Bhagwant Mann France Visit: ਭਗਵੰਤ ਮਾਨ ਦੀ ਫਰਾਂਸ ਯਾਤਰਾ ਨੂੰ ਹਾਈ ਕੋਰਟ ਦੀ ਮਨਜ਼ੂਰੀ, ਕੇਂਦਰ ਦੀ ਸੁਰੱਖਿਆ ਖ਼ਤਰੇ ਵਾਲੀ ਦਲੀਲ ਰੱਦ

ਖਾਲਿਸਤਾਨੀ ਕੱਟੜਪੰਥੀਆਂ ਤੋਂ ਖ਼ਤਰੇ ਦਾ ਹਵਾਲਾ ਦੇ ਕੇ ਕੇਂਦਰ ਨੇ ਰੋਕੀ ਸੀ ਯਾਤਰਾ

Khushdeep Singh Picture
Published On

ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਫਰਾਂਸ ਯਾਤਰਾ ਨੂੰ ਲੈ ਕੇ ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ਵਿਚਾਲੇ ਚੱਲ ਰਹੇ ਟਕਰਾਅ ’ਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਅਹਿਮ ਫ਼ੈਸਲਾ ਸੁਣਾਉਂਦਿਆਂ ਮੁੱਖ ਮੰਤਰੀ ਦੇ ਵਿਦੇਸ਼ ਦੌਰੇ ਨੂੰ ਮਨਜ਼ੂਰੀ ਦੇ ਦਿੱਤੀ ਹੈ। ਹਾਈ ਕੋਰਟ ਨੇ ਕੇਂਦਰ ਸਰਕਾਰ ਵੱਲੋਂ ਵਿਦੇਸ਼ ਜਾਣ ਲਈ ਰਾਜਨੀਤਿਕ ਮਨਜ਼ੂਰੀ ਦੇਣ ਤੋਂ ਕੀਤੇ ਇਨਕਾਰ ਨੂੰ ਰੱਦ ਕਰ ਦਿੱਤਾ।

ਭਗਵੰਤ ਮਾਨ ਤੇ ਉਨ੍ਹਾਂ ਦੇ ਅਧਿਕਾਰੀਆਂ ਨੇ ਇਹ ਦੌਰਾ 15 ਤੋਂ 21 ਅਕਤੂਬਰ ਤੱਕ ਕਰਨਾ ਹੈ ਕੇਂਦਰ ਸਰਕਾਰ ਨੇ ਅਦਾਲਤ ’ਚ ਹਲਫ਼ਨਾਮਾ ਦਾਇਰ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਜਾਨ ਨੂੰ ਖ਼ਤਰੇ ਸਬੰਧੀ ਕੇਂਦਰ ਨੂੰ ਖ਼ੁਫ਼ੀਆ ਜਾਣਕਾਰੀ ਮਿਲੀ ਹੈ। ਕੇਂਦਰ ਨੇ ਖ਼ਾਲਿਸਤਾਨੀ ਤੱਤਾਂ ਵੱਲੋਂ ਸੰਭਾਵੀ ਖ਼ਤਰੇ ਦਾ ਜ਼ਿਕਰ ਕੀਤਾ ਤੇ ਇਸ ਸਬੰਧੀ ਗੁਰਪਤਵੰਤ ਸਿੰਘ ਪੰਨੂ ਦਾ ਨਾਂਅ ਵੀ ਸਾਹਮਣੇ ਰੱਖਿਆ। ਕੇਂਦਰ ਦੀ ਦਲੀਲ ਸੀ ਕਿ ਵਿਦੇਸ਼ ’ਚ ਮੁੱਖ ਮੰਤਰੀ ਦੀ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕਰਨਾ ਵੱਡੀ ਚੁਣੌਤੀ ਹੋ ਸਕਦਾ ਹੈ। ਕੇਂਦਰ ਨੇ ਇਹ ਇਤਰਾਜ਼ ਵੀ ਉਠਾਇਆ ਕਿ ਫਰਾਂਸ ਸਰਕਾਰ ਵੱਲੋਂ ਰਸਮੀ ਸੱਦਾ ਮਿਲਣ ਬਾਰੇ ਸਥਿਤੀ ਸਪੱਸ਼ਟ ਨਹੀਂ ਸੀ।

ਇਸ ਤੋਂ ਇਲਾਵਾ, ਖੁਰਾਕੀ ਵਪਾਰ ਨਾਲ ਸਬੰਧਿਤ ਪ੍ਰਦਰਸ਼ਨੀ ’ਚ ਵੱਡੀ ਗਿਣਤੀ ’ਚ ਲੋਕਾਂ ਦੇ ਪਹੁੰਚਣ ਦੀ ਸੰਭਾਵਨਾ ਕਾਰਨ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਚਿੰਤਾ ਜਤਾਈ ਗਈ। ਦੂਜੇ ਪਾਸੇ, ਪੰਜਾਬ ਸਰਕਾਰ ਨੇ ਅਦਾਲਤ ’ਚ ਦਲੀਲ ਦਿੱਤੀ ਕਿ ਵਿਦੇਸ਼ ਮੰਤਰਾਲੇ ਨੇ ਯਾਤਰਾ ਦੀ ਮਨਜ਼ੂਰੀ ਦੇਣ ਤੋਂ ਇਨਕਾਰ ਕਰਦਿਆਂ ਕੋਈ ਕਾਰਨ ਨਹੀਂ ਦੱਸਿਆ ਤੇ ਨਾ ਹੀ ਸੂਬਾ ਸਰਕਾਰ ਨੂੰ ਆਪਣਾ ਪੱਖ ਰੱਖਣ ਦਾ ਮੌਕਾ ਦਿੱਤਾ। Bhagwant Mann France Visit

ਸਰਕਾਰ ਨੇ ਕਿਹਾ ਕਿ ਯਾਤਰਾ ਦੀਆਂ ਲੋੜੀਂਦੀਆਂ ਰਸਮੀ ਕਾਰਵਾਈਆਂ ਪੂਰੀਆਂ ਕੀਤੀਆਂ ਜਾ ਚੁੱਕੀਆਂ ਸਨ ਤੇ ਮਾਰਕਫੈੱਡ ਵੱਲੋਂ ਇਸ ਦੌਰੇ ਦਾ ਖ਼ਰਚਾ ਚੁੱਕਿਆ ਜਾਣਾ ਸੀ। ਪੰਜਾਬ ਸਰਕਾਰ ਨੇ ਕੇਂਦਰ ਦੇ ਰਵੱਈਏ ’ਤੇ ਸਵਾਲ ਚੁੱਕਦਿਆਂ ਦੋਸ਼ ਲਾਇਆ ਕਿ ਮੁੱਖ ਮੰਤਰੀ ਦੇ ਵਿਦੇਸ਼ੀ ਦੌਰਿਆਂ ਦੀ ਮਨਜ਼ੂਰੀ ਦੇ ਮਾਮਲੇ ’ਚ ਪੱਖਪਾਤ ਕੀਤਾ ਜਾ ਰਿਹਾ ਹੈ। ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਜਸਟਿਸ ਤ੍ਰਿਭੁਵਨ ਦਹੀਆ ਦੀ ਅਦਾਲਤ ਨੇ ਪੰਜਾਬ ਸਰਕਾਰ ਦੀ ਪਟੀਸ਼ਨ ਮਨਜ਼ੂਰ ਕਰ ਲਈ ਤੇ ਕੇਂਦਰ ਦੇ ਇਨਕਾਰ ਵਾਲੇ ਫ਼ੈਸਲੇ ਨੂੰ ਰੱਦ ਕਰ ਦਿੱਤਾ ਹੈ। Bhagwant Mann France Visit

ਜਿਸ ਤੋਂ ਬਾਅਦ ਪੰਜਾਬ ਸਰਕਾਰ ਨੇ ਇਸ ਦੌਰੇ ਨੂੰ ਲਈ ਰਵਾਨਾ ਹੋਣ ਸਬੰਧੀ ਤਿਆਰੀਆਂ ਵੀ ਸ਼ੁਰੂ ਕਰ ਦਿੱਤੀ ਗਈਆਂ ਹਨ।ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਪੰਜਾਬ ਦੇ ਵਫ਼ਦ ਦੀ ਅਗਵਾਈ ਕਰਦਿਆਂ ਪੈਰਿਸ ’ਚ ਹੋਣ ਵਾਲੀ ਕੌਮਾਂਤਰੀ ਖੁਰਾਕ ਪ੍ਰਦਰਸ਼ਨੀ ’ਚ ਸ਼ਾਮਲ ਹੋਣਾ ਹੈ। ਇਸ ਦਾ ਮੁੱਖ ਮਕਸਦ ਪੰਜਾਬ ਦੇ ਖੇਤੀਬਾੜੀ ਤੇ ਖੁਰਾਕੀ ਪਦਾਰਥਾਂ ਨੂੰ ਵਿਦੇਸ਼ੀ ਬਜ਼ਾਰਾਂ ’ਚ ਉਤਸ਼ਾਹਿਤ ਕਰਨਾ ਤੇ ਸੂਬੇ ਦੇ ਉਤਪਾਦਾਂ ਲਈ ਕੌਮਾਂਤਰੀ ਖ਼ਰੀਦਦਾਰਾਂ ਤੱਕ ਪਹੁੰਚ ਬਣਾਉਣਾ ਸੀ। ਪੰਜਾਬ ਦੀ ਸਹਿਕਾਰੀ ਸੰਸਥਾ ਮਾਰਕਫੈੱਡ ਨੂੰ ਇਸ ਪ੍ਰਦਰਸ਼ਨੀ ’ਚ ਭਾਰਤੀ ਮੰਡਪ ਅੰਦਰ ਥਾਂ ਮਿਲੀ ਸੀ।

ਇਹ ਵੀ ਪੜ੍ਹੋ : Rajbir Singh Ghuman: ਭ੍ਰਿਸ਼ਟਾਚਾਰ ਮਾਮਲਾ, ਸੀਬੀਆਈ ਅੱਗੇ ਪੇਸ਼ ਹੋਏ ਘੁੰਮਣ, ਛੇ ਘੰਟੇ ਹੋਈ ਪੁੱਛ ਪੜਤਾਲ

About The Author

Related Posts