CM Bhagwant Mann: ਧੂਰੀ ਨੂੰ ਮਿਲੇਗਾ 39.20 ਕਰੋੜ ਦਾ ਅਤਿ-ਆਧੁਨਿਕ ਸਪੋਰਟਸ ਕੰਪਲੈਕਸ, ਮੁੱਖ ਮੰਤਰੀ ਮਾਨ ਨੇ ਰੱਖਿਆ ਨੀਂਹ ਪੱਥਰ

ਸਪੋਰਟਸ ਕੰਪਲੈਕਸ ਵਿੱਚ ਬੈਡਮਿੰਟਨ, ਬਾਸਕਟਬਾਲ, ਵਾਲੀਬਾਲ, ਕੁਸ਼ਤੀ, ਜੂਡੋ, ਜਿਮਨਾਸਟਿਕ, ਹੈਂਡਬਾਲ, ਨੈੱਟਬਾਲ ਅਤੇ ਸਕੁਐਸ਼ ਸਮੇਤ ਕਈ ਖੇਡਾਂ ਦੀਆਂ ਸਹੂਲਤਾਂ ਹੋਣਗੀਆਂ

Satinder Mathur  Picture
Published On

CM Bhagwant Mann: ਧੂਰੀ, (ਸੱਚ ਕਹੂੰ ਨਿਊਜ਼/ਹਿੰ.ਸ.)| ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਧੂਰੀ ਵਿਖੇ 39.20 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਆਧੁਨਿਕ ਸਪੋਰਟਸ ਕੰਪਲੈਕਸ ਦਾ ਨੀਂਹ ਪੱਥਰ ਰੱਖਿਆ। ਇਸ ਦੇ ਨਾਲ ਹੀ ਉਨ੍ਹਾਂ ਜਹਾਂਗੀਰ-ਕਹੇਰੂ ਵਿਖੇ 8 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਅਤਿ-ਆਧੁਨਿਕ ਹਾਕੀ ਐਸਟ੍ਰੋਟਰਫ ਮੈਦਾਨ ਅਤੇ ਪਵੇਲੀਅਨ ਨੂੰ ਲੋਕਾਂ ਨੂੰ ਸਮਰਪਿਤ ਕੀਤਾ।

ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਦਾ ਉਦੇਸ਼ ਨੌਜਵਾਨਾਂ ਦੀ ਊਰਜਾ ਨੂੰ ਉਸਾਰੂ ਪਾਸੇ ਲਾਉਣਾ ਅਤੇ ਉਨ੍ਹਾਂ ਨੂੰ ਵਿਸ਼ਵ ਪੱਧਰੀ ਖੇਡ ਸਹੂਲਤਾਂ ਮੁਹੱਈਆ ਕਰਵਾਉਣਾ ਹੈ। 10 ਏਕੜ ਵਿੱਚ ਬਣਨ ਵਾਲੇ ਇਸ ਸਪੋਰਟਸ ਕੰਪਲੈਕਸ ਵਿੱਚ ਬੈਡਮਿੰਟਨ, ਬਾਸਕਟਬਾਲ, ਵਾਲੀਬਾਲ, ਕੁਸ਼ਤੀ, ਜੂਡੋ, ਜਿਮਨਾਸਟਿਕ, ਹੈਂਡਬਾਲ, ਨੈੱਟਬਾਲ ਅਤੇ ਸਕੁਐਸ਼ ਸਮੇਤ ਕਈ ਖੇਡਾਂ ਦੀਆਂ ਸਹੂਲਤਾਂ ਹੋਣਗੀਆਂ।

ਇਹ ਵੀ ਪੜ੍ਹੋ: Punjab Government Scheme: ‘ਮੇਰਾ ਘਰ, ਮੇਰੇ ਨਾਮ’ ਸਕੀਮ ਤਹਿਤ ਲਾਲ ਲਕੀਰ ਅੰਦਰਲੇ ਘਰਾਂ ਨੂੰ ਦਿੱਤੀ ਮਾਲਕਾਨਾ ਹੱਕ ਦੀ ਕਾਪੀ : ਰਾਏ

ਮੁੱਖ ਮੰਤਰੀ ਨੇ ਦੱਸਿਆ ਕਿ 9 ਕਰੋੜ ਰੁਪਏ ਦੀ ਲਾਗਤ ਨਾਲ ਮਲਟੀਪਰਪਜ਼ ਇਨਡੋਰ ਸਪੋਰਟਸ ਹਾਲ ਬਣਾਇਆ ਜਾ ਰਿਹਾ ਹੈ, ਜਿਸ ਦਾ 30 ਫ਼ੀਸਦੀ ਕੰਮ ਮੁਕੰਮਲ ਹੋ ਚੁੱਕਾ ਹੈ ਅਤੇ ਇਹ 31 ਮਾਰਚ 2027 ਤੱਕ ਤਿਆਰ ਹੋਵੇਗਾ। ਇਸੇ ਤਰ੍ਹਾਂ 5 ਕਰੋੜ ਰੁਪਏ ਦੀ ਲਾਗਤ ਨਾਲ 25×15 ਮੀਟਰ ਦਾ ਆਧੁਨਿਕ ਸਵੀਮਿੰਗ ਪੂਲ ਬਣਾਇਆ ਜਾ ਰਿਹਾ ਹੈ, ਜੋ 30 ਜੂਨ 2027 ਤੱਕ ਪੂਰਾ ਹੋਵੇਗਾ।

ਇਸ ਤੋਂ ਇਲਾਵਾ 5.20 ਕਰੋੜ ਰੁਪਏ ਨਾਲ ਦੋ ਬਾਸਕਟਬਾਲ ਕੋਰਟ, ਦੋ ਵਾਲੀਬਾਲ ਮੈਦਾਨ, ਦੋ ਬੈਡਮਿੰਟਨ ਕੋਰਟ, ਸਕੇਟਿੰਗ ਰਿੰਗ, ਲਾਅਨ ਟੈਨਿਸ ਅਤੇ ਖੋ-ਖੋ ਕੋਰਟ ਬਣਾਏ ਜਾਣਗੇ। ਇਹ ਕੰਮ ਵੀ 30 ਜੂਨ 2027 ਤੱਕ ਮੁਕੰਮਲ ਕਰਨ ਦਾ ਟੀਚਾ ਹੈ। ਦੇਸ਼ ਭਗਤ ਕਾਲਜ ਬਰੜਵਾਲ ਵਿਖੇ 12 ਕਰੋੜ ਰੁਪਏ ਨਾਲ ਬਣ ਰਹੇ 400 ਮੀਟਰ ਸਿੰਥੈਟਿਕ ਐਥਲੈਟਿਕਸ ਟਰੈਕ ਦਾ 80 ਫ਼ੀਸਦੀ ਕੰਮ ਪੂਰਾ ਹੋ ਚੁੱਕਾ ਹੈ।

ਮਾਨ ਨੇ ਕਿਹਾ ਕਿ ਪੰਜਾਬ ਵਿੱਚ 3,148 ਪੇਂਡੂ ਖੇਡ ਮੈਦਾਨ ਵਿਕਸਤ ਕੀਤੇ ਜਾ ਰਹੇ ਹਨ, ਜਿਨ੍ਹਾਂ ਵਿੱਚੋਂ 750 ਦਾ ਉਦਘਾਟਨ ਹੋ ਚੁੱਕਾ ਹੈ। ਸੂਬੇ ਵਿੱਚ 6,000 ਜਿਮ ਸਥਾਪਤ ਕਰਨ ਦੀ ਯੋਜਨਾ ਤਹਿਤ ਪਹਿਲੇ ਪੜਾਅ ਵਿੱਚ 500 ਜਿਮ ਲੋਕਾਂ ਨੂੰ ਸਮਰਪਿਤ ਕੀਤੇ ਗਏ ਹਨ। ਸਰਕਾਰ ਨੇ ਖੇਡਾਂ ਲਈ 1,744 ਕਰੋੜ ਰੁਪਏ ਦਾ ਬਜਟ ਰੱਖਿਆ ਹੈ। ਉਨ੍ਹਾਂ ਦੱਸਿਆ ਕਿ 2022 ਤੋਂ ਹੁਣ ਤੱਕ 40,415 ਖਿਡਾਰੀਆਂ ਨੂੰ 135 ਕਰੋੜ ਰੁਪਏ ਦੇ ਨਕਦ ਇਨਾਮ ਦਿੱਤੇ ਗਏ ਹਨ। ਓਲੰਪਿਕ ਸੋਨ ਤਮਗਾ ਜੇਤੂ ਨੂੰ 3 ਕਰੋੜ, ਚਾਂਦੀ ਤਮਗਾ ਜੇਤੂ ਨੂੰ 2 ਕਰੋੜ ਅਤੇ ਕਾਂਸੀ ਤਮਗਾ ਜੇਤੂ ਨੂੰ 1 ਕਰੋੜ ਰੁਪਏ ਦਿੱਤੇ ਜਾਂਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੇ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ 2026 ਦੀ ਮੇਜ਼ਬਾਨੀ ਵੀ ਕੀਤੀ ਹੈ। ਉਨ੍ਹਾਂ ਕਿਹਾ ਕਿ ਹਾਕੀ ਪੰਜਾਬ ਦੀ ਮਾਂ ਖੇਡ ਹੈ ਅਤੇ ਸੂਬੇ ਦੇ ਖਿਡਾਰੀਆਂ ਨੂੰ ਕੌਮੀ ਤੇ ਕੌਮਾਂਤਰੀ ਪੱਧਰ 'ਤੇ ਅੱਗੇ ਵਧਾਉਣ ਲਈ ਸਰਕਾਰ ਹਰ ਸੰਭਵ ਸਹਾਇਤਾ ਦੇਵੇਗੀ। ਉਨ੍ਹਾਂ ਲੋਕਾਂ ਨੂੰ ਨਵੇਂ ਖੇਡ ਕੰਪਲੈਕਸ ਦੀ ਸਾਂਭ-ਸੰਭਾਲ ਵਿੱਚ ਸਹਿਯੋਗ ਦੇਣ ਦੀ ਅਪੀਲ ਕੀਤੀ।

Comments

Post Your Comment

About The Author

Related Posts