Punjab
Barnala News Today: ਬਰਨਾਲਾ ਪੁਲਿਸ ਦੀ ਨਸ਼ਾ ਤਸਕਰਾਂ ਖ਼ਿਲਾਫ਼ ਵੱਡੀ ਕਾਰਵਾਈ, 78 ਸ਼ੱਕੀ ਹਿਰਾਸਤ ’ਚ
10 ਮੁਲਜ਼ਮਾਂ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਮਾਮਲੇ ਦਰਜ ਕੀਤੇ
Barnala News Today: ਬਰਨਾਲਾ, (ਸੱਚ ਕਹੂੰ ਨਿਊਜ਼/ਹਿੰ.ਸ.)| ਬਰਨਾਲਾ ਪੁਲਿਸ ਨੇ ਨਸ਼ਾ ਤਸਕਰਾਂ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਐਤਵਾਰ ਸਵੇਰੇ ਜ਼ਿਲ੍ਹੇ ਦੇ 10 ਚਿੰਨ੍ਹਿਤ ਨਸ਼ਾ ਤਸਕਰੀ ਵਾਲੇ ਇਲਾਕਿਆਂ ਵਿੱਚ ਇੱਕੋ ਸਮੇਂ ਛਾਪੇਮਾਰੀ ਕੀਤੀ। ਇਹ ਕਾਰਵਾਈ ਸੀਨੀਅਰ ਪੁਲਿਸ ਕਪਤਾਨ ਮੁਹੰਮਦ ਸਰਫਰਾਜ਼ ਆਲਮ ਦੀ ਅਗਵਾਈ ਹੇਠ ਸਵੇਰੇ ਕਰੀਬ 5 ਵਜੇ ਸ਼ੁਰੂ ਕੀਤੀ ਗਈ। ਪੁਲਿਸ ਟੀਮਾਂ ਵੱਲੋਂ ਬਰਨਾਲਾ ਸ਼ਹਿਰ, ਤਪਾ, ਫਰਵਾਹੀ, ਸ਼ੇਖਾ, ਵਜੀਦਕੇ, ਛੀਨੀਵਾਲ ਸਮੇਤ ਵੱਖ-ਵੱਖ ਇਲਾਕਿਆਂ ਵਿੱਚ ਤਲਾਸ਼ੀ ਮੁਹਿੰਮ ਚਲਾਈ ਗਈ।
ਐਸਐਸਪੀ ਮੁਹੰਮਦ ਸਰਫਰਾਜ਼ ਆਲਮ ਨੇ ਦੱਸਿਆ ਕਿ ਮੁਹਿੰਮ ਦੌਰਾਨ ਕੁੱਲ 78 ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਮੌਕੇ ਤੋਂ ਮਿਲੇ ਸਬੂਤਾਂ ਦੇ ਆਧਾਰ ’ਤੇ 10 ਮੁਲਜ਼ਮਾਂ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਮਾਮਲੇ ਦਰਜ ਕੀਤੇ ਗਏ ਹਨ। ਪੁਲਿਸ ਵੱਲੋਂ ਹਿਰਾਸਤ ਵਿੱਚ ਲਏ ਗਏ ਸਾਰੇ ਸ਼ੱਕੀਆਂ ਤੋਂ ਥਾਣਿਆਂ ਵਿੱਚ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਉਨ੍ਹਾਂ ਦੇ ਪੁਰਾਣੇ ਅਪਰਾਧਿਕ ਰਿਕਾਰਡ ਦੀ ਵੀ ਜਾਂਚ ਕੀਤੀ ਜਾ ਰਹੀ ਹੈ।
ਇਸ ਵਿਸ਼ੇਸ਼ ਮੁਹਿੰਮ ਦੌਰਾਨ ਐਸਪੀ (ਡੀ) ਸੰਜੀਵ ਗੋਇਲ, ਐਸਪੀ ਬਾਲਕ੍ਰਿਸ਼ਨ ਸਿੰਗਲਾ ਸਮੇਤ ਜ਼ਿਲ੍ਹੇ ਦੇ ਸਾਰੇ ਡੀਐਸਪੀ, ਥਾਣਾ ਇੰਚਾਰਜ ਅਤੇ ਵੱਡੀ ਗਿਣਤੀ ਵਿੱਚ ਪੁਲਿਸ ਮੁਲਾਜ਼ਮ ਮੌਕੇ ’ਤੇ ਤਾਇਨਾਤ ਰਹੇ। ਪੁਲਿਸ ਵੱਲੋਂ ਚਿੰਨ੍ਹਿਤ ਇਲਾਕਿਆਂ ਵਿੱਚ ਘਰਾਂ ਅਤੇ ਸ਼ੱਕੀ ਟਿਕਾਣਿਆਂ ਦੀ ਬਾਰੀਕੀ ਨਾਲ ਤਲਾਸ਼ੀ ਲਈ ਗਈ। ਐਸਐਸਪੀ ਨੇ ਦੱਸਿਆ ਕਿ ਹਿਰਾਸਤ ਵਿੱਚ ਲਏ ਗਏ ਕੁਝ ਵਿਅਕਤੀ ਅਜਿਹੇ ਵੀ ਸਾਹਮਣੇ ਆਏ ਹਨ ਜੋ ਨਸ਼ਾ ਵੇਚਣ ਦੀ ਬਜਾਏ ਖੁਦ ਗੰਭੀਰ ਰੂਪ ਵਿੱਚ ਨਸ਼ੇ ਦੇ ਆਦੀ ਹਨ।
ਇਹ ਵੀ ਪੜ੍ਹੋ: Ambulance Accident: ਸੈਨਿਕ ਦੀ ਮ੍ਰਿਤਕ ਦੇਹ ਲੈ ਕੇ ਪਰਤ ਰਹੀ ਐਂਬੂਲੈਂਸ ਹਾਦਸੇ ਦਾ ਸ਼ਿਕਾਰ, ਪੁੱਤਰ ਸਮੇਤ ਚਾਰ ਲੋਕਾਂ ਦੀ ਮੌਤ
ਉਨ੍ਹਾਂ ਕਿਹਾ ਕਿ ਅਜਿਹੇ ਵਿਅਕਤੀਆਂ ਦੇ ਇਲਾਜ ਅਤੇ ਪੁਨਰਵਾਸ ਲਈ ਸਰਕਾਰੀ ਦਿਸ਼ਾ-ਨਿਰਦੇਸ਼ਾਂ ਅਤੇ ਕਾਨੂੰਨੀ ਪ੍ਰਕਿਰਿਆ ਅਨੁਸਾਰ ਲੋੜੀਂਦੇ ਕਦਮ ਚੁੱਕੇ ਜਾਣਗੇ। ਐਸਐਸਪੀ ਮੁਹੰਮਦ ਸਰਫਰਾਜ਼ ਆਲਮ ਨੇ ਨਸ਼ਾ ਤਸਕਰਾਂ ਨੂੰ ਸਖ਼ਤ ਚੇਤਾਵਨੀ ਦਿੰਦਿਆਂ ਕਿਹਾ ਕਿ ਬਰਨਾਲਾ ਵਿੱਚ ਨਸ਼ੇ ਦੇ ਗੈਰ-ਕਾਨੂੰਨੀ ਕਾਰੋਬਾਰ ਖ਼ਿਲਾਫ਼ ਇਹ ਮੁਹਿੰਮ ਲਗਾਤਾਰ ਜਾਰੀ ਰਹੇਗੀ।
ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਵੀ ਚਿੰਨ੍ਹਿਤ ਟਿਕਾਣਿਆਂ ’ਤੇ ਇਸੇ ਤਰ੍ਹਾਂ ਅਚਨਚੇਤ ਛਾਪੇਮਾਰੀਆਂ ਕੀਤੀਆਂ ਜਾਣਗੀਆਂ। ਐਸਐਸਪੀ ਨੇ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਨੂੰ ਨਸ਼ੇ ਦੇ ਗੈਰ-ਕਾਨੂੰਨੀ ਕਾਰੋਬਾਰ ਵਿੱਚ ਸ਼ਾਮਲ ਕਿਸੇ ਵਿਅਕਤੀ ਬਾਰੇ ਜਾਣਕਾਰੀ ਮਿਲਦੀ ਹੈ ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕਰਨ, ਤਾਂ ਜੋ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਵੱਲ ਪ੍ਰਭਾਵਸ਼ਾਲੀ ਕਦਮ ਚੁੱਕੇ ਜਾ ਸਕਣ।