Punjab
Faridkot News: ਨਸ਼ਾ ਤਸਕਰੀ ਨੈੱਟਵਰਕ ਦਾ ਪਰਦਾਫਾਸ਼, ਡਰੱਗ ਮਨੀ ਸਮੇਤ 2 ਤਸਕਰ ਗ੍ਰਿਫ਼ਤਾਰ
2.011 ਕਿਲੋਗ੍ਰਾਮ ਹੈਰੋਇਨ ਅਤੇ 50 ਹਜ਼ਾਰ ਰੁਪਏ ਡਰੱਗ ਮਨੀ ਸਮੇਤ ਦੋ ਨਸ਼ਾ ਤਸਕਰ ਕਾਬੂ
(ਗੁਰਪ੍ਰੀਤ ਪੱਕਾ) ਫ਼ਰੀਦਕੋਟ। ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ) ਪੰਜਾਬ ਗੌਰਵ ਯਾਦਵ ਦੀ ਅਗਵਾਈ ਹੇਠ ਨਸ਼ਾ ਤਸਕਰੀ ਨੈੱਟਵਰਕਾਂ ਵਿਰੁੱਧ ਯੋਜਨਾਬੱਧ ਆਪ੍ਰੇਸ਼ਨ ਦੌਰਾਨ ਵੱਡੀ ਸਫ਼ਲਤਾ ਹਾਸਿਲ ਕਰਦਿਆਂ ਫ਼ਰੀਦਕੋਟ ਪੁਲਿਸ ਨੇ 02 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 2.011 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਇਹ ਜਾਣਕਾਰੀ ਐਸ.ਪੀ. ਫਰੀਦਕੋਟ ਜੋਗੇਸ਼ਵਰ ਸਿੰਘ ਗੋਰਾਇਆ ਵੱਲੋ ਸਾਂਝੀ ਕੀਤੀ ਗਈ।
ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਵਿਸ਼ਾਲ ਉਰਫ ਘੋਗਾ ਅਤੇ ਰਮਨ ਵਜੋ ਹੋਈ ਹੈ, ਜੋ ਕਿ ਦੋਨੋ ਫਿਰੋਜ਼ਪੁਰ ਜ਼ਿਲ੍ਹੇ ਦੇ ਬਾਰਡਰ ਰੋਡ ਆਵਾ ਬਸਤੀ ਦੇ ਰਿਹਾਇਸ਼ੀ ਹਨ। ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਤੋਂ ਇਲਾਵਾ ਪੁਲਿਸ ਟੀਮਾਂ ਨੇ ਮੌਕੇ ਪਰ 50 ਹਜ਼ਾਰ ਡਰੱਗ ਮਨੀ ਵੀ ਜ਼ਬਤ ਕੀਤੀ ਅਤੇ ਉਨ੍ਹਾਂ ਦੇ ਸਪਲੈਡਰ ਮੋਟਰਸਾਈਕਲ ਨੂੰ ਵੀ ਜ਼ਬਤ ਕੀਤਾ ਹੈ, ਜਿਸ ਦੀ ਵਰਤੋਂ ਉਹ ਨਸ਼ੀਲੇ ਪਦਾਰਥਾਂ ਦੀ ਤਸਕਰੀ ਲਈ ਕਰ ਰਹੇ ਸਨ। ਐਸ.ਪੀ. ਫਰੀਦਕੋਟ ਜੋਗੇਸ਼ਵਰ ਸਿੰਘ ਗੋਰਾਇਆ ਨੇ ਕਿਹਾ ਕਿ ਇਹ ਵੱਡੀ ਸਫਲਤਾ ਸੁਚੱਜੀ ਯੋਜਨਾਬੰਦੀ, ਖੁਫੀਆ ਜਾਣਕਾਰੀ ਦੇ ਆਧਾਰ ’ਤੇ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਗ੍ਰਿਫਤਾਰ ਮੁਲਜ਼ਮਾਂ ਵੱਲੋਂ ਇਸ ਹੈਰੋਇਨ ਦੀ ਖੇਪ ਨੂੰ ਅੱਗੇ ਸਪਲਾਈ ਕੀਤਾ ਜਾਣਾ ਸੀ, ਇਹਨਾ ਦੀ ਗ੍ਰਿਫਤਾਰੀ ਨਾਲ ਇੱਕ ਵੱਡੇ ਡਰੱਗ ਕਾਰਟਲ ਨੂੰ ਤੋੜਨ ਵਿੱਚ ਸਫਲਤਾ ਹਾਸਿਲ ਹੋਈ ਹੈ। ਉਹਨਾਂ ਦੱਸਿਆ ਕਿ ਇਸ ਮਾਮਲੇ ਵਿੱਚ ਮੁਲਜ਼ਮਾਂ ਦੇ ਬੈਕਵਰਡ ਅਤੇ ਫਾਰਵਰਡ ਲਿੰਕ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ।
ਇਹ ਵੀ ਪੜ੍ਹੋ: Amritsar News: ਮੋਟਰਸਾਈਕਲ ਸਵਾਰਾਂ ਨੇ ਨੌਜਵਾਨ ਨੂੰ ਮਾਰੀ ਗੋਲੀ, ਹਾਲਤ ਗੰਭੀਰ

ਆਪ੍ਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦੇ ਹੋਏ ਜੋਗੇਸ਼ਵਰ ਸਿੰਘ ਗੋਰਾਇਆ ਐਸ.ਪੀ (ਇੰਨਵੈਸਟੀਗੇਸ਼ਨ) ਫਰੀਦਕੋਟ ਨੇ ਦੱਸਿਆ ਕਿ 01 ਮਈ ਦੀ ਸ਼ਾਮ ਨੂੰ ਸਹਾਇਕ ਥਾਣੇਦਾਰ ਦਰਸ਼ਨ ਸਿੰਘ ਇੰਚਾਰਜ ਸੀ.ਆਈ.ਏ ਸਟਾਫ ਜੈਤੋ ਆਪਣੀ ਟੀਮ ਸਮੇਤ ਢਿਲਵਾ ਕਲਾ ਮੌਜ਼ੂਦ ਸੀ ਤਾਂ ਨੈਸ਼ਨਲ ਹਾਈਵੇ-54 ਦੇ ਨਾਲ ਬੱਸ ਸਟੈਡ ਦੇ ਬੈਚ ’ਤੇ 02 ਵਿਅਕਤੀ ਬੈਠੇ ਦਿੱਤੇ, ਜੋ ਪੁਲਿਸ ਟੀਮ ਨੂੰ ਦੇਖ ਕੇ ਮੋਟਰਸਾਈਕਲ ਸਟਾਰਟ ਕਰਨ ਲੱਗੇ, ਜਿਹਨਾ ਨੂੰ ਸ਼ੱਕ ਦੇ ਆਧਾਰ ’ਤੇ ਰੋਕਿਆ ਗਿਆ। ਡੀ.ਐਸ.ਪੀ (ਇੰਨਵੈਸਟੀਗੇਸ਼ਨ) ਅਵਤਾਰ ਸਿੰਘ ਰਾਜਪਾਲ ਦੀ ਨਿਗਰਾਨੀ ਹੇਠ ਕੀਤੀ ਗਈ ਤਲਾਸ਼ੀ ਦੌਰਾਨ 2.011 ਕਿਲੋਗ੍ਰਾਮ ਹੈਰੋਇਨ ਅਤੇ ਡਰੱਗ ਮਨੀ ਬਰਾਮਦ ਹੋਈ, ਜਿਸ ਨਾਲ ਦੋਵਾਂ ਵਿਅਕਤੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰ ਲਿਆ ਗਿਆ। ਉਨ੍ਹਾਂ ਕਿਹਾ ਕਿ “ਮੁੱਢਲੀ ਪੁੱਛਗਿੱਛ ਦੌਰਾਨ ਸਾਹਮਣੇ ਆਇਆ ਕਿ ਬਰਾਮਦ ਕੀਤੀ ਗਈ ਇਹ ਹੈਰੋਇਨ ਦੀ ਖੇਪ ਮੁਲਜ਼ਮਾਂ ਨੇ ਆਪਣੇ ਪਿਛਲੇ ਸਪਲਾਇਰਾਂ ਤੋਂ ਪ੍ਰਾਪਤ ਕੀਤੀ ਸੀ, ਜਿਸਨੂੰ ਉਹ ਅੱਗੇ ਸਪਲਾਈ ਕਰਨ ਦੀ ਨੀਅਤ ਨਾਲ ਲੈ ਕੇ ਜਾ ਰਹੇ ਸਨ।
ਐਸ.ਪੀ ਫਰੀਦਕੋਟ ਜੋਗੇਸ਼ਵਰ ਸਿੰਘ ਗੋਰਾਇਆ ਨੇ ਅੱਗੇ ਦੱਸਿਆ ਕਿ ਜਦੋਂ ਮੁਲਜ਼ਮਾਂ ਦੇ ਕ੍ਰਿਮੀਨਲ ਰਿਕਾਰਡ ਦੀ ਜਾਚ ਕੀਤੀ ਗਈ ਤਾਂ ਇਹ ਸਾਹਮਣੇ ਆਇਆ ਕਿ ਗ੍ਰਿਫ਼ਤਾਰ ਵਿਅਕਤੀਆਂ ਦਾ ਪੁਰਾਣਾ ਰਿਕਾਰਡ ਵੀ ਕ੍ਰਿਮੀਨਲ ਹੈ, ਦੋਵੇਂ ਮੁਲਜ਼ਮ ਮਾਰਚ-2026 ਵਿੱਚ ਹੀ ਜੇਲ੍ਹ ’ਚੋਂ ਬਾਹਰ ਆਏ ਸਨ। ਮੁਲਜ਼ਮ ਰਮਨ ਦੇ ਖਿਲਾਫ ਪਹਿਲਾ ਵੀ ਨਸ਼ੇ ਦੀ ਤਸਕਰੀ ਸਬੰਧੀ 04 ਮਾਮਲੇ ਅਤੇ ਮੁਲਜ਼ਮ ਵਿਸ਼ਾਲ ਉਰਫ ਘੋਗਾ ਖਿਲਾਫ 01 ਮਾਮਲਾ ਦਰਜ ਹੈ। ਇਸ ਸਬੰਧ ਵਿੱਚ ਥਾਣਾ ਸਦਰ ਕੋਟਕਪੂਰਾ ਵਿਖੇ ਐਨ.ਡੀ.ਪੀ.ਐਸ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ।
About The Author