Punjab
Punjab Bandh: ਪੰਜਾਬ ’ਚ ਅੱਜ ਫਿਰ ਸਰਕਾਰੀ ਮੁਲਾਜ਼ਮਾਂ ਦਾ ਬੰਦ, ਹੜਤਾਲ ਕਾਰਨ ਸਰਕਾਰੀ ਸੇਵਾਵਾਂ ਹੋਣਗੀਆਂ ਪ੍ਰਭਾਵਿਤ
ਸਕੂਲਾਂ, ਬੱਸਾਂ ਤੇ ਹਸਪਤਾਲਾਂ ’ਚ ਸੇਵਾਵਾਂ ਰਹਿਣਗੀਆਂ ਜਾਰੀ
Punjab Bandh: ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਵਿੱਚ ਸਰਕਾਰੀ ਮੁਲਾਜ਼ਮਾਂ ਅਤੇ ਸਰਕਾਰ ਵਿਚਾਲੇ ਕੋਈ ਗੱਲਬਾਤ ਰਾਹੀਂ ਰਸਤਾ ਨਾ ਨਿਕਲਣ ਕਰਕੇ ਇੱਕ ਵਾਰ ਫਿਰ ਟਕਰਾਅ ਮੁੜ ਤੇਜ਼ ਹੋ ਗਿਆ ਹੈ। ਮੁਲਾਜ਼ਮ ਜਥੇਬੰਦੀਆਂ ਵੱਲੋਂ ਆਪਣੀਆਂ ਪੈਂਡਿੰਗ ਮੰਗਾਂ ਸਬੰਧੀ ਮੰਗਲਵਾਰ 8 ਸਤੰਬਰ ਨੂੰ ਸਮੂਹਿਕ ਛੁੱਟੀ ਲੈ ਕੇ ਰੋਸ ਪ੍ਰਗਟਾਉਣ ਦਾ ਐਲਾਨ ਕੀਤਾ ਗਿਆ ਹੈ। ਇਸ ਕਾਰਨ ਸੂਬੇ ਦੇ ਵੱਖ-ਵੱਖ ਸਰਕਾਰੀ ਦਫ਼ਤਰਾਂ ਦਾ ਕੰਮਕਾਜ ਪ੍ਰਭਾਵਿਤ ਹੋਣ ਦੀ ਸੰਭਾਵਨਾ ਹੈ। ਪੰਜਾਬ ਦੇ ਮੁਲਾਜ਼ਮ ਜੱਥੇਬੰਦੀਆਂ ਵੱਲੋਂ ਦਿੱਤੇ ਗਏ ਕਾਰਨ ਦੱਸੋ ਨੋਟਿਸ ਰੱਦ ਕਰਨ ਦਾ 7 ਸਤੰਬਰ ਤੱਕ ਦਾ ਸਮਾਂ ਖ਼ਤਮ ਹੋ ਗਿਆ ਹੈ। ਜਿਸ ਕਾਰਨ ਹੀ ਤੈਅ ਪ੍ਰੋਗਰਾਮ ਅਨੁਸਾਰ ਇਹ ਮੁੜ ਤੋਂ ਸਮੂਹਿਕ ਛੁੱਟੀ ਲੈ ਕੇ ਹੜਤਾਲ ਕੀਤੀ ਜਾ ਰਹੀ ਹੈ।
ਮੁਲਾਜ਼ਮਾਂ ਦੀਆਂ ਮੁੱਖ ਮੰਗਾਂ ਵਿੱਚ ਬਕਾਇਆ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਅਤੇ ਏਰੀਅਰ ਜਾਰੀ ਕਰਨਾ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨਾ ਅਤੇ ਹੋਰ ਸੇਵਾ ਸਬੰਧੀ ਮਸਲਿਆਂ ਦਾ ਹੱਲ ਸ਼ਾਮਲ ਹੈ। ਜਥੇਬੰਦੀਆਂ ਦਾ ਕਹਿਣਾ ਹੈ ਕਿ ਸਰਕਾਰ ਵੱਲੋਂ ਗੱਲਬਾਤ ਦੀ ਪੇਸ਼ਕਸ਼ ਦੇ ਬਾਵਜੂਦ ਅਗਸਤ 27 ਦੀ ਹੜਤਾਲ ਦੌਰਾਨ ਗੈਰ-ਹਾਜ਼ਰ ਰਹੇ ਮੁਲਾਜ਼ਮਾਂ ਖ਼ਿਲਾਫ਼ ਕੀਤੀ ਜਾ ਰਹੀ ਕਾਰਵਾਈ ਵਾਪਸ ਨਹੀਂ ਲਈ ਗਈ। ਇਸੇ ਸਬੰਧੀ 8 ਸਤੰਬਰ ਦੀ ਸਮੂਹਿਕ ਛੁੱਟੀ ਦਾ ਸੱਦਾ ਦਿੱਤਾ ਗਿਆ ਹੈ। ਅੱਜ ਲਗਭਗ 30 ਹਜ਼ਾਰ ਤੋਂ ਜ਼ਿਆਦਾ ਸਰਕਾਰੀ ਮੁਲਾਜ਼ਮ ਛੁੱਟੀ ’ਤੇ ਰਹਿਣਗੇ। Punjab Bandh
ਜਥੇਬੰਦੀਆਂ ਮੁਤਾਬਕ ਇਸ ਸੰਘਰਸ਼ ਦਾ ਅਸਰ ਡਿਪਟੀ ਕਮਿਸ਼ਨਰ ਦਫ਼ਤਰਾਂ, ਤਹਿਸੀਲਾਂ ਅਤੇ ਹੋਰ ਪ੍ਰਸ਼ਾਸਨਿਕ ਦਫ਼ਤਰਾਂ ਦੇ ਕੰਮਕਾਜ ’ਤੇ ਪੈ ਸਕਦਾ ਹੈ। ਹਾਲਾਂਕਿ ਸਿੱਖਿਆ, ਸਿਹਤ ਅਤੇ ਆਵਾਜਾਈ ਨਾਲ ਸਬੰਧਿਤ ਜ਼ਰੂਰੀ ਸੇਵਾਵਾਂ ਨੂੰ ਇਸ ਸੰਘਰਸ਼ ਤੋਂ ਵੱਖ ਰੱਖਣ ਦੀ ਗੱਲ ਕਹੀ ਗਈ ਹੈ। ਇਸੇ ਦੌਰਾਨ ਸਰਕਾਰ ਨੇ 85 ਹਜ਼ਾਰ ਦੇ ਕਰੀਬ ਮੁਲਾਜ਼ਮਾਂ ਦਾ ਮਹਿੰਗਾਈ ਭੱਤਾ 42 ਫੀਸਦੀ ਤੋਂ ਵਧਾ ਕੇ 60 ਫੀਸਦੀ ਕਰਨ ਦਾ ਪ੍ਰਸਤਾਵ ਰੱਖਿਆ ਹੈ। ਇਹ ਫੈਸਲਾ ਖ਼ਾਸ ਤੌਰ ’ਤੇ 17 ਜੁਲਾਈ 2020 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਨਾਲ ਸਬੰਧਿਤ ਹੈ। ਸਰਕਾਰ ਦਾ ਦਾਅਵਾ ਹੈ ਕਿ ਇਸ ਨਾਲ ਇਨ੍ਹਾਂ ਮੁਲਾਜ਼ਮਾਂ ਨੂੰ ਕੇਂਦਰੀ ਤਨਖ਼ਾਹ ਢਾਂਚੇ ਦੇ ਬਰਾਬਰ ਡੀਏ ਮਿਲੇਗਾ।
ਮੁਲਾਜ਼ਮ ਆਗੂਆਂ ਨੇ ਸੰਘਰਸ਼ ਜਾਰੀ ਰੱਖਣ ਦਾ ਐਲਾਨ ਕਰਦਿਆਂ ਅਗਲੇ ਪੜਾਅ ਵਜੋਂ ਮੰਤਰੀਆਂ ਦੀਆਂ ਰਿਹਾਇਸ਼ਾਂ ਦੇ ਘਿਰਾਓ ਅਤੇ ਵੱਡੀ ਰੈਲੀ ਸਮੇਤ ਹੋਰ ਪ੍ਰੋਗਰਾਮਾਂ ਦਾ ਵੀ ਐਲਾਨ ਕੀਤਾ ਹੈ। ਇਸ ਤਰ੍ਹਾਂ ਆਉਣ ਵਾਲੇ ਦਿਨਾਂ ਵਿੱਚ ਸਰਕਾਰ ਅਤੇ ਮੁਲਾਜ਼ਮ ਜਥੇਬੰਦੀਆਂ ਵਿਚਾਲੇ ਟਕਰਾਅ ਹੋਰ ਵਧਣ ਦੇ ਅਸਾਰ ਹਨ।
ਸੁਸ਼ੀਲ ਕੁਮਾਰ ਦਾ ਤਬਾਦਲਾ ਬਣਿਆ ਚਰਚਾ ਦਾ ਵਿਸ਼ਾ
ਦੂਜੇ ਪਾਸੇ ਹੜਤਾਲ ਤੋਂ ਐਨ ਪਹਿਲਾਂ ਪੰਜਾਬ ਸਿਵਲ ਸਕੱਤਰੇਤ ਸਟਾਫ਼ ਐਸੋਸੀਏਸ਼ਨ ਦੇ ਪ੍ਰਧਾਨ ਸੁਸ਼ੀਲ ਕੁਮਾਰ ਦਾ ਤਬਾਦਲਾ ਵੀ ਚਰਚਾ ਵਿੱਚ ਆ ਗਿਆ ਹੈ। ਸੋਮਵਾਰ 7 ਸਤੰਬਰ ਨੂੰ ਜਾਰੀ ਹੁਕਮਾਂ ਅਨੁਸਾਰ ਉਨ੍ਹਾਂ ਨੂੰ ਅਕਾਊਂਟਸ-1 ਸ਼ਾਖਾ ਤੋਂ ਅਧੀਨ ਸੇਵਾਵਾਂ ਚੋਣ ਬੋਰਡ ਵਿੱਚ ਤਬਦੀਲ ਕੀਤਾ ਗਿਆ ਹੈ। ਇਸ ਕਾਰਵਾਈ ਸਬੰਧੀ ਮੁਲਾਜ਼ਮਾਂ ਵਿੱਚ ਰੋਸ ਵਧਣ ਦੀ ਗੱਲ ਸਾਹਮਣੇ ਆ ਰਹੀ ਹੈ।