Former DIG Bhullar: ਸਾਬਕਾ ਡੀਆਈਜੀ ਭੁੱਲਰ ਖ਼ਿਲਾਫ਼ ਹੁਣ ਈਡੀ ਕਰੇਗੀ ਮਨੀ ਲਾਂਡਰਿੰਗ ਦੀ ਜਾਂਚ
9 ਅਕਤੂਬਰ ਨੂੰ ਸੀਬੀਆਈ ਅਦਾਲਤ ਵਿੱਚ ਪੇਸ਼ੀ, ਭੁੱਲਰ ਨੂੰ ਲੈ ਕੇ ਜਾਣ ਵਾਲਾ ਏਐੱਸਆਈ ਸ਼ੇਰ ਸਿੰਘ ਵੀ ਰਿਸ਼ਵਤ ਮਾਮਲੇ ’ਚ ਮੁਲਜ਼ਮ
Former DIG Bhullar: ਚੰਡੀਗੜ੍ਹ, (ਸੱਚ ਕਹੂੰ ਨਿਊਜ਼/ਹਿੰ.ਸ.)। ਪੰਜਾਬ ਦੇ ਸਾਬਕਾ ਡੀਆਈਜੀ ਹਰਚਰਨ ਸਿੰਘ ਭੁੱਲਰ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। 8 ਲੱਖ ਰੁਪਏ ਦੇ ਕਥਿਤ ਰਿਸ਼ਵਤ ਮਾਮਲੇ ਵਿੱਚ ਸੀਬੀਆਈ ਦੀ ਕਾਰਵਾਈ ਤੋਂ ਬਾਅਦ ਹੁਣ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਵੀ ਭੁੱਲਰ ਖ਼ਿਲਾਫ਼ ਮਨੀ ਲਾਂਡਰਿੰਗ ਸਬੰਧੀ ਜਾਂਚ ਸ਼ੁਰੂ ਕਰ ਦਿੱਤੀ ਹੈ। ਈਡੀ ਵੱਲੋਂ ਉਨ੍ਹਾਂ ਨੂੰ ਪ੍ਰੋਡਕਸ਼ਨ ਵਾਰੰਟ ’ਤੇ ਸੀਬੀਆਈ ਅਦਾਲਤ ਵਿੱਚ ਪੇਸ਼ ਕਰਨ ਦੀ ਮੰਗ ਕੀਤੀ ਗਈ ਸੀ, ਜਿਸ ’ਤੇ ਅਦਾਲਤ ਨੇ ਪ੍ਰੋਡਕਸ਼ਨ ਵਾਰੰਟ ਜਾਰੀ ਕਰ ਦਿੱਤੇ ਹਨ। ਹੁਣ ਹਰਚਰਨ ਸਿੰਘ ਭੁੱਲਰ ਨੂੰ 9 ਅਕਤੂਬਰ ਸਵੇਰੇ 10 ਵਜੇ ਸੀਬੀਆਈ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਅਦਾਲਤੀ ਪੇਸ਼ੀ ਦੌਰਾਨ ਈਡੀ ਵੱਲੋਂ ਉਨ੍ਹਾਂ ਨੂੰ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਜਾਣ ਦੀ ਸੰਭਾਵਨਾ ਹੈ।
ਇਸੇ ਦੌਰਾਨ ਭੁੱਲਰ ਨੂੰ ਅਦਾਲਤ ਵਿੱਚ ਲੈ ਕੇ ਜਾਣ ਵਾਲੇ ਪੁਲਿਸ ਮੁਲਾਜ਼ਮ ਦੀ ਡਿਊਟੀ ਨੂੰ ਲੈ ਕੇ ਵੀ ਸਵਾਲ ਖੜ੍ਹੇ ਹੋ ਗਏ ਹਨ। ਭੁੱਲਰ ਨੂੰ ਅਦਾਲਤ ਵਿੱਚ ਪੇਸ਼ ਕਰਨ ਦੀ ਡਿਊਟੀ ਏਐੱਸਆਈ ਸ਼ੇਰ ਸਿੰਘ ਨੂੰ ਦਿੱਤੀ ਗਈ ਸੀ, ਜਦਕਿ ਉਹ ਖੁਦ ਸੀਬੀਆਈ ਦੇ ਕਥਿਤ ਰਿਸ਼ਵਤ ਮਾਮਲੇ ਵਿੱਚ ਮੁਲਜ਼ਮ ਦੱਸਿਆ ਜਾ ਰਿਹਾ ਹੈ। ਮਾਮਲਾ ਸਾਹਮਣੇ ਆਉਣ ਤੋਂ ਬਾਅਦ ਸੀਬੀਆਈ ਅਦਾਲਤ ਦੇ ਜੱਜ ਨੇ ਚੰਡੀਗੜ੍ਹ ਦੇ ਐੱਸਐੱਸਪੀ ਤੋਂ ਇਸ ਸਬੰਧੀ ਜਵਾਬ ਮੰਗਿਆ ਹੈ।