Amritpal Singh: ਸਾਂਸਦ ਅੰਮ੍ਰਿਤਪਾਲ ਨੂੰ ਮਿਲੀ ਆਰਜ਼ੀ ਜ਼ਮਾਨਤ
ਸਾਂਸਦ ਅੰਮ੍ਰਿਤਪਾਲ ਨੂੰ ਮਿਲੀ ਆਰਜ਼ੀ ਜ਼ਮਾਨਤ
ਅੰਮ੍ਰਿਤਸਰ (ਰਾਜਨ ਮਾਨ)। ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਅਤੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਆਪਣੀ ਦਾਦੀ ਦੇ ਅੰਤਿਮ ਸਸਕਾਰ ’ਚ ਸ਼ਾਮਲ ਹੋਣ ਲਈ ਮਾਣਯੋਗ ਐਡੀਸ਼ਨਲ ਸੈਸ਼ਨਜ਼ ਜੱਜ ਦੀ ਅਦਾਲਤ ਨੇ ਆਰਜ਼ੀ ਜ਼ਮਾਨਤ ਤਹਿਤ 21 ਨਵੰਬਰ ਨੂੰ ਇੱਕ ਦਿਨ ਵਾਸਤੇ ਆਗਿਆ ਦਿੱਤੀ ਹੈ, ਜਦੋਂ ਕਿ 22 ਅਤੇ 23 ਨਵੰਬਰ ਨੂੰ ਫੁੱਲ ਚੁਗਣ ਅਤੇ ਭੋਗ ਸਮਾਗਮ ਵਿੱਚ ਵੀਡੀਓ ਕਾਨਫਰੰਸ ਰਾਹੀਂ ਸ਼ਾਮਲ ਹੋਣ ਦੀ ਪ੍ਰਵਾਨਗੀ ਦਿੱਤੀ ਗਈ ਹੈ।
ਅੰਮ੍ਰਿਤਪਾਲ ਸਿੰਘ ਦੇ ਵਕੀਲ ਹਰਜੋਤ ਸਿੰਘ ਮਾਨ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਐਡੀਸ਼ਨਲ ਸੈਸ਼ਨ ਜੱਜ ਅੰਮ੍ਰਿਤਸਰ ਦੀ ਅਦਾਲਤ ਵੱਲੋਂ ਅੱਜ ਅੰਮ੍ਰਿਤਪਾਲ ਸਿੰਘ ਵੱਲੋਂ ਆਪਣੀ ਦਾਦੀ ਦੇ ਅੰਤਿਮ ਸਸਕਾਰ ਵਿੱਚ ਸ਼ਾਮਲ ਹੋਣ ਲਈ ਦਾਇਰ ਕੀਤੀ ਗਈ ਅਰਜ਼ੀ ’ਤੇ ਹੁਕਮ ਸੁਣਾਇਆ ਗਿਆ ਹੈ। ਅਦਾਲਤ ਨੇ ਹੁਕਮ ਕੀਤਾ ਹੈ ਕਿ ਅੰਮ੍ਰਿਤਪਾਲ ਸਿੰਘ ਨੂੰ 21 ਨਵੰਬਰ ਨੂੰ ਦੁਪਹਿਰ 12 ਵਜੇ ਤੋਂ 3 ਵਜੇ ਤੱਕ, ਹਿਰਾਸਤ ਵਿੱਚ ਹੀ, ਪਿੰਡ ਜੱਲੂਪੁਰ ਖੇੜਾ ਵਿਖੇ ਆਪਣੀ ਦਾਦੀ ਚਰਨ ਕੌਰ ਦੇ ਅੰਤਿਮ ਸੰਸਕਾਰ ’ਚ ਸ਼ਾਮਲ ਹੋਣ ਲਈ ਲਿਆਂਦਾ ਜਾਵੇ।
ਅਦਾਲਤ ਨੇ ਸਪੱਸ਼ਟ ਕੀਤਾ ਹੈ ਕਿ ਇਸ ਸਬੰਧੀ ਪਹਿਲਾਂ 13 ਨਵੰਬਰ ਨੂੰ ਜਾਰੀ ਕੀਤੇ ਹੁਕਮ ਦੀਆਂ ਸ਼ਰਤਾਂ ਲਾਗੂ ਰਹਿਣਗੀਆਂ। ਅਦਾਲਤੀ ਹੁਕਮ ਅਨੁਸਾਰ 22 ਨਵੰਬਰ ਨੂੰ ਫ਼ੁੱਲ ਚੁਗਣ ਦੀ ਰਸਮ ਅਤੇ 23 ਨਵੰਬਰ ਨੂੰ ਹੋਣ ਵਾਲੇ ਭੋਗ ਸਮਾਗਮ ਵਿੱਚ ਅੰਮ੍ਰਿਤਪਾਲ ਸਿੰਘ ਦੀ ਸ਼ਮੂਲੀਅਤ ਵੀਡੀਓ ਕਾਨਫਰੰਸਿੰਗ ਰਾਹੀਂ ਕਰਵਾਈ ਜਾਵੇਗੀ। ਅਦਾਲਤ ਨੇ ਇਹ ਵੀ ਸਪੱਸ਼ਟ ਕੀਤਾ ਹੈ ਕਿ ਸਫਰ ਅਤੇ ਸੁਰੱਖਿਆ ਪ੍ਰਬੰਧਾਂ ਨਾਲ ਸਬੰਧਤ ਖਰਚਾ ਉਸ ਵੱਲੋ (ਅੰਮ੍ਰਿਤਪਾਲ ਸਿੰਘ) ਵੱਲੋਂ ਕੀਤਾ ਜਾਵੇਗਾ।
ਇਹ ਵੀ ਪੜ੍ਹੋ : 100 ਮੀਟਰ ਹੇਠਾਂ ਖੱਡ 'ਚ ਡਿੱਗੀ ਯਾਤਰੀ ਬੱਸ, ਅੱਠ ਦੀ ਮੌਤ, 26 ਜ਼ਖਮੀ, ਜਖਮੀਆਂ ਦੀ ਸੂਚੀ ਹੋਈ ਜਾਰੀ
Comments