Fazilka Police Alert: ਫਾਇਰਿੰਗ ਦੀਆਂ ਘਟਨਾਵਾਂ ਤੋਂ ਬਾਅਦ ਫਾਜ਼ਿਲਕਾ ਪੁਲਿਸ ਅਲਰਟ, ਐੱਸਪੀ ਖ਼ੁਦ ਬਾਈਕ ’ਤੇ ਨਿਕਲੇ ਰਾਤ ਦੀ ਗਸ਼ਤ ’ਤੇ

ਐੱਸਪੀ ਸਤਿੰਦਰ ਕੁਮਾਰ ਨੇ ਸ਼ਹਿਰ ਦਾ ਲਾਇਆ ਗੇੜਾ, ਵਾਹਨਾਂ ਦੀ ਕੀਤੀ ਚੈਕਿੰਗ

Satinder Mathur  Picture
Published On

ਫਾਜ਼ਿਲਕਾ, (ਸੱਚ ਕਹੂੰ ਨਿਊਜ਼/ਹਿੰ.ਸ.)| ਜ਼ਿਲ੍ਹਾ ਫਾਜ਼ਿਲਕਾ ਵਿੱਚ ਹਾਲ ਹੀ ਦੌਰਾਨ ਵਾਪਰੀਆਂ ਫਾਇਰਿੰਗ ਦੀਆਂ ਘਟਨਾਵਾਂ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ ਹੋ ਗਿਆ ਹੈ। ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਮਜ਼ਬੂਤ ਕਰਨ ਲਈ ਐੱਸਪੀ ਸਤਿੰਦਰ ਕੁਮਾਰ ਖ਼ੁਦ ਪੁਲਿਸ ਟੀਮ ਨਾਲ ਰਾਤ ਸਮੇਂ ਬਾਈਕ ’ਤੇ ਸ਼ਹਿਰ ਦੀ ਗਸ਼ਤ ਕਰਨ ਲਈ ਨਿਕਲੇ। ਉਨ੍ਹਾਂ ਨੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਦਾ ਦੌਰਾ ਕਰਕੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਪੁਲਿਸ ਪੂਰੀ ਤਰ੍ਹਾਂ ਮੁਸਤੈਦ ਹੈ ਅਤੇ ਕਿਸੇ ਨੂੰ ਵੀ ਘਬਰਾਉਣ ਦੀ ਲੋੜ ਨਹੀਂ ਹੈ।

ਐੱਸਪੀ ਸਤਿੰਦਰ ਕੁਮਾਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਗੈਰ-ਕਾਨੂੰਨੀ ਗਤੀਵਿਧੀਆਂ ਵਿਰੁੱਧ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸ ਤਹਿਤ ਸ਼ਹਿਰ ਸਮੇਤ ਪੂਰੇ ਜ਼ਿਲ੍ਹੇ ਵਿੱਚ ਵਿਸ਼ੇਸ਼ ਨਾਕਾਬੰਦੀ ਕੀਤੀ ਗਈ ਹੈ। ਹਾਲ ਹੀ ਵਿੱਚ ਹੋਈਆਂ ਫਾਇਰਿੰਗ ਦੀਆਂ ਘਟਨਾਵਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਸੁਰੱਖਿਆ ਪ੍ਰਬੰਧ ਹੋਰ ਸਖ਼ਤ ਕਰ ਦਿੱਤੇ ਗਏ ਹਨ।

ਇਹ ਵੀ ਪੜ੍ਹੋ: Farmers Welfare Punjab: ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਪਸ਼ੂ ਪ੍ਰਬੰਧਨ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ

ਐੱਸਪੀ ਨੇ ਦੱਸਿਆ ਕਿ ਫਾਇਰਿੰਗ ਦੀਆਂ ਘਟਨਾਵਾਂ ਵਿੱਚ ਸ਼ਾਮਲ ਲੋੜੀਂਦੇ ਮੁਲਜ਼ਮਾਂ ਦੀ ਭਾਲ ਲਈ ਪੁਲਿਸ ਟੀਮਾਂ ਲਗਾਤਾਰ ਕੰਮ ਕਰ ਰਹੀਆਂ ਹਨ। ਮੁਲਜ਼ਮਾਂ ਤੱਕ ਪਹੁੰਚਣ ਲਈ ਵੱਖ-ਵੱਖ ਪੱਧਰਾਂ ’ਤੇ ਜਾਂਚ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਉਨ੍ਹਾਂ ਕਿਹਾ ਕਿ ਰਾਤ ਸਮੇਂ ਖ਼ੁਦ ਬਾਈਕ ’ਤੇ ਗਸ਼ਤ ਕਰਨ ਦਾ ਮੁੱਖ ਮਕਸਦ ਲੋਕਾਂ ਵਿੱਚ ਸੁਰੱਖਿਆ ਦਾ ਭਰੋਸਾ ਪੈਦਾ ਕਰਨਾ ਹੈ, ਤਾਂ ਜੋ ਫਾਇਰਿੰਗ ਵਰਗੀਆਂ ਘਟਨਾਵਾਂ ਕਾਰਨ ਆਮ ਲੋਕਾਂ ਵਿੱਚ ਡਰ ਦਾ ਮਾਹੌਲ ਨਾ ਬਣੇ। ਪੁਲਿਸ ਦਾ ਸਪੱਸ਼ਟ ਸੰਦੇਸ਼ ਹੈ ਕਿ ਅਪਰਾਧ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਰਾਤ ਦੀ ਗਸ਼ਤ ਦੌਰਾਨ ਪੁਲਿਸ ਟੀਮ ਵੱਲੋਂ ਵੱਖ-ਵੱਖ ਵਾਹਨਾਂ ਦੀ ਜਾਂਚ ਕੀਤੀ ਗਈ। ਇਸ ਦੌਰਾਨ ਡਿਲੀਵਰੀ ਬੁਆਏਜ਼ ਦੀਆਂ ਬਾਈਕਾਂ ਅਤੇ ਉਨ੍ਹਾਂ ਦੇ ਸਾਮਾਨ ਦੀ ਵੀ ਚੈਕਿੰਗ ਕੀਤੀ ਗਈ, ਤਾਂ ਜੋ ਸ਼ਹਿਰ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਬਣਾਇਆ ਜਾ ਸਕੇ।

ਐੱਸਪੀ ਸਤਿੰਦਰ ਕੁਮਾਰ ਨੇ ਗੈਰ-ਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਲੋਕਾਂ ਨੂੰ ਸਖ਼ਤ ਚਿਤਾਵਨੀ ਦਿੰਦਿਆਂ ਕਿਹਾ ਕਿ ਅਜਿਹੇ ਲੋਕ ਆਪਣੀਆਂ ਹਰਕਤਾਂ ਛੱਡ ਦੇਣ ਜਾਂ ਫਿਰ ਫਾਜ਼ਿਲਕਾ ਛੱਡ ਦੇਣ। ਹੁਣ ਪੁਲਿਸ ਦੇ ਸ਼ਿਕੰਜੇ ਤੋਂ ਬਚਣਾ ਆਸਾਨ ਨਹੀਂ ਹੋਵੇਗਾ। ਉਨ੍ਹਾਂ ਭਰੋਸਾ ਦਿੱਤਾ ਕਿ ਫਾਜ਼ਿਲਕਾ ਪੁਲਿਸ ਅਪਰਾਧੀਆਂ ਵਿਰੁੱਧ ਸਖ਼ਤ ਕਾਰਵਾਈ ਕਰ ਰਹੀ ਹੈ ਅਤੇ ਫਾਇਰਿੰਗ ਦੀਆਂ ਘਟਨਾਵਾਂ ਵਿੱਚ ਸ਼ਾਮਲ ਮੁਲਜ਼ਮਾਂ ਨੂੰ ਜਲਦ ਸਲਾਖਾਂ ਪਿੱਛੇ ਪਹੁੰਚਾਇਆ ਜਾਵੇਗਾ।

Comments

Post Your Comment

About The Author

Related Posts