Independence Day Security: ਸੁਤੰਤਰਤਾ ਦਿਵਸ ਮੌਕੇ ਸੁਰੱਖਿਆ ਪ੍ਰਬੰਧਾਂ ਦਾ ਡੀਆਈਜੀ ਨੇ ਲਿਆ ਜਾਇਜ਼ਾ
ਸੀਨੀਅਰ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਸੁਰੱਖਿਆ ਯੋਜਨਾ, ਰੂਟ ਪਲਾਨ ਤੇ ਟ੍ਰੈਫਿਕ ਪ੍ਰਬੰਧਾਂ ਦੀ ਕੀਤੀ ਸਮੀਖਿਆ
Independence Day Security: ਫ਼ਰੀਦਕੋਟ (ਗੁਰਪ੍ਰੀਤ ਪੱਕਾ)। ਆਉਣ ਵਾਲੇ 80ਵੇਂ ਸੁਤੰਤਰਤਾ ਦਿਵਸ ਸਮਾਗਮ ਨੂੰ ਸ਼ਾਂਤਮਈ ਅਤੇ ਸੁਰੱਖਿਅਤ ਢੰਗ ਨਾਲ ਨੇਪਰੇ ਚਾੜ੍ਹਨ ਲਈ ਪੁਲਿਸ ਪ੍ਰਸ਼ਾਸਨ ਵੱਲੋਂ ਸੁਰੱਖਿਆ ਪ੍ਰਬੰਧਾਂ ਨੂੰ ਆਖਰੀ ਰੂਪ ਦਿੱਤਾ ਜਾ ਰਿਹਾ ਹੈ। ਇਸੇ ਸਿਲਸਿਲੇ ਤਹਿਤ ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਅੰਦਰੂਨੀ ਸੁਰੱਖਿਆ), ਪੰਜਾਬ ਧਰੁਵ ਦਈਆ (ਆਈਪੀਐਸ) ਨੇ ਵੀਰਵਾਰ ਨੂੰ ਫਰੀਦਕੋਟ ਦਾ ਦੌਰਾ ਕਰਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਡੀਆਈਜੀ ਧਰੁਵ ਦਈਆ ਦਾ ਜ਼ਿਲ੍ਹਾ ਫਰੀਦਕੋਟ ਪਹੁੰਚਣ ’ਤੇ ਐੱਸਐੱਸਪੀ ਗੁਰਬੰਸ ਸਿੰਘ ਬੈਂਸ ਤੇ ਹੋਰ ਸੀਨੀਅਰ ਪੁਲਿਸ ਅਧਿਕਾਰੀਆਂ ਵੱਲੋਂ ਸਵਾਗਤ ਕੀਤਾ ਗਿਆ। ਇਸ ਉਪਰੰਤ ਉਨ੍ਹਾਂ ਨੇ ਐੱਸਐੱਸਪੀ ਦੀ ਹਾਜ਼ਰੀ ਵਿੱਚ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕਰਕੇ ਸੁਤੰਤਰਤਾ ਦਿਵਸ ਸਮਾਗਮ ਸਬੰਧੀ ਸੁਰੱਖਿਆ ਯੋਜਨਾ, ਰੂਟ ਪਲਾਨ, ਕਾਨੂੰਨ-ਵਿਵਸਥਾ ਤੇ ਟ੍ਰੈਫਿਕ ਪ੍ਰਬੰਧਾਂ ਦੀ ਵਿਸਥਾਰਪੂਰਵਕ ਸਮੀਖਿਆ ਕੀਤੀ। ਮੀਟਿੰਗ ਦੌਰਾਨ ਡੀਆਈਜੀ ਨੇ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਸਮਾਗਮ ਦੌਰਾਨ ਹਰ ਪੱਧਰ ’ਤੇ ਪੁਲਿਸ ਮੁਲਾਜ਼ਮ ਪੂਰੀ ਚੌਕਸੀ ਤੇ ਜ਼ਿੰਮੇਵਾਰੀ ਨਾਲ ਆਪਣੀ ਡਿਊਟੀ ਨਿਭਾਉਣ।
ਉਨ੍ਹਾਂ ਸਮਾਗਮ ਸਥਾਨ ਅਤੇ ਆਲੇ-ਦੁਆਲੇ ਦੇ ਖੇਤਰਾਂ ’ਚ ਸਖ਼ਤ ਨਿਗਰਾਨੀ, ਸ਼ੱਕੀ ਵਿਅਕਤੀਆਂ ਤੇ ਮਾੜੇ ਅਨਸਰਾਂ ਦੀ ਚੈਕਿੰਗ, ਵਾਹਨਾਂ ਦੀ ਤਲਾਸ਼ੀ ਅਤੇ ਮੁੱਖ ਮਾਰਗਾਂ ’ਤੇ ਸੁਚਾਰੂ ਟ੍ਰੈਫਿਕ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਇਸ ਤੋਂ ਇਲਾਵਾ ਸੁਰੱਖਿਆ ਡਿਊਟੀ ’ਤੇ ਤਾਇਨਾਤ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਸਮੇਂ ਸਿਰ ਜਾਰੀ ਕਰਨ ਲਈ ਵੀ ਕਿਹਾ ਗਿਆ, ਤਾਂ ਜੋ ਸਮਾਗਮ ਦੌਰਾਨ ਕਾਨੂੰਨ-ਵਿਵਸਥਾ ਪੂਰੀ ਤਰ੍ਹਾਂ ਬਰਕਰਾਰ ਰਹੇ। ਜ਼ਿਕਰਯੋਗ ਹੈ ਕਿ ਇਸ ਵਾਰ ਸੁਤੰਤਰਤਾ ਦਿਵਸ ਦਾ ਜ਼ਿਲ੍ਹਾ ਪੱਧਰੀ ਸਮਾਗਮ ਸਥਾਨਕ ਨਹਿਰੂ ਸਟੇਡੀਅਮ ਵਿਖੇ ਕਰਵਾਇਆ ਜਾਵੇਗਾ, ਜਿੱਥੇ ਡਿਪਟੀ ਕਮਿਸ਼ਨਰ ਫਰੀਦਕੋਟ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਕੇ ਰਾਸ਼ਟਰੀ ਝੰਡਾ ਲਹਿਰਾਉਣਗੇ। ਮੀਟਿੰਗ ’ਚ ਐੱਸਪੀ (ਸਥਾਨਕ) ਮਨਵਿੰਦਰ ਬੀਰ ਸਿੰਘ, ਐੱਸਪੀ (ਇਨਵੈਸਟੀਗੇਸ਼ਨ) ਜੋਗੇਸ਼ਵਰ ਸਿੰਘ ਗੁਰਾਇਆ, ਹੋਰ ਗਜ਼ਟਿਡ ਅਧਿਕਾਰੀ ਅਤੇ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ਦੇ ਮੁਖੀ ਵੀ ਹਾਜ਼ਰ ਸਨ। Independence Day Security
ਇਹ ਵੀ ਪੜ੍ਹੋ : Pratapgarh News: ਮੀਂਹ ਦੌਰਾਨ ਘਰ ਡਿੱਗਿਆ, ਇੱਕੋ ਪਰਿਵਾਰ ਦੇ ਛੇ ਮੈਂਬਰਾਂ ਦੀ ਮੌਤ