Faridkot Heroin Seized: ਫਰੀਦਕੋਟ 'ਚ 1 ਕਿਲੋ 118 ਗ੍ਰਾਮ ਹੈਰੋਇਨ ਸਮੇਤ ਨੌਜਵਾਨ ਤੇ ਔਰਤ ਗ੍ਰਿਫ਼ਤਾਰ

ਪੁਲਿਸ ਨੇ ਮੁਲਜ਼ਮਾਂ ਕੋਲੋਂ ਇੱਕ ਮੋਟਰਸਾਈਕਲ ਅਤੇ ਦੋ ਮੋਬਾਈਲ ਫੋਨ ਵੀ ਕਬਜ਼ੇ ਵਿੱਚ ਲਏ

Satinder Mathur  Picture
Published On

Faridkot Heroin Seized: ਫਰੀਦਕੋਟ, (ਗੁਰਪ੍ਰੀਤ ਪੱਕਾ)। ਫਰੀਦਕੋਟ ਜ਼ਿਲ੍ਹਾ ਪੁਲਿਸ ਦੇ ਸੀਆਈਏ ਸਟਾਫ਼ ਜੈਤੋ ਨੇ ਨਸ਼ਾ ਵਿਰੋਧੀ ਮੁਹਿੰਮ ਤਹਿਤ ਇੱਕ ਨੌਜਵਾਨ ਅਤੇ ਔਰਤ ਨੂੰ 1 ਕਿਲੋ 118 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ ਇੱਕ ਮੋਟਰਸਾਈਕਲ ਅਤੇ ਦੋ ਮੋਬਾਈਲ ਫੋਨ ਵੀ ਕਬਜ਼ੇ ਵਿੱਚ ਲਏ ਹਨ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਫਿਰੋਜ਼ਪੁਰ ਦੇ ਪਿੰਡ ਪੰਜੇਕੇ ਉੱਤਰ ਵਾਸੀ ਸਾਜਨ ਕੁਮਾਰ ਅਤੇ ਫਾਜ਼ਿਲਕਾ ਦੀ ਲਾਧੂਕਾ ਮੰਡੀ ਵਾਸੀ ਰਾਜ ਕੌਰ ਉਰਫ਼ ਛਿੰਦਰ ਵਜੋਂ ਹੋਈ ਹੈ।

ਪੁਲਿਸ ਮੁਤਾਬਕ ਐਸਐਸਪੀ ਗੁਰਬੰਸ ਸਿੰਘ ਬੈਂਸ ਦੇ ਦਿਸ਼ਾ-ਨਿਰਦੇਸ਼ਾਂ ਹੇਠ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਦੌਰਾਨ ਸੀਆਈਏ ਸਟਾਫ਼ ਦੀ ਟੀਮ ਗਸ਼ਤ ਕਰ ਰਹੀ ਸੀ। ਇਸ ਦੌਰਾਨ ਟੀਮ ਕੋਟਕਪੂਰਾ ਦੇ ਪਿੰਡ ਖਾਰਾ ਨੇੜੇ ਪਹੁੰਚੀ। ਇੱਥੇ ਇੱਕ ਬੰਦ ਪਏ ਪੈਟਰੋਲ ਪੰਪ ਨੇੜੇ ਇੱਕ ਨੌਜਵਾਨ ਅਤੇ ਔਰਤ ਮੋਟਰਸਾਈਕਲ ਸਮੇਤ ਸ਼ੱਕੀ ਹਾਲਾਤ ਵਿੱਚ ਖੜ੍ਹੇ ਦਿਖਾਈ ਦਿੱਤੇ। ਸ਼ੱਕ ਦੇ ਆਧਾਰ 'ਤੇ ਪੁਲਿਸ ਨੇ ਦੋਵਾਂ ਨੂੰ ਕਾਬੂ ਕਰ ਲਿਆ।

ਪੁਲਿਸ ਨੂੰ ਦੋਵਾਂ ਕੋਲ ਨਸ਼ੀਲਾ ਪਦਾਰਥ ਹੋਣ ਦਾ ਸ਼ੱਕ ਸੀ। ਇਸ ਤੋਂ ਬਾਅਦ ਡੀਐਸਪੀ ਕੋਟਕਪੂਰਾ ਸੰਜੀਵ ਕੁਮਾਰ ਨੂੰ ਮੌਕੇ 'ਤੇ ਬੁਲਾਇਆ ਗਿਆ। ਉਨ੍ਹਾਂ ਦੀ ਮੌਜੂਦਗੀ ਵਿੱਚ ਕੀਤੀ ਗਈ ਤਲਾਸ਼ੀ ਦੌਰਾਨ ਦੋਵਾਂ ਕੋਲੋਂ ਹੈਰੋਇਨ ਬਰਾਮਦ ਹੋਈ। ਪੁਲਿਸ ਨੇ ਦੋਵਾਂ ਖ਼ਿਲਾਫ਼ ਥਾਣਾ ਸਦਰ ਕੋਟਕਪੂਰਾ ਵਿੱਚ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ। ਐਸਪੀ ਹੈੱਡਕੁਆਰਟਰ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਕਥਿਤ ਤੌਰ 'ਤੇ ਸਰਹੱਦੀ ਇਲਾਕੇ ਤੋਂ ਹੈਰੋਇਨ ਦੀ ਖੇਪ ਲੈ ਕੇ ਆਏ ਸਨ ਅਤੇ ਇਸ ਨੂੰ ਅੱਗੇ ਸਪਲਾਈ ਕੀਤਾ ਜਾਣਾ ਸੀ।

ਪੁਲਿਸ ਮੁਤਾਬਕ ਗ੍ਰਿਫ਼ਤਾਰ ਕੀਤੀ ਗਈ ਰਾਜ ਕੌਰ ਖ਼ਿਲਾਫ਼ ਪਹਿਲਾਂ ਵੀ ਨਸ਼ਾ ਤਸਕਰੀ ਦੇ ਦੋ ਅਤੇ ਧੋਖਾਧੜੀ ਦਾ ਇੱਕ ਮਾਮਲਾ ਦਰਜ ਹੈ। ਉਹ ਕੁਝ ਸਮਾਂ ਪਹਿਲਾਂ ਹੀ ਜੇਲ੍ਹ ਤੋਂ ਬਾਹਰ ਆਈ ਸੀ। ਪੁਲਿਸ ਹੁਣ ਦੋਵਾਂ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਲੈਣ ਦੀ ਕੋਸ਼ਿਸ਼ ਕਰੇਗੀ। ਇਸ ਤੋਂ ਬਾਅਦ ਬਰਾਮਦ ਹੋਈ ਹੈਰੋਇਨ ਦੇ ਬੈਕਵਰਡ ਅਤੇ ਫਾਰਵਰਡ ਲਿੰਕ ਦੀ ਜਾਂਚ ਕਰਕੇ ਨਸ਼ਾ ਸਪਲਾਈ ਨਾਲ ਜੁੜੇ ਹੋਰ ਵਿਅਕਤੀਆਂ ਬਾਰੇ ਜਾਣਕਾਰੀ ਇਕੱਠੀ ਕੀਤੀ ਜਾਵੇਗੀ।

ਇਹ ਵੀ ਪੜ੍ਹੋ: CM Bhagwant Mann: ਏਸ਼ੀਆਈ ਖੇਡਾਂ 'ਚ ਸੋਨ ਤਮਗਾ ਜਿੱਤਣ ’ਤੇ ਭਾਰਤੀ ਕ੍ਰਿਕਟ ਟੀਮ ਨੂੰ ਮੁੱਖ ਮੰਤਰੀ ਮਾਨ ਨੇ ਦਿੱਤੀ ਵਧਾਈ

ਐਸਪੀ ਹੈੱਡਕੁਆਰਟਰ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਵੱਲੋਂ ਪਿਛਲੇ 24 ਘੰਟਿਆਂ ਦੌਰਾਨ ਨਸ਼ਾ ਤਸਕਰੀ ਨਾਲ ਸਬੰਧਤ 10 ਮਾਮਲੇ ਦਰਜ ਕਰਕੇ 14 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਤੋਂ ਇਲਾਵਾ ਪ੍ਰੀਗਾਬਾਲਿਨ ਕੈਪਸੂਲਾਂ ਖ਼ਿਲਾਫ਼ ਵੀ ਕਾਰਵਾਈ ਕੀਤੀ ਗਈ ਹੈ। ਪੁਲਿਸ ਨੇ ਇਸ ਸਬੰਧੀ ਦੋ ਮਾਮਲੇ ਦਰਜ ਕਰਕੇ 146 ਕੈਪਸੂਲ ਬਰਾਮਦ ਕੀਤੇ ਹਨ ਅਤੇ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

About The Author

Related Posts