Punjab
Malerkotla News: ਡੀਸੀ ਦਫ਼ਤਰ ਕਰਮਚਾਰੀਆਂ ਨੇ ਫੂਕਿਆ ਡੀਸੀ ਦਾ ਪੁਤਲਾ
ਹੱਕੀ ਤੇ ਜਾਇਜ਼ ਮੰਗਾਂ ਨਾ ਮੰਨੇ ਜਾਣ ਦੇ ਰੋਸ ਵਜੋਂ ਵੱਖ-ਵੱਖ ਜਥੇਬੰਦੀਆਂ ਵੱਲੋਂ ਹਮਾਇਤ
Malerkotla News: ਮਾਲੇਰਕੋਟਲਾ (ਗੁਰਤੇਜ ਜੋਸ਼ੀ) ਡਿਪਟੀ ਕਮਿਸ਼ਨਰ ਦਫ਼ਤਰ ਮਾਲੇਰਕੋਟਲਾ ਦੇ ਕਰਮਚਾਰੀਆਂ ਵੱਲੋਂ ਆਪਣੀਆਂ ਹੱਕੀ ਤੇ ਜਾਇਜ਼ ਮੰਗਾਂ ਨਾ ਮੰਨੇ ਜਾਣ ਅਤੇ ਕਥਿਤ ਤੌਰ ’ਤੇ ਕਰਮਚਾਰੀਆਂ ਖ਼ਿਲਾਫ਼ ਕੀਤੀਆਂ ਵਿਭਾਗੀ ਕਾਰਵਾਈਆਂ ਦੇ ਰੋਸ ਵਜੋਂ ਡੀ.ਸੀ. ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ ਕਰਦਿਆਂ ਡਿਪਟੀ ਕਮਿਸ਼ਨਰ ਦਾ ਪੁਤਲਾ ਫੂਕਿਆ ਗਿਆ।
ਡੀ.ਸੀ. ਦਫ਼ਤਰ ਇੰਪਲਾਈਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਤੇਜਿੰਦਰ ਸਿੰਘ ਨੰਗਲ ਦੀ ਅਗਵਾਈ ਹੇਠ ਹੋਏ ਇਸ ਪ੍ਰਦਰਸ਼ਨ ਵਿੱਚ ਡੀ.ਸੀ. ਦਫ਼ਤਰ, ਐੱਸ.ਡੀ.ਐੱਮ. ਅਤੇ ਤਹਿਸੀਲ ਦਫ਼ਤਰਾਂ ਦੇ ਕਰਮਚਾਰੀਆਂ ਤੋਂ ਇਲਾਵਾ ਪੀ.ਐੱਸ.ਐੱਮ.ਐੱਸ.ਯੂ., ਰੈਵੇਨਿਊ ਪਟਵਾਰ ਯੂਨੀਅਨ, ਸੀ.ਪੀ.ਐੱਫ. ਯੂਨੀਅਨ ਸਮੇਤ ਵੱਖ-ਵੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਸ਼ਮੂਲੀਅਤ ਕੀਤੀ।
Read Also : 50 ਹਜ਼ਾਰ ਰਿਸ਼ਵਤ ਮਾਮਲੇ ’ਚ ਇੰਸਪੈਕਟਰ ਸੁਨੀਤਾ ਰਾਣੀ ਬਰਖ਼ਾਸਤ
ਇਸ ਮੌਕੇ ਤੇਜਿੰਦਰ ਸਿੰਘ ਨੰਗਲ ਨੇ ਦੋਸ਼ ਲਗਾਇਆ ਕਿ ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਮਾਲੇਰਕੋਟਲਾ ਦੇ ਪ੍ਰਧਾਨ ਸ਼ਰਨਵੀਰ ਸਿੰਘ ਨੂੰ ਕਥਿਤ ਤੌਰ ’ਤੇ ਗਲਤ ਢੰਗ ਨਾਲ ਚਾਰਜਸ਼ੀਟ ਕਰਨ ਅਤੇ ਕੁਝ ਕਰਮਚਾਰੀਆਂ ਦੀਆਂ ਸਾਲਾਨਾ ਗੁਪਤ ਰਿਪੋਰਟਾਂ ਸਬੰਧੀ ਮਾਮਲੇ ਹੱਲ ਕਰਨ ਲਈ ਅਧਿਕਾਰੀਆਂ ਨੂੰ ਕਈ ਵਾਰ ਜਾਣੂ ਕਰਵਾਇਆ ਗਿਆ ਹੈ, ਪਰ ਅਜੇ ਤੱਕ ਕੋਈ ਠੋਸ ਹੱਲ ਨਹੀਂ ਹੋਇਆ।
ਉਨ੍ਹਾਂ ਕਿਹਾ ਕਿ ਕਰਮਚਾਰੀਆਂ ਨਾਲ ਕਿਸੇ ਵੀ ਤਰ੍ਹਾਂ ਦਾ ਕਥਿਤ ਨਾਜਾਇਜ਼ ਧੱਕਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਐਲਾਨ ਕੀਤਾ ਕਿ ਜੇਕਰ ਮੰਗਾਂ ਦਾ ਹੱਲ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਪਟਿਆਲਾ ਡਵੀਜ਼ਨ ਦੇ ਹੋਰ ਜ਼ਿਲ੍ਹਿਆਂ ਤੱਕ ਲਿਜਾਇਆ ਜਾਵੇਗਾ ਅਤੇ ਲੋੜ ਪੈਣ ’ਤੇ ਪੰਜਾਬ ਪੱਧਰ ’ਤੇ ਸੰਘਰਸ਼ ਕੀਤਾ ਜਾਵੇਗਾ।
ਸੂਬਾ ਪ੍ਰਧਾਨ ਨੇ ਕਿਹਾ ਕਿ ਜਥੇਬੰਦੀ ਵੱਲੋਂ ਅਗਲੇ ਸੰਘਰਸ਼ ਦਾ ਐਲਾਨ 4 ਅਕਤੂਬਰ ਨੂੰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਰਮਚਾਰੀ ਆਪਣੀ ਗਲਤੀ ਦੀ ਸਜ਼ਾ ਭੁਗਤਣ ਲਈ ਤਿਆਰ ਹਨ, ਪਰ ਬਿਨਾਂ ਗਲਤੀ ਦੇ ਸਜ਼ਾ ਜਾਂ ਕਥਿਤ ਨਾਜਾਇਜ਼ ਕਾਰਵਾਈ ਨੂੰ ਸਵੀਕਾਰ ਨਹੀਂ ਕੀਤਾ ਜਾਵੇਗਾ।
ਇਸ ਮੌਕੇ ਹਰਪ੍ਰੀਤ ਸਿੰਘ, ਸੁਖਵਿੰਦਰ ਸਿੰਘ, ਆਸ਼ੂ ਵਰਮਾ, ਸੁਖਪਾਲ ਪੰਧੇਰ, ਮੁਹੰਮਦ ਸ਼ਰੀਫ਼, ਕਮਲ ਸੰਧੂ, ਦੀਦਾਰ ਸਿੰਘ, ਰਣਬੀਰ ਸਿੰਘ ਢੰਡੇ, ਮਿਉਂਸਪਲ ਕੌਂਸਲਰ ਮੁਨਸ਼ੀ ਫਾਰੂਕ ਸਮੇਤ ਵੱਖ-ਵੱਖ ਜਥੇਬੰਦੀਆਂ ਦੇ ਆਗੂ ਤੇ ਨੁਮਾਇੰਦੇ ਹਾਜ਼ਰ ਸਨ।