Rahul Gandhi Sangrur Rally: ਸੰਗਰੂਰ ਰੈਲੀ ਨੂੰ ਲੈ ਕੇ ਕਾਂਗਰਸ ਦੀ ਅਹਿਮ ਮੀਟਿੰਗ, ਆਗੂਆਂ ਤੇ ਵਰਕਰਾਂ ਨੂੰ ਸੌਂਪੀਆਂ ਗਈਆਂ ਵੱਡੀਆਂ ਜ਼ਿੰਮੇਵਾਰੀਆਂ
ਸੰਗਰੂਰ ਰੈਲੀ ਨੂੰ ਸਫ਼ਲ ਬਣਾਉਣ ਲਈ ਕਾਂਗਰਸੀ ਆਗੂਆਂ ਤੇ ਵਰਕਰਾਂ ਦੀ ਮੀਟਿੰਗ
Rahul Gandhi Sangrur Rally: (ਅਨਿਲ ਲੁਟਾਵਾ) ਫਁਤਹਿਗੜ੍ਹ ਸਾਹਿਬ। ਲੋਕ ਸਭਾ ਹਲਕਾ ਸ਼੍ਰੀ ਫ਼ਤਹਿਗੜ੍ਹ ਸਾਹਿਬ ਦੇ ਕਾਂਗਰਸੀ ਆਗੂਆਂ, ਵਰਕਰਾਂ ਅਤੇ ਅਹੁਦੇਦਾਰਾਂ ਦੀ ਇੱਕ ਅਹਿਮ ਮੀਟਿੰਗ ਅੱਜ ਮੈਂਬਰ ਪਾਰਲੀਮੈਂਟ ਡਾ. ਅਮਰ ਸਿੰਘ, ਚੇਅਰਮੈਨ ਪੰਜਾਬ ਪ੍ਰਦੇਸ਼ ਕਾਂਗਰਸ ਮੈਨੀਫੈਸਟੋ ਕਮੇਟੀ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੀ ਸਹਿ-ਇੰਚਾਰਜ ਹੀਨਾ ਕਾਵੜੇ ਦੀ ਅਗਵਾਈ ਹੇਠ ਕਾਂਗਰਸ ਦਫ਼ਤਰ ਸਰਹਿੰਦ ਫ਼ਤਹਿਗੜ੍ਹ ਸਾਹਿਬ ਵਿਖੇ ਹੋਈ। ਮੀਟਿੰਗ ਦੌਰਾਨ 4 ਨਵੰਬਰ ਨੂੰ ਸੰਗਰੂਰ ਵਿਖੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਅਗਵਾਈ ਹੇਠ ਹੋਣ ਵਾਲੀ ਵਿਸ਼ਾਲ ਰੈਲੀ ਦੀਆਂ ਤਿਆਰੀਆਂ ਅਤੇ ਪੰਜਾਬ ਦੇ ਮੌਜ਼ੂਦਾ ਹਾਲਾਤਾਂ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।
ਡਾ. ਅਮਰ ਸਿੰਘ ਨੇ ਕਿਹਾ ਕਿ ਪੰਜਾਬ ਦੀ ਧਰਤੀ, ਜਿਸ ਨੇ ਦੇਸ਼ ਦੀ ਆਜ਼ਾਦੀ ਲਈ ਸਭ ਤੋਂ ਵੱਧ ਕੁਰਬਾਨੀਆਂ ਦਿੱਤੀਆਂ ਅਤੇ ਦੇਸ਼ ਦੀ ਰਾਖੀ ਲਈ ਹਮੇਸ਼ਾ ਮੋਹਰੀ ਭੂਮਿਕਾ ਨਿਭਾਈ, ਅੱਜ ਨਸ਼ਿਆਂ ਅਤੇ ਗੈਂਗਸਟਰਵਾਦ ਦੀ ਗੰਭੀਰ ਸਮੱਸਿਆ ਨਾਲ ਜੂਝ ਰਹੀ ਹੈ। ਸੂਬੇ ਵਿੱਚ ਆਮ ਲੋਕਾਂ, ਵਪਾਰੀਆਂ ਅਤੇ ਕਾਰੋਬਾਰੀਆਂ ਅੰਦਰ ਸੁਰੱਖਿਆ ਨੂੰ ਲੈ ਕੇ ਚਿੰਤਾ ਵਧ ਰਹੀ ਹੈ। ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਪੰਜਾਬ ਨੂੰ ਮੁੜ ਅਮਨ-ਸ਼ਾਂਤੀ ਵਾਲਾ ਸੂਬਾ ਬਣਾਉਣ ਲਈ ਠੋਸ ਕਦਮ ਚੁੱਕਣ ਦੀ ਲੋੜ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਦੀ ਮੌਜ਼ੂਦਾ ਸਰਕਾਰ ਲੋਕਾਂ ਨੂੰ ਜਵਾਬ ਦੇਵੇ ਕਿ ਸੂਬੇ ਵਿੱਚ ਨਸ਼ਿਆਂ ਦਾ ਕਾਰੋਬਾਰ ਰੋਕਣ ਅਤੇ ਗੈਂਗਸਟਰਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਲਈ ਕੀਤੇ ਗਏ ਵਾਅਦਿਆਂ ਦਾ ਕੀ ਬਣਿਆ! ਸਰਕਾਰ ਨੂੰ ਲੋਕਾਂ ਦੀ ਸੁਰੱਖਿਆ ਅਤੇ ਨੌਜਵਾਨਾਂ ਦੇ ਭਵਿੱਖ ਪ੍ਰਤੀ ਆਪਣੀ ਜ਼ਿੰਮੇਵਾਰੀ ਤੋਂ ਭੱਜਣ ਦੀ ਬਜਾਏ ਜਵਾਬਦੇਹ ਬਣਨਾ ਚਾਹੀਦਾ ਹੈ।
ਹੀਨਾ ਕਾਵੜੇ ਨੇ ਕਿਹਾ ਕਿ 4 ਨਵੰਬਰ ਦੀ ਸੰਗਰੂਰ ਰੈਲੀ ਪੰਜਾਬ ਦੇ ਲੋਕਾਂ ਦੀ ਆਵਾਜ਼ ਨੂੰ ਬੁਲੰਦ ਕਰਨ ਦਾ ਇੱਕ ਅਹਿਮ ਮੌਕਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਕਾਂਗਰਸ ਦੇ ਆਗੂ, ਵਰਕਰ ਅਤੇ ਅਹੁਦੇਦਾਰ ਪੂਰੀ ਤਨਦੇਹੀ ਨਾਲ ਰੈਲੀ ਦੀ ਤਿਆਰੀ ਵਿੱਚ ਜੁੱਟੇ ਹੋਏ ਹਨ ਅਤੇ ਸੂਬੇ ਭਰ ਤੋਂ ਵੱਧ ਤੋਂ ਵੱਧ ਗਿਣਤੀ ਵਿੱਚ ਲੋਕਾਂ ਦੀ ਸ਼ਮੂਲੀਅਤ ਯਕੀਨੀ ਬਣਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਹਮੇਸ਼ਾ ਲੋਕਾਂ ਦੇ ਹੱਕਾਂ, ਸੰਵਿਧਾਨ ਦੀ ਰੱਖਿਆ ਅਤੇ ਲੋਕਤੰਤਰ ਨੂੰ ਮਜ਼ਬੂਤ ਕਰਨ ਦੀ ਲੜਾਈ ਲੜਦੇ ਆਏ ਹਨ। ਅੱਜ ਦੇਸ਼ ਵਿੱਚ ਲੋਕਤੰਤਰ ਅਤੇ ਸੰਵਿਧਾਨਕ ਸੰਸਥਾਵਾਂ ਦੀ ਮਰਿਆਦਾ ਨੂੰ ਬਚਾਉਣ ਲਈ ਕਾਂਗਰਸ ਦੀ ਲੜਾਈ ਹੋਰ ਵੀ ਮਹੱਤਵਪੂਰਨ ਹੋ ਗਈ ਹੈ।
ਕਾਂਗਰਸੀ ਆਗੂਆਂ ਨੇ ਕਿਹਾ ਕਿ ਰਾਹੁਲ ਗਾਂਧੀ ਵੱਲੋਂ ਵੋਟਰ ਸੂਚੀਆਂ ਵਿੱਚ ਕਥਿਤ ਬੇਨਿਯਮੀਆਂ ਅਤੇ ਚੋਣ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਦੀ ਘਾਟ ਬਾਰੇ ਉਠਾਏ ਗਏ ਸਵਾਲਾਂ ਦਾ ਜਵਾਬ ਦੇਣਾ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਅਤੇ ਚੋਣ ਕਮਿਸ਼ਨ ਦੀ ਜ਼ਿੰਮੇਵਾਰੀ ਹੈ।
ਉਨ੍ਹਾਂ ਕਿਹਾ ਕਿ ਲੋਕਤੰਤਰ ਵਿੱਚ ਹਰ ਨਾਗਰਿਕ ਦੀ ਵੋਟ ਕੀਮਤੀ ਹੈ ਅਤੇ ਕਿਸੇ ਵੀ ਵੋਟਰ ਦੇ ਹੱਕ ਨੂੰ ਖੋਹਣ ਜਾਂ ਚੋਣ ਪ੍ਰਕਿਰਿਆ ਦੀ ਭਰੋਸੇਯੋਗਤਾ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਲੋਕਤੰਤਰ ਲਈ ਗੰਭੀਰ ਚੁਣੌਤੀ ਹੈ। ਕਾਂਗਰਸ ਪਾਰਟੀ ਦੇਸ਼ ਦੇ ਹਰ ਨਾਗਰਿਕ ਦੀ ਵੋਟ ਦੇ ਅਧਿਕਾਰ ਦੀ ਰੱਖਿਆ ਲਈ ਆਪਣੀ ਲੜਾਈ ਜਾਰੀ ਰੱਖੇਗੀ। ਮੀਟਿੰਗ ਵਿੱਚ ਸਮੂਹ ਆਗੂਆਂ ਅਤੇ ਵਰਕਰਾਂ ਦੀਆਂ 4 ਨਵੰਬਰ ਨੂੰ ਸੰਗਰੂਰ ਵਿਖੇ ਹੋਣ ਵਾਲੀ ਰਾਹੁਲ ਗਾਂਧੀ ਦੀ ਵਿਸ਼ਾਲ ਰੈਲੀ ਨੂੰ ਸਫ਼ਲ ਬਣਾਉਣ ਲਈ ਡਿਊਟੀਆਂ ਲਗਾਈਆਂ ਗਈਆਂ ਅਤੇ ਹਦਾਇਤ ਦਿੱਤੀ ਗਈ ਕਿ ਉਹ ਪਿੰਡ-ਪਿੰਡ ਅਤੇ ਸ਼ਹਿਰ-ਸ਼ਹਿਰ ਲੋਕਾਂ ਨਾਲ ਸੰਪਰਕ ਕਰਨ ਅਤੇ ਪੰਜਾਬ ਦੇ ਮੌਜ਼ੂਦਾ ਹਾਲਾਤਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ।
ਇਸ ਮੌਕੇ ਸਾਬਕਾ ਕੈਬਿਨੇਟ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ, ਸਾਬਕਾ ਮੰਤਰੀ ਗੁਰਕੀਰਤ ਸਿੰਘ ਕੋਟਲੀ, ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ, ਸਾਬਕਾ ਵਿਧਾਇਕ ਤੇ ਜ਼ਿਲ੍ਹਾ ਪ੍ਰਧਾਨ ਖੰਨਾ ਲਖਵੀਰ ਸਿੰਘ ਲੱਖਾ, ਹਲਕਾ ਰਾਏਕੋਟ ਤੋਂ ਕਾਮਿਲ ਅਮਰ ਸਿੰਘ, ਹਲਕਾ ਸਾਹਨੇਵਾਲ ਤੋਂ ਵਿਕਰਮਜੀਤ ਸਿੰਘ ਬਾਜਵਾ, ਹਲਕਾ ਸਮਰਾਲਾ ਤੋਂ ਰੁਪਿੰਦਰ ਸਿੰਘ ਰਾਜਾ ਗਿੱਲ, ਜ਼ਿਲ੍ਹਾ ਪ੍ਰਧਾਨ ਫ਼ਤਹਿਗੜ੍ਹ ਸਾਹਿਬ ਸੁਰਿੰਦਰ ਸਿੰਘ ਰਾਮਗੜ੍ਹ, ਸਮੂਹ ਕਾਂਗਰਸ ਦੇ ਪਾਰਟੀ ਦੇ ਅਹੁਦੇਦਾਰ, ਬਲਾਕ ਪ੍ਰਧਾਨ, ਮੰਡਲ ਪ੍ਰਧਾਨ ਹਾਜ਼ਰ ਸਨ।
Comments