Children Day Celebration: ਲੋਟਸ ਵੈਲੀ ਸੀਨੀਅਰ ਸਕੂਲ ਵਿਖੇ ਬਾਲ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ
ਬੱਚਿਆਂ ਨੂੰ ਸੰਸਕਾਰਾਂ ਅਤੇ ਫ਼ਰਜ਼ਾਂ ਪ੍ਰਤੀ ਜਾਗਰੂਕ ਕਰਨਾ ਸਮੇਂ ਦੀ ਮੁੱਖ ਲੋੜ: ਗਿੱਲ
Children Day Celebration: (ਸੱਚ ਕਹੂੰ/ਰਾਜਨ ਮਾਨ) ਅੰਮ੍ਰਿਤਸਰ। ਲੋਟਸ ਵੈਲੀ ਸੀਨੀਅਰ ਸਕੂਲ ਕੋਟ ਮੂਹੱਮਦ ਖ਼ਾਨ ਵਿਖੇ ਬਾਲ ਦਿਵਸ ਬੜੇ ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ ਗਿਆ। ਇਸ ਮੌਕੇ ਵਿਸ਼ੇਸ਼ ਸਵੇਰ ਦੀ ਸਭਾ ਅਧਿਆਪਕਾਂ ਵੱਲੋਂ ਕਰਵਾਈ ਗਈ। ਅਧਿਆਪਕਾਂ ਨੇ ਨਾਚ, ਪ੍ਰੇਰਨਾਦਾਇਕ ਵਿਚਾਰਾਂ, ਨਾਟਕਾਂ ਅਤੇ ਹੋਰ ਮਨੋਰੰਜਕ ਪੇਸ਼ਕਾਰੀਆਂ ਰਾਹੀਂ ਵਿਦਿਆਰਥੀਆਂ ਦਾ ਮਨੋਰੰਜਨ ਕੀਤਾ। ਸਮੁੱਚਾ ਸਕੂਲ ਖੁਸ਼ੀ ਅਤੇ ਉਤਸ਼ਾਹ ਦੇ ਮਾਹੌਲ ਨਾਲ ਗੂੰਜ ਉੱਠਿਆ।
ਇਸ ਮੌਕੇ ਵਿਦਿਆਰਥੀਆਂ ਲਈ ਵਿਸ਼ੇਸ਼ ਕੇਕ ਤਿਆਰ ਕਰਵਾਇਆ ਗਿਆ। ਕੇਕ ਕੱਟਣ ਦੀ ਰਸਮ ਵਿੱਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਬਾਅਦ ਵਿੱਚ ਸਾਰੇ ਵਿਦਿਆਰਥੀਆਂ ਵਿੱਚ ਕੇਕ ਵੰਡਿਆ ਗਿਆ। ਸਕੂਲ ਦੇ ਡਾਇਰੈਕਟਰ ਸ. ਸਰਵਜੀਤ ਸਿੰਘ ਗਿੱਲ ਨੇ ਵਿਦਿਆਰਥੀਆਂ ਨੂੰ ਆਪਣੇ ਹੱਥੀਂ ਕੇਕ ਵਰਤਾਇਆ ਅਤੇ ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਜਤਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਬਾਲ ਦਿਵਸ ਦੀ ਵਧਾਈ ਦਿੰਦਿਆਂ ਉਨ੍ਹਾਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ।
ਇਹ ਵੀ ਪੜ੍ਹੋ: Punjab Government Jobs: ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ 40 ਆਂਗਣਵਾੜੀ ਹੈਲਪਰਾਂ ਨੂੰ ਨਿਯੁਕਤੀ ਪੱਤਰ ਸੌਂਪੇ
ਡਾਇਰੈਕਟਰ ਗਿੱਲ ਨੇ ਕਿਹਾ ਕਿ ਅਜੋਕੇ ਸਮੇਂ ਵਿਚ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਆਪਸੀ ਮਿਲਵਰਤਨ,ਸਾਂਝ ਅਤੇ ਰਿਸ਼ਤਿਆਂ ਤੋਂ ਜਾਣੂ ਕਰਵਾਉਣਾ ਸਮੇਂ ਦੀ ਮੁੱਖ ਲੋੜ ਹੈ। ਬੱਚਿਆਂ ਨੂੰ ਆਪਣੇ ਸੰਸਕਾਰਾਂ ਦਾ ਪਾਠ ਪੜ੍ਹਾਉਣਾ ਵੀ ਇਕ ਅਹਿਮ ਰੋਲ ਅਦਾ ਕਰਦਾ ਹੈ। ਉਹਨਾਂ ਕਿਹਾ ਕਿ ਉਹਨਾਂ ਦਾ ਮਕਸਦ ਸਿਰਫ਼ ਕਿਤਾਬੀ ਗਿਆਨ ਦੇਣਾ ਨਹੀਂ ਸਗੋਂ ਬੱਚਿਆਂ ਨੂੰ ਉਹਨਾਂ ਦੇ ਫ਼ਰਜ਼ਾਂ ਅਤੇ ਸੰਸਕਾਰਾਂ ਪ੍ਰਤੀ ਜਾਗਰੂਕ ਕਰਨਾ ਵੀ ਹੈ। ਉਹਨਾਂ ਕਿਹਾ ਕਿ ਅੱਜ ਦੇ ਮੋਬਾਇਲ ਯੁੱਗ ਵਿੱਚ ਬੱਚੇ ਇਕੱਲੇਪਣ ਦਾ ਸ਼ਿਕਾਰ ਹੁੰਦੇ ਜਾ ਰਹੇ ਹਨ ਅਤੇ ਇਹ ਸਮਾਜ ਲਈ ਖਤਰਨਾਕ ਰੁਝਾਨ ਹੈ। ਉਹਨਾਂ ਕਿਹਾ ਬੱਚਿਆਂ ਵਿੱਚ ਆਪਸੀ ਮਿਲਵਰਤਨ ਦੀ ਭਾਵਨਾ ਅਤੇ ਰਿਸ਼ਤਿਆਂ ਦੀ ਅਹਿਮੀਅਤ ਬਾਰੇ ਗਿਆਨ ਬਹੁਤ ਜ਼ਰੂਰੀ ਹੈ ।
ਇਸ ਮੌਕੇ ਮਿਸ ਵੰਸ਼ਿਕਾ ਦੇਵਗਨ ਅਤੇ ਮਿਸ ਹਰਮਨਪ੍ਰੀਤ ਕੌਰ ਨੂੰ ਉਨ੍ਹਾਂ ਦੀਆਂ ਪ੍ਰਾਪਤੀਆਂ ਅਤੇ ਸ਼ਾਨਦਾਰ ਗੁਣਾਂ ਲਈ ਬੈਸਟ ਸਟੂਡੈਂਟ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਸਮਾਗਮ ਦਾ ਇੱਕ ਹੋਰ ਖਿੱਚ ਦਾ ਕੇਂਦਰ ਸਕੂਲ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਦਰਮਿਆਨ ਕਰਵਾਇਆ ਗਿਆ ਦੋਸਤਾਨਾ ਕ੍ਰਿਕਟ ਮੈਚ ਰਿਹਾ। ਇਸ ਰੋਮਾਂਚਕ ਮੁਕਾਬਲੇ ਵਿੱਚ ਵਿਦਿਆਰਥੀਆਂ ਦੀ ਟੀਮ ਨੇ ਜਿੱਤ ਹਾਸਲ ਕੀਤੀ, ਜਿਸ ਨਾਲ ਵਿਦਿਆਰਥੀਆਂ ਵਿੱਚ ਖੁਸ਼ੀ ਅਤੇ ਉਤਸ਼ਾਹ ਦੀ ਲਹਿਰ ਦੌੜ ਗਈ। ਇਸ ਤਰ੍ਹਾਂ ਬਾਲ ਦਿਵਸ ਦਾ ਇਹ ਸਮਾਗਮ ਖੁਸ਼ੀਆਂ ਭਰੀਆਂ ਯਾਦਾਂ ਛੱਡਦਾ ਹੋਇਆ ਸਮਾਪਤ ਹੋਇਆ। ਇਹ ਸਮਾਗਮ ਸਕੂਲ ਦੀ ਬੱਚਿਆਂ ਦੇ ਸਰਵਪੱਖੀ ਵਿਕਾਸ ਅਤੇ ਖੁਸ਼ਹਾਲ ਸਿੱਖਿਆ ਪ੍ਰਦਾਨ ਕਰਨ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।
Comments