Punjab
Drug Bust Amritsar: ਅੰਮ੍ਰਿਤਸਰ ਪੁਲਿਸ ਵੱਲੋਂ ਅੰਤਰਰਾਸ਼ਟਰੀ ਗਿਰੋਹ ਦਾ ਪਰਦਾਫਾਸ਼, 6 ਤਸਕਰ ਕਾਬੂ
ਸਰਹੱਦ ਪਾਰ ਨਸ਼ਾ ਤਸਕਰੀ ਕਰਨ ਵਾਲੇ ਇੱਕ ਅੰਤਰਰਾਸ਼ਟਰੀ ਗਿਰੋਹ ਦਾ ਪਰਦਾਫਾਸ਼
Drug Bust Amritsar: ਅੰਮ੍ਰਿਤਸਰ (ਸੱਚ ਕਹੂੰ ਨਿਊਜ਼/ਸ਼ਬਦ)। ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਨਸ਼ਾ ਤਸਕਰੀ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ ਸਰਹੱਦ ਪਾਰ ਨਸ਼ਾ ਤਸਕਰੀ ਕਰਨ ਵਾਲੇ ਇੱਕ ਅੰਤਰਰਾਸ਼ਟਰੀ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਕਾਰਵਾਈ ਦੌਰਾਨ 30.045 ਕਿਲੋਗ੍ਰਾਮ ਹੈਰੋਇਨ ਬਰਾਮਦ ਕਰਕੇ 6 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਜਿਨਾਂ ਵਿੱਚੋਂ ਚਾਰ ਨੌਜਵਾਨ ਬਾਲਕ ਹਨ ਅਤੇ ਦੋ ਨੌਜਵਾਨ ਅਜਿਹੇ ਹਨ ਜਿਨਾਂ ਦੀ ਉਮਰ 18 ਸਾਲ ਤੋਂ ਵੀ ਘੱਟ ਹੈ। ਇਸ ਕਾਰਵਾਈ ਨੂੰ ਸਰਹੱਦੀ ਖੇਤਰ ਵਿੱਚ ਨਸ਼ਾ ਤਸਕਰੀ ਖ਼ਿਲਾਫ਼ ਇੱਕ ਮਹੱਤਵਪੂਰਨ ਝਟਕਾ ਮੰਨਿਆ ਜਾ ਰਿਹਾ ਹੈ।
ਪੰਜਾਬ ਪੁਲਿਸ ਦੇ ਡੀਜੀਪੀ ਵੱਲੋਂ ਜਾਰੀ ਜਾਣਕਾਰੀ ਅਨੁਸਾਰ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੇ ਸੰਬੰਧ ਦੁਬਈ ਵਿੱਚ ਬੈਠੇ ਇੱਕ ਨਸ਼ਾ ਤਸਕਰ ਨਾਲ ਸਨ, ਜੋ ਸਰਹੱਦ ਪਾਰੋਂ ਪੰਜਾਬ ਵਿੱਚ ਹੈਰੋਇਨ ਦੀਆਂ ਖੇਪਾਂ ਭੇਜਣ ਦਾ ਕੰਮ ਕਰ ਰਿਹਾ ਸੀ। ਤਸਕਰ ਦੇ ਨਿਰਦੇਸ਼ਾਂ ਅਨੁਸਾਰ ਇਹ ਵਿਅਕਤੀ ਨਿਰਧਾਰਤ ਥਾਵਾਂ ਤੋਂ ਨਸ਼ੇ ਦੀਆਂ ਖੇਪਾਂ ਪ੍ਰਾਪਤ ਕਰਦੇ ਅਤੇ ਬਾਅਦ ਵਿੱਚ ਉਨ੍ਹਾਂ ਨੂੰ ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿੱਚ ਸਪਲਾਈ ਕਰਦੇ ਸਨ। ਇਸ ਸਬੰਧੀ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਪ੍ਰੈਸ ਕਾਨਫਰੰਸ ਕਰਕੇ ਮਾਮਲੇ ਦੀ ਜਾਣਕਾਰੀ ਸਾਂਝੀ ਕੀਤੀ।
ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਖੁਫੀਆ ਸੂਚਨਾ ਦੇ ਆਧਾਰ 'ਤੇ ਕੀਤੀ ਗਈ ਕਾਰਵਾਈ ਦੌਰਾਨ ਇਸ ਗਿਰੋਹ ਨੂੰ ਕਾਬੂ ਕੀਤਾ ਗਿਆ। ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਗਿਰੋਹ ਦੇ ਮੈਂਬਰ ਇੱਕ ਸੁਚੱਜੇ ਨੈੱਟਵਰਕ ਤਹਿਤ ਕੰਮ ਕਰ ਰਹੇ ਸਨ ਅਤੇ ਉਨ੍ਹਾਂ ਦੇ ਸੰਪਰਕ ਵਿਦੇਸ਼ਾਂ ਵਿੱਚ ਬੈਠੇ ਤਸਕਰਾਂ ਨਾਲ ਸਨ। ਪੁਲਿਸ ਮੁਤਾਬਕ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਵਿੱਚ ਕੁਝ ਨੌਜਵਾਨ ਵੀ ਸ਼ਾਮਲ ਹਨ, ਜਿਨ੍ਹਾਂ ਨੂੰ ਆਰਥਿਕ ਲਾਲਚ ਦੇ ਕੇ ਨਸ਼ਾ ਤਸਕਰੀ ਦੇ ਧੰਦੇ ਵਿੱਚ ਸ਼ਾਮਲ ਕੀਤਾ ਗਿਆ ਸੀ।
ਜਾਂਚ ਟੀਮ ਹੁਣ ਇਸ ਗਿਰੋਹ ਦੇ ਪਿੱਛੇ ਅਤੇ ਅੱਗੇ ਦੀਆਂ ਕੜੀਆਂ ਨੂੰ ਖੰਗਾਲ ਰਹੀ ਹੈ ਤਾਂ ਜੋ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਜਾ ਸਕੇ। ਇਸ ਮਾਮਲੇ ਵਿੱਚ ਥਾਣਾ ਛੇਹਰਟਾ ਵਿਖੇ NDPS ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਪੁਲਿਸ ਵੱਲੋਂ ਗਿਰੋਹ ਦੇ ਵਿੱਤੀ ਲੈਣ-ਦੇਣ, ਹਵਾਲਾ ਕਨੈਕਸ਼ਨਾਂ ਅਤੇ ਹੋਰ ਸਹਿਯੋਗੀਆਂ ਦੀ ਭੂਮਿਕਾ ਦੀ ਵੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਕਮਿਸ਼ਨਰ ਨੇ ਕਿਹਾ ਕਿ ਜਾਂਚ ਅੱਗੇ ਵਧਣ ਨਾਲ ਹੋਰ ਵੀ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ ਅਤੇ ਇਸ ਨੈੱਟਵਰਕ ਨਾਲ ਜੁੜੇ ਹੋਰ ਵਿਅਕਤੀਆਂ ਖ਼ਿਲਾਫ਼ ਵੀ ਜਲਦ ਕਾਰਵਾਈ ਕੀਤੀ ਜਾਵੇਗੀ।