Stubble Burning: ਡਿਪਟੀ ਕਮਿਸ਼ਨਰ ਪਟਿਆਲਾ ਨੇ ਝੋਨੇ ਦੀ ਪਰਾਲੀ ਨੂੰ ਸਾੜਨ ਦੇ ਨੁਕਸਾਨ ਬਾਰੇ ਜਾਗਰੂਕਤਾ ਲਈ 3 ਵੈਨਾਂ ਰਵਾਨਾ ਕੀਤੀਆਂ

40 ਦਿਨਾਂ ਦੌਰਾਨ 934 ਪਿੰਡਾਂ ਵਿੱਚ ਕਿਸਾਨਾਂ ਨੂੰ ਕੀਤਾ ਜਾਵੇਗਾ ਜਾਗਰੂਕ; ਡਿਪਟੀ ਕਮਿਸ਼ਨਰ ਨੇ ਖੇਤਾਂ ਵਿੱਚ ਅੱਗ ਨਾ ਲਾਉਣ ਦਾ ਸੱਦਾ ਦਿੱਤਾ

Tehdil Arora Picture
Published On

Stubble Burning: :ਪਟਿਆਲਾ, (ਸੱਚ ਕਹੂੰ ਨਿਊਜ਼/ਹਿੰ.ਸ.)। ਝੋਨੇ ਦੀ ਪਰਾਲੀ ਅਤੇ ਫਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ਤੋਂ ਰੋਕਣ ਲਈ ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਤਿੰਨ ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਇਹ ਵੈਨਾਂ ਅਗਲੇ 40 ਦਿਨਾਂ ਦੌਰਾਨ ਜ਼ਿਲ੍ਹੇ ਦੇ 6 ਬਲਾਕਾਂ ਅਧੀਨ ਆਉਂਦੇ 934 ਪਿੰਡਾਂ ਵਿੱਚ ਪਹੁੰਚ ਕੇ ਕਿਸਾਨਾਂ ਅਤੇ ਲੋਕਾਂ ਨੂੰ ਪਰਾਲੀ ਨਾ ਸਾੜਨ ਸਬੰਧੀ ਜਾਗਰੂਕ ਕਰਨਗੀਆਂ।

ਇਸ ਮੁਹਿੰਮ ਦੌਰਾਨ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਦੇ ਢੰਗਾਂ ਬਾਰੇ ਜਾਣਕਾਰੀ ਦੇਣ ਦੇ ਨਾਲ-ਨਾਲ ਜਾਗਰੂਕਤਾ ਸਾਹਿਤ ਵੀ ਵੰਡਿਆ ਜਾਵੇਗਾ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਵਾਤਾਵਰਣ ਅਤੇ ਆਪਣੀ ਜ਼ਮੀਨ ਦੀ ਸੰਭਾਲ ਲਈ ਖੇਤਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਾਉਣ ਦਾ ਪ੍ਰਣ ਕਰਨ।

ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਪਰਾਲੀ ਸਾੜਨ ਨਾਲ ਵਾਤਾਵਰਣ ’ਤੇ ਮਾੜਾ ਪ੍ਰਭਾਵ ਪੈਂਦਾ ਹੈ ਅਤੇ ਇਸ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਨੂੰ ਵੀ ਨੁਕਸਾਨ ਪਹੁੰਚ ਸਕਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਫਸਲਾਂ ਦੀ ਰਹਿੰਦ-ਖੂੰਹਦ ਦਾ ਖੇਤਾਂ ਵਿੱਚ ਹੀ ਪ੍ਰਬੰਧਨ ਕਰਨ ਲਈ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਈ ਜਾ ਰਹੀ ਹੈ।

ਉਨ੍ਹਾਂ ਦੱਸਿਆ ਕਿ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਕੋਲ ਪਰਾਲੀ ਪ੍ਰਬੰਧਨ ਲਈ ਲੋੜੀਂਦੀ ਖੇਤੀ ਮਸ਼ੀਨਰੀ ਉਪਲਬੱਧ ਹੈ। ਕਿਸਾਨ ਇਸ ਮਸ਼ੀਨਰੀ ਦਾ ਲਾਭ ਲੈ ਕੇ ਪਰਾਲੀ ਨੂੰ ਖੇਤਾਂ ਵਿੱਚ ਹੀ ਮਿਲਾ ਸਕਦੇ ਹਨ, ਜਿਸ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਬਣਾਈ ਰੱਖਣ ਦੇ ਨਾਲ ਵਾਤਾਵਰਣ ਨੂੰ ਵੀ ਪ੍ਰਦੂਸ਼ਣ ਤੋਂ ਬਚਾਇਆ ਜਾ ਸਕਦਾ ਹੈ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਵਿਗਿਆਨਕ ਤਰੀਕਿਆਂ ਨਾਲ ਇਸ ਦਾ ਪ੍ਰਬੰਧਨ ਕਰਨ ਅਤੇ ਸਰਕਾਰੀ ਵਿਭਾਗਾਂ ਵੱਲੋਂ ਦਿੱਤੀ ਜਾ ਰਹੀ ਸਹਾਇਤਾ ਦਾ ਪੂਰਾ ਲਾਭ ਉਠਾਉਣ। ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਡਾ. ਦਾਰਾ ਸਿੰਘ, ਏ.ਡੀ.ਓ. ਰਵਿੰਦਰ ਪਾਲ ਸਿੰਘ ਚੱਠਾ, ਏ.ਏ.ਈ. ਪ੍ਰਭਦੀਪ ਸਿੰਘ ਅਤੇ ਅਮਨਪ੍ਰੀਤ ਸਿੰਘ ਸੰਧੂ ਸਮੇਤ ਹੋਰ ਅਧਿਕਾਰੀ ਮੌਜੂਦ ਸਨ।

About The Author

Related Posts