Punjab Farmer News Today: ਪੰਜਾਬ ਦੇ ਇਸ ਕਸਬੇ 'ਚ ਬਣੇਗੀ ਏਸ਼ੀਆ ਦੀ ਪਹਿਲੀ ਜਾਮਣ ਮੰਡੀ, ਇਲਾਕੇ ਦੀ ਹੋਣ ਜਾ ਰਹੀ ਐ ਬੱਲੇ! ਬੱਲੇ!

Punjab Farmer News Today: ਪੇਂਡੂ ਲਿੰਕ ਸੜਕਾਂ ਦੀ ਮਜ਼ਬੂਤੀ ਅਤੇ ਆਧੁਨਿਕੀਕਰਨ ਨਾਲ ਸਬੰਧਤ ਕੰਮ ਵੀ ਜਾਰੀ

Ravinder Sharma Picture
Published On

Punjab Farmer News Today: ਜਲਾਲਾਬਾਦ (ਰਜਨੀਸ਼ ਰਵੀ/ਹਿੰ.ਸ.)। ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅਰਨੀਵਾਲਾ ਵਿਖੇ ਲਗਭਗ 12 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਜਾਮਣ ਮੰਡੀ ਦਾ ਨੀਂਹ ਪੱਥਰ ਰੱਖਿਆ। ਮੰਤਰੀ ਨੇ ਦਾਅਵਾ ਕੀਤਾ ਕਿ ਇਹ ਏਸ਼ੀਆ ਦੀ ਪਹਿਲੀ ਜਾਮਣ ਮੰਡੀ ਹੋਵੇਗੀ। ਉਨ੍ਹਾਂ ਕਿਹਾ ਕਿ ਨਵੀਂ ਮੰਡੀ ਦੇ ਹੋਂਦ ਵਿੱਚ ਆਉਣ ਨਾਲ ਇਲਾਕੇ ਦੇ ਕਿਸਾਨਾਂ, ਆੜ੍ਹਤੀਆਂ, ਵਪਾਰੀਆਂ ਅਤੇ ਖਪਤਕਾਰਾਂ ਨੂੰ ਆਪਣੀ ਉਪਜ ਦੀ ਖਰੀਦ-ਫਰੋਖ਼ਤ ਲਈ ਬਿਹਤਰ ਸਹੂਲਤ ਮਿਲੇਗੀ।

ਇਸ ਮੌਕੇ ਮੰਤਰੀ ਖੁੱਡੀਆਂ ਨੇ ਜਲਾਲਾਬਾਦ ਅਤੇ ਅਰਨੀਵਾਲਾ ਮਾਰਕੀਟ ਕਮੇਟੀਆਂ ਦੇ ਨਵ-ਨਿਯੁਕਤ ਚੇਅਰਮੈਨਾਂ ਵੱਲੋਂ ਅਹੁਦੇ ਸੰਭਾਲਣ ਦੇ ਸਮਾਗਮਾਂ ਵਿੱਚ ਵੀ ਸ਼ਿਰਕਤ ਕੀਤੀ। ਉਨ੍ਹਾਂ ਜਲਾਲਾਬਾਦ ਮਾਰਕੀਟ ਕਮੇਟੀ ਦੇ ਚੇਅਰਮੈਨ ਪ੍ਰਦੀਪ ਚੁੱਘ ਅਤੇ ਅਰਨੀਵਾਲਾ ਮਾਰਕੀਟ ਕਮੇਟੀ ਦੇ ਚੇਅਰਮੈਨ ਗੁਰਸ਼ਮਿੰਦਰ ਢਿੱਲੋਂ ਨੂੰ ਵਧਾਈ ਦਿੱਤੀ ਅਤੇ ਆਪਣੀਆਂ ਜ਼ਿੰਮੇਵਾਰੀਆਂ ਇਮਾਨਦਾਰੀ, ਪਾਰਦਰਸ਼ਤਾ ਅਤੇ ਲੋਕ-ਹਿੱਤ ਦੀ ਭਾਵਨਾ ਨਾਲ ਨਿਭਾਉਣ ਲਈ ਕਿਹਾ।

ਮੰਤਰੀ ਨੇ ਦੱਸਿਆ ਕਿ ਅਰਨੀਵਾਲਾ ਵਿਖੇ ਬਣਨ ਵਾਲੀ ਫਰੂਟ ਮਾਰਕੀਟ-ਸ੍ਰੀ ਸੰਤ ਬਾਬਾ ਤਾਰਾ ਸਿੰਘ ਜੀ ਖੁਸ਼ਦਿਲ ਗ੍ਰੇਨ, ਫਰੂਟ ਐਂਡ ਵੈਜੀਟੇਬਲ ਜਾਮਣ ਮੰਡੀ ਇਲਾਕੇ ਦੇ ਲੋਕਾਂ ਦੀ ਲੰਮੇ ਸਮੇਂ ਤੋਂ ਚੱਲੀ ਆ ਰਹੀ ਮੰਗ ਸੀ। ਉਨ੍ਹਾਂ ਕਿਹਾ ਕਿ ਮੰਡੀ ਵਿੱਚ ਖੇਤੀਬਾੜੀ ਉਤਪਾਦਾਂ ਦੀ ਖਰੀਦ-ਫਰੋਖ਼ਤ ਲਈ ਬਿਹਤਰ ਮੰਚ ਮਿਲਣ ਦੇ ਨਾਲ ਇਲਾਕੇ ਦੀ ਆਰਥਿਕ ਗਤੀਵਿਧੀ ਨੂੰ ਵੀ ਹੁਲਾਰਾ ਮਿਲੇਗਾ। ਸਮਾਗਮ ਨੂੰ ਸੰਬੋਧਨ ਕਰਦਿਆਂ ਖੁੱਡੀਆਂ ਨੇ ਕਿਹਾ ਕਿ ਸਰਕਾਰ ਵੱਲੋਂ ਕਿਸਾਨਾਂ ਨੂੰ ਬਿਹਤਰ ਮੰਡੀਕਰਨ ਸਹੂਲਤਾਂ ਮੁਹੱਈਆ ਕਰਵਾਉਣ, ਸਿੰਚਾਈ ਪ੍ਰਬੰਧ ਮਜ਼ਬੂਤ ਕਰਨ ਅਤੇ ਪੇਂਡੂ ਸੜਕਾਂ ਤੇ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ਲਈ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਮੰਡੀ ਬੋਰਡ ਵੱਲੋਂ ਪੇਂਡੂ ਲਿੰਕ ਸੜਕਾਂ ਦੀ ਮਜ਼ਬੂਤੀ ਅਤੇ ਆਧੁਨਿਕੀਕਰਨ ਨਾਲ ਸਬੰਧਤ ਕੰਮ ਵੀ ਜਾਰੀ ਹਨ।

ਖੁੱਡੀਆਂ ਨੇ ਕਿਹਾ ਕਿ ਸਰਕਾਰ ਦਾ ਉਦੇਸ਼ ਕਿਸਾਨਾਂ ਨੂੰ ਫ਼ਸਲ ਵੇਚਣ ਲਈ ਸੁਚੱਜੀਆਂ ਅਤੇ ਆਧੁਨਿਕ ਮੰਡੀ ਸਹੂਲਤਾਂ ਦੇਣਾ ਹੈ, ਤਾਂ ਜੋ ਉਨ੍ਹਾਂ ਨੂੰ ਆਪਣੀ ਉਪਜ ਦਾ ਉਚਿਤ ਮੁੱਲ ਪ੍ਰਾਪਤ ਕਰਨ ਵਿੱਚ ਸਹੂਲਤ ਹੋਵੇ। ਉਨ੍ਹਾਂ ਕਿਹਾ ਕਿ ਖੇਤੀਬਾੜੀ ਦੇ ਨਾਲ-ਨਾਲ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ, ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨ ਅਤੇ ਪਿੰਡਾਂ ਦੇ ਵਿਕਾਸ ਨੂੰ ਗਤੀ ਦੇਣ ਲਈ ਵੀ ਵੱਖ-ਵੱਖ ਪੱਧਰਾਂ ’ਤੇ ਕੰਮ ਕੀਤਾ ਜਾ ਰਿਹਾ ਹੈ। ਇਸ ਮੌਕੇ ਜਲਾਲਾਬਾਦ ਦੇ ਵਿਧਾਇਕ ਜਗਦੀਪ ਸਿੰਘ ਗੋਲਡੀ ਕੰਬੋਜ, ਐਸਡੀਐਮ ਜਲਾਲਾਬਾਦ ਕੰਵਰਜੀਤ ਸਿੰਘ, ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਓਂਕਾਰ ਜਾਖੜ ਤੋਂ ਇਲਾਵਾ ਹੋਰ ਆਗੂ, ਅਧਿਕਾਰੀ, ਮਾਰਕੀਟ ਕਮੇਟੀ ਦੇ ਨੁਮਾਇੰਦੇ, ਕਿਸਾਨ, ਵਪਾਰੀ ਅਤੇ ਇਲਾਕਾ ਵਾਸੀ ਹਾਜ਼ਰ ਸਨ।

About The Author

Related Posts