Bhagwant Mann: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੱਖ-ਵੱਖ ਵਿਭਾਗਾਂ ਨੂੰ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਲਈ ਵਿਸ਼ਵ ਪੱਧਰ ਦੇ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼

ਚੈਂਪੀਅਨਜ਼ ਟਰਾਫੀ ਲਈ ਪੁਖਤਾ ਪ੍ਰਬੰਧ ਕਰੇਗਾ ਪੰਜਾਬ, ਕੌਮਾਂਤਰੀ ਖੇਡ ਮੁਕਾਬਲੇ ਦੀ ਮੇਜ਼ਬਾਨੀ ਨਾਲ ਨਵੇਂ ਕੀਰਤੀਮਾਨ ਕਾਇਮ ਕਰੇ ਪੰਜਾਬ

Khushdeep Singh Picture
Published On

ਚੰਡੀਗੜ੍ਹ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 27 ਅਕਤੂਬਰ ਤੋਂ 5 ਨਵੰਬਰ ਤੱਕ ਹੋਣ ਵਾਲੇ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਲਈ ਆਪਸੀ ਤਾਲਮੇਲ, ਅੰਤਰਰਾਸ਼ਟਰੀ ਪੱਧਰ ਦੀਆਂ ਸਹੂਲਤਾਂ, ਸ਼ਹਿਰਾਂ ਦੇ ਸੁੰਦਰੀਕਰਨ ਅਤੇ ਮਹਿਮਾਨਨਵਾਜ਼ੀ ’ਤੇ ਧਿਆਨ ਕੇਂਦਰਿਤ ਕਰਦਿਆਂ ਸਾਰੇ ਵਿਭਾਗਾਂ ਨੂੰ ਆਲਮੀ ਪੱਧਰ ਦੇ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਨੇ ਲੋਕਾਂ ਦਾ ਉਤਸ਼ਾਹ ਵਧਾਉਣ ਲਈ ਰਾਜ ਪੱਧਰੀ ਟਰਾਫੀ ਟੂਰ ਅਤੇ ਵਿਦਿਆਰਥੀਆਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਦਾ ਸੱਦਾ ਵੀ ਦਿੱਤਾ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਨੂੰ ਅੰਤਰਰਾਸ਼ਟਰੀ ਖੇਡ ਸਮਾਗਮਾਂ ਦੀ ਮੇਜ਼ਬਾਨੀ ਵਿੱਚ ਨਵੇਂ ਕੀਰਤੀਮਾਨ ਸਥਾਪਤ ਕਰਨੇ ਚਾਹੀਦੇ ਹਨ। ਚੈਂਪੀਅਨਜ਼ ਟਰਾਫੀ ਬਾਰੇ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, ‘ਇਹ ਯਕੀਨੀ ਬਣਾਇਆ ਜਾਵੇਗਾ ਕਿ ਇਹ ਵੱਕਾਰੀ ਅੰਤਰਰਾਸ਼ਟਰੀ ਖੇਡ ਸਮਾਗਮ ਪੰਜਾਬ ਦੇ ਖੇਡ ਇਤਿਹਾਸ ਵਿੱਚ ਨਵਾਂ ਮੀਲ ਪੱਥਰ ਸਥਾਪਤ ਕਰੇ।’

ਉਨ੍ਹਾਂ ਨੇ ਸਾਰੇ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਅਤੇ ਹਿੱਸਾ ਲੈਣ ਵਾਲੀਆਂ ਟੀਮਾਂ, ਅਧਿਕਾਰੀਆਂ, ਦਰਸ਼ਕਾਂ ਤੇ ਆਉਣ ਵਾਲੇ ਮਹਿਮਾਨਾਂ ਨੂੰ ਵਿਸ਼ਵ ਪੱਧਰ ਦੀਆਂ ਸਹੂਲਤਾਂ ਪ੍ਰਦਾਨ ਕਰਨ ’ਚ ਕੋਈ ਕਸਰ ਨਾ ਛੱਡਣ ਦੇ ਹੁਕਮ ਦਿੱਤੇ। ਮੁੱਖ ਮੰਤਰੀ ਨੇ ਕਿਹਾ, ‘ਪੰਜਾਬ ਆਪਣੇ ਅਮੀਰ ਹਾਕੀ ਵਿਰਸੇ ਤੇ ਭਾਰਤੀ ਖੇਡਾਂ ਵਿੱਚ ਮਹਾਨ ਯੋਗਦਾਨ ਲਈ ਪੂਰੀ ਦੁਨੀਆ ਵਿੱਚ ਜਾਣਿਆ ਜਾਂਦਾ ਹੈ। ਸਾਨੂੰ ਅੰਤਰਰਾਸ਼ਟਰੀ ਖੇਡ ਸਮਾਗਮ ਕਰਵਾਉਣ ਦੇ ਨਵੇਂ ਕੀਰਤੀਮਾਨ ਸਥਾਪਤ ਕਰਨੇ ਚਾਹੀਦੇ ਹਨ ਤੇ ਹਿੱਸਾ ਲੈਣ ਵਾਲੀਆਂ ਟੀਮਾਂ, ਅਧਿਕਾਰੀਆਂ, ਦਰਸ਼ਕਾਂ ਅਤੇ ਮਹਿਮਾਨਾਂ ਨੂੰ ਵਿਸ਼ਵ ਪੱਧਰੀ ਸਹੂਲਤਾਂ ਪ੍ਰਦਾਨ ਕਰਨੀਆਂ ਚਾਹੀਦੀਆਂ ਹਨ।’ ਉਨ੍ਹਾਂ ਕਿਹਾ ਕਿ ਭਾਰਤ, ਚੀਨ, ਮਲੇਸ਼ੀਆ, ਜਾਪਾਨ, ਬੰਗਲਾਦੇਸ਼ ਅਤੇ ਦੱਖਣੀ ਕੋਰੀਆ ਸਮੇਤ ਪ੍ਰਮੁੱਖ ਹਾਕੀ ਦੇਸ਼ਾਂ ਦੀ ਸ਼ਮੂਲੀਅਤ ਨਾਲ ਪੰਜਾਬ ਅੰਤਰਰਾਸ਼ਟਰੀ ਖੇਡ ਜਗਤ ਦੇ ਕੇਂਦਰ ਵਿੱਚ ਆ ਜਾਵੇਗਾ ਅਤੇ ਇਸ ਨਾਲ ਆਪਣੀ ਮਹਿਮਾਨਨਵਾਜ਼ੀ, ਬੁਨਿਆਦੀ ਢਾਂਚੇ, ਖੇਡ ਪ੍ਰਾਪਤੀਆਂ ਅਤੇ ਸੱਭਿਆਚਾਰਕ ਪਰੰਪਰਾਵਾਂ ਨੂੰ ਦਰਸਾਉਣ ਦਾ ਮੌਕਾ ਮਿਲੇਗਾ। ਮੁੱਖ ਮੰਤਰੀ ਨੇ ਦੱਸਿਆ ਕਿ ਟੂਰਨਾਮੈਂਟ ਦਾ ਉਦਘਾਟਨੀ ਸਮਾਰੋਹ 27 ਅਕਤੂਬਰ ਨੂੰ ਜਲੰਧਰ ਵਿਖੇ ਹੋਵੇਗਾ।

ਜਦੋਂ ਕਿ ਮੈਚ 27 ਅਕਤੂਬਰ ਤੋਂ 5 ਨਵੰਬਰ ਤੱਕ ਖੇਡੇ ਜਾਣਗੇ। ਉਨ੍ਹਾਂ ਨੇ ਸਾਰੇ ਸਬੰਧਤ ਵਿਭਾਗਾਂ ਨੂੰ ਤਿਆਰੀਆਂ ਸਮੇਂ ਤੋਂ ਪਹਿਲਾਂ ਮੁਕੰਮਲ ਕਰਨ ਅਤੇ ਇਹ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਕਿ ਚੈਂਪੀਅਨਸ਼ਿਪ ਦਾ ਆਯੋਜਨ ਵੱਡੇ ਅੰਤਰਰਾਸ਼ਟਰੀ ਖੇਡ ਸਮਾਗਮ ਦੇ ਨਿਯਮਾਂ ਅਤੇ ਪੇਸ਼ੇਵਰ ਪਹੁੰਚ ਨਾਲ ਕੀਤਾ ਜਾਵੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਆਉਣ ਵਾਲੇ ਹਰੇਕ ਵਫ਼ਦ ਦਾ ਨਿੱਘਾ ਸਵਾਗਤ ਕੀਤਾ ਜਾਵੇ ਤੇ ਉਨ੍ਹਾਂ ਦੀ ਠਹਿਰ ਦੌਰਾਨ ਮਹਿਮਾਨਨਵਾਜ਼ੀ ਦੇ ਬਿਹਤਰ ਤਜਰਬਿਆਂ ਦਾ ਯਾਦਗਾਰੀ ਅਨੁਭਵ ਕਰਵਾਇਆ ਜਾਵੇ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਤਿਆਰੀਆਂ ਸਿਰਫ਼ ਸਟੇਡੀਅਮ ਤੱਕ ਹੀ ਸੀਮਤ ਨਹੀਂ ਹੋਣੀਆ ਚਾਹੀਦੀਆਂ, ਸਗੋਂ ਪੂਰੇ ਸ਼ਹਿਰ ’ਚ ਸਫ਼ਾਈ, ਸੁੰਦਰੀਕਰਨ ਅਤੇ ਜਨਤਕ ਸਹੂਲਤਾਂ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾਣਾ ਚਾਹੀਦਾ ਹੈ।

ਉਨ੍ਹਾਂ ਨੇ ਨਗਰ ਨਿਗਮ, ਜਲੰਧਰ ਤੇ ਮੋਹਾਲੀ ਨੂੰ ਵਿਆਪਕ ਸਫਾਈ ਮੁਹਿੰਮਾਂ ਚਲਾਉਣ, ਸਾਫ਼-ਸਫ਼ਾਈ ਵਿੱਚ ਸੁਧਾਰ ਕਰਨ, ਜਨਤਕ ਥਾਵਾਂ ਦੀ ਸੁਚੱਜੀ ਸਾਂਭ-ਸੰਭਾਲ ਕਰਨ ਲਈ ਕਿਹਾ ਤਾਂ ਜੋ ਸ਼ਹਿਰ ਵਿਦੇਸ਼ੀ ਸੈਲਾਨੀਆਂ ਨੂੰ ਸਾਫ਼-ਸੁਥਰਾ ਤੇ ਆਕਰਸ਼ਕ ਲੱਗੇ। ਉਨ੍ਹਾਂ ਨੇ ਸ਼ਹਿਰ ਦੇ ਸੁੰਦਰੀਕਰਨ ਲਈ ਲੋੜੀਂਦੇ ਕਦਮ ਚੁੱਕਣ ਤੇ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਸਟੇਡੀਅਮ ਤੇ ਹੋਰ ਅਹਿਮ ਸਥਾਨਾਂ ਵੱਲ ਜਾਣ ਵਾਲੀਆਂ ਸੜਕਾਂ ਦੀ ਸੁਚੱਜੀ ਦੇਖਭਾਲ ਕੀਤੀ ਜਾਵੇ ਤੇ ਜਿੱਥੇ ਵੀ ਲੋੜ ਹੋਵੇ, ਸੜਕ ਦੀ ਮੁਰੰਮਤ ਕੀਤੀ ਜਾਵੇ। ਮਹਿਮਾਨਨਿਵਾਜ਼ੀ ਦੀ ਮਹੱਤਤਾ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਭਾਗ ਲੈਣ ਵਾਲੀਆਂ ਟੀਮਾਂ ਤੇ ਉਨ੍ਹਾਂ ਦੇ ਸਹਾਇਕ ਸਟਾਫ਼ ਲਈ ਆਰਾਮਦਾਇਕ ਤੇ ਮਿਆਰੀ ਰਿਹਾਇਸ਼ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਰਿਹਾਇਸ਼, ਆਵਾਜਾਈ, ਸੁਰੱਖਿਆ, ਭੋਜਨ ਤੇ ਹੋਰ ਜ਼ਰੂਰੀ ਸਹੂਲਤਾਂ ਲਈ ਬਿਹਤਰ ਪ੍ਰਬੰਧ ਕੀਤੇ ਜਾਣੇ ਚਾਹੀਦੇ ਹਨ। Bhagwant Mann

ਇਹ ਵੀ ਪੜ੍ਹੋ : Body Donation: ਪਿੰਡ ਪਲਾਸੌਰ ਦੇ ਪਹਿਲੇ ਸਰੀਰਦਾਨੀ ਬਣੇ ਹਰਦੇਵ ਸਿੰਘ ਇੰਸਾਂ

ਤਾਂ ਜੋ ਖਿਡਾਰੀ ਆਪਣੇ ਪ੍ਰਦਰਸ਼ਨ ’ਤੇ ਧਿਆਨ ਕੇਂਦਰਿਤ ਕਰ ਸਕਣ। ਉਨ੍ਹਾਂ ਨੇ ਅਧਿਕਾਰੀਆਂ ਨੂੰ ਹੋਟਲਾਂ, ਮੈਚ ਵਾਲੇ ਸਥਾਨਾਂ ਤੇ ਹੋਰ ਨਿਰਧਾਰਤ ਸਥਾਨਾਂ ਵਿਚਕਾਰ ਸੁਚਾਰੂ ਆਵਾਜਾਈ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ ਤਾਂ ਜੋ ਅਸੁਵਿਧਾ ਜਾਂ ਬੇਲੋੜੀ ਦੇਰੀ ਤੋਂ ਬਚਿਆ ਜਾ ਸਕੇ। ਪ੍ਰਬੰਧਾਂ ਦੀ ਵਿਆਪਕ ਸਮੀਖਿਆ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਾਰੇ ਵਿਭਾਗਾਂ ਨੂੰ ਜ਼ਮੀਨੀ ਪੱਧਰ ’ਤੇ ਤਿਆਰੀਆਂ ਦਾ ਜਾਇਜ਼ਾ ਲੈਣ ਤੇ ਕਿਸੇ ਵੀ ਕਮੀ ਨੂੰ ਤੁਰੰਤ ਦੂਰ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ, ‘ਇੱਕ ਅੰਤਰਰਾਸ਼ਟਰੀ ਟੂਰਨਾਮੈਂਟ ਦੀ ਸਫਲਤਾ ਸਿਰਫ਼ ਮੁੱਖ ਸਥਾਨ ਦੀ ਤਿਆਰੀ ’ਤੇ ਹੀ ਨਹੀਂ, ਸਗੋਂ ਬੁਨਿਆਦੀ ਢਾਂਚੇ, ਪਹੁੰਚਯੋਗਤਾ, ਸਾਫ਼-ਸਫ਼ਾਈ, ਟ੍ਰੈਫਿਕ ਪ੍ਰਬੰਧਨ ਅਤੇ ਜਨਤਕ ਸਹੂਲਤਾਂ ’ਤੇ ਵੀ ਨਿਰਭਰ ਕਰਦੀ ਹੈ। ਅੰਤਰਰਾਸ਼ਟਰੀ ਵਫ਼ਦਾਂ ਦੇ ਆਉਣ ਤੋਂ ਪਹਿਲਾਂ ਲੌਜਿਸਟਿਕ ਸਹਾਇਤਾ ਨਾਲ ਸਬੰਧਤ ਹਰ ਪਹਿਲੂ ਦਾ ਧਿਆਨ ਰੱਖਿਆ ਜਾਣਾ ਚਾਹੀਦਾ ਹੈ।’ ਵੱਧ ਤੋਂ ਵੱਧ ਲੋਕਾਂ ਨੂੰ ਸ਼ਾਮਲ ਹੋਣ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਸਕੂਲ ਤੇ ਕਾਲਜ ਦੇ ਵਿਦਿਆਰਥੀਆਂ ਲਈ ਮੈਚ ਦੇਖਣ ਦੀ ਵਿਵਸਥਾ ਕਰਨ ਤਾਂ ਜੋ ਉਹ ਅੰਤਰਰਾਸ਼ਟਰੀ ਹਾਕੀ ਮੈਚ ਦੇਖ ਸਕਣ।

ਵਿਸ਼ਵ ਪੱਧਰੀ ਖਿਡਾਰੀਆਂ ਤੋਂ ਪ੍ਰੇਰਨਾ ਲੈ ਸਕਣ। ਉਨ੍ਹਾਂ ਕਿਹਾ, ‘ਇਸ ਪੱਧਰ ਦੇ ਖੇਡ ਸਮਾਗਮ ਨਵੀਂ ਪੀੜ੍ਹੀ ਨੂੰ ਖੇਡਾਂ, ਅਨੁਸ਼ਾਸਨ ਤੇ ਟੀਮ ਵਰਕ ਨੂੰ ਅਪਣਾਉਣ ਲਈ ਪ੍ਰੇਰਿਤ ਕਰਨਗੇ। ਵਿਦਿਆਰਥੀਆਂ ਨੂੰ ਮੈਚ ਦੇਖਣ ਦੀ ਸਹੂਲਤ ਦੇਣ ਤੇ ਨੌਜਵਾਨਾਂ ਨੂੰ ਪੰਜਾਬ ਦੀ ਮਾਣਮੱਤੀ ਹਾਕੀ ਵਿਰਾਸਤ ਨਾਲ ਜੁੜਨ ਲਈ ਉਤਸ਼ਾਹਿਤ ਕਰਨ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਣਾ ਚਾਹੀਦਾ ਹੈ।’ ਚੈਂਪੀਅਨਸ਼ਿਪ ਤੋਂ ਪਹਿਲਾਂ ਲੋਕਾਂ ਦਰਮਿਆਨ ਉਤਸ਼ਾਹ ਪੈਦਾ ਕਰਨ ਲਈ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਸੂਬਾ ਵਿਆਪੀ ਪ੍ਰਚਾਰ ਮੁਹਿੰਮ ਦੀ ਰੂਪ-ਰੇਖਾ ਉਲੀਕਣ ਦੇ ਨਿਰਦੇਸ਼ ਦਿੱਤੇ ਜਿਸ ’ਚ ਟੂਰਨਾਮੈਂਟ ਟਰਾਫੀ ਜਾਂ ਇਸ ਦੇ ਮਾਡਲ ਨੂੰ ਵਿਸ਼ੇਸ਼ ਤੌਰ ’ਤੇ ਤਿਆਰ ਕੀਤੀ ਗਈ ਐਸਯੂਵੀ ’ਚ ਪ੍ਰਦਰਸ਼ਿਤ ਕੀਤਾ ਜਾਵੇ ਜੋ ਕਿ ਪੂਰੇ ਪੰਜਾਬ ਵਿੱਚ ਘੁੰਮੇਗੀ। Bhagwant Mann

ਉਨ੍ਹਾਂ ਕਿਹਾ, ‘ਇਹ ਪਹਿਲ ਜਾਗਰੂਕਤਾ ਪੈਦਾ ਕਰਨ, ਜਨਤਕ ਭਾਈਵਾਲੀ ਨੂੰ ਉਤਸ਼ਾਹਿਤ ਕਰਨ ਤੇ ਵੱਖ-ਵੱਖ ਜ਼ਿਲ੍ਹਿਆਂ ਦੇ ਲੋਕਾਂ ਵਿੱਚ ਅੰਤਰਰਾਸ਼ਟਰੀ ਟੂਰਨਾਮੈਂਟ ਪ੍ਰਤੀ ਉਤਸ਼ਾਹ ਪੈਦਾ ਕਰਨ ’ਚ ਮਦਦ ਕਰੇਗੀ।’ ਉਨ੍ਹਾਂ ਅੱਗੇ ਕਿਹਾ ਕਿ ਸਰਕਾਰੀ ਵਿਭਾਗਾਂ, ਟੂਰਨਾਮੈਂਟ ਦੇ ਪ੍ਰਬੰਧਕਾਂ ਤੇ ਹੋਰ ਸਬੰਧਤ ਭਾਈਵਾਲਾਂ ਦਰਮਿਆਨ ਸੁਚਾਰੂ ਤਾਲਮੇਲ ਯਕੀਨੀ ਬਣਾਉਣ ਲਈ ਵਿਸ਼ੇਸ਼ ਤਾਲਮੇਲ ਕਮੇਟੀ ਗਠਿਤ ਕੀਤੀ ਜਾਵੇਗੀ ਤਾਂ ਜੋ ਚੈਂਪੀਅਨਸ਼ਿਪ ਨੂੰ ਕੁਸ਼ਲਤਾ ਤੇ ਉੱਚਤਮ ਮਿਆਰਾਂ ਅਨੁਸਾਰ ਕਰਵਾਇਆ ਜਾ ਸਕੇ। ਮੀਟਿੰਗ ਵਿੱਚ ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਵਧੀਕ ਮੁੱਖ ਸਕੱਤਰ ਅਨੁਰਾਗ ਵਰਮਾ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਡਾ. ਰਵੀ ਭਗਤ, ਖੇਡ ਸਕੱਤਰ ਵਰੁਣ ਰੂਜਮ, ਸੂਚਨਾ ਅਤੇ ਲੋਕ ਸੰਪਰਕ ਵਿਭਾਗ ਦੇ ਸਕੱਤਰ ਪੁਨੀਤ ਗੋਇਲ ਅਤੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।

About The Author

Related Posts