Punjab
PRTC Strike: ਪਨਬੱਸ-ਪੀਆਰਟੀਸੀ ਦੇ ਕੱਚੇ ਮੁਲਾਜ਼ਮਾਂ ਵੱਲੋਂ 22 ਤੋਂ ਚੱਕਾ ਜਾਮ ਦਾ ਐਲਾਨ
ਸੂਬੇ ਦੇ ਵੱਖ-ਵੱਖ ਡਿੱਪੂਆਂ ਵਿੱਚ ਰੋਸ ਰੈਲੀਆਂ ਵੀ ਕੀਤੀਆਂ ਅਤੇ ਸਰਕਾਰ ਦਾ ਕੀਤਾ ਪਿੱਟ ਸਿਆਪਾ
ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਪੰਜਾਬ ਰੋਡਵੇਜ਼, ਪਨਬੱਸ ਅਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਨੇ ਆਪਣੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਦਾ ਹੱਲ ਨਾ ਹੋਣ ’ਤੇ 22 ਸਤੰਬਰ ਤੋਂ ਸੂਬੇ ਭਰ ਵਿੱਚ ਮੁਕੰਮਲ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਹੈ। ਯੂਨੀਅਨ ਨੇ ਅੱਜ ਸੂਬੇ ਦੇ ਵੱਖ-ਵੱਖ ਡਿੱਪੂਆਂ ਵਿੱਚ ਰੋਸ ਰੈਲੀਆਂ ਵੀ ਕੀਤੀਆਂ ਅਤੇ ਸਰਕਾਰ ਖ਼ਿਲਾਫ਼ ਆਪਣਾ ਗੁੱਸਾ ਕੱਢਿਆ ਗਿਆ । ਯੂਨੀਅਨ ਦੇ ਸੂਬਾ ਆਗੂ ਹਰਕੇਸ਼ ਕੁਮਾਰ ਵਿੱਕੀ, ਪ੍ਰਧਾਨ ਸਹਿਜਪਾਲ ਸੰਧੂ ਅਤੇ ਸਕੱਤਰ ਜਸਦੀਪ ਸਿੰਘ ਨੇ ਕਿਹਾ ਕਿ ਪਿਛਲੇ ਕਰੀਬ ਚਾਰ ਸਾਲਾਂ ਦੌਰਾਨ ਸਰਕਾਰ ਨਾਲ 59 ਦੇ ਕਰੀਬ ਮੀਟਿੰਗਾਂ ਹੋ ਚੁੱਕੀਆਂ ਹਨ, ਪਰ ਹਰ ਵਾਰ ਭਰੋਸੇ ਤੋਂ ਇਲਾਵਾ ਕੁਝ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਮੰਗਾਂ ਦੇ ਹੱਲ ਲਈ ਮੁੜ-ਮੁੜ ਸਮਾਂ ਮੰਗਿਆ ਜਾ ਰਿਹਾ ਹੈ। PUNBUS PRTC Employees Strike
ਆਗੂਆਂ ਨੇ ਦੋਸ ਲਾਇਆ ਕਿ ਠੇਕੇਦਾਰੀ ਪ੍ਰਣਾਲੀ ਤਹਿਤ ਮੁਲਾਜ਼ਮਾਂ ਦਾ ਸ਼ੋਸਣ ਹੋ ਰਿਹਾ ਹੈ ਅਤੇ ਈਪੀਐੱਫ ਤੇ ਈਐੱਸਆਈ ਦੀਆਂ ਰਕਮਾਂ ਜ਼ਮ੍ਹਾਂ ਕਰਵਾਉਣ ਵਿੱਚ ਵੀ ਕਥਿਤ ਬੇਨਿਯਮੀਆਂ ਹਨ। ਉਨ੍ਹਾਂ ਕਿਹਾ ਕਿ ਠੇਕੇਦਾਰੀ ਤਹਿਤ ਭਰਤੀ ਵਿੱਚ ਕਥਿਤ ਭ੍ਰਿਸ਼ਟਾਚਾਰ ਸਬੰਧੀ ਸਬੂਤਾਂ ਸਮੇਤ ਸ਼ਿਕਾਇਤਾਂ ਸਰਕਾਰ ਨੂੰ ਦਿੱਤੀਆਂ ਜਾ ਚੁੱਕੀਆਂ ਹਨ, ਪਰ ਕੋਈ ਕਾਰਵਾਈ ਨਹੀਂ ਹੋਈ।ਵਰਕਸ਼ਾਪ ਪ੍ਰਧਾਨ ਹਰਜਿੰਦਰ ਸਿੰਘ, ਮੁੱਖ ਸਲਾਹਕਾਰ ਵੀਰ ਚੰਦ, ਚੇਅਰਮੈਨ ਸੁਲਤਾਨ ਸਿੰਘ ਅਤੇ ਕੈਸ਼ੀਅਰ ਅਤਿੰਦਰਪਾਲ ਸਿੰਘ ਨੇ ਕਿਹਾ ਕਿ ਮੁਲਾਜ਼ਮ ਘੱਟ ਤਨਖਾਹਾਂ ’ਤੇ ਲੋਕਾਂ ਨੂੰ ਆਵਾਜਾਈ ਦੀ ਸਹੂਲਤ ਦੇ ਰਹੇ ਹਨ, ਪਰ ਇਸ ਦੇ ਬਾਵਜੂਦ ਤਨਖਾਹਾਂ ਸਮੇਂ ਸਿਰ ਨਹੀਂ ਮਿਲ ਰਹੀਆਂ। ਉਨ੍ਹਾਂ ਸਰਕਾਰ ਤੋਂ ਮੁਫ਼ਤ ਸਫ਼ਰ ਸਹੂਲਤ ਬਦਲੇ ਵਿਭਾਗ ਨੂੰ ਬਕਾਇਆ ਰਾਸ਼ੀ ਜਾਰੀ ਕਰਨ ਦੀ ਮੰਗ ਵੀ ਕੀਤੀ।
ਇਹ ਵੀ ਪੜ੍ਹੋ : Body Donation: ਪਿੰਡ ਝੁਨੀਰ ਦੇ ਮੱਘਰ ਸਿੰਘ ਇੰਸਾਂ ਬਣੇ ਸਰੀਰਦਾਨੀ
ਯੂਨੀਅਨ ਆਗੂਆਂ ਨੇ ਸਰਕਾਰ ਵੱਲੋਂ ਕਿਲੋਮੀਟਰ ਸਕੀਮ ਤਹਿਤ ਬੱਸਾਂ ਚਲਾਉਣ ’ਤੇ ਵੀ ਉਂਗਲ ਚੁੱਕੀ। ਉਨ੍ਹਾਂ ਕਿਹਾ ਕਿ ਵਿਭਾਗ ਵਿੱਚ ਨਵੀਆਂ ਬੱਸਾਂ ਸ਼ਾਮਲ ਕਰਨ ਦੀ ਬਜਾਏ ਕਿਲੋਮੀਟਰ ਸਕੀਮ ’ਤੇ ਨਿਰਭਰਤਾ ਵਧਾਈ ਜਾ ਰਹੀ ਹੈ ਅਤੇ ਵਿਭਾਗ ਦਾ ਵੱਡਾ ਹਿੱਸਾ ਕੰਟਰੈਕਟ ਤੇ ਆਊਟਸੋਰਸ ਮੁਲਾਜ਼ਮਾਂ ਰਾਹੀਂ ਚਲਾਇਆ ਜਾ ਰਿਹਾ ਹੈ।ਉਨ੍ਹਾਂ ਸੰਘਰਸ਼ ਕਰ ਰਹੇ ਮੁਲਾਜ਼ਮਾਂ ਖ਼ਿਲਾਫ਼ ਦਰਜ ਕੇਸ ਰੱਦ ਕਰਨ ਅਤੇ ਜੇਲ੍ਹਾਂ ਵਿੱਚ ਬੰਦ ਸਾਥੀਆਂ ਨੂੰ ਰਿਹਾਅ ਕਰਨ ਦੀ ਮੰਗ ਕੀਤੀ। ਯੂਨੀਅਨ ਨੇ ਕਿਹਾ ਕਿ 17 ਸਤੰਬਰ ਨੂੰ ਸਰਕਾਰ ਨਾਲ ਹੋਣ ਵਾਲੀ ਮੀਟਿੰਗ ਵਿੱਚ ਜੇ ਕੰਟਰੈਕਟ ਮੁਲਾਜ਼ਮਾਂ ਨੂੰ ਸਰਵਿਸ ਰੂਲਾਂ ਤਹਿਤ ਪੱਕਾ ਕਰਨ, ਆਊਟਸੋਰਸ ਮੁਲਾਜ਼ਮਾਂ ਨੂੰ ਕੰਟਰੈਕਟ ’ਤੇ ਲਿਆਉਣ, ਬਰਾਬਰ ਕੰਮ ਲਈ ਬਰਾਬਰ ਤਨਖਾਹ ਲਾਗੂ ਕਰਨ, ਕੇਸ ਰੱਦ ਕਰਨ ਸਮੇਤ ਹੋਰ ਮੰਗਾਂ ਦਾ ਹੱਲ ਨਾ ਕੀਤਾ ਗਿਆ ਤਾਂ 22 ਸਤੰਬਰ ਤੋਂ ਪੂਰੇ ਪੰਜਾਬ ਵਿੱਚ ਚੱਕਾ ਜਾਮ ਕੀਤਾ ਜਾਵੇਗਾ। PUNBUS PRTC Employees Strike