Punjab
Stubble Burning: ਪਰਾਲੀ ਸਾੜਨ ਨੂੰ ਰੋਕਣ ਲਈ ਪੰਜਾਬ ’ਚ ਵਿਆਪਕ ਜਾਗਰੂਕਤਾ ਮੁਹਿੰਮ ਦਾ ਸੱਦਾ : ਮੁੱਖ ਮੰਤਰੀ ਭਗਵੰਤ ਮਾਨ
ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਸਹੁੰ ਚੁੱਕ ਸਮਾਗਮ ਅਤੇ ਹੋਰ ਜਾਗਰੂਕਤਾ ਪ੍ਰੋਗਰਾਮ ਕਰਵਾਏ ਜਾਣ
Stubble Burning: ਚੰਡੀਗੜ੍ਹ, (ਸੱਚ ਕਹੂੰ ਨਿਊਜ਼/ਹਿੰ.ਸ.)। ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਹੋਰ ਘਟਾਉਣ ਲਈ ਸੂਬਾ ਸਰਕਾਰ ਵੱਲੋਂ ਪਿੰਡਾਂ ਅਤੇ ਬਲਾਕ ਪੱਧਰ ’ਤੇ ਵਿਆਪਕ ਜਾਗਰੂਕਤਾ ਮੁਹਿੰਮ ਚਲਾਈ ਜਾਵੇਗੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਰਾਲੀ ਪ੍ਰਬੰਧਨ ਸਬੰਧੀ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਅਧਿਕਾਰੀਆਂ ਨੂੰ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਨੁਕਸਾਨਾਂ ਅਤੇ ਇਸ ਦੇ ਵਿਹਾਰਕ ਬਦਲਾਂ ਬਾਰੇ ਜਾਗਰੂਕ ਕਰਨ ਦੇ ਨਿਰਦੇਸ਼ ਦਿੱਤੇ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਯਤਨਾਂ ਸਦਕਾ 2023 ਤੋਂ 2025 ਦਰਮਿਆਨ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ 86 ਫੀਸਦੀ ਕਮੀ ਦਰਜ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ 2023 ਵਿੱਚ ਪਰਾਲੀ ਸਾੜਨ ਦੀਆਂ 36,663 ਘਟਨਾਵਾਂ ਸਾਹਮਣੇ ਆਈਆਂ ਸਨ, ਜੋ 2024 ਵਿੱਚ ਘਟ ਕੇ 10,909 ਅਤੇ 2025 ਵਿੱਚ 5,114 ਰਹਿ ਗਈਆਂ। ਉਨ੍ਹਾਂ ਕਿਹਾ ਕਿ ਇਸ ਸਾਲ ਵੀ ਇਸ ਰੁਝਾਨ ਨੂੰ ਹੋਰ ਹੇਠਾਂ ਲਿਆਉਣ ਲਈ ਸਾਰੇ ਵਿਭਾਗਾਂ ਅਤੇ ਹਿੱਸੇਦਾਰਾਂ ਨੂੰ ਮਿਲ ਕੇ ਕੰਮ ਕਰਨਾ ਹੋਵੇਗਾ।
ਭਗਵੰਤ ਮਾਨ ਨੇ ਕਿਹਾ ਕਿ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਪਿੰਡ ਅਤੇ ਬਲਾਕ ਪੱਧਰ ’ਤੇ ਮਸ਼ੀਨਰੀ ਦੇ ਪ੍ਰਦਰਸ਼ਨ, ਨੁੱਕੜ ਨਾਟਕ, ਸਰਪੰਚਾਂ ਨਾਲ ਮੀਟਿੰਗਾਂ, ਸਹੁੰ ਚੁੱਕ ਸਮਾਗਮ ਅਤੇ ਹੋਰ ਜਾਗਰੂਕਤਾ ਪ੍ਰੋਗਰਾਮ ਕਰਵਾਏ ਜਾਣ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਵਿੱਚ ਐਨ.ਜੀ.ਓਜ਼., ਸਮਾਜ ਸੇਵਕਾਂ, ਪੰਚਾਇਤਾਂ ਅਤੇ ਕਿਸਾਨਾਂ ਨੂੰ ਸਰਗਰਮੀ ਨਾਲ ਸ਼ਾਮਲ ਕੀਤਾ ਜਾਵੇ ਤਾਂ ਜੋ ਸੁਨੇਹਾ ਜ਼ਮੀਨੀ ਪੱਧਰ ਤੱਕ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚ ਸਕੇ।
ਮੁੱਖ ਮੰਤਰੀ ਨੇ ਸੋਸ਼ਲ ਮੀਡੀਆ ਸਮੇਤ ਡਿਜੀਟਲ ਅਤੇ ਮਲਟੀਮੀਡੀਆ ਸਾਧਨਾਂ ਦੀ ਵੱਧ ਤੋਂ ਵੱਧ ਵਰਤੋਂ ’ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਰੇਡੀਓ ਜਿੰਗਲਜ਼, ਪ੍ਰਿੰਟ ਮੀਡੀਆ, ਟੈਲੀਵਿਜ਼ਨ, ਮੋਬਾਈਲ ਐਸਐਮਐਸ ਅਤੇ ਆਊਟਡੋਰ ਮੀਡੀਆ ਰਾਹੀਂ ਵੀ ਕਿਸਾਨਾਂ ਨੂੰ ਪਰਾਲੀ ਦੇ ਨੁਕਸਾਨ ਅਤੇ ਇਸ ਦੇ ਪ੍ਰਬੰਧਨ ਦੇ ਬਦਲਾਂ ਬਾਰੇ ਜਾਣਕਾਰੀ ਦਿੱਤੀ ਜਾਵੇ।
ਇਹ ਵੀ ਪੜ੍ਹੋ: CJP Party: NEET ਦੇ ਵਿਰੋਧ ’ਚ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਵਿਰੁੱਧ ਦਰਜ ਐਫਆਈਆਰ ਹੋਣਗੀਆਂ ਰੱਦ
ਮੁੱਖ ਮੰਤਰੀ ਨੇ ਕਿਹਾ ਕਿ ਪਰਾਲੀ ਪ੍ਰਬੰਧਨ ਵਿੱਚ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੇ ਕਿਸਾਨਾਂ, ਪੰਚਾਇਤਾਂ, ਪੈਕਸ ਅਤੇ ਹੋਰ ਪੇਂਡੂ ਸੰਸਥਾਵਾਂ ਨੂੰ ਸਨਮਾਨਿਤ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਉਪਰਾਲੇ ਹੋਰ ਕਿਸਾਨਾਂ ਨੂੰ ਵੀ ਪਰਾਲੀ ਪ੍ਰਬੰਧਨ ਦੇ ਬਿਹਤਰ ਤਰੀਕੇ ਅਪਣਾਉਣ ਲਈ ਪ੍ਰੇਰਿਤ ਕਰਨਗੇ। ਉਨ੍ਹਾਂ ਕਿਹਾ ਕਿ ਇਸ ਸਾਲ ਪੰਜਾਬ ਵਿੱਚ ਲਗਭਗ 30 ਲੱਖ ਹੈਕਟੇਅਰ ਰਕਬੇ ਵਿੱਚ ਝੋਨੇ ਦੀ ਲੁਆਈ ਹੋਈ ਹੈ ਅਤੇ ਇਸ ਤੋਂ ਕਰੀਬ 18.81 ਮਿਲੀਅਨ ਟਨ ਪਰਾਲੀ ਪੈਦਾ ਹੋਣ ਦੀ ਉਮੀਦ ਹੈ। ਇਸ ਵੱਡੀ ਮਾਤਰਾ ਦੇ ਪ੍ਰਬੰਧਨ ਲਈ ਇਨ-ਸੀਟੂ ਅਤੇ ਐਕਸ-ਸੀਟੂ ਦੋਵਾਂ ਤਰੀਕਿਆਂ ਨੂੰ ਉਤਸ਼ਾਹਿਤ ਕਰਨ ਦੀ ਲੋੜ ਹੈ।
ਭਗਵੰਤ ਮਾਨ ਨੇ ਕਿਹਾ ਕਿ ਪਰਾਲੀ ਨੂੰ ਖੇਤ ਵਿੱਚ ਹੀ ਸੰਭਾਲਣ ਦੇ ਨਾਲ-ਨਾਲ ਖੇਤ ਤੋਂ ਬਾਹਰ ਇਸ ਦੀ ਵਰਤੋਂ ਅਤੇ ਪ੍ਰਬੰਧਨ ਨੂੰ ਵੀ ਉਤਸ਼ਾਹਿਤ ਕੀਤਾ ਜਾਵੇ, ਤਾਂ ਜੋ ਕਿਸਾਨਾਂ ਨੂੰ ਆਰਥਿਕ ਲਾਭ ਮਿਲਣ ਦੇ ਨਾਲ ਵਾਤਾਵਰਨ ਦੀ ਰੱਖਿਆ ਵੀ ਹੋ ਸਕੇ। ਉਨ੍ਹਾਂ ਸਾਰੇ ਵਿਭਾਗਾਂ ਅਤੇ ਜ਼ਿਲ੍ਹਾ ਪ੍ਰਸ਼ਾਸਨਾਂ ਵਿਚਕਾਰ ਬਿਹਤਰ ਤਾਲਮੇਲ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਮੀਟਿੰਗ ਵਿੱਚ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਹਰਦੀਪ ਸਿੰਘ ਮੁੰਡੀਆਂ, ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਡਾ. ਰਵੀ ਭਗਤ ਅਤੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।