Dhuri Punjab News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧੂਰੀ ਵਾਸੀਆਂ ਨੂੰ 47.38 ਕਰੋੜ ਦੇ ਵਾਟਰ ਟ੍ਰੀਟਮੈਂਟ ਪਲਾਂਟ ਦਾ ਰੱਖਿਆ ਨੀਂਹ ਪੱਥਰ

ਧੂਰੀ ਸ਼ਹਿਰ ਦੇ ਲਗਭਗ 85 ਹਜ਼ਾਰ ਵਾਸੀਆਂ ਨੂੰ ਪਾਣੀ ਦੀ ਸਪਲਾਈ ਦੀਆਂ ਬਿਹਤਰ ਸਹੂਲਤਾਂ ਮਿਲਣਗੀਆਂ

Satinder Mathur  Picture
Published On

Dhuri Punjab News: ਸੰਗਰੂਰ, (ਸੱਚ ਕਹੂੰ ਨਿਊਜ਼/ਹਿੰ.ਸ.)। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਧੂਰੀ ਅਤੇ ਸੰਗਰੂਰ ਵਾਸੀਆਂ ਨੂੰ ਸਾਫ਼ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਲਈ ਵੱਡੇ ਪ੍ਰਾਜੈਕਟ ਦੀ ਸ਼ੁਰੂਆਤ ਕੀਤੀ। ਉਨ੍ਹਾਂ ਪਿੰਡ ਬਰੜਵਾਲ ਵਿਖੇ 47.38 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ 14 ਮਿਲੀਅਨ ਲਿਟਰ ਪ੍ਰਤੀ ਦਿਨ (ਐਮਐਲਡੀ) ਸਮਰੱਥਾ ਵਾਲੇ ਵਾਟਰ ਟ੍ਰੀਟਮੈਂਟ ਪਲਾਂਟ ਦਾ ਨੀਂਹ ਪੱਥਰ ਰੱਖਿਆ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਪਲਾਂਟ ਰਾਹੀਂ ਨਹਿਰੀ ਪਾਣੀ ਨੂੰ ਸੋਧ ਕੇ ਪੀਣ ਯੋਗ ਬਣਾਇਆ ਜਾਵੇਗਾ। ਪ੍ਰਾਜੈਕਟ ਦੇ ਮੁਕੰਮਲ ਹੋਣ ਨਾਲ ਧੂਰੀ ਸ਼ਹਿਰ ਦੇ ਲਗਭਗ 85 ਹਜ਼ਾਰ ਵਾਸੀਆਂ ਨੂੰ ਪਾਣੀ ਦੀ ਸਪਲਾਈ ਦੀਆਂ ਬਿਹਤਰ ਸਹੂਲਤਾਂ ਮਿਲਣਗੀਆਂ। ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਸ਼ਹਿਰ ਦੀਆਂ ਮੌਜ਼ੂਦਾ ਅਤੇ ਭਵਿੱਖ ਦੀਆਂ ਪਾਣੀ ਦੀਆਂ ਲੋੜਾਂ ਨੂੰ ਪੂਰਾ ਕਰਨ ਦੇ ਨਾਲ-ਨਾਲ ਧਰਤੀ ਹੇਠਲੇ ਪਾਣੀ ’ਤੇ ਨਿਰਭਰਤਾ ਘਟਾਉਣ ਵਿੱਚ ਵੀ ਸਹਾਇਕ ਹੋਵੇਗਾ।

ਇਹ ਵੀ ਪੜ੍ਹੋ: CBI Raid Punjab: ਸੀਬੀਆਈ ਛਾਪੇ ਦੇ ਵਿਰੋਧ ’ਚ ‘ਆਪ’ ਵੱਲੋਂ ਪ੍ਰਦਰਸ਼ਨ

ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਨਹਿਰੀ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਨੂੰ ਉਤਸ਼ਾਹਿਤ ਕਰਨ ਲਈ ਪਿਛਲੇ ਚਾਰ ਸਾਲਾਂ ਦੌਰਾਨ 14 ਹਜ਼ਾਰ ਕਿਲੋਮੀਟਰ ਪਾਈਪਲਾਈਨ ਵਿਛਾਈ ਹੈ। ਉਨ੍ਹਾਂ ਦਾਅਵਾ ਕੀਤਾ ਕਿ ਖੇਤੀਬਾੜੀ ਲਈ ਨਹਿਰੀ ਪਾਣੀ ਦੀ ਪਹੁੰਚ 22 ਫੀਸਦੀ ਤੋਂ ਵਧ ਕੇ 88 ਫੀਸਦੀ ਹੋ ਗਈ ਹੈ। ਇਸ ਦੇ ਨਤੀਜੇ ਵਜੋਂ ਨਹਿਰੀ ਪਾਣੀ ਵਾਲੇ ਇਲਾਕਿਆਂ ਵਿੱਚ ਝੋਨੇ ਦੇ ਝਾੜ ਵਿੱਚ ਚਾਰ ਕੁਇੰਟਲ ਪ੍ਰਤੀ ਏਕੜ ਤੱਕ ਦਾ ਵਾਧਾ ਹੋਇਆ ਹੈ।

ਭਗਵੰਤ ਮਾਨ ਨੇ ਕਿਹਾ ਕਿ ਧਰਤੀ ਹੇਠਲੇ ਪਾਣੀ ਦਾ ਡਿੱਗਦਾ ਪੱਧਰ ਪੰਜਾਬ ਲਈ ਗੰਭੀਰ ਚਿੰਤਾ ਦਾ ਵਿਸ਼ਾ ਹੈ। ਇਸ ਲਈ ਸਰਕਾਰ ਵੱਲੋਂ ਨਹਿਰੀ ਪਾਣੀ ਦੀ ਵਰਤੋਂ ਵਧਾ ਕੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਾਫ਼ ਪੀਣ ਵਾਲਾ ਪਾਣੀ ਕਿਸੇ ਵੀ ਨਾਗਰਿਕ ਲਈ ਸਿਰਫ਼ ਸਹੂਲਤ ਨਹੀਂ, ਸਗੋਂ ਬੁਨਿਆਦੀ ਲੋੜ ਅਤੇ ਅਧਿਕਾਰ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਸਿਰਫ਼ ਕਾਗਜ਼ਾਂ ’ਤੇ ਐਲਾਨ ਕਰਨ ਦੀ ਬਜਾਏ ਨਿਰਧਾਰਤ ਸਮੇਂ ਅੰਦਰ ਵਿਕਾਸ ਪ੍ਰਾਜੈਕਟਾਂ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਨ ਵਿੱਚ ਵਿਸ਼ਵਾਸ ਰੱਖਦੀ ਹੈ। ਉਨ੍ਹਾਂ ਕਿਹਾ ਕਿ 47.38 ਕਰੋੜ ਰੁਪਏ ਦਾ ਇਹ ਪ੍ਰਾਜੈਕਟ ਇਸ ਵਚਨਬੱਧਤਾ ਦਾ ਪ੍ਰਤੱਖ ਪ੍ਰਮਾਣ ਹੈ।

ਇਸ ਦੌਰਾਨ ਮੁੱਖ ਮੰਤਰੀ ਨੇ ਲਾਲ ਡੋਰੇ ਦੇ ਅੰਦਰ ਆਉਂਦੀ ਜ਼ਮੀਨ ਦੀ ਰਜਿਸਟ੍ਰੇਸ਼ਨ ਪ੍ਰਕਿਰਿਆ ਸ਼ੁਰੂ ਕਰਨ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਇਸ ਨਾਲ ਲੋਕਾਂ ਨੂੰ ਆਪਣੇ ਘਰਾਂ ਦੀ ਮਲਕੀਅਤ ਦੇ ਪੱਕੇ ਹੱਕ ਮਿਲ ਸਕਣਗੇ। ਉਨ੍ਹਾਂ ਭਰੋਸਾ ਦਿੱਤਾ ਕਿ ਧੂਰੀ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਨੂੰ ਬਿਹਤਰ ਸਹੂਲਤਾਂ ਦੇਣ ਲਈ ਸਰਕਾਰ ਵੱਲੋਂ ਲਗਾਤਾਰ ਕੰਮ ਕੀਤਾ ਜਾਵੇਗਾ।

About The Author

Related Posts