Punjab
CM Bhagwant Mann: 16 ਨਵੰਬਰ ਨੂੰ ਪਿੰਡ ਸਭਰਾ ਪਹੁੰਚਣਗੇ ਮੁੱਖ ਮੰਤਰੀ ਭਗਵੰਤ ਮਾਨ, ਲੋਕ ਮਿਲਣੀ ਤੇ ਰੈਲੀ ਦੀਆਂ ਤਿਆਰੀਆਂ ਤੇਜ਼
ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਪਾਰਟੀ ਆਗੂਆਂ ਤੇ ਵਰਕਰਾਂ ਨਾਲ ਕੀਤੀ ਮੀਟਿੰਗ
CM Bhagwant Mann: ਤਰਨਤਾਰਨ, (ਸੱਚ ਕਹੂੰ ਨਿਊਜ਼/ਹਿੰ.ਸ.)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 16 ਨਵੰਬਰ ਨੂੰ ਵਿਧਾਨ ਸਭਾ ਹਲਕਾ ਪੱਟੀ ਦੇ ਪਿੰਡ ਸਭਰਾ ਵਿਖੇ ਲੋਕ ਮਿਲਣੀ ਅਤੇ ਰੈਲੀ ਵਿੱਚ ਸ਼ਿਰਕਤ ਕਰਨਗੇ। ਇਸ ਪ੍ਰੋਗਰਾਮ ਦੀਆਂ ਤਿਆਰੀਆਂ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਖਡੂਰ ਸਾਹਿਬ ਤੋਂ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਵੱਲੋਂ 11 ਨਵੰਬਰ ਨੂੰ ਤਰਨਤਾਰਨ/ਪੱਟੀ ਵਿਖੇ ਪਾਰਟੀ ਆਗੂਆਂ ਅਤੇ ਵਰਕਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ।
ਇਹ ਵੀ ਪੜ੍ਹੋ: Bathinda Police Operation: ਬਠਿੰਡਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਵੱਡੀ ਕਾਰਵਾਈ, ਤਿੰਨ ਪਿੰਡਾਂ 'ਚ ਚਲਾਇਆ ਸਰਚ ਆਪ੍ਰੇਸ਼ਨ
ਮੀਟਿੰਗ ਵਿੱਚ ਹਲਕੇ ਦੇ ਸਰਪੰਚਾਂ, ਬਲਾਕ ਸੰਮਤੀ ਮੈਂਬਰਾਂ, ਪਾਰਟੀ ਅਹੁਦੇਦਾਰਾਂ ਅਤੇ ਵਰਕਰਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਬ੍ਰਹਮਪੁਰਾ ਨੇ ਪ੍ਰੋਗਰਾਮ ਨੂੰ ਸਫ਼ਲ ਬਣਾਉਣ ਲਈ ਆਗੂਆਂ ਅਤੇ ਵਰਕਰਾਂ ਨੂੰ ਵੱਖ-ਵੱਖ ਜ਼ਿੰਮੇਵਾਰੀਆਂ ਸੌਂਪੀਆਂ। ਉਨ੍ਹਾਂ ਵਰਕਰਾਂ ਨੂੰ ਆਪਣੇ-ਆਪਣੇ ਪਿੰਡਾਂ ਵਿੱਚ ਲੋਕਾਂ ਨਾਲ ਸੰਪਰਕ ਕਰਨ ਅਤੇ ਵੱਧ ਤੋਂ ਵੱਧ ਲੋਕਾਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨ ਦੀ ਅਪੀਲ ਕੀਤੀ।
ਬ੍ਰਹਮਪੁਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦਾ ਹਲਕਾ ਪੱਟੀ ਦਾ ਦੌਰਾ ਇਲਾਕੇ ਦੇ ਲੋਕਾਂ ਲਈ ਅਹਿਮ ਹੈ। ਇਸ ਦੌਰੇ ਦੌਰਾਨ ਲੋਕਾਂ ਨਾਲ ਸਿੱਧਾ ਸੰਪਰਕ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ, ਮੰਗਾਂ ਅਤੇ ਲੋੜਾਂ ਨੂੰ ਜਾਣਨ ਦਾ ਮੌਕਾ ਮਿਲੇਗਾ।ਉਨ੍ਹਾਂ ਕਿਹਾ ਕਿ ਪਿੰਡ ਸਭਰਾ ਵਿਖੇ ਹੋਣ ਵਾਲੀ ਲੋਕ ਮਿਲਣੀ ਦੌਰਾਨ ਹਲਕਾ ਪੱਟੀ ਦੇ ਲੋਕਾਂ ਦੀਆਂ ਮੁਸ਼ਕਲਾਂ, ਵਿਕਾਸ ਕਾਰਜਾਂ ਅਤੇ ਹੋਰ ਸਥਾਨਕ ਮੰਗਾਂ ਨੂੰ ਸਰਕਾਰ ਦੇ ਧਿਆਨ ਵਿੱਚ ਲਿਆਂਦਾ ਜਾਵੇਗਾ। ਇਸ ਮਕਸਦ ਲਈ ਪਾਰਟੀ ਦੀ ਟੀਮ ਨੂੰ ਪਿੰਡ ਪੱਧਰ 'ਤੇ ਲੋਕਾਂ ਨਾਲ ਤਾਲਮੇਲ ਬਣਾਉਣ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਇਕੱਠੀਆਂ ਕਰਨ ਦੀਆਂ ਜ਼ਿੰਮੇਵਾਰੀਆਂ ਵੀ ਸੌਂਪੀਆਂ ਗਈਆਂ ਹਨ।
ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਕਿਹਾ ਕਿ ਹਲਕਾ ਪੱਟੀ ਦਾ ਵਿਕਾਸ ਅਤੇ ਲੋਕਾਂ ਦੀ ਭਲਾਈ ਪਾਰਟੀ ਦੀਆਂ ਮੁੱਖ ਤਰਜੀਹਾਂ ਹਨ। ਪਾਰਟੀ ਵੱਲੋਂ ਪਿੰਡ ਪੱਧਰ 'ਤੇ ਆਗੂਆਂ ਅਤੇ ਵਰਕਰਾਂ ਨਾਲ ਲਗਾਤਾਰ ਸੰਪਰਕ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਪਾਰਟੀ ਦੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਅਤੇ ਲੋਕਾਂ ਨਾਲ ਸਿੱਧਾ ਰਾਬਤਾ ਵਧਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਮੁੱਖ ਮੰਤਰੀ ਦੇ ਦੌਰੇ ਨੂੰ ਲੈ ਕੇ ਪਾਰਟੀ ਦੀ ਸਮੁੱਚੀ ਟੀਮ ਪੂਰੀ ਲਗਨ ਨਾਲ ਕੰਮ ਕਰ ਰਹੀ ਹੈ ਅਤੇ 16 ਨਵੰਬਰ ਦੇ ਪ੍ਰੋਗਰਾਮ ਨੂੰ ਸਫ਼ਲ ਬਣਾਉਣ ਲਈ ਤਿਆਰੀਆਂ ਜਾਰੀ ਹਨ।
ਇਸ ਮੌਕੇ ਸਰਪੰਚ ਸੁਖਦੇਵ ਸਿੰਘ ਜੌੜਾ, ਬਲਾਕ ਸੰਮਤੀ ਮੈਂਬਰ ਪਰਮਿੰਦਰ ਸਿੰਘ ਕੈਰੋਂ, ਸਰਪੰਚ ਰਣਜੀਤ ਸਿੰਘ ਵਿਰਕ ਕੋਟ ਬੁੱਢਾ, ਜਤਿੰਦਰ ਸਿੰਘ ਜੱਤੀ ਕੈਰੋਂ, ਲਵਪ੍ਰੀਤ ਸਿੰਘ ਕੈਰੋਂ, ਗੁਰਪਿੰਦਰ ਸਿੰਘ ਉੱਪਲ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਪੱਟੀ, ਸਰਪੰਚ ਜਰਮਨਜੀਤ ਸਿੰਘ ਭੰਗਾਲਾ, ਗੁਰਲਾਲ ਸਿੰਘ ਜੋਤੀ ਸ਼ਾਹ, ਚੇਅਰਮੈਨ ਪ੍ਰਗਟ ਸਿੰਘ ਜਵੰਦਾ, ਜੋਧਾ ਉਬੋਕੇ ਬਲਾਕ ਪ੍ਰਧਾਨ, ਬਲਾਕ ਸੰਮਤੀ ਦੇ ਵਾਈਸ ਚੇਅਰਮੈਨ ਗੁਰਜੀਤ ਸਿੰਘ ਉਬੋਕੇ, ਜਸਦੀਪ ਸਿੰਘ ਪੰਚ ਮੈਂਬਰ ਨੱਥੂਚੱਕ ਸਮੇਤ ਹੋਰ ਪਾਰਟੀ ਆਗੂ ਅਤੇ ਵਰਕਰ ਹਾਜ਼ਰ ਸਨ। ਇਸ ਦੌਰਾਨ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਪਾਰਟੀ ਵਰਕਰਾਂ ਨਾਲ ਰੈਲੀ ਵਾਲੀ ਥਾਂ ਦਾ ਜਾਇਜ਼ਾ ਵੀ ਲਿਆ।
Comments