Khedan Watan Punjab Diyan: ਅਜਨਾਲਾ ’ਚ ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-4 ਦਾ ਆਗਾਜ਼, ਧਾਲੀਵਾਲ ਨੇ ਕਰਵਾਈ ਸ਼ੁਰੂਆਤ
ਸਿਹਤਮੰਦ ਤੇ ਨਸ਼ਾ-ਮੁਕਤ ‘ਰੰਗਲਾ ਪੰਜਾਬ’ ਬਣਾਉਣ ਲਈ ਨੌਜਵਾਨ ਖੇਡਾਂ ਨੂੰ ਅਪਣਾਉਣ: ਧਾਲੀਵਾਲ
Khedan Watan Punjab Diyan : (ਰਾਜਨ ਮਾਨ) ਅੰਮ੍ਰਿਤਸਰ। ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-4 ਦੇ ਬਲਾਕ ਪੱਧਰੀ ਖੇਡ ਮੁਕਾਬਲਿਆਂ ਦੀ ਅੱਜ ਸਰਕਾਰੀ ਕਾਲਜ, ਅਜਨਾਲਾ ਤੋਂ ਰਸਮੀ ਸ਼ੁਰੂਆਤ ਹੋਈ। ਮੁਕਾਬਲਿਆਂ ਦਾ ਉਦਘਾਟਨ ਵਿਧਾਇਕ ਸ. ਕੁਲਦੀਪ ਸਿੰਘ ਧਾਲੀਵਾਲ ਨੇ ਕੀਤਾ। ਇਸ ਮੌਕੇ ਜ਼ਿਲ੍ਹਾ ਖੇਡ ਅਫ਼ਸਰ ਸ. ਗੁਰਮੀਤ ਸਿੰਘ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।
ਬਲਾਕ ਪੱਧਰੀ ਮੁਕਾਬਲਿਆਂ ਦੇ ਪਹਿਲੇ ਦਿਨ ਵੱਖ-ਵੱਖ ਉਮਰ ਵਰਗਾਂ ਵਿੱਚ ਅਥਲੈਟਿਕਸ ਦੇ ਮੁਕਾਬਲੇ ਕਰਵਾਏ ਗਏ, ਜਿਸ ਵਿੱਚ ਬਲਾਕ ਅਜਨਾਲਾ ਦੇ ਖਿਡਾਰੀਆਂ ਨੇ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਭਾਗ ਲਿਆ। ਖਿਡਾਰੀਆਂ ਅਤੇ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਸ. ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੀ ਸ਼ਾਨਦਾਰ ਖੇਡ ਵਿਰਾਸਤ ਨੂੰ ਮੁੜ ਸੁਰਜੀਤ ਕਰਨ ਅਤੇ ਪੰਜਾਬ ਨੂੰ ਖੇਡਾਂ ਦੇ ਖੇਤਰ ਵਿੱਚ ਮੁੜ ਮੋਹਰੀ ਬਣਾਉਣ ਦੇ ਉਦੇਸ਼ ਨਾਲ ‘ਖੇਡਾਂ ਵਤਨ ਪੰਜਾਬ ਦੀਆਂ’ ਕਰਵਾਈਆਂ ਜਾ ਰਹੀਆਂ ਹਨ।
ਉਨ੍ਹਾਂ ਕਿਹਾ ਕਿ ਇਸ ਪਹਿਲਕਦਮੀ ਰਾਹੀਂ ਪੰਜਾਬ ਦੇ ਨੌਜਵਾਨਾਂ ਨੂੰ ਖੇਡਾਂ ਨਾਲ ਜੁੜਨ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ, ਜਿਸ ਨਾਲ ਖੇਡਾਂ ਵਿੱਚ ਉਨ੍ਹਾਂ ਦੀ ਭਾਗੀਦਾਰੀ ਹੋਰ ਵਧੇਗੀ। ਉਨ੍ਹਾਂ ਕਿਹਾ ਕਿ ਇਹ ਖੇਡ ਮੁਕਾਬਲੇ ਪਿੰਡਾਂ, ਕਸਬਿਆਂ ਅਤੇ ਸ਼ਹਿਰਾਂ ਵਿੱਚ ਮੌਜੂਦ ਛੁਪੀ ਹੋਈ ਖੇਡ ਪ੍ਰਤਿਭਾ ਦੀ ਪਛਾਣ, ਉਸਨੂੰ ਉਭਾਰਨ ਅਤੇ ਨਿਖਾਰਨ ਲਈ ਇੱਕ ਮਹੱਤਵਪੂਰਨ ਮੰਚ ਵਜੋਂ ਕੰਮ ਕਰ ਰਹੇ ਹਨ।
ਇਹ ਵੀ ਪੜ੍ਹੋ: Punjab Farmer News: ਸੰਗਰੂਰ 'ਚ ਕਿਸਾਨ ਗੁਲਜ਼ਾਰ ਸਿੰਘ ਦੀ ਮੌਤ ਤੋਂ ਬਾਅਦ ਤਣਾਅ, ਹਸਪਤਾਲ 'ਚ ਭਾਰੀ ਪੁਲਿਸ ਤਾਇਨਾਤ
ਸ. ਧਾਲੀਵਾਲ ਨੇ ਕਿਹਾ ਕਿ ਖੇਡਾਂ ਨੌਜਵਾਨਾਂ ਨੂੰ ਸਰੀਰਕ ਤੌਰ ’ਤੇ ਤੰਦਰੁਸਤ ਅਤੇ ਮਾਨਸਿਕ ਤੌਰ ’ਤੇ ਮਜ਼ਬੂਤ ਬਣਾਉਣ ਦੇ ਨਾਲ-ਨਾਲ ਉਨ੍ਹਾਂ ਵਿੱਚ ਅਨੁਸ਼ਾਸਨ, ਮਿਹਨਤ, ਟੀਮ ਭਾਵਨਾ ਅਤੇ ਆਤਮ-ਵਿਸ਼ਵਾਸ ਦੀ ਭਾਵਨਾ ਵੀ ਪੈਦਾ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਖੇਡਾਂ ਸਾਨੂੰ ਜੀਵਨ ਦੀਆਂ ਚੁਣੌਤੀਆਂ ਦਾ ਡਟ ਕੇ ਸਾਹਮਣਾ ਕਰਨਾ ਅਤੇ ਲਗਾਤਾਰ ਮਿਹਨਤ ਰਾਹੀਂ ਸਫਲਤਾ ਹਾਸਲ ਕਰਨਾ ਸਿਖਾਉਂਦੀਆਂ ਹਨ।
ਉਨ੍ਹਾਂ ਕਿਹਾ ਕਿ ਖੇਡਾਂ ਪ੍ਰਤੀ ਸਮਰਪਣ ਅਤੇ ਸਖ਼ਤ ਮਿਹਨਤ ਹੀ ਸਾਡੇ ਨੌਜਵਾਨਾਂ ਨੂੰ ਕੌਮੀ ਅਤੇ ਕੌਮਾਂਤਰੀ ਪੱਧਰ ’ਤੇ ਮੁਕਾਬਲਾ ਕਰਨ ਅਤੇ ਦੇਸ਼ ਲਈ ਤਗਮੇ ਜਿੱਤਣ ਦੇ ਯੋਗ ਬਣਾਉਂਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਨੌਜਵਾਨੀ ਵਿੱਚ ਬੇਹੱਦ ਸਮਰੱਥਾ ਹੈ ਅਤੇ ਸਰਕਾਰ ਵੱਲੋਂ ਉਨ੍ਹਾਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਲਈ ਢੁਕਵੇਂ ਮੌਕੇ ਅਤੇ ਮੰਚ ਮੁਹੱਈਆ ਕਰਵਾਏ ਜਾ ਰਹੇ ਹਨ।
ਵਿਧਾਇਕ ਸ. ਧਾਲੀਵਾਲ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਨੂੰ ਆਪਣੀ ਜ਼ਿੰਦਗੀ ਦਾ ਅਹਿਮ ਹਿੱਸਾ ਬਣਾਉਣ, ਤਾਂ ਜੋ ਉਨ੍ਹਾਂ ਦਾ ਸਰਵਪੱਖੀ ਵਿਕਾਸ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸਿਹਤਮੰਦ ਅਤੇ ਨਸ਼ਾ-ਮੁਕਤ ‘ਰੰਗਲਾ ਪੰਜਾਬ’ ਬਣਾਉਣ ਵਿੱਚ ਖੇਡਾਂ ਦੀ ਅਹਿਮ ਭੂਮਿਕਾ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਦੀ ਸਦੀਆਂ ਪੁਰਾਣੀ ਖੇਡ ਵਿਰਾਸਤ ਨੂੰ ਮੁੜ ਸੁਰਜੀਤ ਕਰਨ ਅਤੇ ਸੂਬੇ ਨੂੰ ਖੇਡਾਂ ਦੇ ਖੇਤਰ ਵਿੱਚ ਨਵੀਆਂ ਬੁਲੰਦੀਆਂ ’ਤੇ ਲਿਜਾਣ ਲਈ ਸਰਕਾਰ ਵੱਲੋਂ ਕੀਤੇ ਜਾ ਰਹੇ ਯਤਨਾਂ ਨੂੰ ਲੋਕਾਂ ਅਤੇ ਖਾਸ ਕਰਕੇ ਨੌਜਵਾਨਾਂ ਦਾ ਭਰਪੂਰ ਸਹਿਯੋਗ ਮਿਲ ਰਿਹਾ ਹੈ। ਉਨ੍ਹਾਂ ਬਲਾਕ ਪੱਧਰੀ ਖੇਡ ਮੁਕਾਬਲਿਆਂ ਵਿੱਚ ਭਾਗ ਲੈ ਰਹੇ ਸਾਰੇ ਖਿਡਾਰੀਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਉਹ ਖੇਡ ਭਾਵਨਾ ਨਾਲ ਮੁਕਾਬਲਿਆਂ ਵਿੱਚ ਹਿੱਸਾ ਲੈਣ ਅਤੇ ਆਪਣੀ ਪ੍ਰਤਿਭਾ ਦਾ ਬਿਹਤਰੀਨ ਪ੍ਰਦਰਸ਼ਨ ਕਰਨ।