Punjab
Punjab Census 2027: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਨਗਣਨਾ 2027 ਦੇ ਦੂਜੇ ਪੜਾਅ ਦੀ ਸ਼ੁਰੂਆਤ, 16 ਤੋਂ 30 ਨਵੰਬਰ ਤੱਕ ਕਰ ਸਕਣਗੇ ਆਨਲਾਈਨ ਸਵੈ-ਗਣਨਾ
ਲੋਕਾਂ ਨੂੰ 16 ਤੋਂ 30 ਨਵੰਬਰ 2026 ਤੱਕ ਘਰ ਬੈਠੇ ਆਨਲਾਈਨ ਸਵੈ-ਗਣਨਾ ਪੂਰੀ ਕਰਨ ਦੀ ਅਪੀਲ ਕੀਤੀ
Punjab Census 2027: ਸੰਗਰੂਰ,(ਸੱਚ ਕਹੂੰ ਨਿਊਜ਼/ਹਿੰ.ਸ.)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੀ ਅਤੇ ਆਪਣੇ ਪਰਿਵਾਰ ਦੀ ਆਨਲਾਈਨ ਸਵੈ-ਗਣਨਾ ਪੂਰੀ ਕਰਕੇ ਜਨਗਣਨਾ 2027 ਦੇ ਦੂਜੇ ਪੜਾਅ ਦੀ ਸ਼ੁਰੂਆਤ ਕੀਤੀ। ਇਸ ਮੌਕੇ ਉਨ੍ਹਾਂ ਪੰਜਾਬ ਦੇ ਲੋਕਾਂ ਨੂੰ 16 ਤੋਂ 30 ਨਵੰਬਰ 2026 ਤੱਕ ਘਰ ਬੈਠੇ ਆਨਲਾਈਨ ਸਵੈ-ਗਣਨਾ ਪੂਰੀ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਜਨਗਣਨਾ ਦੌਰਾਨ ਇਕੱਠੇ ਕੀਤੇ ਜਾਣ ਵਾਲੇ ਅੰਕੜੇ ਪੰਜਾਬ ਦੀਆਂ ਭਵਿੱਖੀ ਵਿਕਾਸ ਯੋਜਨਾਵਾਂ ਅਤੇ ਲੋਕ ਭਲਾਈ ਨੀਤੀਆਂ ਤਿਆਰ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਣਗੇ।
ਮੁੱਖ ਮੰਤਰੀ ਨੇ ਦੱਸਿਆ ਕਿ ਜਨਗਣਨਾ ਦਾ ਦੂਜਾ ਪੜਾਅ 'ਆਬਾਦੀ ਗਣਨਾ' ਹੈ, ਜਿਸ ਵਿੱਚ ਪਰਿਵਾਰਾਂ ਦੇ ਮੈਂਬਰਾਂ, ਆਮਦਨ, ਸਿੱਖਿਆ, ਰਹਿਣ-ਸਹਿਣ ਅਤੇ ਸਮਾਜਿਕ-ਆਰਥਿਕ ਸਥਿਤੀ ਨਾਲ ਸਬੰਧਤ ਜਾਣਕਾਰੀ ਇਕੱਠੀ ਕੀਤੀ ਜਾਵੇਗੀ। ਇਸ ਤੋਂ ਇਲਾਵਾ ਪਰਵਾਸ ਅਤੇ ਹੋਰ ਮਹੱਤਵਪੂਰਨ ਵੇਰਵੇ ਵੀ ਦਰਜ ਕੀਤੇ ਜਾਣਗੇ। ਮੁੱਖ ਮੰਤਰੀ ਨੇ ਦੱਸਿਆ ਕਿ 16 ਤੋਂ 30 ਨਵੰਬਰ ਤੱਕ ਆਨਲਾਈਨ ਸਵੈ-ਗਣਨਾ ਦੀ ਸਹੂਲਤ ਉਪਲਬਧ ਰਹੇਗੀ। ਇਸ ਤੋਂ ਬਾਅਦ 1 ਦਸੰਬਰ 2026 ਤੋਂ 4 ਜਨਵਰੀ 2027 ਤੱਕ ਜਨਗਣਨਾ ਅਧਿਕਾਰੀ ਘਰ-ਘਰ ਜਾ ਕੇ ਲੋਕਾਂ ਦੀ ਗਣਨਾ ਕਰਨਗੇ।
ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਖ਼ੁਦ ਇਹ ਪ੍ਰਕਿਰਿਆ ਪੂਰੀ ਕੀਤੀ ਹੈ, ਜੋ ਬੇਹੱਦ ਆਸਾਨ ਅਤੇ ਸੁਵਿਧਾਜਨਕ ਹੈ। ਇਸ ਨੂੰ ਪੂਰਾ ਕਰਨ ਵਿੱਚ ਲਗਭਗ 25 ਤੋਂ 30 ਮਿੰਟ ਲੱਗਦੇ ਹਨ ਅਤੇ ਕਿਸੇ ਵੀ ਤਰ੍ਹਾਂ ਦੇ ਦਸਤਾਵੇਜ਼ ਜਮ੍ਹਾਂ ਕਰਵਾਉਣ ਦੀ ਲੋੜ ਨਹੀਂ ਹੈ। ਭਗਵੰਤ ਮਾਨ ਨੇ ਦੱਸਿਆ ਕਿ ਜਨਗਣਨਾ ਦਾ ਪਹਿਲਾ ਪੜਾਅ ਪੰਜਾਬ ਵਿੱਚ ਸਫ਼ਲਤਾਪੂਰਵਕ ਮੁਕੰਮਲ ਹੋ ਚੁੱਕਾ ਹੈ। ਇਸ ਦੌਰਾਨ ਘਰਾਂ ਦੀ ਸਥਿਤੀ, ਉਪਲਬਧ ਸਹੂਲਤਾਂ ਅਤੇ ਘਰੇਲੂ ਜਾਇਦਾਦਾਂ ਬਾਰੇ ਜਾਣਕਾਰੀ ਇਕੱਠੀ ਕੀਤੀ ਗਈ ਸੀ। ਹੁਣ ਦੂਜੇ ਪੜਾਅ ਵਿੱਚ ਹਰੇਕ ਨਾਗਰਿਕ ਦੀ ਜਨਸੰਖਿਆ ਅਤੇ ਸਮਾਜਿਕ-ਆਰਥਿਕ ਪ੍ਰੋਫਾਈਲ ਤਿਆਰ ਕੀਤੀ ਜਾਵੇਗੀ।
ਇਹ ਵੀ ਪੜ੍ਹੋ: Punjab News: ਪੰਜਾਬ ਦੇ ਮੁੱਖ ਮੰਤਰੀ ਵੱਲੋਂ ਸੀਨੀਅਰ ਕਾਂਸਟੇਬਲ ਦੇ ਪਰਿਵਾਰ ਨੂੰ 2 ਕਰੋੜ ਦੀ ਆਰਥਿਕ ਸਹਾਇਤਾ ਦੇਣ ਦਾ ਐਲਾਨ
ਉਨ੍ਹਾਂ ਕਿਹਾ ਕਿ 16 ਸਾਲਾਂ ਦੇ ਵਕਫ਼ੇ ਤੋਂ ਬਾਅਦ ਦੇਸ਼ ਵਿੱਚ ਜਨਗਣਨਾ ਕਰਵਾਈ ਜਾ ਰਹੀ ਹੈ ਅਤੇ ਪੰਜਾਬ ਉਨ੍ਹਾਂ ਪਹਿਲੇ ਸੂਬਿਆਂ ਵਿੱਚ ਸ਼ਾਮਲ ਹੈ, ਜਿੱਥੇ ਇਹ ਪ੍ਰਕਿਰਿਆ ਸ਼ੁਰੂ ਹੋਈ ਹੈ। ਮੁੱਖ ਮੰਤਰੀ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਜਨਗਣਨਾ ਦੌਰਾਨ ਦਿੱਤੀ ਜਾਣ ਵਾਲੀ ਸਾਰੀ ਜਾਣਕਾਰੀ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ ਅਤੇ ਇਸ ਦੀ ਵਰਤੋਂ ਸਿਰਫ਼ ਯੋਜਨਾਬੰਦੀ ਅਤੇ ਵਿਕਾਸ ਕਾਰਜਾਂ ਲਈ ਕੀਤੀ ਜਾਵੇਗੀ। ਇਹ ਦੇਸ਼ ਦੀ ਪਹਿਲੀ ਡਿਜੀਟਲ ਜਨਗਣਨਾ ਹੈ, ਜਿਸ ਵਿੱਚ ਮੋਬਾਈਲ ਐਪਲੀਕੇਸ਼ਨ ਅਤੇ ਆਨਲਾਈਨ ਸਵੈ-ਗਣਨਾ ਦੀ ਸਹੂਲਤ ਰਾਹੀਂ ਅੰਕੜੇ ਇਕੱਠੇ ਕੀਤੇ ਜਾ ਰਹੇ ਹਨ।
ਮੁੱਖ ਮੰਤਰੀ ਨੇ ਜਨਗਣਨਾ ਅਧਿਕਾਰੀਆਂ, ਗਣਨਾਕਾਰਾਂ, ਸੁਪਰਵਾਈਜ਼ਰਾਂ ਅਤੇ ਹੋਰ ਕਰਮਚਾਰੀਆਂ ਦੀ ਮਿਹਨਤ ਦੀ ਸ਼ਲਾਘਾ ਕਰਦਿਆਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਹੀ ਜਾਣਕਾਰੀ ਦੇ ਕੇ ਇਸ ਕੌਮੀ ਮੁਹਿੰਮ ਵਿੱਚ ਸਹਿਯੋਗ ਕਰਨ। ਉਨ੍ਹਾਂ ਕਿਹਾ ਕਿ ਹਰ ਨਾਗਰਿਕ ਦੀ ਗਿਣਤੀ ਯਕੀਨੀ ਬਣਾਉਣਾ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਇਸ ਮੌਕੇ ਡਾਇਰੈਕਟਰ ਜਨਗਣਨਾ ਅਪਰੇਸ਼ਨਜ਼ ਪੰਜਾਬ ਡਾ. ਨਵਜੋਤ ਖੋਸਾ ਨੇ ਮੁੱਖ ਮੰਤਰੀ ਨੂੰ ਜਨਗਣਨਾ ਦੇ ਦੂਜੇ ਪੜਾਅ ਅਤੇ ਸਵੈ-ਗਣਨਾ ਪ੍ਰਕਿਰਿਆ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ।
Comments