Punjab News: ਪੰਜਾਬ ਦੀਆਂ ਮੰਡੀਆਂ ‘ਚ 28 ਲੱਖ ਮੀਟਰਿਕ ਟਨ ਕਣਕ ਦੀ ਆਮਦ, 24 ਲੱਖ ਮੀਟਰਿਕ ਟਨ ਤੋਂ ਵੱਧ ਦੀ ਖ਼ਰੀਦ : ਲਾਲ ਚੰਦ ਕਟਾਰੂਚੱਕ

ਦਾਣਾ ਮੰਡੀ ਟਾਂਡਾ ‘ਚ ਲਿਆ ਖਰੀਦ ਪ੍ਰਬੰਧਾਂ ਦਾ ਜਾਇਜ਼ਾ, ਕਿਸਾਨਾਂ ਦੇ ਖਾਤਿਆਂ ‘ਚ 647 ਕਰੋੜ ਰੁਪਏ ਤੋਂ ਵੱਧ ਦੀ ਅਦਾਇਗੀ

Ravinder Sharma Picture
Published On

ਚੰਡੀਗੜ੍ਹ/ਟਾਂਡਾ: ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਇੱਥੇ ਦਾਣਾ ਮੰਡੀ ਵਿਖੇ ਕਣਕ ਦੀ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਮੌਕੇ ਕਿਹਾ ਕਿ ਸੂਬੇ ਦੀਆਂ ਮੰਡੀਆਂ ਵਿਚ ਕਣਕ ਦੀ ਖਰੀਦ ਨਿਰਵਿਘਨ ਜਾਰੀ ਹੈ ਅਤੇ ਹੁਣ ਤੱਕ ਹੋਈ 28 ਲੱਖ ਮੀਟਰਿਕ ਟਨ ਤੋਂ ਵੱਧ ਕਣਕ ਦੀ ਆਮਦ ‘ਚੋਂ 24 ਲੱਖ ਮੀਟਰਿਕ ਟਨ ਤੋਂ ਵੱਧ ਫਸਲ ਖਰੀਦੀ ਜਾ ਚੁੱਕੀ ਹੈ।

ਦਾਣਾ ਮੰਡੀ ਵਿਖੇ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਅਤੇ ਸੰਬੰਧਤ ਅਧਿਕਾਰੀਆਂ ਸਮੇਤ ਪਹੁੰਚੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਨੇੜਲੇ ਪਿੰਡ ਬਸਤੀ ਦੇ ਕਿਸਾਨ ਜੈਲ਼ਾ ਦੀ ਢੇਰੀ ਦੀ ਖ਼ਰੀਦ ਕਰਵਾਉਂਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੰਡੀਆਂ ਵਿਚ ਖ਼ਰੀਦ ਦੇ ਪੁਖਤਾ ਇੰਤਜ਼ਾਮ ਕੀਤੇ ਗਏ ਹਨ ਜਿਸ ਕਰਕੇ ਕਿਸਾਨਾਂ ਨੂੰ ਫ਼ਸਲ ਵੇਚਣ ਵਿਚ ਕੋਈ ਪ੍ਰੇਸ਼ਾਨੀ ਨਹੀਂ ਆਵੇਗੀ ।

Punjab-News

ਉਨ੍ਹਾਂ ਕਿਹਾ ਕਿ ਕਣਕ ਦੀ ਖ਼ਰੀਦ ਬਦਲੇ ਘੱਟੋ-ਘੱਟ ਸਮਰਥਨ ਮੁੱਲ 2585 ਦੇ ਹਿਸਾਬ ਨਾਲ ਹੁਣ ਤੱਕ ਕਿਸਾਨਾਂ ਦੇ ਖਾਤਿਆਂ ਵਿਚ 647 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਫ਼ਸਲ ਦਾ ਇਕ-ਇੱਕ ਦਾਣਾ ਚੁੱਕਣ ਲਈ ਵਚਨਬੱਧ ਹੈ ਜਿਸ ਦੇ ਸਿੱਟੇ ਵਜੋਂ ਮੰਡੀਆਂ ਵਿਚ ਨਿਰਵਿਘਨ ਖ਼ਰੀਦ ਜਾਰੀ ਹੈ। ਉਨ੍ਹਾਂ ਕਿਹਾ ਕਿ ਨਿਯਮਾਂ ਅਨੁਸਾਰ ਖਰੀਦ ਦੇ 48 ਘੰਟਿਆਂ ਵਿੱਚ ਕਿਸਾਨਾਂ ਨੂੰ ਬਣਦੀਆਂ ਅਦਾਇਗੀਆਂ ਵੀ ਕੀਤੀਆਂ ਜਾ ਰਹੀਆਂ ਹਨ ਅਤੇ ਇਸ ਦੇ ਨਾਲ ਜੀ ਲਿਫਟਿੰਗ ਵੀ ਤੇਜ਼ ਹੋ ਰਹੀ ਹੈ।

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਖ਼ਰੀਦ ਏਜੰਸੀਆਂ ਦੇ ਨੁਮਾਇੰਦਿਆਂ ਅਤੇ ਸੰਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿਚ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਵੇ। ਮੰਡੀਆਂ ਵਿਚ ਬਾਰਦਾਨਾ, ਮੰਡੀ ਲੇਬਰ ਅਤੇ ਢੋਆ-ਢੁਆਈ ਦੇ ਪ੍ਰਬੰਧਾਂ ਦੀ ਗੱਲ ਕਰਦਿਆਂ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਸੂਬੇ ਭਰ ਦੀਆਂ ਮੰਡੀਆਂ ਵਿੱਚ ਸਾਰੇ ਲੋੜੀਂਦੇ ਪ੍ਰਬੰਧ ਅਮਲ ਵਿਚ ਹਨ ਅਤੇ ਕਣਕ ਦੀ ਖਰੀਦ ਸੁਚੱਜੇ ਢੰਗ ਨਾਲ ਜਾਰੀ ਹੈ। ਉਨ੍ਹਾਂ ਨੇ ਕਿਸਾਨਾਂ ਵੱਲੋਂ ਆਪਣੇ ਖੂਨ-ਪਸੀਨੇ ਅਤੇ ਮਿਹਨਤ ਨਾਲ ਪੈਦਾ ਕੀਤੇ ਇੱਕ-ਇੱਕ ਦਾਣੇ ਨੂੰ ਖਰੀਦਣ ਦੀ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਕਿਸਾਨਾਂ ਦੀ ਫਸਲ ਘੱਟੋ-ਘੱਟ ਸਮੇਂ ਵਿਚ ਖਰੀਦ ਕੇ ਨਿਰਧਾਰਤ ਸਮੇਂ ਵਿਚ ਉਨ੍ਹਾਂ ਦੇ ਖਾਤਿਆਂ ਵਿਚ ਅਦਾਇਗੀਆਂ ਕੀਤੀਆਂ ਜਾ ਰਹੀਆਂ ਹਨ । ਕੈਬਿਨਟ ਮੰਤਰੀ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਣਕ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਾਉਣ ਸਗੋਂ ਖੇਤੀਬਾੜੀ ਵਿਭਾਗ ਦੀਆਂ ਟੀਮਾਂ ਰਾਹੀਂ ਉਪਲਬਧ ਮਸ਼ੀਨਰੀ ਨਾਲ ਇਸ ਦਾ ਖੇਤਾਂ ਵਿਚ ਹੀ ਪ੍ਰਬੰਧਨ ਕਰਨ ।

ਪਿਛਲੇ ਦਿਨੀ ਬੇਮੌਸਮੀ ਬਰਸਾਤ ਕਾਰਨ ਫ਼ਸਲ ਨੂੰ ਹੋਏ ਨੁਕਸਾਨ ਬਾਰੇ ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਹਿਲਾਂ ਹੀ ਵਿਸ਼ੇਸ਼ ਗਿਰਦਾਵਰੀ ਦੇ ਨਿਰਦੇਸ਼ ਦੇ ਦਿੱਤੇ ਸਨ ਅਤੇ ਕਿਸਾਨਾਂ ਦੇ ਨੁਕਸਾਨ ਦੀ ਭਰਪਾਈ ਪੰਜਾਬ ਸਰਕਾਰ ਵੱਲੋਂ ਕੀਤੀ ਜਾਵੇਗੀ।

ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਫ਼ਸਲ ਨੂੰ ਪਿਛਲੇ ਸਾਲਾਂ ਵਾਂਗ ਸੁਚੱਜੇ ਢੰਗ ਨਾਲ ਨਾਲੋ-ਨਾਲ ਖ਼ਰੀਦ ਕੇ ਲਿਫ਼ਟ ਕਰਵਾਏਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਰਾਜ ਸਰਕਾਰ ਨੇ ਲਗਾਤਾਰ ਕਿਸਾਨਾਂ ਦੀ ਬਾਂਹ ਫੜੀ ਹੈ ਅਤੇ ਕਈ ਵੱਡੇ ਕਿਸਾਨ ਪੱਖੀ ਫ਼ੈਸਲੇ ਲਏ ਹਨ ਜਿਸ ਨਾਲ ਸੂਬੇ ਭਰ ਵਿਚ ਕਿਸਾਨਾਂ ਨੂੰ ਬੇਹੱਦ ਲਾਭ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਫ਼ਸਲ ਦੀ ਖਰੀਦ ਬਦਲੇ ਨਿਰਧਾਰਤ ਸਮੇਂ ਦੇ ਵਿੱਚ-ਵਿੱਚ ਅਦਾਇਗੀਆਂ ਨੂੰ ਯਕੀਨੀ ਬਣਾ ਰਹੀ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਵੀ ਤਾਕੀਦ ਕੀਤੀ ਗਈ ਹੈ ਕਿ ਮੰਡੀਆਂ ਵਿਚ ਕਿਸਾਨਾਂ ਦੀ ਫ਼ਸਲ ਦੀ ਸਮੇਂ ਸਿਰ ਖਰੀਦ ਕੀਤੀ ਜਾਵੇ।

ਜ਼ਿਕਰਯੋਗ ਹੈ ਕਿ ਜ਼ਿਲਾ ਹੁਸ਼ਿਆਰਪੁਰ ਵਿਚ ਕੁੱਲ 78 ਮੰਡੀਆਂ ਸਥਾਪਤ ਕੀਤੀਆਂ ਗਈਆਂ ਹਨ ਜਿਨ੍ਹਾਂ ਵਿਚੋਂ 65 ਮੰਡੀਆਂ ਪੱਕੀਆਂ ਅਤੇ 13 ਥਾਵਾਂ ‘ਤੇ ਖ਼ਰੀਦ ਦੇ ਆਰਜ਼ੀ ਪਬੰਧ ਕੀਤੇ ਗਏ ਹਨ ਜਦਕਿ ਜ਼ਿਲੇ ਵਿਚ ਕੁੱਲ 316000 ਮੀਟਰਿਕ ਟਨ ਕੜਕ ਦੀ ਆਮਦ ਦੀ ਸੰਭਾਵਨਾ ਹੈ। ਇਸ ਮੌਕੇ ਐਸ.ਡੀ. ਐਮ. ਲਵਪ੍ਰੀਤ ਸਿੰਘ, ਮਾਰਕਿਟ ਕਮੇਟੀ ਦੇ ਚੇਅਰਮੈਨ ਰਾਜਵਿੰਦਰ ਸਿੰਘ, ਮਾਰਕਿਟ ਕਮੇਟੀ ਸਕੱਤਰ ਹਰਪ੍ਰੀਤ ਸਿੰਘ, ਡਿਪਟੀ ਡਾਇਰੈਕਟਰ ਖੁਰਾਕ ਸਪਲਾਈ ਰਜਨੀਸ਼ ਕੁਮਾਰੀ, ਡੀ. ਐਫ. ਐਸ.ਸੀ. ਪ੍ਰੀਤਕਮਲ ਸੂਦ ਆਦਿ ਵੀ ਮੌਜੂਦ ਸਨ।

About The Author

Related Posts