Bribery Case: ਵਿਜੀਲੈਂਸ ਬਿਊਰੋ ਨੇ ਸਹਾਇਕ ਸਬ-ਇੰਸਪੈਕਟਰ ਨੂੰ 10,000 ਰਿਸ਼ਵਤ ਲੈਂਦੇ ਕੀਤਾ ਕਾਬੂ

ਪੰਜਾਬ ਵਿਜੀਲੈਂਸ ਦੀ ਵੱਡੀ ਕਾਰਵਾਈ

Khushdeep Singh Picture
Published On

ਚੰਡੀਗੜ੍ਹ (ਸੱਚ ਕਹੂੰ ਨਿਊਜ਼/ਹਿੰ.ਸ.)। ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ’ਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਕੂਮਕਲ੍ਹਾਂ, ਪੁਲਿਸ ਥਾਣਾ ਲੁਧਿਆਣਾ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏਐਸਆਈ) ਜਗਜੀਵਨ ਸਿੰਘ ਨੂੰ 10000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਸਾਂਝੀ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਪੁਲਿਸ ਅਧਿਕਾਰੀ ਨੂੰ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਪੋਰਟਲ ’ਤੇ ਸੁਰਜੀਤ ਕਲੋਨੀ, ਰਾਹੋਂ ਰੋਡ, ਲੁਧਿਆਣਾ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਦੇ ਰਿਸ਼ਤੇਦਾਰ ਵਿਰੁੱਧ ਕੂਮਕਲਾਂ, ਪੁਲਿਸ ਥਾਣਾ ਲੁਧਿਆਣਾ ਵਿਖੇ ਕੇਸ ਦਰਜ ਸੀ। ਏਐਸਆਈ ਜਗਜੀਵਨ ਸਿੰਘ ਇਸ ਮਾਮਲੇ ਦਾ ਤਫ਼ਤੀਸ਼ੀ ਅਫ਼ਸਰ ਸੀ।

ਜਦੋਂ ਸ਼ਿਕਾਇਤਕਰਤਾ ਉਕਤ ਮਾਮਲੇ ਦੇ ਸਬੰਧ ’ਚ ਮੁਲਜ਼ਮ ਅਧਿਕਾਰੀ ਨੂੰ ਮਿਲਿਆ ਤਾਂ ਉਸ ਨੇ ਸ਼ਿਕਾਇਤਕਰਤਾ ਦੇ ਰਿਸ਼ਤੇਦਾਰ ਨੂੰ ਜ਼ਮਾਨਤ ਦਿਵਾਉਣ ਵਿੱਚ ਮਦਦ ਕਰਨ ਬਦਲੇ 10000 ਰੁਪਏ ਰਿਸ਼ਵਤ ਮੰਗੀ ਤੇ ਪ੍ਰਾਪਤ ਕੀਤੀ। ਇਸੇ ਸਬੰਧ ’ਚ ਮੁਲਜ਼ਮ ਏਐਸਆਈ ਨੇ ਸ਼ਿਕਾਇਤਕਰਤਾ ਨੂੰ ਫੇਰ ਬੁਲਾਇਆ ਤੇ 10000 ਰੁਪਏ ਦੀ ਹੋਰ ਰਿਸ਼ਵਤ ਮੰਗੀ। ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗਣ ਸਬੰਧੀ ਸਾਰੀ ਗੱਲਬਾਤ ਰਿਕਾਰਡ ਕਰ ਲਈ ਸੀ। ਰਿਸ਼ਵਤ ਜਾਂ ਕੋਈ ਹੋਰ ਗੈਰ-ਕਾਨੂੰਨੀ ਰਾਹ ਅਪਣਾਉਣ ਲਈ ਤਿਆਰ ਨਾ ਹੋਣ ਕਰਕੇ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਲੁਧਿਆਣਾ ਕੋਲ ਪਹੁੰਚ ਕੀਤੀ। ਉਸ ਦੀ ਸ਼ਿਕਾਇਤ ’ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਮੁਲਜ਼ਮ ਸਹਾਇਕ ਸਬ-ਇੰਸਪੈਕਟਰ ਜਗਜੀਵਨ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ’ਚ ਸ਼ਿਕਾਇਤਕਰਤਾ ਤੋਂ 10000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ। ਇਸ ਬਾਬਤ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਵਿਖੇ ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Read Also : Bathinda News: ਕੌਂਮੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਨੇ ਬਠਿੰਡਾ ਮਹਿਲਾ ਜ਼ੇਲ੍ਹ ਦਾ ਕੀਤਾ ਨਿਰੀਖਣ

About The Author

Related Posts