Dr Baljit Kaur: ਡਾ. ਬਲਜੀਤ ਕੌਰ ਨੇ ਅੰਬੇਡਕਰ ਇੰਸਟੀਚਿਊਟ ਦੇ ਵਿਦਿਆਰਥੀਆਂ ਨੂੰ ਵੰਡੇ ਸਰਟੀਫਿਕੇਟ
ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਤੇ ਵਿਧਾਇਕ ਕੁਲਵੰਤ ਸਿੰਘ ਨੇ ਸ਼ਿਰਕਤ ਕਰਦਿਆਂ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ
Dr Baljit Kaur : ਚੰਡੀਗੜ੍ਹ (ਸੱਚ ਕਹੂੰ ਨਿਊਜ਼/ਹਿੰ.ਸ.)। ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਮੋਹਾਲੀ ਸਥਿਤ ਅੰਬੇਡਕਰ ਇੰਸਟੀਚਿਊਟ ਆਫ ਕਰੀਅਰਜ਼ ਐਂਡ ਕੋਰਸਿਜ਼ ਵਿਖੇ ਆਯੋਜਿਤ ਸਮਾਗਮ ਦੌਰਾਨ ਵਿਦਿਆਰਥੀਆਂ ਨਾਲ ਵਿਸ਼ੇਸ਼ ਗੱਲਬਾਤ ਕੀਤੀ ਤੇ ਉਨ੍ਹਾਂ ਨੂੰ ਹੁਨਰ ਵਿਕਾਸ ਤੇ ਸਵੈ-ਨਿਰਭਰਤਾ ਵੱਲ ਅੱਗੇ ਵੱਧਣ ਲਈ ਪੇ੍ਰਰਿਤ ਕੀਤਾ। ਇਸ ਮੌਕੇ ਉਨ੍ਹਾਂ ਸਫ਼ਲਤਾਪੂਰਵਕ ਕੋਰਸ ਪੂਰਾ ਕਰਨ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੀ ਵੰਡੇ। ਸਮਾਗਮ ਦੀ ਸ਼ੁਰੂਆਤ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਨਾਲ ਹੋਈ, ਜਿਸ ’ਚ ਕੈਬਨਿਟ ਮੰਤਰੀ ਡਾ. ਬਲਜੀਤ ਕੌਰ, ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਤੇ ਵਿਧਾਇਕ ਕੁਲਵੰਤ ਸਿੰਘ ਨੇ ਸ਼ਿਰਕਤ ਕਰਦਿਆਂ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ।
ਇਸ ਮੌਕੇ ਸਮਾਗਮ ਨੂੰ ਸੰਬੋਧਨ ਕਰਦਿਆਂ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਇੰਸਟੀਚਿਊਟ ਦੀ ਇਮਾਰਤ ਦੇ ਵਿਕਾਸ ਅਤੇ ਬੁਨਿਆਦੀ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਲਈ ਸਰਕਾਰ ਵੱਲੋਂ 1.35 ਕਰੋੜ ਰੁਪਏ ਖਰਚ ਕੀਤੇ ਗਏ ਹਨ ਤਾਂ ਜੋ ਵਿਦਿਆਰਥੀਆਂ ਨੂੰ ਵਧੀਆ ਸਿੱਖਣ ਦਾ ਮਾਹੌਲ ਮਿਲ ਸਕੇ। ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਦੀ ਸਿੱਖਿਆ, ਹੁਨਰ ਵਿਕਾਸ ਤੇ ਰੁਜ਼ਗਾਰ ਨੂੰ ਉਤਸ਼ਾਹਿਤ ਕਰਨ ਲਈ ਕਈ ਲੋਕ-ਭਲਾਈ ਸਕੀਮਾਂ ਲਾਗੂ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਅੰਬੇਡਕਰ ਇੰਸਟੀਚਿਊਟ ਆਫ ਕਰੀਅਰਜ਼ ਐਂਡ ਕੋਰਸਿਜ਼ ਵਿਖੇ ਬੈਂਕ ਪੀਓ, ਏਏਓ, ਪੰਜਾਬੀ ਤੇ ਅੰਗਰੇਜ਼ੀ ਸਟੈਨੋਗ੍ਰਾਫੀ ਤੇ ਆਈਏਐਸ ਤੇ ਪੀਸੀਐਸ ਪ੍ਰੀਖਿਆਵਾਂ ਲਈ ਮੁਫ਼ਤ ਕੋਚਿੰਗ ਦੀ ਸਹੂਲਤ ਉਪਲਬਧ ਕਰਵਾਈ ਜਾ ਰਹੀ ਹੈ। Dr Baljit Kaur
ਉਨ੍ਹਾਂ ਕਿਹਾ ਕਿ ਸਿਖਿਆਰਥੀਆਂ ਲਈ ਹੋਸਟਲ ਦੀ ਸਹੂਲਤ ਵੀ ਉਪਲਬਧ ਹੈ ਅਤੇ ਨਿਯਮਾਂ ਅਨੁਸਾਰ ਉਨ੍ਹਾ ਨੂੰ ਵਜ਼ੀਫ਼ਾ ਵੀ ਦਿੱਤਾ ਜਾਂਦਾ ਹੈ। ਮੰਤਰੀ ਨੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਤੇ ਸਿਖਲਾਈ ਪ੍ਰੋਗਰਾਮਾਂ ਦਾ ਜ਼ਿਆਦਾ ਤੋਂ ਜ਼ਿਆਦਾ ਲਾਭ ਲੈਣ ਤੇ ਆਪਣੇ ਸੁਨਹਿਰੇ ਭਵਿੱਖ ਦੀ ਮਜ਼ਬੂਤ ਨੀਂਹ ਰੱਖਣ। ਮੰਤਰੀ ਡਾ. ਬਲਜੀਤ ਕੌਰ ਨੇ ਵਿਭਾਗ ਦੇ ਅਧਿਕਾਰੀਆਂ ਨਾਲ ਇੰਸਟੀਚਿਊਟ ਦੇ ਕੰਮਕਾਜ ਸਬੰਧੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਵੀ ਕੀਤੀ। ਇਸ ਦੌਰਾਨ ਇੰਸਟੀਚਿਊਟ ਨਾਲ ਸਬੰਧਤ ਪ੍ਰਸ਼ਾਸਨਿਕ ਮਾਮਲਿਆਂ, ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਵਿਭਾਗ ਦੀਆਂ ਵੱਖ-ਵੱਖ ਭਲਾਈ ਸਕੀਮਾਂ ਤੇ ਇੰਸਟੀਚਿਊਟ ਦੇ ਹੋਰ ਵਿਕਾਸ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਵਿਭਾਗ ਦੇ ਮੁੱਖ ਸਕੱਤਰ ਵੀਕੇ ਮੀਨਾ, ਡਾਇਰੈਕਟਰ ਸ੍ਰੀਮਤੀ ਵਿੰਮੀ ਭੂੱਲਰ ਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। Dr Baljit Kaur