Crime News: ਮੋਬਾਈਲ ਚੋਰੀ ਦੇ ਸ਼ੱਕ ’ਚ ਨੌਜਵਾਨ ਨੂੰ ਘਰ ਲਿਜਾ ਕੇ ਕੁੱਟਮਾਰ, ਇਲਾਜ ਦੌਰਾਨ ਮੌਤ

ਚਾਰ ਵਿਅਕਤੀਆਂ ਖ਼ਿਲਾਫ਼ ਬੰਧਕ ਬਣਾ ਕੇ ਕੁੱਟਮਾਰ ਤੇ ਮੌਤ ਦੇ ਮਾਮਲੇ ’ਚ ਕੇਸ ਦਰਜ, ਇੱਕ ਮੁਲਜ਼ਮ ਗ੍ਰਿਫ਼ਤਾਰ

Satinder Mathur  Picture
Published On

Crime News: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਸਥਾਨਕ ਬਾਜ਼ੀਗਰ ਬਸਤੀ ਵਿੱਚ ਮੋਬਾਈਲ ਫ਼ੋਨ ਚੋਰੀ ਕਰਨ ਦੇ ਸ਼ੱਕ ਵਿੱਚ 21 ਸਾਲਾ ਨੌਜਵਾਨ ਨੂੰ ਕਥਿਤ ਤੌਰ ’ਤੇ ਘਰ ਲਿਜਾ ਕੇ ਬੰਧਕ ਬਣਾਉਣ ਅਤੇ ਬੇਰਹਿਮੀ ਨਾਲ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਗੰਭੀਰ ਰੂਪ ਵਿੱਚ ਜ਼ਖ਼ਮੀ ਹੋਏ ਨੌਜਵਾਨ ਦੀ ਇਲਾਜ ਦੌਰਾਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਹਰਪ੍ਰੀਤ ਸਿੰਘ ਵਜੋਂ ਹੋਈ ਹੈ। ਮਾਮਲੇ ਸਬੰਧੀ ਥਾਣਾ ਸਿਟੀ-2 ਦੀ ਪੁਲਿਸ ਨੇ ਚਾਰ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਦਕਿ ਬਾਕੀ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਪੁਲਿਸ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: Bar Association Elections: ਜ਼ਿਲ੍ਹਾ ਬਾਰ ਐਸੋਸੀਏਸ਼ਨ ਫ਼ਰੀਦਕੋਟ ਦੀਆਂ ਚੋਣਾਂ ’ਚ ਸਰਨਾਮ ਸਿੰਘ ਸੰਧੂ ਪੈਨਲ ਦਾ ਕਲੀਨ ਸਵੀਪ

ਸਵੇਰੇ ਘਰ ਲਿਜਾ ਕੇ ਬੰਧਕ ਬਣਾਉਣ ਦਾ ਦੋਸ਼

ਮ੍ਰਿਤਕ ਦੀ ਮਾਤਾ ਮੀਨਾ ਕੌਰ ਪਤਨੀ ਲਖਵਿੰਦਰ ਸਿੰਘ ਵੱਲੋਂ ਪੁਲਿਸ ਨੂੰ ਦਿੱਤੀ ਸ਼ਿਕਾਇਤ ਅਨੁਸਾਰ 4 ਸਤੰਬਰ ਦੀ ਸਵੇਰ ਕਰੀਬ 4 ਵਜੇ ਬਾਜ਼ੀਗਰ ਬਸਤੀ ਵਾਸੀ ਬਲਵਿੰਦਰ ਸਿੰਘ ਪੁੱਤਰ ਰਾਮ ਸਿੰਘ, ਉਸ ਦਾ ਪੁੱਤਰ ਵਰਿੰਦਰ ਸਿੰਘ, ਅਤਿੰਦਰ ਸਿੰਘ ਉਰਫ਼ ਗਗਨ ਅਤੇ ਅਜੈ ਸਿੰਘ ਉਰਫ਼ ਭਜਨ ਪੁੱਤਰ ਮੰਗਲ ਸਿੰਘ ਕਥਿਤ ਤੌਰ ’ਤੇ ਹਰਪ੍ਰੀਤ ਸਿੰਘ ਨੂੰ ਆਪਣੇ ਘਰ ਲੈ ਗਏ। ਸ਼ਿਕਾਇਤ ਵਿੱਚ ਦੋਸ਼ ਲਾਇਆ ਗਿਆ ਹੈ ਕਿ ਉੱਥੇ ਪਹੁੰਚ ਕੇ ਹਰਪ੍ਰੀਤ ਸਿੰਘ ਨੂੰ ਬੰਨ੍ਹ ਦਿੱਤਾ ਗਿਆ ਅਤੇ ਉਸ ਨਾਲ ਕੁੱਟਮਾਰ ਕੀਤੀ ਗਈ।

ਛੁਡਵਾਉਣ ਗਏ ਪਰਿਵਾਰਕ ਮੈਂਬਰ ਨੂੰ ਵੀ ਬਾਹਰ ਕੱਢਿਆ
ਸ਼ਿਕਾਇਤ ਮੁਤਾਬਕ ਜਦੋਂ ਮੀਨਾ ਕੌਰ ਦਾ ਦਿਓਰ ਹਰਪ੍ਰੀਤ ਸਿੰਘ ਨੂੰ ਛੁਡਵਾਉਣ ਲਈ ਮੁਲਜ਼ਮਾਂ ਦੇ ਘਰ ਗਿਆ ਤਾਂ ਕਥਿਤ ਤੌਰ ’ਤੇ ਉਸ ਨੂੰ ਵੀ ਧੱਕੇ ਦੇ ਕੇ ਘਰ ਤੋਂ ਬਾਹਰ ਕੱਢ ਦਿੱਤਾ ਗਿਆ। ਦੋਸ਼ ਹੈ ਕਿ ਇਸ ਤੋਂ ਬਾਅਦ ਮੁਲਜ਼ਮ ਸਵੇਰ ਤੋਂ ਸ਼ਾਮ ਤੱਕ ਹਰਪ੍ਰੀਤ ਸਿੰਘ ਦੀ ਕੁੱਟਮਾਰ ਕਰਦੇ ਰਹੇ। ਸ਼ਾਮ ਸਮੇਂ ਉਸ ਨੂੰ ਬੇਹੋਸ਼ੀ ਦੀ ਹਾਲਤ ਵਿੱਚ ਮੁਲਜ਼ਮਾਂ ਦੇ ਘਰ ਦੇ ਬਾਹਰ ਸੁੱਟ ਦਿੱਤਾ ਗਿਆ। ਇਸ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੇ ਹਰਪ੍ਰੀਤ ਸਿੰਘ ਨੂੰ ਇਲਾਜ ਲਈ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ, ਜਿੱਥੇ ਉਹ ਕਰੀਬ ਛੇ ਦਿਨ ਤੱਕ ਜ਼ਿੰਦਗੀ ਅਤੇ ਮੌਤ ਨਾਲ ਜੂਝਦਾ ਰਿਹਾ। ਆਖ਼ਰਕਾਰ 10 ਸਤੰਬਰ ਨੂੰ ਉਸ ਦੀ ਇਲਾਜ ਦੌਰਾਨ ਮੌਤ ਹੋ ਗਈ।

‘ਮੋਬਾਈਲ ਨਹੀਂ ਚੋਰੀ ਕੀਤਾ, ਸਾਨੂੰ ਇਨਸਾਫ਼ ਚਾਹੀਦੈ’
ਮ੍ਰਿਤਕ ਦੀ ਭੈਣ ਨੀਤੂ ਨੇ ਦੋਸ਼ ਲਾਇਆ ਕਿ ਉਸ ਦੇ ਭਰਾ ਨੂੰ ਮੋਬਾਈਲ ਚੋਰੀ ਕਰਨ ਦੇ ਝੂਠੇ ਦੋਸ਼ ਹੇਠ ਬੁਰੀ ਤਰ੍ਹਾਂ ਕੁੱਟਿਆ ਗਿਆ। ਉਸ ਨੇ ਦੱਸਿਆ ਕਿ ਹਰਪ੍ਰੀਤ ਲਗਾਤਾਰ ਕਹਿੰਦਾ ਰਿਹਾ ਕਿ ਉਸ ਨੇ ਕੋਈ ਮੋਬਾਈਲ ਚੋਰੀ ਨਹੀਂ ਕੀਤਾ, ਪਰ ਇਸ ਦੇ ਬਾਵਜੂਦ ਉਸ ਨਾਲ ਕੁੱਟਮਾਰ ਕੀਤੀ ਗਈ। ਨੀਤੂ ਨੇ ਕਿਹਾ ਕਿ ਜਦੋਂ ਤੱਕ ਪਰਿਵਾਰ ਨੂੰ ਇਨਸਾਫ਼ ਨਹੀਂ ਮਿਲਦਾ, ਉਦੋਂ ਤੱਕ ਉਹ ਹਰਪ੍ਰੀਤ ਸਿੰਘ ਦਾ ਅੰਤਿਮ ਸੰਸਕਾਰ ਨਹੀਂ ਕਰਨਗੇ। ਪਰਿਵਾਰ ਅਨੁਸਾਰ ਬਲਵਿੰਦਰ ਸਿੰਘ ਨੂੰ ਸ਼ੱਕ ਸੀ ਕਿ ਹਰਪ੍ਰੀਤ ਨੇ ਉਸ ਦਾ ਮੋਬਾਈਲ ਫ਼ੋਨ ਚੋਰੀ ਕੀਤਾ ਹੈ ਅਤੇ ਇਸੇ ਸ਼ੱਕ ਦੇ ਆਧਾਰ ’ਤੇ ਉਸ ਨੂੰ ਘਰ ਲਿਜਾਇਆ ਗਿਆ।

ਨੌਜਵਾਨ ਦੀ ਮੌਤ ਨਾਲ ਇਲਾਕੇ ’ਚ ਸੋਗ ਤੇ ਰੋਸ
21 ਸਾਲਾ ਹਰਪ੍ਰੀਤ ਸਿੰਘ ਆਪਣੇ ਪਰਿਵਾਰ ਵਿੱਚ ਇੱਕ ਭਰਾ ਅਤੇ ਦੋ ਭੈਣਾਂ ਵਿੱਚੋਂ ਸਭ ਤੋਂ ਛੋਟਾ ਸੀ। ਉਸ ਦੀ ਮੌਤ ਦੀ ਖ਼ਬਰ ਫੈਲਦਿਆਂ ਹੀ ਬਾਜ਼ੀਗਰ ਬਸਤੀ ਵਿੱਚ ਸੋਗ ਦੇ ਨਾਲ ਰੋਸ ਦਾ ਮਾਹੌਲ ਬਣ ਗਿਆ। ਇਲਾਕਾ ਵਾਸੀਆਂ ਨੇ ਕਿਹਾ ਕਿ ਸਿਰਫ਼ ਚੋਰੀ ਦੇ ਸ਼ੱਕ ਦੇ ਆਧਾਰ ’ਤੇ ਕਿਸੇ ਵਿਅਕਤੀ ਨੂੰ ਬੰਧਕ ਬਣਾ ਕੇ ਕੁੱਟਣਾ ਬੇਹੱਦ ਗੰਭੀਰ ਅਤੇ ਨਿੰਦਣਯੋਗ ਘਟਨਾ ਹੈ।

ਇੱਕ ਮੁਲਜ਼ਮ ਗ੍ਰਿਫ਼ਤਾਰ, ਬਾਕੀਆਂ ਦੀ ਭਾਲ ਜਾਰੀ
ਥਾਣਾ ਸਿਟੀ-2 ਦੇ ਮੁਖੀ ਅਕਲਪ੍ਰੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਮਾਤਾ ਦੀ ਸ਼ਿਕਾਇਤ ਦੇ ਆਧਾਰ ’ਤੇ ਚਾਰਾਂ ਮੁਲਜ਼ਮਾਂ ਖ਼ਿਲਾਫ਼ ਹਰਪ੍ਰੀਤ ਸਿੰਘ ਨੂੰ ਬੰਧਕ ਬਣਾ ਕੇ ਕੁੱਟਮਾਰ ਕਰਨ ਅਤੇ ਉਸ ਦੀ ਮੌਤ ਦੇ ਮਾਮਲੇ ਵਿੱਚ ਕੇਸ ਦਰਜ ਕੀਤਾ ਗਿਆ ਹੈ। ਪੁਲਿਸ ਨੇ ਮੁਲਜ਼ਮ ਬਲਵਿੰਦਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਸ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ। ਥਾਣਾ ਮੁਖੀ ਨੇ ਦੱਸਿਆ ਕਿ ਬਾਕੀ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਪੁਲਿਸ ਟੀਮਾਂ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੋਸਟਮਾਰਟਮ ਰਿਪੋਰਟ ਦੀ ਉਡੀਕ ਕੀਤੀ ਜਾ ਰਹੀ ਹੈ ਅਤੇ ਰਿਪੋਰਟ ਸਾਹਮਣੇ ਆਉਣ ਤੋਂ ਬਾਅਦ ਤੱਥਾਂ ਦੇ ਆਧਾਰ ’ਤੇ ਮਾਮਲੇ ਵਿੱਚ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

About The Author

Related Posts