ ਨੀਤੀਆਂ ਖ਼ਿਲਾਫ਼ ਤਿੰਨ ਰੋਜ਼ਾ ਹੜਤਾਲ ਦਾ ਐਲਾਨ

ਵਿਧਾਨ ਸਭਾ ਸੈਸ਼ਨ ਦੌਰਾਨ ਭੁੱਖ ਹੜਤਾਲ ਸਮੇਤ ਸੂਬਾ ਪੱਧਰੀ ਧਰਨਾ ਵੀ ਦਿੱਤਾ ਜਾਵੇਗਾ

Satinder Mathur  Picture
Published On

Employees Strike Punjab: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (25/11) ਨੇ ਸਰਕਾਰ ਦੀਆਂ ਟਾਲ-ਮਟੋਲ ਨੀਤੀਆਂ ਅਤੇ ਕੱਚੇ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਦੇ ਵਿਰੋਧ ਵਿੱਚ 3 ਤੋਂ 5 ਅਗਸਤ ਤੱਕ ਤਿੰਨ ਰੋਜ਼ਾ ਹੜਤਾਲ ਕਰਨ ਦਾ ਐਲਾਨ ਕੀਤਾ ਹੈ। ਇਸ ਤੋਂ ਇਲਾਵਾ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੌਰਾਨ ਭੁੱਖ ਹੜਤਾਲ ਸਮੇਤ ਸੂਬਾ ਪੱਧਰੀ ਧਰਨਾ ਵੀ ਦਿੱਤਾ ਜਾਵੇਗਾ। ਇਹ ਫੈਸਲਾ ਅੱਜ ਈਸੜੂ ਭਵਨ, ਲੁਧਿਆਣਾ ਵਿਖੇ ਯੂਨੀਅਨ ਦੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਹੋਈ ਸੂਬਾ ਪੱਧਰੀ ਮੀਟਿੰਗ ਦੌਰਾਨ ਲਿਆ ਗਿਆ।

ਮੀਟਿੰਗ ਨੂੰ ਸੰਬੋਧਨ ਕਰਦਿਆਂ ਰੇਸ਼ਮ ਸਿੰਘ ਗਿੱਲ ਨੇ ਕਿਹਾ ਕਿ ਸੱਤਾ ਵਿੱਚ ਆਉਣ ਸਮੇਂ ਸਰਕਾਰ ਨੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ, ਠੇਕੇਦਾਰੀ ਸਿਸਟਮ ਖਤਮ ਕਰਨ ਅਤੇ ਬਰਾਬਰ ਕੰਮ ਲਈ ਬਰਾਬਰ ਤਨਖਾਹ ਦੇਣ ਦੇ ਵਾਅਦੇ ਕੀਤੇ ਸਨ, ਪਰ ਚਾਰ ਸਾਲ ਤੋਂ ਵੱਧ ਸਮਾਂ ਬੀਤ ਜਾਣ ਦੇ ਬਾਵਜ਼ੂਦ ਸਿਰਫ਼ ਮੀਟਿੰਗਾਂ ਹੀ ਹੋਈਆਂ ਹਨ। ਉਨ੍ਹਾਂ ਦੱਸਿਆ ਕਿ ਸਰਕਾਰ ਨਾਲ ਹੁਣ ਤੱਕ 60 ਤੋਂ ਵੱਧ ਮੀਟਿੰਗਾਂ ਹੋ ਚੁੱਕੀਆਂ ਹਨ, ਪਰ ਟਰਾਂਸਪੋਰਟ ਵਿਭਾਗ ਦਾ ਇੱਕ ਵੀ ਕੱਚਾ ਮੁਲਾਜ਼ਮ ਪੱਕਾ ਨਹੀਂ ਕੀਤਾ ਗਿਆ।

ਇਹ ਵੀ ਪੜ੍ਹੋੋ: Faridkot Crime News: ਫ਼ਰੀਦਕੋਟ ਪੁਲਿਸ ਵੱਲੋਂ 508 ਗ੍ਰਾਮ ਹੈਰੋਇਨ ਸਮੇਤ 3 ਨਸ਼ਾ ਤਸਕਰ ਕਾਬੂ

ਸੂਬਾ ਜਨਰਲ ਸਕੱਤਰ ਸ਼ਮਸ਼ੇਰ ਸਿੰਘ ਢਿੱਲੋਂ, ਜੁਆਇੰਟ ਸਕੱਤਰ ਜੋਧ ਸਿੰਘ, ਜਲੌਰ ਸਿੰਘ ਅਤੇ ਮੀਤ ਪ੍ਰਧਾਨ ਜਤਿੰਦਰ ਸਿੰਘ ਨੇ ਦੋਸ਼ ਲਾਇਆ ਕਿ ਠੇਕੇਦਾਰੀ ਸਿਸਟਮ ਰਾਹੀਂ ਘੱਟ ਤਨਖਾਹਾਂ 'ਤੇ ਮੁਲਾਜ਼ਮਾਂ ਦਾ ਸ਼ੋਸ਼ਣ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਊਟਸੋਰਸ ਭਰਤੀਆਂ ਵਿੱਚ ਰਿਸ਼ਵਤਖੋਰੀ ਦੇ ਦੋਸ਼ਾਂ ਦੇ ਬਾਵਜ਼ੂਦ ਕੋਈ ਕਾਰਵਾਈ ਨਹੀਂ ਹੋਈ, ਜਦੋਂਕਿ ਕਿਲੋਮੀਟਰ ਸਕੀਮ ਤਹਿਤ ਪ੍ਰਾਈਵੇਟ ਬੱਸਾਂ ਨੂੰ ਤਰਜ਼ੀਹ ਦੇ ਕੇ ਸਰਕਾਰੀ ਟਰਾਂਸਪੋਰਟ ਦਾ ਨਿੱਜੀਕਰਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਵਿਭਾਗ ਦੀਆਂ ਆਪਣੀਆਂ ਬੱਸਾਂ ਖੜੀਆਂ ਕਰਕੇ ਪ੍ਰਾਈਵੇਟ ਬੱਸਾਂ ਚਲਾਉਣ ਨਾਲ ਸਰਕਾਰੀ ਖਜ਼ਾਨੇ ਅਤੇ ਰੁਜ਼ਗਾਰ ਦੋਵਾਂ ਨੂੰ ਨੁਕਸਾਨ ਪਹੁੰਚ ਰਿਹਾ ਹੈ। ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਮੁਲਾਜ਼ਮਾਂ ਨੂੰ ਪੱਕਾ ਨਾ ਕੀਤਾ ਅਤੇ ਸੰਘਰਸ਼ ਕਰਦੇ ਸਾਥੀਆਂ 'ਤੇ ਦਰਜ ਕੇਸ ਰੱਦ ਨਾ ਕੀਤੇ ਤਾਂ ਯੂਨੀਅਨ ਸਰਕਾਰ ਦੀਆਂ ਸਿਆਸੀ ਰੈਲੀਆਂ ਦਾ ਬਾਈਕਾਟ ਕਰੇਗੀ ਅਤੇ ਸੂਬਾ ਪੱਧਰ 'ਤੇ ਪ੍ਰੈਸ ਕਾਨਫਰੰਸਾਂ ਕਰਕੇ ਸਰਕਾਰ ਦੀਆਂ ਨੀਤੀਆਂ ਦਾ ਵਿਰੋਧ ਕੀਤਾ ਜਾਵੇਗਾ।

ਸੂਬਾ ਆਗੂ ਰੋਹੀ ਰਾਮ, ਮੀਤ ਪ੍ਰਧਾਨ ਜਗਜੀਤ ਸਿੰਘ ਲਿਬੜਾ ਅਤੇ ਪ੍ਰਦੀਪ ਕੁਮਾਰ ਨੇ ਕਿਹਾ ਕਿ 24 ਜੂਨ 2026 ਦੀ ਮੀਟਿੰਗ ’ਚ ਸਰਕਾਰ ਨੇ 10 ਦਿਨਾਂ ਵਿੱਚ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਖਰੜਾ ਤਿਆਰ ਕਰਨ ਅਤੇ ਆਊਟਸੋਰਸ ਮੁਲਾਜ਼ਮਾਂ ਲਈ ਸਮਾਂ ਸੀਮਾ ਤਿੰਨ ਸਾਲ ਕਰਨ ਦਾ ਭਰੋਸਾ ਦਿੱਤਾ ਸੀ, ਪਰ ਅਜੇ ਤੱਕ ਕੋਈ ਕਾਰਵਾਈ ਨਹੀਂ ਹੋਈ। ਉਨ੍ਹਾਂ ਕਿਹਾ ਕਿ ਸਰਕਾਰ ਵਾਰ-ਵਾਰ ਟਾਲਮਟੋਲ ਕਰ ਰਹੀ ਹੈ ਅਤੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਨਹੀਂ ਲੈ ਰਹੀ।

ਯੂਨੀਅਨ ਨੇ ਐਲਾਨ ਕੀਤਾ ਕਿ 27 ਜੁਲਾਈ ਨੂੰ ਸੂਬੇ ਦੇ ਸਮੂਹ ਡਿੱਪੂਆਂ ਦੇ ਗੇਟਾਂ 'ਤੇ ਰੈਲੀਆਂ ਕੀਤੀਆਂ ਜਾਣਗੀਆਂ। ਇਸ ਤੋਂ ਬਾਅਦ 3, 4 ਅਤੇ 5 ਅਗਸਤ ਨੂੰ ਤਿੰਨ ਰੋਜ਼ਾ ਹੜਤਾਲ ਕਰਕੇ ਟਰਾਂਸਪੋਰਟ ਮੰਤਰੀ ਅਤੇ ਮੁੱਖ ਮੰਤਰੀ ਪੰਜਾਬ ਦੀ ਰਿਹਾਇਸ਼ ਅੱਗੇ ਧਰਨਾ ਦਿੱਤਾ ਜਾਵੇਗਾ। ਇਸ ਦੌਰਾਨ ਸਰਕਾਰ ਦਾ ਪੁਤਲਾ ਫੂਕਿਆ ਜਾਵੇਗਾ ਅਤੇ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੌਰਾਨ ਭੁੱਖ ਹੜਤਾਲ ਸਮੇਤ ਸੂਬਾ ਪੱਧਰੀ ਧਰਨਾ ਸ਼ੁਰੂ ਕੀਤਾ ਜਾਵੇਗਾ। ਮੀਟਿੰਗ ਵਿੱਚ ਸੂਬਾ ਕੈਸ਼ੀਅਰ ਬਲਜੀਤ ਸਿੰਘ, ਮੀਤ ਪ੍ਰਧਾਨ ਬਲਜਿੰਦਰ ਸਿੰਘ, ਗੁਰਬਾਜ ਸਿੰਘ, ਭਗਤ ਸਿੰਘ, ਸਰਬਜੀਤ ਸਿੰਘ, ਕੁਲਵੰਤ ਸਿੰਘ, ਹਰਪ੍ਰੀਤ ਸਿੰਘ ਸੋਢੀ, ਸਲੁੱਖਣ ਸਿੰਘ, ਜਗਦੀਸ਼ਵਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਯੂਨੀਅਨ ਆਗੂ ਹਾਜ਼ਰ ਸਨ।

 

About The Author

Related Posts