Punjab Agriculture News: ਪੰਜਾਬ ਦੇ ਕਿਸਾਨਾਂ ਲਈ ਵੱਡੀ ਖ਼ਬਰ, ਖੁੱਡੀਆਂ ਨੇ ਕੀਤਾ ਪਹਿਲੇ ਪਲਾਂਟ ਹੈਲਥ ਕਲੀਨਿਕ ਦਾ ਉਦਘਾਟਨ
ਕਿਸਾਨਾਂ ਨੂੰ ਫ਼ਸਲਾਂ ਦੀਆਂ ਬਿਮਾਰੀਆਂ, ਕੀੜੇ-ਮਕੌੜਿਆਂ ਤੇ ਨਦੀਨਾਂ ਸਬੰਧੀ ਮੌਕੇ ’ਤੇ ਮਿਲੇਗੀ ਮਾਹਿਰਾਂ ਦੀ ਤਕਨੀਕੀ ਸਲਾਹ : ਖੁੱਡੀਆਂ
Punjab Agriculture News: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਜ਼ਿਲ੍ਹੇ ਦੇ ਕਿਸਾਨਾਂ ਨੂੰ ਫ਼ਸਲਾਂ ਦੀਆਂ ਬਿਮਾਰੀਆਂ, ਕੀੜੇ-ਮਕੌੜਿਆਂ, ਨਦੀਨਾਂ ਅਤੇ ਹੋਰ ਖੇਤੀ ਸਮੱਸਿਆਵਾਂ ਸਬੰਧੀ ਮਾਹਿਰਾਂ ਦੀ ਤਕਨੀਕੀ ਸਲਾਹ ਇੱਕੋ ਥਾਂ ’ਤੇ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਫ਼ਰੀਦਕੋਟ ਵਿਖੇ ਕਰੀਬ 30 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਪਲਾਂਟ ਹੈਲਥ ਕਲੀਨਿਕ ਅਤੇ ਫਾਰਮਰ ਐਡਵਾਈਜ਼ਰੀ ਐਂਡ ਟ੍ਰੇਨਿੰਗ ਸੈਂਟਰ ਦਾ ਉਦਘਾਟਨ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਪੰਜਾਬ ਸ. ਗੁਰਮੀਤ ਸਿੰਘ ਖੁੱਡੀਆਂ ਨੇ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਦੀ ਹਾਜ਼ਰੀ ਵਿੱਚ ਕੀਤਾ।
ਇਸ ਮੌਕੇ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਲੋਕਾਂ ਨੂੰ ਬਾਬਾ ਸ਼ੇਖ ਫ਼ਰੀਦ ਜੀ ਦੇ ਆਗਮਨ ਪੁਰਬ ਦੀ ਵਧਾਈ ਦਿੰਦਿਆਂ ਉਨ੍ਹਾਂ ਦੀਆਂ ਸਦੀਵੀਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਦਾ ਸੱਦਾ ਦਿੱਤਾ। ਉਦਘਾਟਨ ਉਪਰੰਤ ਸ. ਖੁੱਡੀਆਂ ਨੇ ਦੱਸਿਆ ਕਿ ਇਹ ਪਲਾਂਟ ਹੈਲਥ ਕਲੀਨਿਕ ਆਰ.ਕੇ.ਵੀ.ਵਾਈ. ਸਕੀਮ ਤਹਿਤ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਤੇ ਖੇਤੀਬਾੜੀ ਵਿਭਾਗ ਦੇ ਉਪਰਾਲਿਆਂ ਸਦਕਾ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸਥਾਪਿਤ ਕੀਤੇ ਜਾ ਰਹੇ ਪਲਾਂਟ ਹੈਲਥ ਕਲੀਨਿਕਾਂ ਦੀ ਯੋਜਨਾ ਤਹਿਤ ਤਿਆਰ ਕੀਤਾ ਗਿਆ ਹੈ।
ਇਹ ਵੀ ਪੜ੍ਹੋ: BJP State Incharges: ਭਾਜਪਾ ਨੇ ਰਾਜਾਂ ਦੇ ਇੰਚਾਰਜਾਂ, ਸਹਿ-ਇੰਚਾਰਜਾਂ ਦੀ ਨਿਯੁਕਤੀ ਕੀਤੀ, ਜਾਣੋ ਕਿਹੜੇ ਰਾਜ ਦੀ ਕਮਾਨ ਕਿਸਦੇ ਹੱਥ?
ਉਨ੍ਹਾਂ ਕਿਹਾ ਕਿ ਇਸ ਕਲੀਨਿਕ ਦੀ ਸਥਾਪਨਾ ਨਾਲ ਫ਼ਰੀਦਕੋਟ ਜ਼ਿਲ੍ਹੇ ਦੇ ਕਿਸਾਨਾਂ ਨੂੰ ਆਪਣੀਆਂ ਫ਼ਸਲਾਂ ਵਿੱਚ ਆਉਣ ਵਾਲੀਆਂ ਬਿਮਾਰੀਆਂ, ਕੀੜੇ-ਮਕੌੜਿਆਂ, ਨਦੀਨਾਂ ਅਤੇ ਹੋਰ ਖੇਤੀ ਸਮੱਸਿਆਵਾਂ ਦੀ ਜਾਂਚ ਤੇ ਨਿਰੀਖਣ ਲਈ ਮਾਹਿਰ ਸਲਾਹ ਸਥਾਨਕ ਪੱਧਰ ’ਤੇ ਹੀ ਮਿਲ ਸਕੇਗੀ। ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਿੱਚ ਤਾਇਨਾਤ ਵੱਖ-ਵੱਖ ਵਿਸ਼ਿਆਂ ਦੇ ਮਾਹਿਰ ਕਿਸਾਨਾਂ ਨੂੰ ਉਨ੍ਹਾਂ ਦੀ ਫ਼ਸਲ ਦੀ ਸਥਿਤੀ ਅਨੁਸਾਰ ਢੁੱਕਵੀਂ ਤਕਨੀਕੀ ਸਲਾਹ ਦੇਣਗੇ।
ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਉਪਰਾਲੇ ਨਾਲ ਕਿਸਾਨਾਂ ਨੂੰ ਖਾਦਾਂ, ਕੀੜੇਮਾਰ ਦਵਾਈਆਂ ਅਤੇ ਨਦੀਨਨਾਸ਼ਕਾਂ ਦੀ ਲੋੜ ਅਨੁਸਾਰ ਅਤੇ ਵਿਗਿਆਨਕ ਢੰਗ ਨਾਲ ਵਰਤੋਂ ਕਰਨ ਵਿੱਚ ਸਹਾਇਤਾ ਮਿਲੇਗੀ। ਇਸ ਨਾਲ ਬੇਲੋੜੇ ਖੇਤੀ ਇਨਪੁਟਸ ਦੀ ਵਰਤੋਂ ਘਟਾਉਣ ਦੇ ਨਾਲ-ਨਾਲ ਖੇਤੀ ਲਾਗਤ ਵਿੱਚ ਕਮੀ ਲਿਆਉਣ ਅਤੇ ਕਿਸਾਨਾਂ ਨੂੰ ਵਿੱਤੀ ਲਾਭ ਪਹੁੰਚਾਉਣ ਵਿੱਚ ਵੀ ਮੱਦਦ ਮਿਲੇਗੀ।
ਉਨ੍ਹਾਂ ਦੱਸਿਆ ਕਿ ਪਲਾਂਟ ਹੈਲਥ ਕਲੀਨਿਕ ਰਾਹੀਂ ਆਉਣ ਵਾਲੇ ਸਮੇਂ ਵਿੱਚ ਆਧੁਨਿਕ ਖੇਤੀ ਤਕਨੀਕਾਂ, ਸਹਾਇਕ ਖੇਤੀ ਧੰਦਿਆਂ, ਘੱਟ ਲਾਗਤ ਨਾਲ ਵੱਧ ਮੁਨਾਫ਼ੇ ਵਾਲੀਆਂ ਫ਼ਸਲਾਂ ਅਤੇ ਖੇਤੀ ਨਾਲ ਸਬੰਧਤ ਹੋਰ ਵਿਸ਼ਿਆਂ ਬਾਰੇ ਤਕਨੀਕੀ ਸਿਖਲਾਈ ਵੀ ਦਿੱਤੀ ਜਾਵੇਗੀ। ਇਸ ਨਾਲ ਕਿਸਾਨਾਂ ਨੂੰ ਨਵੀਆਂ ਖੇਤੀ ਤਕਨੀਕਾਂ ਅਪਣਾਉਣ ਅਤੇ ਆਪਣੀ ਆਮਦਨ ਵਿੱਚ ਵਾਧਾ ਕਰਨ ਲਈ ਲੋੜੀਂਦੀ ਜਾਣਕਾਰੀ ਮਿਲੇਗੀ। ਸ. ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਸਬਸਿਡੀ ’ਤੇ ਖੇਤੀ ਮਸ਼ੀਨਰੀ ਮੁਹੱਈਆ ਕਰਵਾ ਕੇ ਪਰਾਲੀ ਪ੍ਰਬੰਧਨ ਲਈ ਵੀ ਵੱਡੇ ਪੱਧਰ ’ਤੇ ਉਪਰਾਲੇ ਕੀਤੇ ਜਾ ਰਹੇ ਹਨ।
ਇਸ ਮੌਕੇ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਪੰਜਾਬ ਸਰਕਾਰ ਅਤੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਫ਼ਰੀਦਕੋਟ ਵਿਖੇ ਪਲਾਂਟ ਹੈਲਥ ਕਲੀਨਿਕ ਦੀ ਸਥਾਪਨਾ ਨਾਲ ਜ਼ਿਲ੍ਹੇ ਦੇ ਕਿਸਾਨਾਂ ਨੂੰ ਫ਼ਸਲਾਂ ਦੀਆਂ ਬਿਮਾਰੀਆਂ, ਕੀੜੇ-ਮਕੌੜਿਆਂ, ਨਦੀਨਾਂ ਅਤੇ ਹੋਰ ਖੇਤੀ ਸਮੱਸਿਆਵਾਂ ਸਬੰਧੀ ਮਾਹਿਰਾਂ ਦੀ ਤਕਨੀਕੀ ਸਲਾਹ ਅਤੇ ਸਿਖਲਾਈ ਸਥਾਨਕ ਪੱਧਰ ’ਤੇ ਹੀ ਉਪਲੱਬਧ ਹੋਵੇਗੀ। ਉਨ੍ਹਾਂ ਕਿਹਾ ਕਿ ਇਹ ਉਪਰਾਲਾ ਕਿਸਾਨਾਂ ਨੂੰ ਵਿਗਿਆਨਕ ਖੇਤੀ ਤਕਨੀਕਾਂ ਨਾਲ ਜੋੜਨ ਅਤੇ ਖੇਤੀ ਲਾਗਤ ਘਟਾਉਣ ਵਿੱਚ ਸਹਾਈ ਸਿੱਧ ਹੋਵੇਗਾ।
ਇਸ ਉਪਰੰਤ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਸਟੇਟ ਐਗਮਾਰਕ ਲੈਬਾਰਟਰੀ ਦਾ ਦੌਰਾ ਵੀ ਕੀਤਾ। ਬਾਅਦ ਵਿੱਚ ਉਨ੍ਹਾਂ ਨੇ ਟਿੱਲਾ ਬਾਬਾ ਫ਼ਰੀਦ ਜੀ ਵਿਖੇ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਇਸ ਮੌਕੇ ਐਸ.ਡੀ.ਐਮ. ਕੋਟਕਪੂਰਾ ਸ੍ਰੀ ਰਜਿੰਦਰ ਸਿੰਘ, ਖੇਤੀਬਾੜੀ ਅਫ਼ਸਰ ਡਾ. ਗੁਰਿੰਦਰ ਪਾਲ ਸਿੰਘ, ਡਾ. ਯਾਦਵਿੰਦਰ ਸਿੰਘ, ਡਾ. ਰੁਪਿੰਦਰ ਸਿੰਘ, ਪ੍ਰੋਜੈਕਟ ਡਾਇਰੈਕਟਰ ਆਤਮਾ ਅਮਨਦੀਪ ਕੇਸ਼ਵ ਸਮੇਤ ਖੇਤੀਬਾੜੀ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।