Punjab
Drug Free Punjab: ਨਸ਼ਾ ਰੋਕੂ ਗਤੀਵਿਧੀਆਂ ਦਾ ਡੀਸੀ ਤੇ ਐਸਐਸਪੀ ਨੇ ਲਿਆ ਜਾਇਜ਼ਾ
ਨਸ਼ਾ ਮੁਕਤਾਂ ਦੇ ਪੁਨਰਵਾਸ ਲਈ ਹੁਨਰ ਵਿਕਾਸ ’ਤੇ ਜ਼ੋਰ : ਡਾ. ਸੋਨਾ ਥਿੰਦ
(ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਅਤੇ ਐਸਐਸਪੀ ਸ਼ੁਭਮ ਅਗਰਵਾਲ ਨੇ ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜ਼ਿਲ੍ਹੇ ਵਿੱਚ ਨਸ਼ਾ ਰੋਕੂ ਗਤੀਵਿਧੀਆਂ ਦਾ ਜਾਇਜ਼ਾ ਲਿਆ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ ਸਮੀਖਿਆ ਬੈਠਕ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨਸ਼ਾ ਕਰਨ ਵਾਲਿਆਂ ਦੀ ਨਸ਼ਾ ਮੁਕਤੀ ਕਰਵਾ ਕੇ ਉਨ੍ਹਾਂ ਦੇ ਪੁਨਰਵਾਸ ਲਈ ਹੁਨਰ ਵਿਕਾਸ ’ਤੇ ਜ਼ੋਰ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਦੀ ਰੋਕਥਾਮ, ਨਿਗਰਾਨੀ, ਪੁਨਰਵਾਸ ਅਤੇ ਭਾਈਚਾਰਕ ਭਾਗੀਦਾਰੀ ਨੂੰ ਮਜ਼ਬੂਤ ਕੀਤਾ ਗਿਆ ਹੈ, ਜਿਸ ਨਾਲ ਵਾਰਡ ਅਤੇ ਪੇਂਡੂ ਡਿਫੈਂਸ ਕਮੇਟੀਆਂ ਦੇ ਮੈਂਬਰ ਤੇ ਆਮ ਲੋਕ ਨਸ਼ਿਆਂ ਵਿਰੁੱਧ ਲਾਮਬੰਦ ਹੋ ਰਹੇ ਹਨ।
ਇਹ ਵੀ ਪੜ੍ਹੋ: Amritsar Bomb Threat: ਅੰਮ੍ਰਿਤਸਰ ਦੇ ਤਿੰਨ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਵਿਦਿਆਰਥੀਆਂ ਨੂੰ ਭੇਜਿਆ ਘਰ
ਉਨ੍ਹਾਂ ਦੱਸਿਆ ਕਿ 1 ਅਕਤੂਬਰ ਤੋਂ ਪਿੰਡਾਂ ਅਤੇ ਸ਼ਹਿਰੀ ਪੱਧਰ ’ਤੇ ਨਸ਼ਿਆਂ ਖਿਲਾਫ ਬਣਾਈਆਂ ਕਮੇਟੀਆਂ ਦੀਆਂ ਵਿਸ਼ੇਸ਼ ਬੈਠਕਾਂ ਉਲੀਕੀਆਂ ਗਈਆਂ ਹਨ। ਐਸਐਸਪੀ ਸ਼ੁਭਮ ਅਗਰਵਾਲ ਨੇ ਕਿਹਾ ਕਿ ਜ਼ਿਲ੍ਹਾ ਪੁਲਿਸ ਮੁੱਖ ਮੰਤਰੀ ਅਤੇ ਡੀਜੀਪੀ ਦੇ ਨਿਰਦੇਸ਼ਾਂ ਮੁਤਾਬਕ ਨਸ਼ਿਆਂ ਦੀ ਸਪਲਾਈ ਚੇਨ ਤੋੜਨ ਲਈ ਦ੍ਰਿੜ ਸੰਕਲਪ ਹੈ, ਪਰੰਤੂ ਨਸ਼ਿਆਂ ਦੀ ਮੰਗ ਬੰਦ ਕਰਨ ਲਈ ਸਮਾਜ ਦਾ ਸਾਥ ਬੇਹੱਦ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਵਿਰੁੱਧ ਸਖਤ ਕਾਰਵਾਈ ਕੀਤੀ ਜਾ ਰਹੀ ਹੈ ਅਤੇ ‘ਸੇਫ ਪੰਜਾਬ’ ਪੋਰਟਲ ’ਤੇ ਜਾਣਕਾਰੀ ਦੇਣ ਵਾਲੇ ਦੀ ਪਛਾਣ ਗੁਪਤ ਰੱਖੀ ਜਾਂਦੀ ਹੈ। ਭਵਿੱਖ ਵਿੱਚ ਵੀ ਨਸ਼ਿਆਂ ਦਾ ਕਾਰੋਬਾਰ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਇਸ ਮੌਕੇ ਨਸ਼ਾ ਮੁਕਤੀ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਓਂਕਾਰ ਸਿੰਘ ਚੌਹਾਨ, ਹਲਕਾ ਇੰਚਾਰਜ ਸੁਖਵਿੰਦਰ ਸਿੰਘ ਬੇਦੀ, ਐਸਡੀਐਮ ਫ਼ਤਹਿਗੜ੍ਹ ਸਾਹਿਬ ਕਰਨ ਗੁਪਤਾ, ਐਸਡੀਐਮ ਬਸੀ ਪਠਾਣਾ ਦੀਪਜੋਤ ਕੌਰ, ਐਸਡੀਐਮ ਅਮਲੋਹ ਹਰਵੀਰ ਕੌਰ, ਐਸਡੀਐਮ ਖਮਾਣੋਂ ਅਰਵਿੰਦ ਕੁਮਾਰ ਗੁਪਤਾ ਵੀ ਮੌਜ਼ੂਦ ਸਨ।