Punjab News: ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਹੁਣ ਤੱਕ 70.92 ਲੱਖ ਔਰਤਾਂ ਨੂੰ ਮਿਲਿਆ ਲਾਭ: ਮੁੱਖ ਮੰਤਰੀ ਭਗਵੰਤ ਮਾਨ

ਇੱਕ ਕਰੋੜ ਔਰਤਾਂ ਨੂੰ ਯੋਜਨਾ ਨਾਲ ਜੋੜਨ ਲਈ ਵੱਡੇ ਪੱਧਰ ’ਤੇ ਰਜਿਸਟ੍ਰੇਸ਼ਨ ਜਾਰੀ

Satinder Mathur  Picture
Published On

Punjab News: ਚੰਡੀਗੜ੍ਹ, (ਸੱਚ ਕਹੂੰ ਨਿਊਜ਼/ਹਿੰ.ਸ.)। ਬਾਬਾ ਬਕਾਲਾ ਸਾਹਿਬ ਵਿਖੇ ਰੱਖੜ ਪੁੰਨਿਆ ਦੇ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ 5.30 ਲੱਖ ਹੋਰ ਔਰਤਾਂ ਦੇ ਖਾਤਿਆਂ ਵਿੱਚ ਤਿੰਨ ਮਹੀਨਿਆਂ ਦੀ ਸਤਿਕਾਰ ਰਾਸ਼ੀ ਵਜੋਂ 181.50 ਕਰੋੜ ਰੁਪਏ ਟਰਾਂਸਫਰ ਕੀਤੇ। ਇਸ ਨਾਲ ਯੋਜਨਾ ਦੇ ਕੁੱਲ ਲਾਭਪਾਤਰੀਆਂ ਦੀ ਗਿਣਤੀ 70.92 ਲੱਖ ਹੋ ਗਈ ਹੈ। ਸਰਕਾਰ ਵੱਲੋਂ ਹੁਣ ਇਸ ਯੋਜਨਾ ਦੇ ਦਾਇਰੇ ਵਿੱਚ ਇੱਕ ਕਰੋੜ ਔਰਤਾਂ ਨੂੰ ਲਿਆਉਣ ਲਈ ਵੱਡੇ ਪੱਧਰ ’ਤੇ ਕੰਮ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਰਜਿਸਟ੍ਰੇਸ਼ਨ ਵਿੱਚ ਮਦਦ ਕਰਨ ਵਾਲੀਆਂ 1.38 ਲੱਖ ‘ਸਤਿਕਾਰ ਸਖੀਆਂ’ ਨੂੰ ਮਾਣ-ਭੱਤੇ ਵਜੋਂ ਹੁਣ ਤੱਕ 51 ਕਰੋੜ ਰੁਪਏ ਦਿੱਤੇ ਜਾ ਚੁੱਕੇ ਹਨ। ਇਸ ਤੋਂ ਇਲਾਵਾ ਆਂਗਣਵਾੜੀ ਵਰਕਰਾਂ ਨੂੰ ਵੀ 25 ਕਰੋੜ ਰੁਪਏ ਦਿੱਤੇ ਜਾਣਗੇ।

ਸਮਾਗਮ ਨੂੰ ਸੰਬੋਧਨ ਕਰਦਿਆਂ ਭਗਵੰਤ ਮਾਨ ਨੇ ਵਿਰੋਧੀ ਧਿਰਾਂ ’ਤੇ ਤਿੱਖੇ ਨਿਸ਼ਾਨੇ ਸਾਧੇ। ਉਨ੍ਹਾਂ ਕਿਹਾ ਕਿ ਕੁਝ ਲੋਕ ਪੰਜਾਬੀਆਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਪਰ ਪੰਜਾਬ ਦੇ ਲੋਕ ਉਨ੍ਹਾਂ ਦੀਆਂ ਗੱਲਾਂ ਵਿੱਚ ਨਹੀਂ ਆਉਣਗੇ। ਮੁੱਖ ਮੰਤਰੀ ਨੇ ਅਕਾਲੀ ਦਲ ’ਤੇ ਵੀ ਹਮਲਾ ਬੋਲਦਿਆਂ ਨਸ਼ਿਆਂ ਸਮੇਤ ਕਈ ਮੁੱਦਿਆਂ ਨੂੰ ਲੈ ਕੇ ਪਿਛਲੀਆਂ ਸਰਕਾਰਾਂ ਨੂੰ ਘੇਰਿਆ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਅਜਿਹੇ ਆਗੂਆਂ ਨੂੰ ਸਿਆਸੀ ਤੌਰ ’ਤੇ ਨਕਾਰ ਦਿੱਤਾ ਹੈ।

ਮਾਨ ਨੇ ਅਕਾਲੀ ਦਲ ਅਤੇ ਭਾਜਪਾ ਦੇ ਸੰਭਾਵਿਤ ਗਠਜੋੜ ਨੂੰ ਲੈ ਕੇ ਵੀ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਦੋਵਾਂ ਪਾਰਟੀਆਂ ਦਾ ਗਠਜੋੜ ਸਿਰਫ਼ ਸੱਤਾ ਹਾਸਲ ਕਰਨ ਦੀ ਕੋਸ਼ਿਸ਼ ਹੈ ਅਤੇ ਇਸ ਪਿੱਛੇ ਲੋਕ ਭਲਾਈ ਦੀ ਕੋਈ ਵਿਚਾਰਧਾਰਾ ਨਹੀਂ ਹੈ। ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਪੰਜਾਬ ਦੇ ਕਈ ਜਾਇਜ਼ ਹੱਕਾਂ ਤੋਂ ਸੂਬੇ ਨੂੰ ਵਾਂਝਾ ਕਰਨਾ ਚਾਹੁੰਦੀ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਭਾਜਪਾ ਨੂੰ ਸੂਬੇ ਵਿੱਚ ਕੋਈ ਸੀਟ ਨਹੀਂ ਦੇਣਗੇ। ਕਾਂਗਰਸ ਦੀ ਅੰਦਰੂਨੀ ਖਿੱਚੋਤਾਣ ’ਤੇ ਤੰਜ ਕੱਸਦਿਆਂ ਮਾਨ ਨੇ ਕਿਹਾ ਕਿ ਜਿੱਥੇ ਵਿਰੋਧੀ ਆਗੂ ਸੱਤਾ ਲਈ ਆਪਸ ਵਿੱਚ ਲੜ ਰਹੇ ਹਨ, ਉੱਥੇ ਉਨ੍ਹਾਂ ਦੀ ਸਰਕਾਰ ਲੋਕਾਂ ਦੀ ਭਲਾਈ ਲਈ ਕੰਮ ਕਰ ਰਹੀ ਹੈ।

ਇਹ ਵੀ ਪੜ੍ਹੋ: Advocate General Punjab News: ਪੰਜਾਬ ਦੇ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਪੰਜਾਬ ਤੇ ਹਰਿਆਣਾ ਬਾਰ ਕੌਂਸਲ ਦੇ ਚੇਅਰਮੈਨ ਨਿਯੁਕਤ

ਮੁੱਖ ਮੰਤਰੀ ਨੇ ਕਿਹਾ ਕਿ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਔਰਤਾਂ ਦੇ ਸਸ਼ਕਤੀਕਰਨ ਵੱਲ ਇੱਕ ਵੱਡਾ ਕਦਮ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ 70.92 ਲੱਖ ਔਰਤਾਂ ਇਸ ਯੋਜਨਾ ਦਾ ਲਾਭ ਲੈ ਚੁੱਕੀਆਂ ਹਨ ਅਤੇ ਨਵੇਂ ਰਜਿਸਟਰ ਹੋਏ 5.30 ਲੱਖ ਲਾਭਪਾਤਰੀਆਂ ਲਈ 181.50 ਕਰੋੜ ਰੁਪਏ ਜਾਰੀ ਕੀਤੇ ਗਏ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਦੇ 90 ਫੀਸਦੀ ਤੋਂ ਵੱਧ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ ਅਤੇ ਕਿਸਾਨਾਂ ਨੂੰ ਵੀ ਦਿਨ ਦੇ ਸਮੇਂ ਬਿਜਲੀ ਮੁਹੱਈਆ ਕਰਵਾਈ ਜਾ ਰਹੀ ਹੈ। ਮਾਨ ਨੇ ਕਿਹਾ ਕਿ ਲੋਕਾਂ ਵੱਲੋਂ ਦਿੱਤਾ ਗਿਆ ਟੈਕਸ ਦਾ ਪੈਸਾ ਲੋਕਾਂ ਦਾ ਹੀ ਹੈ ਅਤੇ ਸਰਕਾਰ ਇਸ ਨੂੰ ਉਨ੍ਹਾਂ ਦੀ ਭਲਾਈ ਲਈ ਸੋਚ-ਸਮਝ ਕੇ ਖਰਚ ਕਰ ਰਹੀ ਹੈ। ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ, ਡਾ. ਬਲਜੀਤ ਕੌਰ, ਹਰਭਜਨ ਸਿੰਘ ਈ.ਟੀ.ਓ., ਲਾਲ ਚੰਦ ਕਟਾਰੂਚੱਕ, ਗੁਰਮੀਤ ਸਿੰਘ ਖੁੱਡੀਆਂ ਅਤੇ ਹਰਦੀਪ ਸਿੰਘ ਮੁੰਡੀਆਂ, ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਅਤੇ ਹੋਰ ਹਾਜ਼ਰ ਸਨ।

About The Author

Related Posts