Bathinda News: ਨਸ਼ਿਆਂ ਦੇ ਖਾਤਮੇ ਲਈ ਬਠਿੰਡਾ ਪੁਲਿਸ ਵੱਲੋਂ ਲਗਾਤਾਰ ਸਰਚ ਆਪ੍ਰੇਸ਼ਨ ਜਾਰੀ

ਵੱਖ-ਵੱਖ ਇਲਾਕਿਆਂ ’ਚ ਸਰਚ ਆਪ੍ਰੇਸ਼ਨ ਜਾਰੀ, ਪੁਲਿਸ ਮੁਲਾਜ਼ਮਾਂ ਨੂੰ ਪੂਰੀ ਚੌਕਸੀ ਨਾਲ ਡਿਊਟੀ ਨਿਭਾਉਣ ਦੀਆਂ ਹਦਾਇਤਾਂ

Khushdeep Singh Picture
Published On

ਬਠਿੰਡਾ (ਸੱਚ ਕਹੂੰ ਨਿਊਜ਼/ਹਿੰ.ਸ.)। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਬਠਿੰਡਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਖਿਲਾਫ਼ ਕਾਰਵਾਈਆਂ ਦੇ ਨਾਲ-ਨਾਲ ਸੁਰੱਖਿਆ ਪ੍ਰਬੰਧਾਂ ਨੂੰ ਵੀ ਮਜ਼ਬੂਤ ਕੀਤਾ ਜਾ ਰਿਹਾ ਹੈ। ਇਸੇ ਤਹਿਤ ਬਠਿੰਡਾ ਦੇ ਐੱਸਐੱਸਪੀ ਸੁਹੇਲ ਕਾਸਿਮ ਮੀਰ ਵੱਲੋਂ ਦੇਰ ਰਾਤ ਸ਼ਹਿਰ ਦੇ ਵੱਖ-ਵੱਖ ਨਾਕਿਆਂ ਦੀ ਚੈਕਿੰਗ ਕੀਤੀ ਗਈ। ਐੱਸਐੱਸਪੀ ਨੇ ਨਾਕਿਆਂ ’ਤੇ ਤਾਇਨਾਤ ਪੁਲਿਸ ਮੁਲਾਜ਼ਮਾਂ ਦੀ ਡਿਊਟੀ ਦਾ ਜਾਇਜ਼ਾ ਲਿਆ ਤੇ ਉਨ੍ਹਾਂ ਨੂੰ ਪੂਰੀ ਚੌਕਸੀ ਅਤੇ ਮੁਸਤੈਦੀ ਨਾਲ ਡਿਊਟੀ ਨਿਭਾਉਣ ਸਬੰਧੀ ਹਦਾਇਤਾਂ ਜਾਰੀ ਕੀਤੀਆਂ। ਉਨ੍ਹਾਂ ਪੁਲਿਸ ਕਰਮਚਾਰੀਆਂ ਨੂੰ ਕਿਹਾ ਕਿ ਰਾਤ ਸਮੇਂ ਨਾਕਾਬੰਦੀ ਦੌਰਾਨ ਵਾਹਨਾਂ ਤੇ ਸ਼ੱਕੀ ਵਿਅਕਤੀਆਂ ਦੀ ਜਾਂਚ ਨੂੰ ਗੰਭੀਰਤਾ ਨਾਲ ਕੀਤਾ ਜਾਵੇ ਤੇ ਸੁਰੱਖਿਆ ਪ੍ਰਬੰਧਾਂ ’ਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਨਾ ਵਰਤੀ ਜਾਵੇ। ਬਠਿੰਡਾ ਪੁਲਿਸ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਇਲਾਕਿਆਂ ’ਚ ਨਸ਼ਿਆਂ ਦੀ ਰੋਕਥਾਮ ਲਈ ਸਰਚ ਆਪ੍ਰੇਸ਼ਨ ਵੀ ਚਲਾਏ ਜਾ ਰਹੇ ਹਨ।

ਪੁਲਿਸ ਵੱਲੋਂ ਖੰਡਰ ਪਈਆਂ ਤੇ ਸੁੰਨੀਆਂ ਥਾਵਾਂ ਦੀ ਪਛਾਣ ਕਰਕੇ ਉੱਥੇ ਜਾਂਚ ਕੀਤੀ ਜਾ ਰਹੀ ਹੈ। ਜਿੱਥੇ ਲੋੜ ਪਾਈ ਜਾ ਰਹੀ ਹੈ, ਉੱਥੇ ਅਜਿਹੀਆਂ ਥਾਵਾਂ ਨੂੰ ਸੀਲ ਕਰਨ ਦੀ ਕਾਰਵਾਈ ਵੀ ਕੀਤੀ ਜਾ ਰਹੀ ਹੈ, ਤਾਂ ਜੋ ਨਸ਼ਿਆਂ ਦੀ ਵਰਤੋਂ ਤੇ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਰੋਕਿਆ ਜਾ ਸਕੇ। ਐੱਸਐੱਸਪੀ ਸੁਹੇਲ ਕਾਸਿਮ ਮੀਰ ਨੇ ਨਸ਼ਾ ਤਸਕਰਾਂ ਨੂੰ ਚਿਤਾਵਨੀ ਦਿੱਤੀ ਕਿ ਨਸ਼ਾ ਵੇਚਣ ਵਾਲਿਆਂ ਖਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਦੇ ਨਾਲ ਹੀ ਨਸ਼ਿਆਂ ਦੇ ਕਾਰੋਬਾਰ ਰਾਹੀਂ ਬਣਾਈਆਂ ਗਈਆਂ ਜਾਇਦਾਦਾਂ ਨੂੰ ਕਾਨੂੰਨੀ ਪ੍ਰ੍ਰਕਿਰਿਆ ਤਹਿਤ ਫ੍ਰੀਜ਼ ਕਰਨ ਦੀ ਕਾਰਵਾਈ ਵੀ ਜਾਰੀ ਹੈ। ਬਠਿੰਡਾ ਪੁਲਿਸ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਨਸ਼ਿਆਂ ਦੇ ਖਾਤਮੇ ਤੇ ਸੁਰੱਖਿਅਤ ਮਾਹੌਲ ਬਣਾਉਣ ਲਈ ਪੁਲਿਸ ਦਾ ਸਹਿਯੋਗ ਕਰਨ। ਪੁਲਿਸ ਅਧਿਕਾਰੀਆਂ ਨੇ ਸਪੱਸ਼ਟ ਕੀਤਾ ਕਿ ਨਸ਼ਿਆਂ ਖਿਲਾਫ਼ ਸਰਚ ਆਪ੍ਰੇਸ਼ਨ ਤੇ ਰਾਤ ਸਮੇਂ ਨਾਕਾਬੰਦੀ ਦੀਆਂ ਕਾਰਵਾਈਆਂ ਲਗਾਤਾਰ ਜਾਰੀ ਰੱਖੀਆਂ ਜਾਣਗੀਆਂ। Bathinda News

ਇਹ ਵੀ ਪੜ੍ਹੋ : Punjab Weather Today: ਪੰਜਾਬ ਦੇ 8 ਜ਼ਿਲ੍ਹਿਆਂ ’ਚ ਅੱਜ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ, ਭਲਕੇ ਤੋਂ ਮੌਸਮ ਰਹੇਗਾ ਖੁਸ਼ਕ

About The Author

Related Posts