Punjab
Kotkapura News: ਹੋਟਲ ਦੇ ਕਮਰੇ ’ਚੋਂ ਔਰਤ ਦੀ ਲਾਸ਼ ਮਿਲੀ
ਔਰਤ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਣ ਦਾ ਸ਼ੱਕ
ਕੋਟਕਪੂਰਾ (ਅਜੈ ਮਨਚੰਦਾ)। ਕੋਟਕਪੂਰਾ ਦੇ ਮੁਕਤਸਰ ਰੋਡ ਸਥਿਤ ਇੱਕ ਹੋਟਲ ਦੇ ਕਮਰੇ ਵਿੱਚੋਂ ਇੱਕ ਔਰਤ ਦੀ ਲਾਸ਼ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕਾ ਦੀ ਪਹਿਚਾਣ ਨੇੜਲੇ ਪਿੰਡ ਢਿਲਵਾਂ ਕਲਾਂ ਦੀ ਰਹਿਣ ਵਾਲੀ ਰਾਜਪ੍ਰੀਤ ਕੌਰ (34) ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਅੱਜ ਸਵੇਰੇ ਉਹ ਹੋਟਲ ਦੇ ਕਮਰੇ ਵਿੱਚ ਮ੍ਰਿਤਕ ਹਾਲਤ ਵਿੱਚ ਮਿਲੀ। ਇਸ ਦੀ ਸੂਚਨਾ ਮਿਲਣ ’ਤੇ ਹੋਟਲ ਪ੍ਰਬੰਧਕਾਂ ਨੇ ਤੁਰੰਤ ਪੁਲਿਸ ਨੂੰ ਜਾਣਕਾਰੀ ਦਿੱਤੀ।
ਸੂਚਨਾ ਮਿਲਦਿਆਂ ਹੀ ਥਾਣਾ ਸਿਟੀ ਕੋਟਕਪੁਰਾ ਦੇ ਐੱਸਐੱਚਓ ਸੁਖਵਿੰਦਰ ਸਿੰਘ ਅਤੇ ਏਐੱਸਆਈ ਨਵਦੀਪ ਸਿੰਘ ਪੁਲਿਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
Read Also : ਦਰਦਨਾਕ ਸੜਕ ਹਾਦਸੇ ’ਚ ਦੋ ਮਹਿਲਾਵਾਂ ਦੀ ਮੌਤ
ਮੁੱਢਲੀ ਜਾਂਚ ਵਿੱਚ ਪੁਲਿਸ ਨੂੰ ਸ਼ੱਕ ਹੈ ਕਿ ਔਰਤ ਦੀ ਮੌਤ ਦਿਲ ਦਾ ਦੌਰਾ (ਹਾਰਟ ਅਟੈਕ) ਪੈਣ ਕਾਰਨ ਹੋ ਸਕਦੀ ਹੈ। ਹਾਲਾਂਕਿ ਮੌਤ ਦੇ ਅਸਲ ਕਾਰਨਾਂ ਦਾ ਖੁਲਾਸਾ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਹੋਵੇਗਾ।
ਪੁਲਿਸ ਮੁਤਾਬਕ ਮ੍ਰਿਤਕਾ ਬਠਿੰਡਾ ਜ਼ਿਲ੍ਹੇ ਦੇ ਪਿੰਡ ਜੀਦਾ ਸਥਿੱਤ ਇੱਕ ਫੈਕਟਰੀ ਵਿੱਚ ਮਜ਼ਦੂਰੀ ਕਰਦੀ ਸੀ। ਇਸ ਮਾਮਲੇ ਵਿੱਚ ਐੱਸਐੱਚਓ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਵਾਰਸਾਂ ਦੇ ਬਿਆਨਾਂ ਅਤੇ ਪੋਸਟਮਾਰਟਮ ਰਿਪੋਰਟ ਦੇ ਆਧਾਰ ’ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਫਿਲਹਾਲ ਮੁੱਢਲੀ ਤਫ਼ਤੀਸ਼ ਵਿੱਚ ਮੌਤ ਕੁਦਰਤੀ ਲੱਗ ਰਹੀ ਹੈ ਪਰ ਜਾਂਚ ਜਾਰੀ ਹੈ।