Punjab
BJP Punjab News: ਚੋਣਾਂ ਤੋਂ ਪਹਿਲਾਂ ਭਾਜਪਾ ਦੀ ਨਵੀਂ ਰਣਨੀਤੀ ਤੈਅ, ਜਾਣੋ ਵਿਜੈ ਸ਼ਰਮਾ ਨੇ ਕੀ ਕਿਹਾ
ਭਾਜਪਾ ਵੱਲੋਂ 25 ਦੇ 25 ਵਾਰਡਾਂ ਵਿੱਚ ਮਜ਼ਬੂਤ ਉਮੀਦਵਾਰ ਉਤਾਰਨ ਦਾ ਦਾਅਵਾ
BJP Punjab News: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਭਾਰਤੀ ਜਨਤਾ ਪਾਰਟੀ ਨੇ ਫਰੀਦਕੋਟ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਆਪਣੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਹਾਲਾਂਕਿ ਚੋਣਾਂ ਦੀਆਂ ਤਰੀਕਾਂ ਦਾ ਅਧਿਕਾਰਿਕ ਐਲਾਨ ਨਹੀਂ ਹੋਇਆ, ਪਰ ਪਾਰਟੀ ਵੱਲੋਂ 25 ਵਾਰਡਾਂ ਲਈ ਉਮੀਦਵਾਰਾਂ ਦੀ ਚੋਣ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਇਸ ਸਬੰਧੀ ਭਾਜਪਾ ਵੱਲੋਂ ਨਗਰ ਕੌਂਸਲ ਚੋਣਾਂ ਲਈ ਲਗਾਏ ਗਏ ਫਰੀਦਕੋਟ ਦੇ ਇੰਚਾਰਜ ਵਿਜੈ ਸ਼ਰਮਾ, ਜ਼ਿਲ੍ਹਾ ਪ੍ਰਧਾਨ ਗੌਰਵ ਕੱਕੜ, ਸੰਦੀਪ ਸਿੰਘ ਸੰਨੀ ਬਰਾੜ ਅਤੇ ਗਗਨ ਸੇਠੀ ਵੱਲੋਂ ਪ੍ਰੈਸ ਵਾਰਤਾ ਕੀਤੀ ਗਈ।
ਇਸ ਮੌਕੇ ਵਿਜੈ ਸ਼ਰਮਾ ਨੇ ਦੱਸਿਆ ਕਿ ਪਾਰਟੀ ਦੇ ਸਰਗਰਮ ਵਰਕਰ ਅਤੇ ਅਹੁਦੇਦਾਰ ਵੱਖ-ਵੱਖ ਵਾਰਡਾਂ ਤੋਂ ਚੋਣ ਲੜਨ ਲਈ ਆਪਣੀਆਂ ਅਰਜ਼ੀਆਂ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਭਾਜਪਾ ਵੱਲੋਂ ਖੁੱਲ੍ਹੇ ਤੌਰ ’ਤੇ ਹਰ ਉਸ ਵਿਅਕਤੀ ਦਾ ਸਵਾਗਤ ਕੀਤਾ ਜਾ ਰਿਹਾ ਹੈ ਜੋ ਭਾਜਪਾ ਦੀ ਟਿਕਟ ’ਤੇ ਚੋਣ ਲੜਨਾ ਚਾਹੁੰਦਾ ਹੈ। ਉਨ੍ਹਾਂ ਦੱਸਿਆ ਕਿ ਉਮੀਦਵਾਰਾਂ ਦੀ ਚੋਣ ਦੌਰਾਨ ਪਾਰਟੀ ਪ੍ਰਤੀ ਨਿਸ਼ਠਾ, ਸਮਾਜਿਕ ਛਵੀ ਅਤੇ ਲੋਕਾਂ ਨਾਲ ਜੁੜਾਅ ਨੂੰ ਮੁੱਖ ਆਧਾਰ ਬਣਾਇਆ ਜਾਵੇਗਾ।
ਉਨ੍ਹਾਂ ਕਿਹਾ ਕਿ ਚੋਣਾਂ ਦੀ ਅਧਿਕਾਰਿਕ ਘੋਸ਼ਣਾ ਤੱਕ ਅਰਜ਼ੀਆਂ ਲੈਣ ਦੀ ਪ੍ਰਕਿਰਿਆ ਜਾਰੀ ਰਹੇਗੀ। ਪਾਰਟੀ ਵੱਲੋਂ ਪਹਿਲਾਂ ਆਪਣੇ ਪੁਰਾਣੇ ਅਤੇ ਸਰਗਰਮ ਵਰਕਰਾਂ ਨੂੰ ਤਰਜ਼ੀਹ ਦਿੱਤੀ ਜਾਵੇਗੀ। ਉਨ੍ਹਾਂ ਦਾਅਵਾ ਕੀਤਾ ਕਿ 25 ਦੇ 25 ਵਾਰਡਾਂ ਵਿੱਚ ਭਾਜਪਾ ਮਜ਼ਬੂਤ ਉਮੀਦਵਾਰ ਮੈਦਾਨ ਵਿੱਚ ਉਤਾਰੇਗੀ ਅਤੇ ਪਾਰਟੀ ਦੀ ਰਣਨੀਤੀ ਸਿਰਫ਼ ਚੋਣ ਲੜਨ ਦੀ ਨਹੀਂ, ਸਗੋਂ ਹਰ ਵਾਰਡ ਜਿੱਤਣ ਦੀ ਹੈ। ਵਿਜੈ ਸ਼ਰਮਾ ਨੇ ਕਿਹਾ ਕਿ ਪੰਜਾਬ ਵਿੱਚ ਹੁਣ ਪਾਰਟੀ ਨੂੰ ਪਿੰਡਾਂ ਅਤੇ ਸ਼ਹਿਰਾਂ ਦੋਵਾਂ ਥਾਵਾਂ ’ਤੇ ਲੋਕਾਂ ਦਾ ਸਮਰਥਨ ਮਿਲ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪਹਿਲਾਂ ਵਾਲੀ ਇਹ ਧਾਰਣਾ ਹੁਣ ਖਤਮ ਹੋ ਚੁੱਕੀ ਹੈ ਕਿ ਭਾਜਪਾ ਸਿਰਫ਼ ਸ਼ਹਿਰਾਂ ਦੀ ਪਾਰਟੀ ਹੈ। ਪਾਰਟੀ ਆਗੂਆਂ ਨੇ ਕਿਹਾ ਕਿ ਉਹ ਲਗਾਤਾਰ ਪੇਂਡੂ ਖੇਤਰਾਂ ਵਿੱਚ ਜਾ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣ ਰਹੇ ਹਨ।
ਇਸ ਦੌਰਾਨ ਉਨ੍ਹਾਂ ਆਮ ਆਦਮੀ ਪਾਰਟੀ ਸਰਕਾਰ ’ਤੇ ਵੀ ਨਿਸ਼ਾਨੇ ਸਾਧੇ। ਉਨ੍ਹਾਂ ਕਿਹਾ ਕਿ ਲੋਕ ਆਪਣੇ-ਆਪ ਨੂੰ ਠੱਗਿਆ ਹੋਇਆ ਮਹਿਸੂਸ ਕਰ ਰਹੇ ਹਨ ਅਤੇ ਸਰਕਾਰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਵਿੱਚ ਅਸਫਲ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਸਰਕਾਰ ਵੱਲੋਂ ਨਗਰ ਕੌਂਸਲਾਂ ਅਤੇ ਨਗਰ ਨਿਗਮਾਂ ਨੂੰ ਭੇਜੇ ਜਾਣ ਵਾਲੇ ਫੰਡਾਂ ਦੀ ਸਹੀ ਵਰਤੋਂ ਨਹੀਂ ਹੋ ਰਹੀ ਅਤੇ ਕਈ ਵਿਕਾਸ ਕਾਰਜ ਅਜੇ ਵੀ ਲਟਕੇ ਪਏ ਹਨ।
ਉਨ੍ਹਾਂ ਇਹ ਵੀ ਕਿਹਾ ਕਿ ਨਵੀਂ ਵਾਰਡਬੰਦੀ ਨੂੰ ਲੈ ਕੇ ਲੋਕਾਂ ਵਿੱਚ ਭਰਮ ਪੈਦਾ ਕਰਨ ਦੀ ਕੋਸ਼ਿਸ਼ ਕੀਤੀ ਗਈ, ਜਿਸ ਸਬੰਧੀ ਮਾਮਲਾ ਅਦਾਲਤ ਵਿੱਚ ਵੀ ਚੱਲ ਰਿਹਾ ਹੈ। ਉਨ੍ਹਾਂ ਭਰੋਸਾ ਜਤਾਇਆ ਕਿ ਜਨਤਾ ਭਾਜਪਾ ’ਤੇ ਵਿਸ਼ਵਾਸ ਕਰ ਰਹੀ ਹੈ ਅਤੇ ਆਉਣ ਵਾਲੀਆਂ ਚੋਣਾਂ ਵਿੱਚ ਪਾਰਟੀ ਨੂੰ ਵੱਡਾ ਸਮਰਥਨ ਮਿਲੇਗਾ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਗੌਰਵ ਕੱਕੜ ਨੇ ਕਿਹਾ ਕਿ ਭਾਜਪਾ ਹੁਣ ਜ਼ਮੀਨੀ ਪੱਧਰ ’ਤੇ ਕਾਫ਼ੀ ਮਜ਼ਬੂਤ ਹੋ ਚੁੱਕੀ ਹੈ, ਜਿਸ ਦੇ ਨਤੀਜੇ ਆਉਣ ਵਾਲੀਆਂ ਨਗਰ ਕੌਂਸਲ ਚੋਣਾਂ ਅਤੇ ਅਗਾਮੀ ਵਿਧਾਨ ਸਭਾ ਚੋਣਾਂ ਵਿੱਚ ਵੇਖਣ ਨੂੰ ਮਿਲਣਗੇ।
About The Author