Amritsar Crime News: ਅੰਮ੍ਰਿਤਸਰ ਪੁਲਿਸ ਨੇ ਤਿੰਨ ਮੁਲਜ਼ਮਾਂ ਨੂੰ ਏਕੇ 47 ਤੇ 10 ਕਿੱਲੋ ਹੈਰੋਇਨ ਸਮੇਤ ਕੀਤਾ ਗ੍ਰਿਫਤਾਰ
ਪੁਲਿਸ ਨੂੰ ਰਿਮਾਂਡ ਦੌਰਾਨ ਮਾਮਲੇ ਵਿੱਚ ਹੋਰ ਖੁਲਾਸੇ ਹੋਣ ਦੀ ਉਮੀਦ
Amritsar Crime News: ਅੰਮ੍ਰਿਤਸਰ, (ਸੱਚ ਕਹੂੰ ਨਿਊਜ਼/ਹਿੰ.ਸ.)। ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਨੈੱਟਵਰਕ ਖ਼ਿਲਾਫ਼ ਕਾਰਵਾਈ ਕਰਦਿਆਂ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 10 ਕਿਲੋ ਤੋਂ ਵੱਧ ਹੈਰੋਇਨ, ਇੱਕ ਏਕੇ-47, ਇੱਕ ਏਕੇ-56 ਰਾਈਫ਼ਲ, ਤਿੰਨ ਮੈਗਜ਼ੀਨ ਅਤੇ 10 ਜ਼ਿੰਦਾ ਕਾਰਤੂਸ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ।
ਪੁਲਿਸ ਦੀ ਮੁੱਢਲੀ ਜਾਂਚ ਅਨੁਸਾਰ ਗ੍ਰਿਫ਼ਤਾਰ ਮੁਲਜ਼ਮ ਪਾਕਿਸਤਾਨ ਵਿੱਚ ਬੈਠੇ ਕਥਿਤ ਤਸਕਰਾਂ ਦੇ ਸੰਪਰਕ ਵਿੱਚ ਸਨ। ਪੁਲਿਸ ਮੁਤਾਬਕ ਮੁਲਜ਼ਮਾਂ ਨੇ ਡਰੋਨ ਰਾਹੀਂ ਸਰਹੱਦ ਪਾਰੋਂ ਹਥਿਆਰਾਂ ਅਤੇ ਹੈਰੋਇਨ ਦੀ ਖੇਪ ਹਾਸਲ ਕੀਤੀ ਸੀ। ਪੁਲਿਸ ਨੂੰ ਸ਼ੱਕ ਹੈ ਕਿ ਇਹ ਖੇਪ ਅੱਗੇ ਸਪਲਾਈ ਕਰਨ ਦੀ ਤਿਆਰੀ ਕੀਤੀ ਜਾ ਰਹੀ ਸੀ। ਪੁਲਿਸ ਮੁਤਾਬਕ ਵਿਸ਼ੇਸ਼ ਸੂਚਨਾ ਦੇ ਆਧਾਰ ’ਤੇ ਤਿੰਨਾਂ ਮੁਲਜ਼ਮਾਂ ਨੂੰ ਖੇਪ ਦੀ ਡਿਲੀਵਰੀ ਕਰਨ ਜਾਂਦੇ ਸਮੇਂ ਕਾਬੂ ਕੀਤਾ ਗਿਆ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਛੇਹਰਟਾ ਦੇ ਘੁਮਣਪੁਰਾ ਵਾਸੀ ਬਿਕਰਮਜੀਤ ਸਿੰਘ, ਪਿੰਡ ਬਰਾੜ ਵਾਸੀ ਸੰਦੀਪ ਸਿੰਘ ਅਤੇ ਉਸ ਦੀ ਪਤਨੀ ਕਮਲਜੀਤ ਕੌਰ ਵਜੋਂ ਹੋਈ ਹੈ।
ਇਹ ਵੀ ਪੜ੍ਹੋ: Dubai Death News: ਦੁਬਈ ਤੋਂ ਡੇਢ ਮਹੀਨੇ ਬਾਅਦ ਪਿੰਡ ਪਹੁੰਚੀ ਮ੍ਰਿਤਕ ਸੁਖਦੇਵ ਸਿੰਘ ਦੀ ਦੇਹ
ਪੁਲਿਸ ਨੇ ਥਾਣਾ ਘਰਿੰਡਾ ਵਿੱਚ ਆਰਮਜ਼ ਐਕਟ ਅਤੇ ਐਨਡੀਪੀਐਸ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ। ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਨ ਤੋਂ ਬਾਅਦ ਤਿੰਨ ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜਿਆ ਗਿਆ ਹੈ। ਪੁਲਿਸ ਵੱਲੋਂ ਮੁਲਜ਼ਮਾਂ ਦੇ ਮੋਬਾਈਲ ਫੋਨਾਂ ਦੀ ਫੋਰੈਂਸਿਕ ਜਾਂਚ ਕਰਵਾਈ ਜਾ ਰਹੀ ਹੈ। ਜਾਂਚ ਟੀਮਾਂ ਵੱਲੋਂ ਨੈੱਟਵਰਕ ਨਾਲ ਜੁੜੇ ਸਥਾਨਕ ਅਤੇ ਸਰਹੱਦ ਪਾਰ ਲਿੰਕਾਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਜਾਂਚ ਦੌਰਾਨ ਇਹ ਵੀ ਪਤਾ ਲਗਾਇਆ ਜਾ ਰਿਹਾ ਹੈ ਕਿ ਬਰਾਮਦ ਕੀਤੀ ਗਈ ਹੈਰੋਇਨ ਅਤੇ ਹਥਿਆਰ ਕਿੱਥੋਂ ਆਏ ਸਨ ਅਤੇ ਇਨ੍ਹਾਂ ਨੂੰ ਅੱਗੇ ਕਿਹੜੇ ਵਿਅਕਤੀਆਂ ਤੱਕ ਪਹੁੰਚਾਇਆ ਜਾਣਾ ਸੀ। ਪੁਲਿਸ ਨੂੰ ਰਿਮਾਂਡ ਦੌਰਾਨ ਮਾਮਲੇ ਵਿੱਚ ਹੋਰ ਖੁਲਾਸੇ ਹੋਣ ਦੀ ਉਮੀਦ ਹੈ।