Punjab Bandh: ਬੰਦ ਦਾ ਕੋਟਕਪੂਰਾ ’ਚ ਅਸਰ, ਜੱਥੇਬੰਦੀਆਂ ਨੇ ਬੱਤੀਆਂ ਵਾਲਾ ਚੌਕ ਵਿਖੇ ਧਰਨਾ ਦੇ ਕੇ ਸੂਬਾ ਸਰਕਾਰ ਖ਼ਿਲਾਫ਼ ਜਤਾਇਆ ਰੋਸ
ਸਵੇਰ ਤੋਂ ਹੀ ਸ਼ਹਿਰ ਦੇ ਬਾਜ਼ਾਰ ਵਿਚ ਜ਼ਿਆਦਾਤਰ ਦੁਕਾਨਾਂ ਬੰਦ ਹਨ
ਕੋਟਕਪੂਰਾ (ਅਜੈ ਮਨਚੰਦਾ)। ਕੋਟਕਪੂਰਾ 'ਚ ਮਾਨਸਾ ਵਿਖੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਨੂੰ ਲੈ ਕੇ ਐਕਸ਼ਨ ਕਮੇਟੀ ਵੱਲੋਂ ਦਿੱਤੇ ਪੰਜਾਬ ਬੰਦ ਦੇ ਸੱਦੇ ਦਾ ਕੋਟਕਪੂਰਾ ਵਿੱਚ ਮਿਲਿਆ ਜੁਲੀਆ ਅਸਰ ਦੇਖਣ ਨੂੰ ਮਿਲਿਆ। ਸਵੇਰ ਤੋਂ ਹੀ ਸ਼ਹਿਰ ਦੇ ਬਾਜ਼ਾਰ ਵਿਚ ਜ਼ਿਆਦਾਤਰ ਦੁਕਾਨਾਂ ਬੰਦ ਹਨ ਇਸ ਦੌਰਾਨ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਅਤੇ ਵਰਕਰਾਂ ਨੇ ਬੱਤੀਆਂ ਵਾਲਾ ਚੌਕ ਵਿਖੇ ਸੜਕ ਜਾਮ ਕਰਕੇ ਧਰਨਾ ਦਿੱਤਾ ਅਤੇ ਸੂਬਾ ਸਰਕਾਰ ਖ਼ਿਲਾਫ਼ ਰੋਸ ਪ੍ਰਗਟਾਇਆ।
ਧਰਨੇ ਦੀ ਅਗਵਾਈ ਕਰ ਰਹੇ ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਇੰਚਾਰਜ ਰਸ਼ਪਾਲ ਸਿੰਘ ਸੋਸਣ ਸਮੇਤ ਹੋਰ ਆਗੂਆਂ ਨੇ ਕਿਹਾ ਕਿ ਪੰਜਾਬ ਵਿੱਚ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਵਿੱਚ ਸੂਬਾ ਸਰਕਾਰ ਨਾਕਾਮ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਇਸੇ ਕਾਰਨ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਪਰਮਿੰਦਰ ਸਿੰਘ ਝੋਟਾ ਵਰਗੇ ਨੌਜਵਾਨਾਂ ਨੂੰ ਆਪਣੀ ਜਾਨ ਗੁਆਉਣੀ ਪਈ ਹੈ। ਆਗੂਆਂ ਨੇ ਕਿਹਾ ਕਿ ਪਰਮਿੰਦਰ ਸਿੰਘ ਝੋਟਾ ਦੀ ਕੁਰਬਾਨੀ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ।
Read Also : ਪਰਵਿੰਦਰ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਲਹਿਰਾਗਾਗਾ ਰਿਹਾ ਮੁਕੰਮਲ ਬੰਦ
ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਨਸ਼ਿਆਂ ਦੇ ਖ਼ਾਤਮੇ ਅਤੇ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਨੂੰ ਲੈ ਕੇ ਸੜਕਾਂ ’ਤੇ ਉਤਰ ਰਹੇ ਹਨ। ਇਸ ਮੌਕੇ ਉਨ੍ਹਾਂ ਪੰਜਾਬ ਬੰਦ ਨੂੰ ਸਫ਼ਲ ਬਣਾਉਣ ਲਈ ਸਹਿਯੋਗ ਦੇਣ ਵਾਲੇ ਦੁਕਾਨਦਾਰਾਂ, ਵਪਾਰੀਆਂ ਅਤੇ ਹਰ ਵਰਗ ਦੇ ਲੋਕਾਂ ਦਾ ਧੰਨਵਾਦ ਕੀਤਾ।