Land Mortgage Bank: ਲੈਂਡ ਮੋਰਗੇਜ ਬੈਂਕ ਮਾਮਲੇ ’ਚ ਪੰਜਾਬ ਸਰਕਾਰ ਨੇ 31 ਜੁਲਾਈ ਨੂੰ ਚੰਡੀਗੜ੍ਹ ਵਿਖੇ ਬੁਲਾਈ ਮੀਟਿੰਗ

ਭਾਕਿਯੂ ਏਕਤਾ ਸਿੱਧੂਪੁਰ ਨੇ 30 ਜੁਲਾਈ ਦਾ ਘਿਰਾਓ ਫਿਲਹਾਲ ਮੁਲਤਵੀ ਕੀਤਾ, ਮੰਗਾਂ ਨਾ ਮੰਨੀਆਂ ਗਈਆਂ ਤਾਂ 2 ਅਗਸਤ ਨੂੰ ਹੋਵੇਗਾ ਵੱਡਾ ਰੋਸ ਪ੍ਰਦਰਸ਼ਨ

Khushdeep Singh Picture
Published On

Land Mortgage Bank: ਫਰੀਦਕੋਟ (ਗੁਰਪ੍ਰੀਤ ਪੱਕਾ)। ਲੈਂਡ ਮੋਰਗੇਜ ਬੈਂਕ ਦੀ ਕਥਿਤ ਧੱਕੇਸ਼ਾਹੀ ਕਾਰਨ ਪਿੰਡ ਹਰੀ ਨੌ ਦੇ ਦੋ ਸਕੇ ਭਰਾਵਾਂ ਦੀ ਖੁਦਕੁਸ਼ੀ ਦੇ ਮਾਮਲੇ ’ਚ ਇਨਸਾਫ ਦੀ ਮੰਗ ਸਬੰਧੀ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵੱਲੋਂ ਚਲਾਏ ਜਾ ਰਹੇ ਸੰਘਰਸ਼ ਦਬਾਅ ਹੇਠ ਪੰਜਾਬ ਸਰਕਾਰ ਨੇ 31 ਜੁਲਾਈ ਨੂੰ ਚੰਡੀਗੜ੍ਹ ਵਿਖੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਬੁਲਾਈ ਹੈ। ਇਸ ਦੇ ਮੱਦੇਨਜ਼ਰ ਜਥੇਬੰਦੀ ਨੇ 30 ਜੁਲਾਈ ਨੂੰ ਪੰਜਾਬ ਵਿਧਾਨ ਸਭਾ ਦੇ ਸਪੀਕਰ ਦੇ ਘਰ ਦੇ ਘਿਰਾਓ ਦਾ ਐਲਾਨ ਫਿਲਹਾਲ ਮੁਲਤਵੀ ਕਰ ਦਿੱਤਾ ਹੈ। ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਭਾਰਤ ਦੇ ਕੌਮੀ ਕਨਵੀਨਰ ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਤੇ ਸੂਬਾ ਜਨਰਲ ਸਕੱਤਰ ਕਾਕਾ ਸਿੰਘ ਕੋਟੜਾ ਨੇ ਜਾਰੀ ਪ੍ਰੈਸ ਬਿਆਨ ’ਚ ਕਿਹਾ ਕਿ ਸਰਕਾਰੀ ਅਦਾਰਿਆਂ ਦਾ ਮੁੱਖ ਉਦੇਸ਼ ਲੋਕਾਂ ਦੀ ਜਾਨ-ਮਾਲ ਦੀ ਰੱਖਿਆ ਤੇ ਆਰਥਿਕ ਮਦਦ ਕਰਨਾ ਹੁੰਦਾ ਹੈ।

ਪਰ ਲੈਂਡ ਮੋਰਗੇਜ ਬੈਂਕ ਦੀ ਕਾਰਵਾਈ ਕਾਰਨ ਪਿੰਡ ਹਰੀ ਨੌ ਦੇ ਦੋ ਸਕੇ ਭਰਾ ਆਪਣੀਆਂ ਨਿੱਕੀਆਂ ਧੀਆਂ, ਬਜ਼ੁਰਗ ਮਾਪਿਆਂ ਤੇ ਪਰਿਵਾਰ ਦੀ ਜ਼ਿੰਮੇਵਾਰੀ ਪਿੱਛੇ ਛੱਡ ਕੇ ਖੁਦਕੁਸ਼ੀ ਕਰਨ ਲਈ ਮਜਬੂਰ ਹੋਏ। ਉਨ੍ਹਾਂ ਕਿਹਾ ਕਿ ਇਸ ਘਟਨਾ ਤੋਂ ਬਾਅਦ ਪਰਿਵਾਰ ਦੀਆਂ ਸਾਰੀਆਂ ਜ਼ਿੰਮੇਵਾਰੀਆਂ ਹੁਣ ਘਰ ਦੀਆਂ ਮਹਿਲਾਵਾਂ ਦੇ ਸਿਰ ਆ ਗਈਆਂ ਹਨ। ਕਿਸਾਨ ਆਗੂਆਂ ਨੇ ਦੱਸਿਆ ਕਿ ਮ੍ਰਿਤਕ ਕਿਸਾਨਾਂ ਦੇ ਭੋਗ ਸਮਾਗਮ ਮੌਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪੀੜਤ ਪਰਿਵਾਰਾਂ ਨੂੰ ਸਰਕਾਰੀ ਨੌਕਰੀ, ਆਰਥਿਕ ਮੁਆਵਜ਼ਾ ਤੇ ਬੱਚੀਆਂ ਦੀ ਚੰਗੇ ਸਕੂਲ ’ਚ ਪੜ੍ਹਾਈ ਕਰਵਾਉਣ ਦਾ ਐਲਾਨ ਕੀਤਾ ਗਿਆ ਸੀ, ਪਰ ਲੰਮਾ ਸਮਾਂ ਬੀਤਣ ਬਾਵਜੂਦ ਇਹ ਵਾਅਦੇ ਪੂਰੇ ਨਹੀਂ ਹੋਏ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਤੇ ਪ੍ਰਸ਼ਾਸਨ ਨੇ ਪੀੜਤਾਂ ਨੂੰ ਇਨਸਾਫ ਦੇਣ ਦੀ ਬਜਾਏ ਭ੍ਰਿਸ਼ਟ ਅਫਸਰਸ਼ਾਹੀ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ। Land Mortgage Bank

ਉਨ੍ਹਾਂ ਦੱਸਿਆ ਕਿ ਜਥੇਬੰਦੀ ਵੱਲੋਂ 30 ਜੁਲਾਈ ਨੂੰ ਸਪੀਕਰ ਦੇ ਘਰ ਦੇ ਘਿਰਾਓ ਦਾ ਐਲਾਨ ਕੀਤਾ ਗਿਆ ਸੀ। ਇਸ ਤੋਂ ਬਾਅਦ ਸਪੀਕਰ ਕੁਲਤਾਰ ਸਿੰਘ ਸੰਧਵਾਂ ਤੇ ਪ੍ਰਸ਼ਾਸਨ ਨੇ ਭਾਕਿਯੂ ਏਕਤਾ ਸਿੱਧੂਪੁਰ ਦੀ ਲੀਡਰਸ਼ਿਪ ਨਾਲ ਮੀਟਿੰਗ ਕਰਕੇ ਭਰੋਸਾ ਦਿੱਤਾ ਕਿ 31 ਜੁਲਾਈ ਨੂੰ ਚੰਡੀਗੜ੍ਹ ਵਿਖੇ ਸਬੰਧਤ ਉੱਚ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਪਿੰਡ ਹਰੀ ਨੌ ਦੇ ਪੀੜਤ ਪਰਿਵਾਰ ਨੂੰ ਇਨਸਾਫ ਦਿਵਾਉਣ ਤੇ ਲੈਂਡ ਮੋਰਗੇਜ ਬੈਂਕ ਨਾਲ ਜੁੜੀਆਂ ਮੰਗਾਂ ਦੇ ਹੱਲ ਲਈ ਗੰਭੀਰਤਾ ਨਾਲ ਵਿਚਾਰ ਕੀਤਾ ਜਾਵੇਗਾ। ਇਸ ਭਰੋਸੇ ਤੋਂ ਬਾਅਦ 30 ਜੁਲਾਈ ਦਾ ਘਿਰਾਓ ਫਿਲਹਾਲ ਮੁਲਤਵੀ ਕਰ ਦਿੱਤਾ ਗਿਆ। ਕਿਸਾਨ ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ 31 ਜੁਲਾਈ ਦੀ ਮੀਟਿੰਗ ’ਚ ਸਰਕਾਰ ਵੱਲੋਂ ਮੰਗਾਂ ਦਾ ਹੱਲ ਨਾ ਕੀਤਾ ਗਿਆ ਤਾਂ 2 ਅਗਸਤ ਨੂੰ ਹੋਰ ਵੱਡੇ ਪੱਧਰ ’ਤੇ ਇਕੱਠ ਕਰਕੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਘਰ ਦਾ ਘਿਰਾਓ ਕੀਤਾ ਜਾਵੇਗਾ। ਇਸ ਲਈ ਜ਼ਿਲ੍ਹਾ ਤੇ ਪਿੰਡ ਪੱਧਰ ਤੱਕ ਆਗੂਆਂ ਦੀਆਂ ਡਿਊਟੀਆਂ ਲਾ ਦਿੱਤੀਆਂ ਗਈਆਂ ਹਨ ਤੇ ਸੰਘਰਸ਼ ਨੂੰ ਹੋਰ ਮਜ਼ਬੂਤ ਕਰਨ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ।

Read Also : Shaheed Udham Singh: ਜ਼ਿਲ੍ਹਾ ਪੱਤਰਕਾਰ ਯੂਨੀਅਨ ਵੱਲੋਂ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਵਿਸ਼ਾਲ ਖੂਨਦਾਨ ਕੈਂਪ

About The Author

Related Posts