Parvinder Singh Jhota Case: ਕੇਂਦਰ ਨੇ ਪਰਵਿੰਦਰ ਝੋਟੇ ਦੇ ਮਾਮਲੇ ’ਚ ਦਿੱਤਾ ਦਖਲ, ਪੰਜਾਬ ਤੋਂ ਮੰਗੀ ਰਿਪੋਰਟ

ਪੰਜਾਬ ’ਚ ਨਸ਼ੇ ਦੇ ਮੁੱਦੇ ’ਤੇ ਕੇਂਦਰ ਤੇ ਸੂਬੇ ਦੀ ‘ਆਪ’ ਸਰਕਾਰ ’ਚ ਖੜਕੀ

Khushdeep Singh Picture
Published On

ਚੰਡੀਗੜ੍ਹ (ਅਸ਼ਵਨੀ ਚਾਵਲਾ)। Parvinder Singh Jhota Case: ਮਾਨਸਾ ਦੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ’ਚ ਕੇਂਦਰ ਸਰਕਾਰ ਨੇ ਦਖਲ ਦੇ ਦਿੱਤਾ ਹੈ ਸ਼ੁੱਕਰਵਾਰ ਸ਼ਾਮ ਨੂੰ ਕੇਂਦਰੀ ਗ੍ਰਹਿ ਮੰਤਰਾਲੇ ਨੇ ਚਿੱਠੀ ਲਿਖ ਕੇ ਪੰਜਾਬ ਦੇ ਮੁੱਖ ਸਕੱਤਰ ਤੋਂ ਕਤਲ ਮਾਮਲੇ ਦੀ ਜਾਂਚ ਅਤੇ ਸੂਬਾ ਸਰਕਾਰ ਵੱਲੋਂ ਚੁੱਕੇ ਗਏ ਕਦਮਾਂ ਦੀ ਜਾਣਕਾਰੀ ਮੰਗੀ ਹੈ ਇਸ ਤੋਂ ਪਹਿਲਾਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸਿੱਧੇ ਤੌਰ ’ਤੇ ਭਗਵੰਤ ਮਾਨ ਸਰਕਾਰ ਨੂੰ ਘੇਰਿਆ ਹੈ ਅਤੇ ਐਲਾਨ ਕੀਤਾ ਹੈ ਕਿ ਕੇਂਦਰੀ ਗ੍ਰਹਿ ਮੰਤਰਾਲਾ ਇਸ ਮਾਮਲੇ ਸਮੇਤ ਦਿੜ੍ਹਬਾ ਦੀ ਇੱਕ ਹੋਰ ਘਟਨਾ ’ਤੇ ਪੰਜਾਬ ਸਰਕਾਰ ਤੋਂ ਜਵਾਬ ਮੰਗੇਗਾ।

ਅਮਿਤ ਸ਼ਾਹ ਵੱਲੋਂ ਇਸ ਮਾਮਲੇ ਵਿੱਚ ਸ਼ੋਸਲ ਮੀਡੀਆ ’ਤੇ ਲਿਖਦੇ ਹੋਏ ਪੰਜਾਬ ਸਰਕਾਰ ’ਤੇ ਨਸ਼ੇ ਸਬੰਧੀ ਕਾਫ਼ੀ ਜ਼ਿਆਦਾ ਗੰਭੀਰ ਦੋਸ਼ ਲਾਏ ਹਨ। ਅਮਿਤ ਸ਼ਾਹ ਨੇ ਸੋਸ਼ਲ ਮੀਡੀਆ ’ਤੇ ਲਿਖਿਆ ਕਿ ਪੰਜਾਬ ਨਸ਼ਿਆਂ, ਗੈਂਗਸਟਰਵਾਦ ਅਤੇ ਸੰਗਠਿਤ ਅਪਰਾਧ ਦੇ ਵਧਦੇ ਖ਼ਤਰੇ ਨਾਲ ਜੂਝ ਰਿਹਾ ਹੈ। ਉਨ੍ਹਾਂ ਪਰਵਿੰਦਰ ਸਿੰਘ ਝੋਟਾ ਦਾ ਦਿਨ-ਦਿਹਾੜੇ ਹੋਈ ਕਤਲ ਅਤੇ ਦਿੜ੍ਹਬਾ ਵਿੱਚ ਗੁਲਜ਼ਾਰ ਸਿੰਘ ਵੱਲੋਂ ਕਥਿਤ ਦਬਾਅ ਹੇਠ ਜ਼ਹਿਰੀਲਾ ਪਦਾਰਥ ਨਿਗਲਣ ਦੀ ਘਟਨਾ ਦਾ ਹਵਾਲਾ ਦਿੱਤਾ। ਅਮਿਤ ਸ਼ਾਹ ਮੁਤਾਬਕ ਝੋਟਾ ਦੇ ਪਿਤਾ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਇੱਕ ਵਿਧਾਇਕ ’ਤੇ ਗੰਭੀਰ ਦੋਸ਼ ਲਾਏ ਹਨ।

ਉਨ੍ਹਾਂ ਕਿਹਾ ਕਿ ਇਨ੍ਹਾਂ ਦੋਵਾਂ ਮਾਮਲਿਆਂ ’ਤੇ ਕੇਂਦਰੀ ਗ੍ਰਹਿ ਮੰਤਰਾਲਾ ਪੰਜਾਬ ਸਰਕਾਰ ਤੋਂ ਜਵਾਬ ਮੰਗੇਗਾ। ਅਮਿਤ ਸ਼ਾਹ ਨੇ ਮਾਨ ਸਰਕਾਰ ਨੂੰ ਸਵਾਲ ਕੀਤਾ ਕਿ ਜੇ ਨਸ਼ਿਆਂ ਵਿਰੁੱਧ ਆਵਾਜ਼ ਚੁੱਕਣ ਵਾਲੇ ਲੋਕਾਂ ਦੀ ਸੁਰੱਖਿਆ ’ਤੇ ਹੀ ਸਵਾਲ ਉੱਠ ਰਹੇ ਹਨ ਤਾਂ ਪੰਜਾਬੀਆਂ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਕੌਣ ਨਿਭਾਏਗਾ? ਉਨ੍ਹਾਂ ਕਿਹਾ ਕਿ ਲੋਕਾਂ ਨੂੰ ਪ੍ਰਚਾਰ ਅਤੇ ਐਲਾਨ ਨਹੀਂ, ਸਗੋਂ ਨਤੀਜੇ ਚਾਹੀਦੇ ਹਨ। ਨਾਲ ਹੀ ਉਨ੍ਹਾਂ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਨ ’ਤੇ ਨਸ਼ਾ ਮੁਕਤ ਅਤੇ ਗੈਂਗਸਟਰ ਮੁਕਤ ਪੰਜਾਬ ਬਣਾਉਣ ਦਾ ਵਾਅਦਾ ਦੁਹਰਾਇਆ। Parvinder Singh Jhota Case

ਕੇਜਰੀਵਾਲ ਦਾ ਜਵਾਬ, ਨਸ਼ਾ ਅਡਾਨੀ ਬੰਦਰਗਾਹ ਰਾਹੀਂ ਫੈਲਾਇਆ ਗਿਆ

ਅਮਿਤ ਸ਼ਾਹ ਦੇ ਬਿਆਨ ਤੋਂ ਬਾਅਦ ਅਰਵਿੰਦ ਕੇਜਰੀਵਾਲ ਨੇ ਭਾਜਪਾ ’ਤੇ ਹਮਲਾ ਕੀਤਾ। ਉਨ੍ਹਾਂ ਦੋਸ਼ ਲਾਇਆ ਕਿ ਅਡਾਨੀ ਬੰਦਰਗਾਹ ਰਾਹੀਂ ਨਸ਼ਾ ਦੇਸ਼ ਵਿੱਚ ਫੈਲਿਆ ਅਤੇ ਗੈਂਗਸਟਰਾਂ ਨੂੰ ਸਰਪ੍ਰਸਤੀ ਦੇ ਕੇ ਗੈਂਗਸਟਰਵਾਦ ਨੂੰ ਹੱਲਾਸ਼ੇਰੀ ਦਿੱਤੀ ਗਈ। ਕੇਜਰੀਵਾਲ ਨੇ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਦੇ ਮੁੱਦੇ ’ਤੇ ਮਾਨ ਸਰਕਾਰ ਨੂੰ ਘੇਰਨ ਤੋਂ ਪਹਿਲਾਂ ਕੇਂਦਰ ਨੂੰ ਆਪਣੇ ਪੱਧਰ ’ਤੇ ਨਸ਼ਿਆਂ ਦੀ ਤਸਕਰੀ ਰੋਕਣ ਬਾਰੇ ਜਵਾਬ ਦੇਣਾ ਚਾਹੀਦਾ ਹੈ। 

ਪੰਜਾਹ ਕਿਲੋਮੀਟਰ ਦੀ ਰੇਂਜ ਬੀਐੱਸਐੱਫ ਕੋਲ: ਮਾਨ

ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਅਮਿਤ ਸ਼ਾਹ ਦੇ ਬਿਆਨ ’ਤੇ ਪਲਟਵਾਰ ਕਰਦਿਆਂ ਕਿਹਾ ਕਿ ਉਨ੍ਹਾਂ ਬਾਰੇ ਬੋਲਣ ਤੋਂ ਪਹਿਲਾਂ ਸ਼ਾਹ ਨੂੰ ਗੁਜਰਾਤ ਦੀ ਸਥਿਤੀ ਵੱਲ ਧਿਆਨ ਦੇਣਾ ਚਾਹੀਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਬਾਰਡਰ ਸੂਬਾ ਹੈ ਅਤੇ ਇਸ ਬਾਰਡਰ ਵਾਲੇ ਸੂਬੇ ਵਿੱਚ 50 ਕਿਲੋਮੀਟਰ ਦੀ ਰੇਂਜ ਬੀਐੱਸਐੱਫ ਕੋਲ ਆਉਂਦੀ ਹੈ ਤਾਂ ਫਿਰ ਬਾਰਡਰ ਪਾਰ ਤੋਂ ਨਸ਼ਾ ਕਿਵੇਂ ਆ ਰਿਹਾ ਹੈ ਅਤੇ ਇਸ ਲਈ ਕੇਂਦਰ ਸਰਕਾਰ ਹੀ ਜ਼ਿੰਮੇਵਾਰ ਹੈ।

ਇਹ ਵੀ ਪੜ੍ਹੋ : Punjab News: ਰਾਹੁਲ ਗਾਂਧੀ ਪੰਜਾਬ 'ਚ ਕਾਂਗਰਸ ਦੇ ਨਸ਼ਿਆਂ ਦੇ ਰਿਕਾਰਡ ਦਾ ਜਵਾਬ ਦੇਣ: ਬਲਤੇਜ ਪੰਨੂ

About The Author

Related Posts