Punjab
BJP Punjab: ਭਾਜਪਾ ਵੱਲੋਂ ‘ਕਾਲੀ ਪੱਗ’ ਅੰਦੋਲਨ, ਮਾਵਾਂ-ਧੀਆਂ ਨੂੰ ਕਾਲੀ ਚੁੰਨੀਆਂ ਲੈਣ ਦੀ ਅਪੀਲ
ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕੀਤਾ ਐਲਾਨ, ਇਨਸਾਫ਼ ਮਿਲਣ ਤੱਕ ਸਿਰ ’ਤੇ ਰਹੇਗੀ ਕਾਲੀ ਪੱਗ
ਚੰਡੀਗੜ੍ਹ (ਅਸ਼ਵਨੀ ਚਾਵਲਾ)। ਮਾਨਸਾ ਵਿਖੇ ਕਤਲ ਕੀਤੇ ਗਏ ਪਰਮਿੰਦਰ ਸਿੰਘ ਝੋਟੇ ਨੂੰ ਇਨਸਾਫ਼ ਨਾ ਮਿਲਣ ਤੱਕ ਪੰਜਾਬ ਭਾਜਪਾ ਵੱਲੋਂ ‘ਕਾਲਾ’ ਅੰਦੋਲਨ ਚਲਾਉਣ ਦਾ ਐਲਾਨ ਕਰ ਦਿੱਤਾ ਗਿਆ ਹੈ। ਭਾਜਪਾ ਦੇ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਐਲਾਨ ਕੀਤਾ ਹੈ ਕਿ ਜਦੋਂ ਤੱਕ ਝੋਟਾ ਦੇ ਪਰਿਵਾਰ ਨੂੰ ਇਨਸਾਫ਼ ਨਹੀਂ ਮਿਲਦਾ, ਉਹ ਕਾਲੀ ਪੱਗ ਬੰਨ੍ਹ ਕੇ ਰੋਸ ਪ੍ਰਗਟਾਉਣਗੇ।
ਕਾਲੀ ਪੱਗ ਬੰਨ੍ਹ ਕੇ ਮੈਦਾਨ ਵਿੱਚ ਉੱਤਰੇ ਢਿੱਲੋਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਸਰਕਾਰ ਨੂੰ ਨਿਸ਼ਾਨੇ ’ਤੇ ਲੈਂਦਿਆਂ ਮੁੱਖ ਮੰਤਰੀ ਤੋਂ ਅਸਤੀਫ਼ੇ ਦੀ ਮੰਗ ਕੀਤੀ ਹੈ। ਕੇਵਲ ਸਿੰਘ ਢਿੱਲੋਂ ਨੇ ਪੰਜਾਬੀਆਂ ਨੂੰ ਅਪੀਲ ਕੀਤੀ ਹੈ ਕਿ ਪਰਵਿੰਦਰ ਸਿੰਘ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਕਾਲੀਆਂ ਪੱਗਾਂ, ਕਾਲੀਆਂ ਚੁੰਨੀਆਂ ਅਤੇ ਕਾਲੇ ਝੰਡਿਆਂ ਰਾਹੀਂ ਆਪਣਾ ਰੋਸ ਦਰਜ ਕਰਵਾਇਆ ਜਾਵੇ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਇੱਕ ਨੌਜਵਾਨ ਦੇ ਕਤਲ ਦਾ ਮਾਮਲਾ ਨਹੀਂ, ਸਗੋਂ ਪੰਜਾਬ ਵਿੱਚ ਕਾਨੂੰਨ-ਵਿਵਸਥਾ ਅਤੇ ਨਸ਼ਿਆਂ ਵਿਰੁੱਧ ਲੜਾਈ ਦੀ ਦਿਸ਼ਾ ’ਤੇ ਗੰਭੀਰ ਸਵਾਲ ਖੜੇ੍ਹ ਕਰਦਾ ਹੈ।
Read Also : ਪਿੰਡ ਸੇਖਾ ਦੇ ਨੌਜਵਾਨ ਦੀ ਸ਼ਹਿਣਾ ਨੇੜਿਓਂ ਭੇਦਭਰੇ ਹਾਲਤ 'ਚ ਮਿਲੀ ਲਾਸ਼, ਕਤਲ ਦਾ ਸ਼ੱਕ
ਮਾਨਸਾ ਵਿੱਚ ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਚੱਲ ਰਹੇ ਮੋਰਚੇ ਵਿੱਚ ਸ਼ਾਮਲ ਹੋਣ ਤੋਂ ਬਾਅਦ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਅਵਾਜ਼ ਚੁੱਕਣ ਵਾਲੇ ਨੌਜਵਾਨ ਨਾਲ ਵਾਪਰੀ ਘਟਨਾ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਉਨ੍ਹਾਂ ਅਨੁਸਾਰ ਜੇ ਨਸ਼ਿਆਂ ਵਿਰੁੱਧ ਲੜਨ ਵਾਲਿਆਂ ਦੀ ਹੀ ਸੁਰੱਖਿਆ ਯਕੀਨੀ ਨਹੀਂ ਬਣਾਈ ਜਾ ਸਕਦੀ ਤਾਂ ਸਰਕਾਰ ਦੀ ਨਸ਼ਿਆਂ ਖ਼ਿਲਾਫ਼ ਮੁਹਿੰਮ ’ਤੇ ਸਵਾਲ ਉੱਠਣੇ ਸੁਭਾਵਿਕ ਹਨ।
‘ਕਾਲੀ ਪੱਗ ਸਰਕਾਰ ਦੀ ਨਕਾਮੀ ਵਿਰੁੱਧ ਰੋਸ ਦਾ ਪ੍ਰਤੀਕ’
ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਕਾਲੀ ਪੱਗ ਸਿਰਫ਼ ਪਹਿਰਾਵਾ ਨਹੀਂ, ਸਗੋਂ ਇਨਸਾਫ਼ ਦੀ ਮੰਗ ਅਤੇ ਸਰਕਾਰ ਦੀ ਨਕਾਮੀ ਵਿਰੁੱਧ ਰੋਸ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਝੋਟਾ ਦੇ ਪਰਿਵਾਰ ਨੂੰ ਇਨਸਾਫ਼ ਮਿਲਣ ਤੱਕ ਸੰਘਰਸ਼ ਜਾਰੀ ਰਹੇਗਾ ਅਤੇ ਭਾਜਪਾ ਪੀੜਤ ਪਰਿਵਾਰ ਦੇ ਨਾਲ ਖੜ੍ਹੀ ਰਹੇਗੀ। ਉਨ੍ਹਾਂ ਤੂਰ ਬੰਜਾਰਾ ਦੇ ਗੁਲਜ਼ਾਰ ਸਿੰਘ ਅਤੇ ਗੁਰਦਾਸਪੁਰ ਦੇ ਪਿੰਡ ਮਾੜੀ ਪੰਨਵਾਂ ਦੇ ਬਿਕਰਮਜੀਤ ਸਿੰਘ ਨਾਲ ਜੁੜੀਆਂ ਘਟਨਾਵਾਂ ਦਾ ਹਵਾਲਾ ਦਿੰਦਿਆਂ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕੇ। ਭਾਜਪਾ ਪੰਜਾਬ ਪ੍ਰਧਾਨ ਨੇ ਚਿਤਾਵਨੀ ਦਿੱਤੀ ਕਿ ਝੋਟਾ ਦੇ ਪਰਿਵਾਰ ਨੂੰ ਇਨਸਾਫ਼ ਮਿਲਣ ਤੱਕ ਰੋਸ ਦੀ ਅਵਾਜ਼ ਬੁਲੰਦ ਕੀਤੀ ਜਾਂਦੀ ਰਹੇਗੀ। ਉਨ੍ਹਾਂ ਪੰਜਾਬੀਆਂ ਨੂੰ ਸਿਆਸੀ ਵਖਰੇਵਿਆਂ ਤੋਂ ਉੱਪਰ ਉੱਠ ਕੇ ਪੀੜਤ ਪਰਿਵਾਰ ਦੇ ਹੱਕ ਵਿੱਚ ਖੜ੍ਹਨ ਦਾ ਸੱਦਾ ਦਿੱਤਾ।