Punjab News: ਵਾਰਿਸ ਪੰਜਾਬ ਦੇ ਜਥੇਬੰਦੀ ਦੇ ਪ੍ਰਦਰਸ਼ਨਕਾਰੀਆਂ ’ਤੇ ਮਾਮਲਾ ਦਰਜ

ਕਈ ਵੱਡੇ ਲੀਡਰਾਂ ਨੂੰ ਕੀਤਾ ਗਿਆ ਨਾਮਜ਼ਦ, ਵਿਧਾਇਕ ਮਨਪ੍ਰੀਤ ਸਿੰਘ ਇਆਲੀ ਵੀ ਸੂਚੀ ’ਚ ਸ਼ਾਮਲ

Khushdeep Singh Picture
Published On

Punjab News: ਚੰਡੀਗੜ੍ਹ (ਅਸ਼ਵਨੀ ਚਾਵਲਾ)। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਚੰਡੀਗੜ੍ਹ ਸਥਿਤ ਸਰਕਾਰੀ ਰਿਹਾਇਸ਼ ਵੱਲ ਕੂਚ ਕਰਨ ਦੌਰਾਨ ਪੁਲਿਸ ਨਾਲ ਹੋਈ ਝੜਪ ਮਾਮਲੇ ਵਿੱਚ ਚੰਡੀਗੜ੍ਹ ਪੁਲਿਸ ਨੇ ਅਕਾਲੀ ਦਲ (ਵਾਰਿਸ ਪੰਜਾਬ ਦੇ) ਦੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਸਮੇਤ 15 ਨਾਮਜ਼ਦ ਆਗੂਆਂ ਅਤੇ 2500 ਤੋਂ 3000 ਅਣਪਛਾਤੇ ਸਮਰਥਕਾਂ ਖ਼ਿਲਾਫ਼ ਐੱਫਆਈਆਰ ਦਰਜ ਕੀਤੀ ਹੈ। ਇਹ ਕਾਰਵਾਈ ਸੈਕਟਰ-49 ਥਾਣੇ ਦੇ ਸਬ-ਇੰਸਪੈਕਟਰ ਭੁਪਿੰਦਰ ਸਿੰਘ ਦੀ ਸ਼ਿਕਾਇਤ ਦੇ ਅਧਾਰ ’ਤੇ ਕੀਤੀ ਗਈ ਹੈ। ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਭਾਰਤੀ ਨਿਆਂ ਸੰਹਿਤਾ ਦੀਆਂ ਧਾਰਾਵਾਂ 121(1), 132 ਅਤੇ 223 ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਿਸ ਵੱਲੋਂ ਦਰਜ ਕੀਤੇ ਗਏ ਮਾਮਲੇ ਵਿੱਚ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਤੋਂ ਇਲਾਵਾ ਸਤਿੰਦਰਜੀਤ ਸਿੰਘ ਗਿੱਲ, ਕਾਬਲ ਸਿੰਘ ਭੁੱਲਰ, ਜਗਦੀਪ ਸਿੰਘ ਕਨਸਾਲਾ, ਇਕਬਾਲ ਸਿੰਘ ਸੰਧੂ, ਪਰਮਜੀਤ ਸਿੰਘ ਜੋਹਲ, ਅਜਾਇਬ ਸਿੰਘ ਮੁਖਮੈਲਪੁਰ, ਚਮਕੌਰ ਸਿੰਘ ਢਿੱਲੋਂ (ਧੁੰਨ), ਐਡਵੋਕੇਟ ਇਮਾਨ ਸਿੰਘ ਖਾਰਾ, ਜਸਵਿੰਦਰ ਸਿੰਘ ਡਰੋਲੀ, ਇਕਬਾਲ ਸਿੰਘ ਝੂੰਦਾ, ਕਰਨੈਲ ਸਿੰਘ ਪੰਜੋਲੀ, ਲੱਖਾ ਸਿਧਾਣਾ, ਭਾਨਾ ਸਿੱਧੂ ਅਤੇ ਲਖਵੀਰ ਸਿੰਘ ਲੱਖਾ ਨੂੰ ਨਾਮਜ਼ਦ ਕੀਤਾ ਗਿਆ ਹੈ।

Read Also : IMD Weather Update: 6 ਦਿਨ ਭਾਰੀ ਮੀਂਹ ਦੀ ਸੰਭਾਵਨਾ, ਉੱਤਰੀ ਸੂਬਿਆਂ ਲਈ ਅਲਰਟ ਜਾਰੀ

ਇਸ ਤੋਂ ਇਲਾਵਾ 2500 ਤੋਂ 3 ਹਜ਼ਾਰ ਅਣਪਛਾਤੇ ਸਮਰਥਕਾਂ ਖ਼ਿਲਾਫ਼ ਵੀ ਮਾਮਲਾ ਦਰਜ ਕੀਤਾ ਗਿਆ ਹੈ। ਚੰਡੀਗੜ੍ਹ ਪੁਲਿਸ ਵੱਲੋਂ ਦਰਜ ਐੱਫਆਈਆਰ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਪ੍ਰਦਰਸ਼ਨਕਾਰੀਆਂ ਨੂੰ ਵਾਰ-ਵਾਰ ਸੂਚਿਤ ਕੀਤਾ ਗਿਆ ਸੀ ਕਿ ਇਲਾਕੇ ਵਿੱਚ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਤਹਿਤ ਪਾਬੰਦੀਸ਼ੁਦਾ ਹੁਕਮ ਲਾਗੂ ਹਨ। ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਆਪਣਾ ਧਰਨਾ ਜਾਂ ਰੈਲੀ ਸੈਕਟਰ-25 ਸਥਿਤ ਤੈਅ ਰੈਲੀ ਗਰਾਊਂਡ ਵਿੱਚ ਕਰਨ ਦੀ ਸਲਾਹ ਵੀ ਦਿੱਤੀ ਸੀ। ਇਨ੍ਹਾਂ ਚਿਤਾਵਨੀ ਦੇ ਬਾਵਜੂਦ ਪ੍ਰਦਰਸ਼ਨਕਾਰੀਆਂ ਨੇ ਪੁਲਿਸ ਦੀ ਇੱਕ ਵੀ ਨਾ ਸੁਣੀ, ਸਗੋਂ ਪੁਲਿਸ ’ਤੇ ਹੀ ਹਮਲਾ ਕਰ ਦਿੱਤਾ ਗਿਆ। ਪੁਲਿਸ ਦਾ ਕਹਿਣਾ ਹੈ ਕਿ ਝੜਪ ਦੌਰਾਨ ਕਈ ਪੁਲਿਸ ਅਧਿਕਾਰੀ ਅਤੇ ਮੁਲਾਜ਼ਮ ਜ਼ਖ਼ਮੀ ਹੋਏ ਹਨ। ਸਥਿਤੀ ਕਾਬੂ ਤੋਂ ਬਾਹਰ ਹੁੰਦੀ ਦੇਖ ਪੁਲਿਸ ਵੱਲੋਂ ਪ੍ਰਦਰਸ਼ਨਕਾਰੀਆਂ ਨੂੰ ਖਦੇੜਨ ਲਈ ਵਾਟਰ ਕੈਨਨ ਦੀ ਵਰਤੋਂ ਕੀਤੀ ਗਈ।  ਪੁਲਿਸ ਵੱਲੋਂ ਪ੍ਰਦਰਸ਼ਨ ਦੌਰਾਨ ਬਣੀਆਂ ਵੀਡੀਓਜ਼, ਫੁਟੇਜ ਅਤੇ ਹੋਰ ਸਬੂਤਾਂ ਦੀ ਜਾਂਚ ਕਰਕੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। Punjab News

About The Author

Related Posts