Captain Amarinder Singh BJP: ਚਰਨਜੀਤ ਚੰਨੀ ਆਪਣੇ ਈਡੀ ਕੇਸਾਂ ਦੀ ਚਿੰਤਾ ਕਰਨ, ਕੈਪਟਨ ਦੀ ਨਹੀਂ : ਪਰਨੀਤ ਕੌਰ
ਕੈਪਟਨ ਅਮਰਿੰਦਰ ਸਿੰਘ ਦੀ ਕਾਂਗਰਸ ਵਿੱਚ ਵਾਪਸੀ ਦੀਆਂ ਚਰਚਾਵਾਂ ’ਤੇ ਲਾਈ ਰੋਕ
ਚੰਡੀਗੜ੍ਹ (ਅਸ਼ਵਨੀ ਚਾਵਲਾ)। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕਾਂਗਰਸ ਵਿੱਚ ਵਾਪਸੀ ਦੀਆਂ ਚਰਚਾਵਾਂ ਦਰਮਿਆਨ ਸਾਬਕਾ ਸੰਸਦ ਮੈਂਬਰ ਪਰਨੀਤ ਕੌਰ ਨੇ ਸਪੱਸ਼ਟ ਕੀਤਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਭਾਜਪਾ ਵਿੱਚ ਹੀ ਰਹਿਣਗੇ। ਉਨ੍ਹਾਂ ਨੇ ਕਾਂਗਰਸੀ ਆਗੂ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਚੰਨੀ ਨੂੰ ਕੈਪਟਨ ਦੇ ਮਾਮਲਿਆਂ ਦੀ ਚਿੰਤਾ ਕਰਨ ਦੀ ਬਜਾਏ ਆਪਣੇ ਈਡੀ ਕੇਸਾਂ ਦੀ ਚਿੰਤਾ ਕਰਨੀ ਚਾਹੀਦੀ ਹੈ।
ਪਰਨੀਤ ਕੌਰ ਨੇ ਕਿਹਾ ਕਿ ਉਨ੍ਹਾਂ ਦਾ ਭਾਜਪਾ ਵਿੱਚ ਸ਼ਾਮਲ ਹੋਣ ਦਾ ਫ਼ੈਸਲਾ ਸੋਚ-ਸਮਝ ਕੇ ਲਿਆ ਗਿਆ ਸੀ। ਉਹ ਵਾਰ-ਵਾਰ ਆਪਣੇ ਫ਼ੈਸਲੇ ਨਹੀਂ ਬਦਲਦੇ। ਉਨ੍ਹਾਂ ਕਿਹਾ ਕਿ ਅਸੀਂ ਸਾਰੇ ਭਾਜਪਾ ਵਿੱਚ ਹਾਂ ਅਤੇ ਭਾਜਪਾ ਵਿੱਚ ਹੀ ਰਹਾਂਗੇ। ਪਰਨੀਤ ਕੌਰ ਵੱਲੋਂ ਚਰਨਜੀਤ ਸਿੰਘ ਚੰਨੀ ਦੇ ਉਸ ਬਿਆਨ ’ਤੇ ਪਲਟਵਾਰ ਕੀਤਾ ਹੈ, ਜਿਸ ਵਿੱਚ ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਸੀ ਕਿ ਕੈਪਟਨ ਅਮਰਿੰਦਰ ਸਿੰਘ ਦੀ ਹੁਣ ਭਾਜਪਾ ਤੋਂ ਕਾਂਗਰਸ ਵਿੱਚ ਵਾਪਸੀ ਨਹੀਂ ਹੋ ਸਕਦੀ।
ਕਿਉਂਕਿ ਉਨ੍ਹਾਂ ’ਤੇ ਈਡੀ ਕੇਸ ਚੱਲ ਰਹੇ ਹਨ। ਚਰਨਜੀਤ ਸਿੰਘ ਚੰਨੀ ਦੇ ਇਸ ਬਿਆਨ ਤੋਂ ਬਾਅਦ ਕਾਫ਼ੀ ਜ਼ਿਆਦਾ ਵਿਵਾਦ ਵੀ ਹੋਇਆ ਸੀ। ਇਸ ਮਾਮਲੇ ਵਿੱਚ ਫਿਲਹਾਲ ਕੈਪਟਨ ਅਮਰਿੰਦਰ ਸਿੰਘ ਦਾ ਕੋਈ ਬਿਆਨ ਨਹੀਂ ਆਇਆ ਹੈ, ਪਰ ਪਰਨੀਤ ਕੌਰ ਨੇ ਇਸ ਸਬੰਧੀ ਜੁਆਬੀ ਹਮਲਾ ਜ਼ਰੂਰ ਕੀਤਾ ਹੈ।
ਜ਼ਿਕਰਯੋਗ ਹੈ ਕਿ 16 ਨਵੰਬਰ ਨੂੰ ਦਿੱਲੀ ਵਿੱਚ ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਦੀ ਪੁਸਤਕ ‘ਬਿਲੌਂਗਿੰਗਜ਼ ਏ ਜਰਨੀ ਆਫ਼ ਲਵ’ ਦੇ ਰਿਲੀਜ਼ ਸਮਾਗਮ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਸ਼ਮੂਲੀਅਤ ਤੋਂ ਬਾਅਦ ਉਨ੍ਹਾਂ ਦੀ ਕਾਂਗਰਸ ਵਿੱਚ ਵਾਪਸੀ ਦੀਆਂ ਚਰਚਾਵਾਂ ਸ਼ੁਰੂ ਹੋ ਗਈਆਂ ਸਨ। ਇਸ ਸਮਾਗਮ ਵਿੱਚ ਰਾਹੁਲ ਗਾਂਧੀ ਸਮੇਤ ਕਾਂਗਰਸ ਦੇ ਕਈ ਸੀਨੀਅਰ ਆਗੂ ਮੌਜ਼ੂਦ ਸਨ।
ਇਹ ਵੀ ਪੜ੍ਹੋ : Farmers Union Punjab: ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਵੱਲੋਂ 2027 ਵਿਧਾਨ ਸਭਾ ਚੋਣਾਂ ਲਈ ਅਕਾਲੀ ਦਲ ਦੀ ਹਮਾਇਤ ਦਾ ਐਲਾਨ
Comments