Punjab Congress: ਕਾਂਗਰਸ ਨੇ ਸੰਗਠਨ ਮਜ਼ਬੂਤ ਕਰਨ ਦੀ ਮੁਹਿੰਮ ਕੀਤੀ ਤੇਜ਼, ਫਰੀਦਕੋਟ ਪੁੱਜੇ ਭੁਪੇਸ਼ ਬਘੇਲ

ਰਾਜਾ ਵੜਿੰਗ ਬੋਲੇ, 2027 ਵਿੱਚ ਪੰਜਾਬ ’ਚ ਕਾਂਗਰਸ ਦੀ ਹੋਵੇਗੀ ਵਾਪਸੀ

Khushdeep Singh Picture
Published On

Punjab Congress: ਫ਼ਰੀਦਕੋਟ (ਗੁਰਪ੍ਰੀਤ ਪੱਕਾ)। ਪੰਜਾਬ ਕਾਂਗਰਸ ਨੇ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਨੂੰ ਲੈ ਕੇ ਸੰਗਠਨਾਤਮਕ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਇਸੇ ਕੜੀ ਤਹਿਤ ਬੁੱਧਵਾਰ ਨੂੰ ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਫਰੀਦਕੋਟ ਪੁੱਜੇ। ਉਨ੍ਹਾਂ ਸ਼ਹਿਰ ਦੇ ਗ੍ਰੈਂਡ ਵਿਲਾ ਰਿਜ਼ੋਰਟ ਵਿਖੇ ਜ਼ਿਲ੍ਹਾ ਕਾਂਗਰਸ ਦੇ ਆਗੂਆਂ, ਅਹੁਦੇਦਾਰਾਂ ਅਤੇ ਵਰਕਰਾਂ ਨਾਲ ਅਹਿਮ ਮੀਟਿੰਗ ਕਰਕੇ ਸੰਗਠਨ ਨੂੰ ਬੂਥ ਪੱਧਰ ਤੱਕ ਮਜ਼ਬੂਤ ਕਰਨ ਦਾ ਸੱਦਾ ਦਿੱਤਾ। ਹਾਲਾਂਕਿ ਇਸ ਮੀਟਿੰਗ ਦੌਰਾਨ ਕਾਂਗਰਸ ਦੀ ਅੰਦਰੂਨੀ ਗੁੱਟਬਾਜ਼ੀ ਵੀ ਖੁੱਲ੍ਹ ਕੇ ਸਾਹਮਣੇ ਆਈ। ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਧੜੇ ਨਾਲ ਸਬੰਧਤ ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ‘ਕਿੱਕੀ’ ਢਿੱਲੋਂ, ਅਜੈਪਾਲ ਸਿੰਘ ਸੰਧੂ ਅਤੇ ਸਾਬਕਾ ਸੰਸਦ ਮੈਂਬਰ ਮੁਹੰਮਦ ਸਦੀਕ ਸਮੇਤ ਕਈ ਸੀਨੀਅਰ ਆਗੂ ਗੈਰਹਾਜ਼ਰ ਰਹੇ।

ਮੀਟਿੰਗ ਤੋਂ ਬਾਅਦ ਸਾਬਕਾ ਵਿਧਾਇਕ ਕਿੱਕੀ ਢਿੱਲੋਂ ਨੇ ਇੱਕ ਵੀਡੀਓ ਜਾਰੀ ਕਰਕੇ ਦਾਅਵਾ ਕੀਤਾ ਕਿ ਉਨ੍ਹਾਂ ਨੂੰ ਮੀਟਿੰਗ ਲਈ ਸੱਦਾ ਹੀ ਨਹੀਂ ਦਿੱਤਾ ਗਿਆ। ਦੂਜੇ ਪਾਸੇ ਰਾਜਾ ਵੜਿੰਗ ਨੇ ਉਨ੍ਹਾਂ ਦੀ ਗੈਰਹਾਜ਼ਰੀ ਬਾਰੇ ਪੁੱਛੇ ਜਾਣ ’ਤੇ ਕਿਹਾ ਕਿ ਕਿੱਕੀ ਢਿੱਲੋਂ ਉਨ੍ਹਾਂ ਦੇ ਭਰਾ ਹਨ ਤੇ ਸ਼ਾਇਦ ਕਿਸੇ ਜ਼ਰੂਰੀ ਕੰਮ ਕਾਰਨ ਮੀਟਿੰਗ ਵਿੱਚ ਸ਼ਾਮਲ ਨਹੀਂ ਹੋ ਸਕੇ। ਮੀਟਿੰਗ ਨੂੰ ਸੰਬੋਧਨ ਕਰਦਿਆਂ ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਨੇ ਕਿਹਾ ਕਿ ‘ਹਰ ਬੂਥ ਕਾਂਗਰਸ ਮਜ਼ਬੂਤ’ ਮੁਹਿੰਮ ਤਹਿਤ ਸੂਬੇ ਭਰ ਵਿੱਚ ਵਰਕਰਾਂ ਨਾਲ ਸੰਵਾਦ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਫਰੀਦਕੋਟ ਦੀ ਮੀਟਿੰਗ ’ਚ ਸਾਰੇ ਬਲਾਕਾਂ ਤੋਂ ਵਰਕਰਾਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਉਨ੍ਹਾਂ ਦੋਸ਼ ਲਾਇਆ ਕਿ ਪਿਛਲੇ ਚਾਰ ਸਾਲਾਂ ਦੌਰਾਨ ਪੰਜਾਬ ਦੀ ਆਮ ਜਨਤਾ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਦੁਖੀ ਰਹੀ ਹੈ। Punjab Congress

ਇਹ ਵੀ ਪੜ੍ਹੋ : Harcharan Singh Bhullar: ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਦੀ ਜ਼ਮਾਨਤ ’ਤੇ ਹਾਈਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ

ਇਸ ਦੇ ਨਾਲ ਹੀ ਕਾਂਗਰਸੀ ਵਰਕਰਾਂ ਨੂੰ ਵੀ ਵੱਖ-ਵੱਖ ਪੱਧਰਾਂ ’ਤੇ ਤੰਗ-ਪਰੇਸ਼ਾਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਪ੍ਰਤੀ ਲੋਕਾਂ ਵਿੱਚ ਵੱਧ ਰਹੇ ਅਸੰਤੋਸ਼ ਨੂੰ ਵੇਖਦਿਆਂ ਉਨ੍ਹਾਂ ਨੂੰ ਪੂਰਾ ਵਿਸ਼ਵਾਸ ਹੈ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ’ਚ ਕਾਂਗਰਸ ਇਕਤਰਫ਼ਾ ਜਿੱਤ ਦਰਜ ਕਰੇਗੀ। ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਕਾਂਗਰਸ ਦੇ ਆਗੂ ਅਤੇ ਵਰਕਰ ਮਿਲ ਕੇ ਪੰਜਾਬ ਵਿੱਚੋਂ ਭਗਵੰਤ ਮਾਨ ਸਰਕਾਰ ਦੀ ਵਿਦਾਈ ਯਕੀਨੀ ਬਣਾਉਣਗੇ। ਉਨ੍ਹਾਂ ਸਪੱਸ਼ਟ ਕੀਤਾ ਕਿ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦਾ ਅੰਤਿਮ ਫ਼ੈਸਲਾ ਕਾਂਗਰਸ ਲੀਡਰਸ਼ਿਪ, ਰਾਹੁਲ ਗਾਂਧੀ ਅਤੇ ਪਾਰਟੀ ਪ੍ਰਧਾਨ ਮੱਲਿਕਾਰਜੁਨ ਖੜਗੇ ਵੱਲੋਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਸੁਝਾਅ ਦਿੱਤਾ ਹੈ ਕਿ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ 117 ਵਿੱਚੋਂ 60 ਤੋਂ 70 ਟਿਕਟਾਂ ਨੌਜਵਾਨਾਂ ਤੇ ਨਵੇਂ ਚਿਹਰਿਆਂ ਨੂੰ ਦਿੱਤੀਆਂ ਜਾਣ। ਇਸ ਦੇ ਨਾਲ ਹੀ ਸੰਗਠਨ ਅਤੇ ਟਿਕਟ ਵੰਡ ਵਿੱਚ 50 ਫੀਸਦੀ ਭਾਗੀਦਾਰੀ ਨੌਜਵਾਨਾਂ ਨੂੰ ਮਿਲਣੀ ਚਾਹੀਦੀ ਹੈ, ਤਾਂ ਜੋ ਕਾਂਗਰਸ ਨਵੇਂ ਨੇਤ੍ਰਿਤਵ ਨਾਲ ਲੋਕਾਂ ਅੱਗੇ ਇੱਕ ਮਜ਼ਬੂਤ ਬਦਲ ਵਜੋਂ ਉਭਰ ਸਕੇ। ਉਨ੍ਹਾਂ ਦਾਅਵਾ ਕੀਤਾ ਕਿ ਸਾਲ 2027 ਵਿੱਚ ਪੰਜਾਬ ਵਿੱਚ ਕਾਂਗਰਸ ਦੀ ਮੁੜ ਵਾਪਸੀ ਹੋਵੇਗੀ। Punjab Congress

About The Author

Related Posts