Punjab
Dhuri News: ਧੂਰੀ ਦੋਹਰੇ ਕਤਲ ਕਾਂਡ ਦਾ 24 ਘੰਟਿਆਂ ’ਚ ਖੁਲਾਸਾ, 6 ਮੁਲਜ਼ਮ ਗ੍ਰਿਫ਼ਤਾਰ
ਪੁਲਿਸ ਨੇ 24 ਘੰਟਿਆਂ ਅੰਦਰ ਕੀਤਾ ਖੁਲਾਸਾ
ਸੰਗਰੂਰ (ਸੱਚ ਕਹੂੰ ਨਿਊਜ਼/ਹਿੰ.ਸ.)। ਧੂਰੀ ’ਚ ਵਾਪਰੇ ਦੋਹਰੇ ਕਤਲ ਕਾਂਡ ਦੀ ਗੁੱਥੀ ਪੁਲਿਸ ਨੇ 24 ਘੰਟਿਆਂ ਅੰਦਰ ਸੁਲਝਾਉਣ ਦਾ ਦਾਅਵਾ ਕੀਤਾ ਹੈ। ਪੁਲਿਸ ਨੇ ਇਸ ਮਾਮਲੇ ’ਚ 6 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਵਾਰਦਾਤ ’ਚ ਵਰਤੀਆਂ ਗਈਆਂ ਦੋ ਮੋਟਰਸਾਈਕਲਾਂ ਵੀ ਬਰਾਮਦ ਕਰ ਲਈਆਂ ਹਨ। ਐੱਸਐੱਸਪੀ ਡਾ. ਰਵਜੋਤ ਗਰੇਵਾਲ ਨੇ ਦੱਸਿਆ ਕਿ 7 ਜੁਲਾਈ ਨੂੰ ਧੂਰੀ ਦੇ ਕੱਕੜਵਾਲ ਰੋਡ ਸਥਿਤ ਇੱਕ ਬਾਰਬਰ ਦੀ ਦੁਕਾਨ ਨੇੜੇ 7-8 ਹਮਲਾਵਰਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਸੀ। ਇਸ ਹਮਲੇ ’ਚ ਦੇਵ ਕੁਮਾਰ ਉਰਫ਼ ਦੇਬੂ ਤੇ ਅਨਿਲ ਕੁਮਾਰ ਉਰਫ਼ ਬੱਬਾ ਦੀ ਮੌਤ ਹੋ ਗਈ ਸੀ। ਘਟਨਾ ਤੋਂ ਬਾਅਦ ਸਿਟੀ ਧੂਰੀ ਥਾਣੇ ’ਚ ਕੇਸ ਨੰਬਰ 125 ਦਰਜ ਕਰਕੇ ਜਾਂਚ ਸ਼ੁਰੂ ਕੀਤੀ ਗਈ ਸੀ।
ਐੱਸਐੱਸਪੀ ਨੇ ਦੱਸਿਆ ਕਿ ਸਿਟੀ ਧੂਰੀ ਥਾਣੇ ਦੇ ਮੁਖੀ ਜਸਵੀਰ ਸਿੰਘ ਦੀ ਅਗਵਾਈ ਹੇਠ ਪੁਲਿਸ ਟੀਮਾਂ ਨੇ ਟੈਕਨੀਕਲ ਵਿੰਗ ਦੀ ਮਦਦ ਨਾਲ ਕਾਰਵਾਈ ਕਰਦਿਆਂ 8 ਜੁਲਾਈ ਨੂੰ 6 ਮੁੱਖ ਮੁਲਜ਼ਮਾਂ ਨੂੰ ਕਾਬੂ ਕਰ ਲਿਆ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਧੂਰੀ ਦੇ ਰਹਿਣ ਵਾਲੇ ਲੱਲੂ, ਸਾਵਣ, ਪ੍ਰਿੰਸ, ਕਰਨ ਰਟੋਲ, ਰਮਨ ਅਤੇ ਪਵਨ ਵਜੋਂ ਹੋਈ ਹੈ। ਪੁਲਿਸ ਮੁਤਾਬਕ, ਇਸ ਦੋਹਰੇ ਕਤਲ ਦਾ ਕਾਰਨ ਪੁਰਾਣੀ ਰੰਜਿਸ਼ ਸੀ। 14 ਜੂਨ 2026 ਨੂੰ ਦੋਵਾਂ ਧਿਰਾਂ ਵਿਚਾਲੇ ਹੋਏ ਝਗੜੇ ਦੇ ਚਲਦਿਆਂ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਪੁਲਿਸ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਅਦਾਲਤ ’ਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ ਤਾਂ ਜੋ ਉਨ੍ਹਾਂ ਤੋਂ ਹੋਰ ਪੁੱਛਗਿੱਛ ਕੀਤੀ ਜਾ ਸਕੇ। ਐੱਸਐੱਸਪੀ ਡਾ. ਰਵਜੋਤ ਗਰੇਵਾਲ ਨੇ ਕਿਹਾ ਕਿ ਜਾਂਚ ਜਾਰੀ ਹੈ ਤੇ ਰਿਮਾਂਡ ਦੌਰਾਨ ਕਤਲ ਦੇ ਹੋਰ ਕਾਰਨਾਂ ਤੇ ਵਾਰਦਾਤ ਨਾਲ ਜੁੜੇ ਹੋਰ ਤੱਥ ਸਾਹਮਣੇ ਆਉਣ ਦੀ ਉਮੀਦ ਹੈ।
About The Author