Punjab
BJP Punjab News: ਭਾਜਪਾ ਦਾ ਉਦੇਸ਼ ਪੰਜਾਬ ਨੂੰ ਨਸ਼ਾ ਮੁਕਤ ਅਤੇ ਅਗਾਂਹਵਧੂ ਸੂਬਾ ਬਣਾਉਣ: ਕੇਂਦਰੀ ਰਾਜ ਮੰਤਰੀ ਪ੍ਰੋ. ਐਸ.ਪੀ. ਸਿੰਘ ਬਘੇਲ
ਕਿਹਾ, ਭਾਜਪਾ ਦਾ ਉਦੇਸ਼ ਨਸ਼ਾ ਮੁਕਤ ਅਤੇ ਵਿਕਾਸਮੁਖੀ ਪੰਜਾਬ ਬਣਾਉਣਾ
ਸ਼ਾਹਕੋਟ, (ਸੱਚ ਕਹੂੰ ਨਿਊਜ਼/ਹਿੰ.ਸ.)। ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਮੁੱਦੇ ’ਤੇ ਕੱਢੀ ਜਾ ਰਹੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਤਹਿਤ ਸ਼ਾਹਕੋਟ ਵਿੱਚ ਜਨਸਭਾ ਕਰਵਾਈ ਗਈ। ਇਸ ਮੌਕੇ ਕੇਂਦਰੀ ਰਾਜ ਮੰਤਰੀ ਪ੍ਰੋ. ਐਸ.ਪੀ. ਸਿੰਘ ਬਘੇਲ, ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਅਵਿਨਾਸ਼ ਰਾਏ ਖੰਨਾ ਅਤੇ ਪਾਰਟੀ ਦੇ ਮੀਤ ਪ੍ਰਧਾਨ ਰਵਿਕਰਨ ਸਿੰਘ ਕਾਹਲੋਂ ਨੇ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕੇ। ਪ੍ਰੋ. ਐਸ.ਪੀ. ਸਿੰਘ ਬਘੇਲ ਨੇ ਕਿਹਾ ਕਿ ਭਾਜਪਾ ਦਾ ਉਦੇਸ਼ ਨਸ਼ਾ ਮੁਕਤ ਅਤੇ ਵਿਕਾਸਮੁਖੀ ਪੰਜਾਬ ਬਣਾਉਣਾ ਹੈ।
ਇਹ ਵੀ ਪੜ੍ਹੋ: Amritsar Crime News: ਅੰਮ੍ਰਿਤਸਰ ਪੁਲਿਸ ਨੇ ਤਿੰਨ ਮੁਲਜ਼ਮਾਂ ਨੂੰ ਏਕੇ 47 ਤੇ 10 ਕਿੱਲੋ ਹੈਰੋਇਨ ਸਮੇਤ ਕੀਤਾ ਗ੍ਰਿਫਤਾਰ
ਉਨ੍ਹਾਂ ‘ਆਪ’ ਸਰਕਾਰ ’ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਸਰਕਾਰ ਨਸ਼ਿਆਂ ਦੀ ਸਮੱਸਿਆ ਨਾਲ ਨਜਿੱਠਣ ਵਿੱਚ ਉਮੀਦ ਮੁਤਾਬਕ ਸ਼ਫ਼ਲ ਨਹੀਂ ਹੋਈ। ਉਨ੍ਹਾਂ ਕਿਹਾ ਕਿ ਨਸ਼ਿਆਂ ਦਾ ਪ੍ਰਭਾਵ ਸਿਰਫ਼ ਨੌਜਵਾਨਾਂ ਤੱਕ ਸੀਮਤ ਨਹੀਂ ਰਹਿੰਦਾ, ਸਗੋਂ ਇਸ ਨਾਲ ਪੂਰੇ ਪਰਿਵਾਰ ਪ੍ਰਭਾਵਿਤ ਹੁੰਦੇ ਹਨ। ਉਨ੍ਹਾਂ ਮੁਤਾਬਕ ਨਸ਼ਿਆਂ ਕਾਰਨ ਘਰੇਲੂ ਝਗੜੇ, ਹਿੰਸਾ ਅਤੇ ਆਰਥਿਕ ਮੁਸ਼ਕਲਾਂ ਵਰਗੀਆਂ ਸਮੱਸਿਆਵਾਂ ਵੀ ਪੈਦਾ ਹੁੰਦੀਆਂ ਹਨ।ਬਘੇਲ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਕਾਰਵਾਈ ਸਿਰਫ਼ ਨਸ਼ੇ ਦੀਆਂ ਖੇਪਾਂ ਫੜਨ ਤੱਕ ਸੀਮਤ ਨਹੀਂ ਹੋਣੀ ਚਾਹੀਦੀ, ਸਗੋਂ ਪੂਰੀ ਸਪਲਾਈ ਚੇਨ ਅਤੇ ਤਸਕਰੀ ਦੇ ਨੈੱਟਵਰਕ ਨੂੰ ਤੋੜਨ ਦੀ ਲੋੜ ਹੈ।
ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਦੀ ਬਜਾਏ ਰੁਜ਼ਗਾਰ, ਖੇਡਾਂ ਅਤੇ ਬਿਹਤਰ ਭਵਿੱਖ ਦੇ ਮੌਕੇ ਮਿਲਣੇ ਚਾਹੀਦੇ ਹਨ। ਉਨ੍ਹਾਂ ਪੰਜਾਬ ਵਿੱਚ ਕਾਨੂੰਨ-ਵਿਵਸਥਾ ਅਤੇ ਰੁਜ਼ਗਾਰ ਦੇ ਮੁੱਦਿਆਂ ’ਤੇ ਵੀ ਚਿੰਤਾ ਪ੍ਰਗਟ ਕੀਤੀ। ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਅਵਿਨਾਸ਼ ਰਾਏ ਖੰਨਾ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਲੈ ਕੇ ਸੂਬਾ ਸਰਕਾਰ ’ਤੇ ਸਵਾਲ ਚੁੱਕਦਿਆਂ ਦੋਸ਼ ਲਾਇਆ ਕਿ ਸਰਕਾਰ ਦੀ ਮੁਹਿੰਮ ਅਖ਼ਬਾਰੀ ਇਸ਼ਤਿਹਾਰਾਂ ਤੱਕ ਸੀਮਤ ਰਹਿ ਗਈ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਗ੍ਰਿਫ਼ਤਾਰੀਆਂ ਦੇ ਅੰਕੜਿਆਂ ਦੇ ਨਾਲ-ਨਾਲ ਵੱਡੇ ਤਸਕਰਾਂ ਅਤੇ ਪੂਰੇ ਸਪਲਾਈ ਨੈੱਟਵਰਕ ਖ਼ਿਲਾਫ਼ ਪ੍ਰਭਾਵਸ਼ਾਲੀ ਕਾਰਵਾਈ ਜ਼ਰੂਰੀ ਹੈ।
ਖੰਨਾ ਨੇ ਸ਼ਾਹਕੋਟ ਦੌਰੇ ਦੌਰਾਨ ਨਸ਼ਿਆਂ ਤੋਂ ਪ੍ਰਭਾਵਿਤ ਪਰਿਵਾਰਾਂ ਨਾਲ ਹੋਈ ਮੁਲਾਕਾਤ ਦਾ ਜ਼ਿਕਰ ਕਰਦਿਆਂ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਕਾਰਨ ਕਈ ਪਰਿਵਾਰਾਂ ਨੂੰ ਗੰਭੀਰ ਸਮਾਜਿਕ ਅਤੇ ਆਰਥਿਕ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਪੰਜਾਬ ਪੁਲਿਸ ਦੀ ਸਮਰੱਥਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਨਸ਼ਿਆਂ ਵਿਰੁੱਧ ਕਾਰਵਾਈ ਲਈ ਪੁਲਿਸ ਨੂੰ ਲੋੜੀਂਦੀ ਸਿਆਸੀ ਹਮਾਇਤ ਅਤੇ ਅਧਿਕਾਰ ਮਿਲਣੇ ਚਾਹੀਦੇ ਹਨ। ਭਾਜਪਾ ਦੇ ਮੀਤ ਪ੍ਰਧਾਨ ਅਤੇ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦੇ ਕੋਆਰਡੀਨੇਟਰ ਰਵਿਕਰਨ ਸਿੰਘ ਕਾਹਲੋਂ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਨੂੰ ਸਿਰਫ਼ ਸਰਕਾਰ ਜਾਂ ਕਿਸੇ ਇੱਕ ਸਿਆਸੀ ਪਾਰਟੀ ਤੱਕ ਸੀਮਤ ਨਹੀਂ ਰੱਖਿਆ ਜਾ ਸਕਦਾ।
ਉਨ੍ਹਾਂ ਕਿਹਾ ਕਿ ਪਾਰਟੀ ਯਾਤਰਾ ਰਾਹੀਂ ਪਿੰਡਾਂ, ਸ਼ਹਿਰਾਂ ਅਤੇ ਮੁਹੱਲਿਆਂ ਤੱਕ ਨਸ਼ਾ ਵਿਰੋਧੀ ਜਾਗਰੂਕਤਾ ਦਾ ਸੁਨੇਹਾ ਪਹੁੰਚਾਉਣ ਦੀ ਕੋਸ਼ਿਸ਼ ਕਰ ਰਹੀ ਹੈ।ਕਾਹਲੋਂ ਨੇ ਕਿਹਾ ਕਿ ਨਸ਼ਿਆਂ ਕਾਰਨ ਪ੍ਰਭਾਵਿਤ ਪਰਿਵਾਰਾਂ ਅਤੇ ਨੌਜਵਾਨਾਂ ਦੀ ਮਦਦ ਲਈ ਸਮਾਜ ਦੇ ਹਰ ਵਰਗ ਨੂੰ ਆਪਣੀ ਭੂਮਿਕਾ ਨਿਭਾਉਣੀ ਚਾਹੀਦੀ ਹੈ। ਭਾਜਪਾ ਆਗੂਆਂ ਨੇ ਪੰਜਾਬ ਨੂੰ ਨਸ਼ਿਆਂ ਤੋਂ ਮੁਕਤ ਕਰਨ, ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਵਧਾਉਣ ਅਤੇ ਕਾਨੂੰਨ-ਵਿਵਸਥਾ ਨੂੰ ਮਜ਼ਬੂਤ ਕਰਨ ਨੂੰ ਲੈ ਕੇ ਆਪਣੀ ਪਾਰਟੀ ਦੀਆਂ ਤਰਜੀਹਾਂ ਬਾਰੇ ਵੀ ਗੱਲ ਕੀਤੀ। ਪ੍ਰੋਗਰਾਮ ਦੌਰਾਨ ਭਾਜਪਾ ਵਰਕਰਾਂ ਅਤੇ ਸਮਰਥਕਾਂ ਨੇ ਨਸ਼ਿਆਂ ਵਿਰੁੱਧ ਜਾਗਰੂਕਤਾ ਦਾ ਸੁਨੇਹਾ ਘਰ-ਘਰ ਪਹੁੰਚਾਉਣ ਦਾ ਸੱਦਾ ਦਿੱਤਾ।