Malerkotla News: ਡੀ.ਸੀ. ਦਫ਼ਤਰ ਮਾਲੇਰਕੋਟਲਾ ਬਣਿਆ ਧਰਨਿਆਂ ਦਾ ਅਖਾੜਾ
ਕਿਸਾਨਾਂ ਵੱਲੋਂ ਦਫ਼ਤਰ ਦੇ ਪੰਜੇ ਗੇਟ ਬੰਦ, ਮੁਲਾਜ਼ਮਾਂ ਦਾ 12ਵੇਂ ਦਿਨ ਵੀ ਧਰਨਾ ਜਾਰੀ ,ਸੀ.ਪੀ.ਆਈ. (ਐੱਮ.) ਵੱਲੋਂ ਵੀ ਰੋਸ ਮੁਜ਼ਾਹਰਾ
Malerkotla News: ਮਾਲੇਰਕੋਟਲਾ, (ਗੁਰਤੇਜ ਜੋਸ਼ੀ)। ਮਾਲੇਰਕੋਟਲਾ ਦਾ ਡਿਪਟੀ ਕਮਿਸ਼ਨਰ ਦਫ਼ਤਰ ਇਨ੍ਹੀਂ ਦਿਨੀਂ ਵੱਖ-ਵੱਖ ਜਥੇਬੰਦੀਆਂ ਦੇ ਧਰਨਿਆਂ ਅਤੇ ਰੋਸ ਪ੍ਰਦਰਸ਼ਨਾਂ ਦਾ ਕੇਂਦਰ ਬਣਿਆ ਹੋਇਆ ਹੈ। ਆਪਣੀਆਂ ਮੰਗਾਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵੱਲੋਂ ਡੀ.ਸੀ. ਦਫ਼ਤਰ ਦੇ ਬਾਹਰ ਧਰਨਾ ਲਾਇਆ ਗਿਆ ਹੈ, ਜਦੋਂਕਿ ਡੀ.ਸੀ. ਦਫ਼ਤਰ ਇੰਪਲਾਇਜ਼ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਲਾਇਆ ਜਾ ਰਿਹਾ ਧਰਨਾ ਅੱਜ 12ਵੇਂ ਦਿਨ ਵਿੱਚ ਦਾਖ਼ਲ ਹੋ ਗਿਆ। ਇਸੇ ਦੌਰਾਨ ਸੀ.ਪੀ.ਆਈ. (ਐੱਮ.) ਦੇ ਸੂਬਾ ਸਕੱਤਰ ਸੁਖਵਿੰਦਰ ਸਿੰਘ ਸੇਖੋਂ ਦੀ ਅਗਵਾਈ ਹੇਠ ਜ਼ਿਲ੍ਹੇ ਦੇ ਕਾਮਰੇਡਾਂ ਵੱਲੋਂ ਵੀ ਡੀ.ਸੀ. ਦਫ਼ਤਰ ਦੇ ਸਾਹਮਣੇ ਰੋਸ ਮੁਜ਼ਾਹਰਾ ਕੀਤਾ ਗਿਆ।
ਕਿਸਾਨ ਜਥੇਬੰਦੀ ਵੱਲੋਂ ਲਾਏ ਗਏ ਧਰਨੇ ਦੌਰਾਨ ਡੀ.ਸੀ. ਦਫ਼ਤਰ ਦੇ ਪੰਜੇ ਗੇਟ ਬੰਦ ਕਰ ਦਿੱਤੇ ਗਏ ਅਤੇ ਜੱਥੇਬੰਦੀ ਦੇ ਆਗੂਆਂ ਨੇ ਗੇਟਾਂ ਨੂੰ ਤਾਲੇ ਲਗਾ ਦਿੱਤੇ। ਇਸ ਕਾਰਨ ਡੀ.ਸੀ. ਦਫ਼ਤਰ ਤੋਂ ਇਲਾਵਾ ਇਮਾਰਤ ਵਿੱਚ ਸਥਿਤ ਹੋਰ ਸਰਕਾਰੀ ਦਫ਼ਤਰਾਂ, ਜਿਨ੍ਹਾਂ ਵਿੱਚ ਟਿਊਬਵੈੱਲ ਕਾਰਪੋਰੇਸ਼ਨ, ਪਬਲਿਕ ਰਿਲੇਸ਼ਨ ਵਿਭਾਗ ਅਤੇ ਵਿਧਾਇਕ ਮਾਲੇਰਕੋਟਲਾ ਦਾ ਦਫ਼ਤਰ ਵੀ ਸ਼ਾਮਲ ਹੈ, ਵਿੱਚ ਆਉਣ-ਜਾਣ ਵਾਲੇ ਕਰਮਚਾਰੀਆਂ ਅਤੇ ਆਮ ਲੋਕਾਂ ਨੂੰ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ।
ਕਿਸਾਨ ਆਗੂਆਂ ਅਨੁਸਾਰ ਧਰਨੇ ਦੌਰਾਨ ਕਿਸੇ ਵੀ ਕਰਮਚਾਰੀ ਨੂੰ ਦਫ਼ਤਰ ਅੰਦਰ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ।
ਧਰਨੇ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਦੱਸਿਆ ਕਿ ਉਹ ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ ਦਿਨ ਤੋਂ ਡੀ.ਸੀ. ਦਫ਼ਤਰ ਦੇ ਬਾਹਰ ਬੈਠੇ ਹਨ। ਉਨ੍ਹਾਂ ਦੱਸਿਆ ਕਿ ਬੀਤੀ ਰਾਤ ਕਰੀਬ 10 ਵਜੇ ਡਿਪਟੀ ਕਮਿਸ਼ਨਰ ਮਾਲੇਰਕੋਟਲਾ ਦੀ ਰਿਹਾਇਸ਼ ਦੇ ਸਾਹਮਣੇ ਪੰਜਾਬ ਸਰਕਾਰ ਦਾ ਪੁਤਲਾ ਫੂਕ ਕੇ ਰੋਸ ਪ੍ਰਗਟ ਕੀਤਾ ਗਿਆ। ਕਿਸਾਨ ਆਗੂਆਂ ਨੇ ਦੋਸ਼ ਲਾਇਆ ਕਿ ਅਜੇ ਤੱਕ ਡਿਪਟੀ ਕਮਿਸ਼ਨਰ ਵੱਲੋਂ ਉਨ੍ਹਾਂ ਨਾਲ ਕੋਈ ਰਾਬਤਾ ਨਹੀਂ ਕੀਤਾ ਗਿਆ।
12ਵੇਂ ਦਿਨ ਵੀ ਮੁਲਾਜ਼ਮਾਂ ਦਾ ਧਰਨਾ ਜਾਰੀ
ਦੂਜੇ ਪਾਸੇ, ਡੀ.ਸੀ. ਦਫ਼ਤਰ ਇੰਪਲਾਇਜ਼ ਯੂਨੀਅਨ ਮਾਲੇਰਕੋਟਲਾ ਵੱਲੋਂ ਡਿਪਟੀ ਕਮਿਸ਼ਨਰ ਦੇ ਖ਼ਿਲਾਫ਼ ਲਾਇਆ ਗਿਆ ਧਰਨਾ ਵੀ 12ਵੇਂ ਦਿਨ ਵਿੱਚ ਦਾਖ਼ਲ ਹੋ ਗਿਆ ਹੈ। ਯੂਨੀਅਨ ਦੇ ਪ੍ਰਧਾਨ ਸ਼ਰਨਵੀਰ ਸਿੰਘ ਅਤੇ ਕੁਝ ਹੋਰ ਮੁਲਾਜ਼ਮਾਂ ਨੂੰ ਕਥਿਤ ਤੌਰ ’ਤੇ ਨਾਜਾਇਜ਼ ਤੰਗ ਕਰਨ ਦੇ ਰੋਸ ਵਜੋਂ ਇਹ ਧਰਨਾ 25 ਸਤੰਬਰ ਤੋਂ ਲਗਾਤਾਰ ਜਾਰੀ ਹੈ। ਕਿਸਾਨ ਜਥੇਬੰਦੀ ਵੱਲੋਂ ਡੀ.ਸੀ. ਦਫ਼ਤਰ ਦੇ ਗੇਟ ਬੰਦ ਕੀਤੇ ਜਾਣ ਕਾਰਨ ਅੱਜ ਡੀ.ਸੀ. ਦਫ਼ਤਰ ਦੇ ਮੁਲਾਜ਼ਮਾਂ ਨੇ ਆਪਣਾ ਧਰਨਾ ਦਫ਼ਤਰ ਦੇ ਅੰਦਰ ਦੀ ਬਜਾਏ ਬਾਹਰ ਸੜਕ ’ਤੇ ਲਾਇਆ।
ਇਸ ਮੌਕੇ ਯੂਨੀਅਨ ਦੇ ਪ੍ਰਧਾਨ ਸ਼ਰਨਵੀਰ ਸਿੰਘ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਦਫ਼ਤਰ ਦੇ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਸੁਣ ਕੇ ਉਨ੍ਹਾਂ ਦਾ ਹੱਲ ਕਰਨ ਲਈ ਪਹਿਲਕਦਮੀ ਕਰਨ, ਪਰ ਉਨ੍ਹਾਂ ਅਨੁਸਾਰ ਪਿਛਲੇ 12 ਦਿਨਾਂ ਤੋਂ ਇਸ ਮਾਮਲੇ ਵਿੱਚ ਕੋਈ ਹੱਲ ਨਹੀਂ ਨਿਕਲਿਆ। ਸ਼ਰਨਵੀਰ ਸਿੰਘ ਨੇ ਕਿਹਾ ਕਿ ਜੇਕਰ ਉਨ੍ਹਾਂ ਜਾਂ ਕਿਸੇ ਹੋਰ ਮੁਲਾਜ਼ਮ ਵੱਲੋਂ ਕੰਮ ਦੌਰਾਨ ਕੋਈ ਗਲਤੀ ਹੋਈ ਹੈ ਤਾਂ ਉਹ ਨਿਯਮਾਂ ਅਨੁਸਾਰ ਕਾਰਵਾਈ ਦਾ ਸਾਹਮਣਾ ਕਰਨ ਲਈ ਤਿਆਰ ਹਨ, ਪਰ ਕਿਸੇ ਵੀ ਮੁਲਾਜ਼ਮ ਨਾਲ ਕਥਿਤ ਧੱਕੇਸ਼ਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਡੀ.ਸੀ. ਦਫ਼ਤਰ ਇੰਪਲਾਇਜ਼ ਯੂਨੀਅਨ ਦੀ ਸੂਬਾ ਬਾਡੀ ਵੱਲੋਂ ਵੀ ਇਸ ਸਬੰਧੀ ਉੱਚ ਅਧਿਕਾਰੀਆਂ ਨੂੰ ਲਿਖਤੀ ਤੌਰ ’ਤੇ ਜਾਣੂ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਮੰਗਾਂ ਮੰਨੇ ਜਾਣ ਤੱਕ ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਡੀ.ਸੀ. ਦਫ਼ਤਰ, ਐੱਸ.ਡੀ.ਐੱਮ./ਤਹਿਸੀਲ ਦਫ਼ਤਰ ਮਾਲੇਰਕੋਟਲਾ, ਅਹਿਮਦਗੜ੍ਹ ਅਤੇ ਅਮਰਗੜ੍ਹ ਦੇ ਮੁਲਾਜ਼ਮਾਂ ਵੱਲੋਂ ਰੋਜ਼ਾਨਾ ਧਰਨੇ ਵਿੱਚ ਸ਼ਮੂਲੀਅਤ ਕਰਨ ਲਈ ਧੰਨਵਾਦ ਵੀ ਕੀਤਾ।
ਯੂਨੀਅਨ ਦੇ ਮੁੱਖ ਬੁਲਾਰੇ ਹਰਜੀਤ ਸਿੰਘ ਨੇ ਕਿਹਾ ਕਿ ਮੁਲਾਜ਼ਮਾਂ ਨੂੰ ਆਪਣੀਆਂ ਮੰਗਾਂ ਲਈ ਇਕਜੁੱਟ ਰਹਿਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮਾਮਲਾ ਹੁਣ ਸਿਰਫ਼ ਚਾਰਜਸ਼ੀਟਾਂ ਅਤੇ ਸਾਲਾਨਾ ਗੁਪਤ ਰਿਪੋਰਟਾਂ ਤੱਕ ਸੀਮਤ ਨਹੀਂ ਰਿਹਾ, ਸਗੋਂ ਮੁਲਾਜ਼ਮਾਂ ਦੇ ਹੱਕਾਂ ਅਤੇ ਸਨਮਾਨ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਜਥੇਬੰਦੀ ਆਪਣੇ ਹੱਕਾਂ ਲਈ ਸੰਘਰਸ਼ ਜਾਰੀ ਰੱਖੇਗੀ।
ਸੀ.ਪੀ.ਆਈ. (ਐੱਮ.) ਵੱਲੋਂ ਵੀ ਰੋਸ ਮੁਜ਼ਾਹਰਾ
ਇਸੇ ਦੌਰਾਨ ਸੀ.ਪੀ.ਆਈ. (ਐੱਮ.) ਦੇ ਸੂਬਾ ਸਕੱਤਰ ਸੁਖਵਿੰਦਰ ਸਿੰਘ ਸੇਖੋਂ ਦੀ ਰਹਿਨੁਮਾਈ ਹੇਠ ਜ਼ਿਲ੍ਹੇ ਦੇ ਕਾਮਰੇਡਾਂ ਵੱਲੋਂ ਵੱਡੀ ਗਿਣਤੀ ਵਿੱਚ ਇਕੱਠੇ ਹੋ ਕੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਸਾਹਮਣੇ ਰੋਸ ਮੁਜ਼ਾਹਰਾ ਕੀਤਾ ਗਿਆ। ਇਸ ਮੌਕੇ ਕੇਂਦਰ ਸਰਕਾਰ ਅਤੇ ਚੋਣ ਪ੍ਰਬੰਧ ਨਾਲ ਸਬੰਧਤ ਆਪਣੇ ਰਾਜਨੀਤਿਕ ਮਸਲਿਆਂ ਨੂੰ ਲੈ ਕੇ ਨਾਅਰੇਬਾਜ਼ੀ ਕੀਤੀ ਗਈ।
ਸੀ.ਪੀ.ਆਈ. (ਐੱਮ.) ਆਗੂਆਂ ਨੇ ਭਾਰਤ ਦੇ ਮੁੱਖ ਚੋਣ ਕਮਿਸ਼ਨਰ ਨੂੰ ਅਹੁਦੇ ਤੋਂ ਹਟਾਉਣ ਅਤੇ ਉਨ੍ਹਾਂ ਖ਼ਿਲਾਫ਼ ਬਣਦੀ ਕਾਰਵਾਈ ਕਰਨ ਦੀ ਮੰਗ ਕੀਤੀ। ਆਗੂਆਂ ਨੇ ਕਿਹਾ ਕਿ ਚੋਣ ਪ੍ਰਕਿਰਿਆ ਨਾਲ ਜੁੜੇ ਮਾਮਲਿਆਂ ਵਿੱਚ ਪਾਰਦਰਸ਼ਤਾ ਅਤੇ ਸੰਵਿਧਾਨਕ ਸੰਸਥਾਵਾਂ ਦੀ ਜਵਾਬਦੇਹੀ ਯਕੀਨੀ ਬਣਾਈ ਜਾਣੀ ਚਾਹੀਦੀ ਹੈ।
ਇਸ ਤਰ੍ਹਾਂ ਇੱਕੋ ਸਮੇਂ ਡੀ.ਸੀ. ਦਫ਼ਤਰ ਦੇ ਬਾਹਰ ਕਿਸਾਨਾਂ, ਡੀ.ਸੀ. ਦਫ਼ਤਰ ਦੇ ਮੁਲਾਜ਼ਮਾਂ ਅਤੇ ਸੀ.ਪੀ.ਆਈ. (ਐੱਮ.) ਵੱਲੋਂ ਕੀਤੇ ਗਏ ਧਰਨਿਆਂ ਤੇ ਰੋਸ ਪ੍ਰਦਰਸ਼ਨ ਕਾਰਨ ਮਾਲੇਰਕੋਟਲਾ ਡੀ.ਸੀ. ਦਫ਼ਤਰ ਵਿੱਚ ਦਿਨ ਭਰ ਮਾਹੌਲ ਤਣਾਅਪੂਰਨ ਬਣਿਆ ਰਿਹਾ। ਵੱਖ-ਵੱਖ ਜਥੇਬੰਦੀਆਂ ਵੱਲੋਂ ਆਪਣੇ-ਆਪਣੇ ਮੁੱਦਿਆਂ ਨੂੰ ਲੈ ਕੇ ਪ੍ਰਸ਼ਾਸਨ ਅਤੇ ਸਰਕਾਰ ਤੋਂ ਕਾਰਵਾਈ ਦੀ ਮੰਗ ਕੀਤੀ ਗਈ।