Crime News: ਡੇਰਾ ਬਾਬਾ ਨਾਨਕ ’ਚ ਸਰਪੰਚ ਦੇ ਭਰਾ ਦਾ ਗੋਲੀਆਂ ਮਾਰ ਕੇ ਕਤਲ

ਸਵਿਫਟ ਕਾਰ ’ਚ ਆਏ ਹਮਲਾਵਰਾਂ ਨੇ ਚਲਾਈਆਂ ਗੋਲੀਆਂ, ਪੁਰਾਣੀ ਰੰਜਿਸ਼ ਦਾ ਮਾਮਲਾ ਦੱਸ ਰਹੀ ਪੁਲਿਸ

Khushdeep Singh Picture
Published On

ਗੁਰਦਾਸਪੁਰ (ਸੱਚ ਕਹੂੰ ਨਿਊਜ਼/ਹਿੰ.ਸ.)। ਭਾਰਤ-ਪਾਕਿਸਤਾਨ ਸਰਹੱਦ ਨਾਲ ਲੱਗਦੇ ਡੇਰਾ ਬਾਬਾ ਨਾਨਕ ਇਲਾਕੇ ਦੇ ਪਿੰਡ ਪੱਡਾ ’ਚ ਸ਼ਨਿੱਚਰਵਾਰ ਦੇਰ ਸ਼ਾਮ ਇੱਕ 27 ਸਾਲਾ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਮ੍ਰਿਤਕ ਦੀ ਪਛਾਣ ਸੁਖਰਾਜ ਸਿੰਘ ਉਰਫ਼ ਕਾਕਾ ਵਜੋਂ ਹੋਈ ਹੈ। ਉਹ ਪਿੰਡ ਦੇ ਮੌਜ਼ੂਦਾ ਕਾਂਗਰਸੀ ਸਰਪੰਚ ਨਵਦੀਪ ਸਿੰਘ ਦਾ ਛੋਟਾ ਭਰਾ ਸੀ। ਘਟਨਾ ਤੋਂ ਬਾਅਦ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਸੁਖਰਾਜ ਸਿੰਘ ਸ਼ਨਿੱਚਰਵਾਰ ਰਾਤ ਟਾਹਲੀ ਸਾਹਿਬ ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਸਮਾਗਮ ’ਚ ਸ਼ਾਮਲ ਹੋਣ ਤੋਂ ਬਾਅਦ ਮੋਟਰਸਾਈਕਲ ’ਤੇ ਘਰ ਵਾਪਸ ਆ ਰਿਹਾ ਸੀ। ਇਸ ਦੌਰਾਨ ਇੱਕ ਸਵਿਫਟ ਕਾਰ ’ਚ ਸਵਾਰ ਕੁਝ ਨੌਜਵਾਨਾਂ ਨੇ ਉਸ ਦਾ ਪਿੱਛਾ ਕੀਤਾ। ਸਰਪੰਚ ਨਵਦੀਪ ਸਿੰਘ ਮੁਤਾਬਕ ਕਾਰ ਸਵਾਰਾਂ ’ਚੋਂ ਤਿੰਨ ਵਿਅਕਤੀਆਂ ਨੇ ਸੁਖਰਾਜ ’ਤੇ ਗੋਲੀਆਂ ਚਲਾਈਆਂ। ਗੋਲੀਆਂ ਲੱਗਣ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਡੇਰਾ ਬਾਬਾ ਨਾਨਕ ਦੇ ਐਸਐਚਓ ਅਸ਼ੋਕ ਕੁਮਾਰ ਪੁਲਿਸ ਟੀਮ ਸਮੇਤ ਮੌਕੇ ’ਤੇ ਪਹੁੰਚੇ।

ਪੁਲਿਸ ਨੇ ਘਟਨਾ ਸਥਾਨ ਦੀ ਜਾਂਚ ਕਰਦਿਆਂ ਦੋ ਖੋਲ ਬਰਾਮਦ ਕੀਤੇ ਹਨ। ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਟਾਲਾ ਭੇਜਿਆ ਗਿਆ ਹੈ। ਮ੍ਰਿਤਕ ਦੇ ਭਰਾ ਨਵਦੀਪ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਥਾਣਾ ਡੇਰਾ ਬਾਬਾ ਨਾਨਕ ’ਚ ਮਾਮਲਾ ਦਰਜ ਕਰਕੇ ਮੁਲਜ਼ਮਾਂ ਦੀ ਪਛਾਣ ਤੇ ਗ੍ਰਿਫ਼ਤਾਰੀ ਲਈ ਕਾਰਵਾਈ ਕੀਤੀ ਜਾ ਰਹੀ ਹੈ। ਸਰਪੰਚ ਨਵਦੀਪ ਸਿੰਘ ਨੇ ਪੁਲਿਸ ਨੂੰ ਦੱਸਿਆ ਕਿ ਦੋ-ਤਿੰਨ ਮਹੀਨੇ ਪਹਿਲਾਂ ਵੀ ਉਨ੍ਹਾਂ ’ਤੇ ਗੋਲੀਬਾਰੀ ਹੋਈ ਸੀ। ਪੁਲਿਸ ਮੁਤਾਬਕ ਮਾਮਲਾ ਦੋ ਧਿਰਾਂ ਵਿਚਾਲੇ ਪੁਰਾਣੀ ਰੰਜਿਸ਼ ਨਾਲ ਜੁੜਿਆ ਹੋਇਆ ਹੈ। ਐਸਐਚਓ ਅਸ਼ੋਕ ਕੁਮਾਰ ਨੇ ਕਿਹਾ ਕਿ ਮੁੱਢਲੀ ਜਾਂਚ ’ਚ ਇਸ ਨੂੰ ਗੈਂਗਵਾਰ ਦੀ ਬਜਾਏ ਪੁਰਾਣੀ ਰੰਜਿਸ਼ ਦਾ ਮਾਮਲਾ ਮੰਨਿਆ ਜਾ ਰਿਹਾ ਹੈ। ਪੁਲਿਸ ਅਨੁਸਾਰ ਦੋਵਾਂ ਧਿਰਾਂ ਖਿਲਾਫ਼ ਪਹਿਲਾਂ ਵੀ ਅਪਰਾਧਿਕ ਤੇ ਐਨਡੀਪੀਐਸ ਐਕਟ ਤਹਿਤ ਮਾਮਲੇ ਦਰਜ ਹਨ। ਪੁਲਿਸ ਵੱਲੋਂ ਹਮਲਾਵਰਾਂ ਦੀ ਪਛਾਣ ਕਰਨ ਤੇ ਉਨ੍ਹਾਂ ਨੂੰ ਕਾਬੂ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਮਾਮਲੇ ਦੀ ਜਾਂਚ ਜਾਰੀ ਹੈ। Crime News Today

ਇਹ ਵੀ ਪੜ੍ਹੋ : Shafali Verma: ਸ਼ੇਫਾਲੀ ਦਾ ਨਾਬਾਦ ਸੈਂਕੜਾ, ਏਸ਼ੀਆਈ ਖੇਡਾਂ ਦੇ ਸੈਮੀਫਾਈਨਲ ’ਚ ਭਾਰਤ ਦਾ ਬੰਗਲਾਦੇਸ਼ ਖਿਲਾਫ਼ ਵੱਡਾ ਸਕੋਰ

About The Author

Related Posts